ਜਿਲ੍ਹੇ ਦੇ ਬੇਰੋਜ਼ਗਾਰ ਨੌਜਵਾਨ 12 ਤੋਂ 24 ਮਾਰਚ ਤੱਕ ਲਗਾਏ ਜਾ ਰਹੇ ਪੰਜਾਬ ਪਲੇਸਮੈਂਟ ਫੇਅਰ ਦਾ ਵੱਧ ਤੋਂ ਵੱਧ ਲਾਹਾ ਲੈਣ : ਜਸਪ੍ਰੀਤ ਸਿੰਘ
ਫ਼ਤਹਿਗੜ੍ਹ ਸਾਹਿਬ, 03 ਮਾਰਚ:
ਪੰਜਾਬ ਸਰਕਾਰ ਵੱਲੋਂ ਸਥਾਪਤ ਕੀਤੇ ਜਿਲ੍ਹਾ ਰੋਜ਼ਗਾਰ ਤੇ ਕਾਰੋਬਾਰ ਬਿਊਰੋ/ਮਾਡਲ ਕਰੀਅਰ ਸੈਂਟਰ ਦੇ ਸਹਿਯੋਗ ਨਾਲ ਨੌਜਵਾਨਾਂ ਲਈ ਰੋਜ਼ਗਾਰ ਦੇ ਮੌਕੇ ਪ੍ਰਦਾਨ ਕਰਨ ਲਈ 12 ਮਾਰਚ ਤੋਂ 24 ਮਾਰਚ ਤੱਕ ਅੰਮ੍ਰਿਤਸਰ, ਬਠਿੰਡਾ, ਜਲੰਧਰ ਅਤੇ ਮੋਹਾਲੀ ਵਿਖੇ ਪੰਜਾਬ ਪਲੇਸਮੈਂਟ ਫੇਅਰ ਦਾ ਆਯੋਜਨ ਕੀਤਾ ਜਾ ਰਿਹਾ ਹੈ, ਜਿਨ੍ਹਾਂ ਵਿੱਚ ਭਾਗ ਲੈਣ ਦੇ ਚਾਹਵਾਨ ਨੌਜਵਾਨ ਜਿਲ੍ਹਾ ਪ੍ਰਬੰਧਕੀ ਕੰਪਲੈਕਸ ਦੇ ਕਮਰਾ ਨੰ: 114 ਵਿਖੇ ਸਥਿਤ ਜਿਲ੍ਹਾ ਰੋਜ਼ਗਾਰ ਤੇ ਕਾਰੋਬਾਰ ਬਿਊਰੋ ਫ਼ਤਹਿਗੜ੍ਹ ਸਾਹਿਬ ਜਾਂ ਪੰਜਾਬ ਘਰ-ਘਰ ਰੋਜ਼ਗਾਰ ਤੇ ਕਾਰੋਬਾਰ ਮਿਸ਼ਨ ਮੋਹਾਲੀ (PGRKAM) ਵਿਖੇ ਸੰਪਰਕ ਕਰ ਸਕਦੇ ਹਨ।
ਇਸ ਗੱਲ ਦੀ ਜਾਣਕਾਰੀ ਦਿੰਦਿਆਂ ਵਧੀਕ ਡਿਪਟੀ ਕਮਿਸ਼ਨਰ-ਕਮ-ਮੁੱਖ ਕਾਰਜਕਾਰੀ ਅਫਸਰ ਜਿਲ੍ਹਾ ਰੋਜ਼ਗਾਰ ਤੇ ਕਾਰੋਬਾਰ ਬਿਊਰੋ ਜਸਪ੍ਰੀਤ ਸਿੰਘ ਨੇ ਦੱਸਿਆ ਕਿ ਇਸ ਰੋਜ਼ਗਾਰ ਮੇਲੇ ਵਿੱਚ ਗਰੈਜੁਏਸ਼ਨ ਅਤੇ ਪੋਸਟ ਗਰੈਜੁਏਸ਼ਨ ਵਿੱਚ 60 ਫੀਸਦੀ ਤੋਂ ਵੱਧ ਅੰਕ ਹਾਸਲ ਕਰਨ ਵਾਲੇ ਨੌਜਵਾਨ ਹਿੱਸਾ ਲੈ ਸਕਦੇ ਹਨ। ਉਨ੍ਹਾਂ ਇਹ ਵੀ ਦੱਸਿਆ ਕਿ ਇਨ੍ਹਾਂ ਰੋਜ਼ਗਾਰ ਮੇਲਿਆਂ ਵਿੱਚ ਚੁਣੇ ਗਏ ਪ੍ਰਾਰਥੀਆਂ ਲਈ ਘੱਟ ਤੋਂ ਘੱਟ ਤਿੰਨ ਲੱਖ ਰੁਪਏ ਸਲਾਨਾ ਅਤੇ ਵੱਧ ਤੋਂ ਵੱਧ 23 ਲੱਖ ਰੁਪਏ ਸਲਾਨਾ ਦਾ ਪੈਕੇਜ ਰੱਖਿਆ ਗਿਆ ਹੈ। ਉਨ੍ਹਾਂ ਜਿਲ੍ਹੇ ਦੇ ਬੇਰੋਜ਼ਗਾਰ ਨੌਜਵਾਨਾਂ ਨੂੰ ਅਪੀਲ ਕੀਤੀ ਕਿ ਉਹ ਇਨ੍ਹਾਂ ਰੋਜ਼ਗਾਰ ਮੇਲਿਆਂ ਦਾ ਵੱਧ ਤੋਂ ਵੱਧ ਲਾਭ ਉਠਾਉਣ ਲਈ ਇਨ੍ਹਾਂ ਰੋਜ਼ਗਾਰ ਮੇਲਿਆਂ ਵਿੱਚ ਸਿਰਕਤ ਕਰਨ।