ਗੁਰਦੁਆਰਾ ਸ੍ਰੀ ਦੂਖਨਿਵਾਰਨ ਸਾਹਿਬ ਦੇ ਨਵੇਂ ਲੰਗਰ ਹਾਲ ਦਾ ਹੋਵੇਗਾ ਨਵੀਨੀਕਰਨ: ਬਾਬਾ ਇੰਦਰ ਸਿੰਘ ਕਾਰ ਸੇਵਾ ਵਾਲੇ
ਪਟਿਆਲਾ 29 ਦਸੰਬਰ,2022 ()
ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ ਚਰਨਛੋਹ ਅਸਥਾਨ ਗੁਰਦੁਆਰਾ ਸ੍ਰੀ ਦੂਖਨਿਵਾਰਨ ਸਾਹਿਬ ਦੇ ਲੰਗਰ ਦਾ 2.50 ਕਰੋੜ ਰੁਪਏ ਦੀ ਲਾਗਤ ਨਾਲ ਨਵੀਨੀਕਰਨ ਕੀਤਾ ਜਾਵੇਗਾ। ਨਵੇਂ ਲੰਗਰ ਹਾਲ ’ਤੇ ਲੈਂਟਰ ਪਾਉਣ ਦੀ ਸ਼ੁਰੂਆਤ ਸਿੰਘ ਸਾਹਿਬ ਗਿਆਨੀ ਫੂਲਾ ਸਿੰਘ ਵੱਲੋਂ ਕੀਤੀ ਅਰਦਾਸ ਉਰਪੰਤ ਹੋਈ।
ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਇਹ ਕਾਰ ਸੇਵਾ ਬਾਬਾ ਅਮਰੀਕ ਸਿੰਘ ਕਾਰ ਸੇਵਾ ਵਾਲਿਆਂ ਨੂੰ ਸੌਂਪੀ ਗਈ ਹੈ, ਜਿਨ੍ਹਾਂ ਵੱਲੋਂ ਨਵੇਂ ਲੰਗਰ ਹਾਲ ਤਿਆਰ ਕਰਵਾਏ ਜਾ ਰਹੇ ਹਨ। ਲੰਗਰ ਹਾਲ ਦੇ ਕੀਤੇ ਜਾ ਰਹੇ ਨਵੀਨੀਕਰਨ ਬਾਰੇ ਜਾਣਕਾਰੀ ਦਿੰਦਿਆਂ ਬਾਬਾ ਇੰਦਰ ਸਿੰਘ ਕਾਰ ਸੇਵਾ ਵਾਲਿਆਂ ਨੇ ਦੱਸਿਆ ਕਿ ਇਸ ਲੰਗਰ ਹਾਲ ’ਤੇ 2.50 ਕਰੋੜ ਰੁਪਏ ਦੀ ਲਾਗਤ ਆਵੇਗੀ, ਜੋ ਤਿਆਰ ਕਰਕੇ ਜਲਦ ਹੀ ਸੰਗਤਾਂ ਨੂੰ ਸਮਰਪਿਤ ਕੀਤਾ ਜਾਵੇਗਾ।
ਇਸ ਮੌਕੇ ਮੈਨੇਜਰ ਜਰਨੈਲ ਸਿੰਘ ਮੁਕਤਸਰੀ ਨੇ ਦੱਸਿਆ ਕਿ ਗੁਰਦੁਆਰਾ ਸਾਹਿਬ ਵਿਖੇ ਨਤਮਸਤਕ ਹੋਣ ਵਾਲੀ ਸੰਗਤਾਂ ਦੀ ਵੱਧਦੀ ਆਮਦ ਦੇ ਚੱਲਦਿਆਂ ਸੰਗਤਾਂ ਦੀ ਮੰਗ ਸੀ ਕਿ ਲੰਗਰ ਹਾਲ ਦਾ ਨਵੀਨੀਕਰਨ ਕੀਤਾ ਜਾ ਰਿਹਾ ਹੈ ਅਤੇ ਮੰਗ ਪ੍ਰਵਾਨ ਕਰਦਿਆਂ ਸ਼ੋ੍ਰਮਣੀ ਕਮੇਟੀ ਵੱਲੋਂ ਬਾਬਾ ਅਮਰੀਕ ਸਿੰਘ ਕਾਰ ਸੇਵਾ ਵਾਲਿਆਂ ਨੂੰ ਜ਼ਿੰਮੇਵਾਰੀ ਦਿੱਤੀ ਗਈ ਹੈ।
ਉਨ੍ਹਾਂ ਦੱਸਿਆ ਕਿ ਨਵਾਂ ਲੰਗਰ ਹਾਲ ਬਹੁਮੰਜ਼ਿਲਾਂ ਹੋਵੇਗੀ, ਜਿਸ ਨੂੰ ਜਲਦ ਤਿਆਰ ਕਰਕੇ ਸੰਗਤਾਂ ਨੂੰ ਸਮਰਪਿਤ ਕੀਤਾ ਜਾਵੇਗਾ। ਇਸ ਮੌਕੇ ਹੋਰਨਾਂ ਤੋਂ ਇਲਾਵਾ ਐਡੀਸ਼ਨਲ ਮੈਨੇਜਰ ਕਰਨੈਲ ਸਿੰਘ ਵਿਰਕ, ਹਰਵਿੰਦਰ ਸਿੰਘ ਕਾਹਲਵਾਂ, ਗੁਰਤੇਜ ਸਿੰਘ ਤੋਂ ਇਲਾਵਾ ਸਮੂਹ ਸਟਾਫ ਮੈਂਬਰ ਅਤੇ ਸੰਗਤਾਂ ਆਦਿ ਹਾਜ਼ਰ ਸਨ।