ਪੰਜਾਬੀ ਯੂਨੀਵਰਸਿਟੀ, ਪਟਿਆਲਾ ਵਿਖੇ ਇੱਕ ਮੰਦਭਾਗੀ ਘਟਨਾ, ਡੇਲੀ ਵੇਜ ਕਰਮਚਾਰੀ ਦੀ ਭੇਦ ਭਰੀ ਹਾਲਤ ਵਿੱਚ ਮੌਤ

209

ਪੰਜਾਬੀ ਯੂਨੀਵਰਸਿਟੀ, ਪਟਿਆਲਾ ਵਿਖੇ ਇੱਕ ਮੰਦਭਾਗੀ ਘਟਨਾ, ਡੇਲੀ ਵੇਜ ਕਰਮਚਾਰੀ ਦੀ ਭੇਦ ਭਰੀ ਹਾਲਤ ਵਿੱਚ ਮੌਤ

ਪਟਿਆਲਾ /ਸਤੰਬਰ 22, 2022

ਪੰਜਾਬੀ ਯੂਨੀਵਰਸਿਟੀ, ਪਟਿਆਲਾ ਦੇ ‘ਵਾਰਿਸ ਭਵਨ’ ਵਿਖੇ ਇੱਕ ਮੰਦਭਾਗੀ ਘਟਨਾ ਵਾਪਰਨ ਦੀ ਖ਼ਬਰ ਹੈ ਜਿੱਥੇ ਯੂਨੀਵਰਸਿਟੀ ਦੇ ਇੱਕ ਡੇਲੀ ਵੇਜ ਕਰਮਚਾਰੀ ਦੀ ਭੇਦ ਭਰੀ ਹਾਲਤ ਵਿੱਚ ਮੌਤ ਹੋ ਗਈ ਹੈ। ਅਠਾਈ ਕੁ ਸਾਲ ਦੀ ਉਮਰ ਦੇ ਰੋਹਤਾਸ਼ ਕੁਮਾਰ ਨਾਮਕ ਕਰਮਚਾਰੀ ਦੀ ਮੌਤ ਬਾਰੇ ਯੂਨੀਵਰਸਿਟੀ ਪ੍ਰਸ਼ਾਸਨ ਵੱਲੋਂ ਅੱਜ ਸਵੇਰੇ ਪਤਾ ਲੱਗਣ ਉਪਰੰਤ ਤੁਰੰਤ ਪੁਲਿਸ ਨੂੰ ਸੂਚਿਤ ਕਰ ਦਿੱਤਾ ਗਿਆ। ਉਸ ਦੀ ਲਾਸ਼ ਨੂੰ ਥਾਣਾ ਅਰਬਨ ਅਸਟੇਟ ਦੀ ਪੁਲਿਸ ਵੱਲੋਂ ਯੂਨੀਵਰਸਿਟੀ ਪ੍ਰਸ਼ਾਸਨ ਦੇ ਪ੍ਰਤੀਨਿਧੀਆਂ ਦੀ ਹਾਜ਼ਰੀ ਵਿੱਚ ਕਬਜ਼ੇ ਵਿੱਚ ਕਰ ਕੇ ਸਰਕਾਰੀ ਰਾਜਿੰਦਰਾ ਹਸਪਤਾਲ ਪਟਿਆਲਾ ਵਿਖੇ ਪੋਸਟ ਮਾਰਟਮ ਲਈ ਭੇਜ ਦਿੱਤਾ ਗਿਆ ਹੈ। ਪੁਲਿਸ ਵੱਲੋਂ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ।

ਵਾਈਸ ਚਾਂਸਲਰ ਪ੍ਰੋ. ਅਰਵਿੰਦ ਪਤਾ ਲੱਗਦਿਆਂ ਹੀ ਮੌਕੇ ਉੱਤੇ ਪਹੁੰਚੇ। ਉਨ੍ਹਾਂ ਕਿਹਾ ਕਿ ਯੂਨੀਵਰਸਿਟੀ ਕੈਂਪਸ ਵਿੱਚ ਅਜਿਹੀ ਘਟਨਾ ਦਾ ਵਾਪਰਨਾ ਬੇਹੱਦ ਮੰਦਭਾਗਾ ਹੈ। ਉਨ੍ਹਾਂ ਕਿਹਾ ਕਿ ਕਿਸੇ ਵੀ ਵਿਅਕਤੀ ਦੀ ਜਾਨ ਜਾਣਾ ਅਸਹਿ ਗੱਲ ਹੁੰਦੀ ਹੈ। ਮਿਰਤਕ ਕਰਮਚਾਰੀ ਦੇ ਪਰਿਵਾਰ ਨਾਲ਼ ਸੰਵੇਦਨਾ ਪ੍ਰਗਟਾਉਂਦਿਆਂ ਉਨ੍ਹਾਂ ਕਿਹਾ ਕਿ ਮਸਲੇ ਦੀ ਸੰਜੀਦਗੀ ਨੂੰ ਵੇਖਦਿਆਂ ਸਾਨੂੰ ਪੁਲਿਸ ਜਾਂਚ ਦੇ ਮੁਕੰਮਲ ਹੋਣ ਤੱਕ ਇਸ ਮੌਤ ਦੇ ਕਾਰਨਾਂ ਬਾਰੇ ਕੁਝ ਵੀ ਕਹਿਣ ਤੋਂ ਬਚਣਾ ਚਾਹੀਦਾ ਹੈ।

ਪੰਜਾਬੀ ਯੂਨੀਵਰਸਿਟੀ, ਪਟਿਆਲਾ ਵਿਖੇ ਇੱਕ ਮੰਦਭਾਗੀ ਘਟਨਾ, ਡੇਲੀ ਵੇਜ ਕਰਮਚਾਰੀ ਦੀ ਭੇਦ ਭਰੀ ਹਾਲਤ ਵਿੱਚ ਮੌਤ
Punjabi University

ਰਜਿਸਟਰਾਰ ਪ੍ਰੋ. ਨਵਜੋਤ ਕੌਰ ਨੇ ਕਿਹਾ ਕਿ ਇਸ ਔਖੀ ਘੜੀ ਵਿੱਚ ਯੂਨੀਵਰਸਿਟੀ ਇਸ ਕਰਮਚਾਰੀ ਦੇ ਪਰਿਵਾਰ ਅਤੇ ਸਾਥੀ ਕਰਮਚਾਰੀਆਂ ਦੇ ਦੁੱਖ ਵਿੱਚ ਸ਼ਰੀਕ ਹੈ।

ਜ਼ਿਕਰਯੋਗ ਹੈ ਕਿ ‘ਵਾਰਿਸ ਭਵਨ’ ਦੇ ਸੰਬੰਧਤ ਕਮਰੇ ਨੂੰ ਜਾਂਚ ਦੇ ਮੁਕੰਮਲ ਹੋਣ ਤੱਕ ਸੀਲ ਕਰ ਦਿੱਤਾ ਗਿਆ ਹੈ।