ਅਨੁਸੂਚਿਤ ਜਾਤੀਆਂ ਨਾਲ ਸਬੰਧਤ ਜ਼ਿਲਾ ਵਾਸੀਆਂ ਨੂੰ ਡੇਅਰੀ ਵਿਕਾਸ ਵਿਭਾਗ ਵੱਲੋਂ ਦਿੱਤੀ ਜਾਵੇਗੀ ਮੁਫ਼ਤ ਸਿਖਲਾਈ: ਡਿਪਟੀ ਕਮਿਸ਼ਨਰ

163

ਅਨੁਸੂਚਿਤ ਜਾਤੀਆਂ ਨਾਲ ਸਬੰਧਤ ਜ਼ਿਲਾ ਵਾਸੀਆਂ ਨੂੰ ਡੇਅਰੀ ਵਿਕਾਸ ਵਿਭਾਗ ਵੱਲੋਂ ਦਿੱਤੀ ਜਾਵੇਗੀ ਮੁਫ਼ਤ ਸਿਖਲਾਈ: ਡਿਪਟੀ ਕਮਿਸ਼ਨਰ

ਬਰਨਾਲਾ, 8 ਦਸੰਬਰ:
ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸੂਬਾ ਵਾਸੀਆਂ ਨੂੰ ਖੇਤੀਬਾੜੀ ਦੇ ਨਾਲ ਹੋਰ ਸਹਾਇਕ ਧੰਦਿਆਂ ਵੱਲ ਆਕਰਸ਼ਿਤ ਕਰਨ ਤੇ ਸਵੈ ਰੁਜ਼ਗਾਰ ਲਈ ਕੀਤੇ ਜਾ ਰਹੇ ਉਪਰਾਲਿਆਂ ਤਹਿਤ ਅਨੁਸੂਚਿਤ ਜਾਤੀਆਂ ਨਾਲ ਸਬੰਧਤ ਲਾਭਪਾਤਰੀਆਂ ਨੂੰ ਦੋ ਹਫ਼ਤੇ ਦੀ ਮੁਫ਼ਤ ਡੇਅਰੀ ਸਿਖਲਾਈ ਦਵਾ ਕੇ ਡੇਅਰੀ ਯੂਨਿਟ ਸਥਾਪਿਤ ਕਰਨ ਵਿਚ ਢੁੱਕਵੀਂ ਮਦਦ ਮੁਹੱਈਆ ਕਰਵਾਈ ਜਾ ਰਹੀ ਹੈ। ਇਸ ਸਬੰਧੀ ਵਧੇਰੇ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਬਰਨਾਲਾ ਤੇਜ ਪ੍ਰਤਾਪ ਸਿੰਘ ਫੂਲਕਾ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ‘ਸਕੀਮ ਫਾਰ ਪ੍ਰੋਮੋਸਨ ਆਫ ਡੇਅਰੀ ਫਾਰਮਿੰਗ ਐਜ਼ ਲਿਵਲੀਹੁਡ ਫਾਰ ਐਸ.ਸੀ. ਬੈਨੀਫਿਸਰੀਜ਼’ ਨੂੰ ਪੂਰੇ ਸੂਬੇ ਵਿਚ ਲਾਗੂ ਕੀਤਾ ਗਿਆ ਹੈ ਅਤੇ ਇਸ ਤਹਿਤ ਬਰਨਾਲਾ ਜ਼ਿਲੇ ਨਾਲ ਸਬੰਧਤ ਲਗਭਗ 48 ਉਮੀਦਵਾਰਾਂ ਨੂੰ ਵੀ ਮੁਫ਼ਤ ਸਿਖਲਾਈ ਮੁਹੱਈਆ ਕਰਵਾਈ ਜਾਵੇਗੀ।

