ਗਿਆਸਪੁਰਾ ਗੈਸ ਲੀਕ ਮਾਮਲੇ ਦੀ ਜਾਂਚ ਹਾਈ ਕੋਰਟ ਦੇ ਮੌਜੂਦਾ ਜਾਂ ਸੇਵਾਮੁਕਤ ਜੱਜ ਦੀ ਨਿਗਰਾਨੀ ਹੇਠ ਕਰਵਾਈ ਜਾਵੇ-ਪਵਨ ਦੀਵਾਨ
ਬਹਾਦਰਜੀਤ ਸਿੰਘ / ਲੁਧਿਆਣਾ ,1 ਮਈ ,2023
ਸੀਨੀਅਰ ਕਾਂਗਰਸੀ ਆਗੂ ਅਤੇ ਪੰਜਾਬ ਲਾਰਜ ਉਦਯੋਗਿਕ ਵਿਕਾਸ ਬੋਰਡ ਦੇ ਸਾਬਕਾ ਚੇਅਰਮੈਨ ਪਵਨ ਦੀਵਾਨ ਨੇ ਲੁਧਿਆਣਾ ਦੇ ਗਿਆਸਪੁਰਾ ਇਲਾਕੇ ਵਿੱਚ ਗੈਸ ਲੀਕ ਹੋਣ ਕਾਰਨ 11 ਲੋਕਾਂ ਦੀ ਮੌਤ ’ਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕਰਦਿਆਂ, ਇਸਦੀ ਜਾਂਚ ਹਾਈ ਕੋਰਟ ਦੇ ਕਿਸੇ ਮੌਜੂਦਾ ਜਾਂ ਸੇਵਾਮੁਕਤ ਜੱਜ ਤੋਂ ਕਰਵਾਏ ਜਾਣ ਦੀ ਮੰਗ ਕੀਤੀ ਹੈ।
ਇੱਥੇ ਜਾਰੀ ਬਿਆਨ ਵਿੱਚ, ਪਵਨ ਦੀਵਾਨ ਨੇ ਕਿਹਾ ਕਿ ਹਾਦਸੇ ਦੇ ਕਾਰਨਾਂ ਦੀ ਗਹਿਰਾਈ ਵਿੱਚ ਜਾਣ ਦੀ ਲੋੜ ਹੈ ਅਤੇ ਇਸ ਲਈ ਹਾਈ ਕੋਰਟ ਦੇ ਮੌਜੂਦਾ ਜਾਂ ਸੇਵਾਮੁਕਤ ਜੱਜ ਦੀ ਨਿਗਰਾਨੀ ਹੇਠ ਸਮਾਂਬੱਧ ਜਾਂਚ ਕਰਵਾਈ ਜਾਣੀ ਚਾਹੀਦੀ ਹੈ। ਦੀਵਾਨ ਨੇ ਕਿਹਾ ਕਿ ਇਸ ਘਟਨਾ ਲਈ ਨਗਰ ਨਿਗਮ ਅਤੇ ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ ਦੇ ਅਧਿਕਾਰੀਆਂ ਦੀ ਵੀ ਜ਼ਿੰਮੇਵਾਰੀ ਤੈਅ ਕੀਤੀ ਜਾਣੀ ਚਾਹੀਦੀ ਹੈ, ਜੋ ਸੀਵਰੇਜ ਸਿਸਟਮ ਨੂੰ ਚਲਾਉਣ ਅਤੇ ਇਸਦੀ ਲਗਾਤਾਰ ਜਾਂਚ ਕਰਨ ਲਈ ਜ਼ਿੰਮੇਵਾਰ ਹਨ।
ਇਸਦੇ ਲਈ ਲੋੜ ਹੈ ਕਿ ਇਸ ਦੀ ਜਾਂਚ ਹਾਈ ਕੋਰਟ ਦੇ ਮੌਜੂਦਾ ਜਾਂ ਸੇਵਾਮੁਕਤ ਜੱਜ ਦੀ ਨਿਗਰਾਨੀ ਹੇਠ ਸਮਾਂਬੱਧ ਤਰੀਕੇ ਨਾਲ ਕੀਤੀ ਜਾਵੇ ਅਤੇ ਜੋ ਵੀ ਦੋਸ਼ੀ ਪਾਇਆ ਜਾਂਦਾ ਹੈ, ਉਸ ਖ਼ਿਲਾਫ਼ ਸਖ਼ਤ ਤੋਂ ਸਖ਼ਤ ਕਾਰਵਾਈ ਕੀਤੀ ਜਾਵੇ।