ਅਨੁਸੂਚਿਤ ਜਾਤੀਆਂ ਨਾਲ ਸਬੰਧਤ ਜ਼ਿਲਾ ਵਾਸੀਆਂ ਨੂੰ ਡੇਅਰੀ ਵਿਕਾਸ ਵਿਭਾਗ ਵੱਲੋਂ ਦਿੱਤੀ ਜਾਵੇਗੀ ਮੁਫ਼ਤ ਸਿਖਲਾਈ: ਡਿਪਟੀ ਕਮਿਸ਼ਨਰ
ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਡੇਅਰੀ ਦੇ ਧੰਦੇ ਨੂੰ ਲੋਕਾਂ ਵਿਚ ਉਤਸ਼ਾਹਿਤ ਕਰਨ ਲਈ ਇਸ ਸਕੀਮ ਅਧੀਨ ਅਨੁਸੂਚਿਤ ਜਾਤੀਆਂ ਨਾਲ ਸਬੰਧਤ ਲਾਭਪਾਤਰੀਆਂ ਨੂੰ ਡੇਅਰੀ ਯੂਨਿਟ ਸਥਾਪਿਤ ਕਰਨ ਉਪਰੰਤ 33.33 ਫੀਸਦੀ ਸਬਸਿਡੀ ਵੀ ਮੁਹੱਈਆ ਕਰਵਾਉਣ ਦੇ ਨਾਲ ਨਾਲ ਵਜੀਫਾ ਵੀ ਦਿੱਤਾ ਜਾਵੇਗਾ। ਉਨਾਂ ਦੱਸਿਆ ਕਿ ਇਸ ਸਕੀਮ ਦਾ ਲਾਭ ਲੈਣ ਲਈ ਬਿਨੇਕਾਰ ਮਿਤੀ 13 ਜਨਵਰੀ 2020 ਨੂੰ ਦਫ਼ਤਰ ਡਿਪਟੀ ਡਾਇਰੈਕਟਰ ਡੇਅਰੀ, ਬਰਨਾਲਾ ਵਿਖੇ ਸਵੇਰੇ 10:00 ਵਜੇ ਹਾਜ਼ਰ ਹੋ ਕੇ ਇਸ ਸਿਖਲਾਈ ਕੋਰਸ ਲਈ ਇੰਟਰਵਿਊ ਦੇ ਸਕਦੇ ਹਨ। ਉਨਾਂ ਦੱਸਿਆ ਕਿ ਇੰਟਰਵਿਊ ਵਿਚ ਚੁਣੇ ਗਏ ਲਾਭਪਾਤਰੀਆਂ ਨੂੰ ਡੇਅਰੀ ਟਰੇਨਿੰਗ ਸੈਂਟਰ, ਸੰਗਰੂਰ ਵਿਖੇ ਸਿਖਲਾਈ ਦਿੱਤੀ ਜਾਵੇਗੀ। ਉਨਾਂ ਕਿਹਾ ਕਿ ਇਸ ਸਿਖਲਾਈ ਦੌਰਾਨ ਸਾਫ਼ ਦੁੱਧ ਦੀ ਪੈਦਾਵਾਰ, ਪਿੰਡ ਪੱਧਰ ’ਤੇ ਦੁੱਧ ਦੀ ਟੈਸਟਿੰਗ ਅਤੇ ਘਰੇਲੂ ਪੱਧਰ ’ਤੇ ਦੁੱਧ ਉਤਪਾਦ ਬਣਾਉਣ ਸਬੰਧੀ ਵੀ ਸਿਖਲਾਈ ਦਿੱਤੀ ਜਾਵੇਗੀ। ਉਨਾਂ ਕਿਹਾ ਕਿ ਇਸਦੇ ਨਾਲ ਹੀ ਗੋਹੇ ਤੋਂ ਵਰਮੀਕੰਪੋਸਟ ਜ਼ਰੀਏ ਚੰਗੀ ਗੁਣਵੱਤਾ ਦੀ ਖਾਦ ਦੇ ਨਾਲ-ਨਾਲ ਦੁੱਧ ਦੇ ਸਹੀ ਮੰਡੀਕਰਨ ਬਾਰੇ ਵੀ ਇਨਾਂ ਲਾਭਪਾਤਰੀਆਂ ਨੂੰ ਜਾਣੂ ਕਰਵਾਇਆ ਜਾਵੇਗਾ।

ਡੇਅਰੀ ਵਿਕਾਸ ਇੰਸਪੈਕਟਰ ਲਖਮੀਤ ਸਿੰਘ ਨੇ ਦੱਸਿਆ ਕਿ ਸਿਖਲਾਈ ਪ੍ਰਾਪਤ ਕਰਨ ਦੇ ਚਾਹਵਾਨ ਸਿਖਿਆਰਥੀ ਘੱਟੋ-ਘੱਟ 5ਵੀਂ ਪਾਸ ਹੋਣੇ ਚਾਹੀਦੇ ਹਨ ਅਤੇ ਉਨਾਂ ਦੀ ਉਮਰ 18 ਤੋਂ 50 ਸਾਲ ਦੇ ਵਿਚਕਾਰ ਹੋਵੇ ਜੋ ਪੰਜਾਬ ਦੇ ਦਿਹਾਤੀ ਖੇਤਰਾਂ ਦੇ ਰਹਿਣ ਵਾਲੇ ਹੋਣ। ਉਨਾਂ ਕਿਹਾ ਕਿ ਚਾਹਵਾਨ ਸਿਖਆਰਥੀ ਆਪਣਾ ਪੜਾਈ ਦਾ ਸਰਟੀਫਿਕੇਟ, ਆਧਾਰ ਕਾਰਡ ਅਤੇ ਜਾਤੀ ਸਰਟੀਫਿਕੇਟ ਲੈ ਕੇ ਹੀ ਇੰਟਰਵਿਉ ਵਿਚ ਹਾਜ਼ਰ ਹੋਣ। ਉਨਾਂ ਕਿਹਾ ਕਿ ਇਸ ਸਕੀਮ ਸਬੰਧੀ ਵਧੇਰੇ ਜਾਣਕਾਰੀ ਲਈ 94633-32980 ਨੰਬਰ ’ਤੇ ਵੀ ਸਪੰਰਕ ਕੀਤਾ ਜਾ ਸਕਦਾ ਹੈ।