ਟਰੈਫਿਕ ਨਿਯਮਾਂ ਦੀ ਪਾਲਣਾ ਕਰਨੀ ਹਰੇਕ ਨਾਗਰਿਕ ਲਈ ਜ਼ਰੂਰੀ: ਕੌਂਡਲ
ਫ਼ਤਹਿਗੜ੍ਹ ਸਾਹਿਬ, 11 ਜਨਵਰੀ:
ਟਰੈਫਿਕ ਨਿਯਮਾਂ ਦੀ ਪਾਲਣਾ ਕਰਨੀ ਹਰੇਕ ਨਾਗਰਿਕ ਲਈ ਅਤਿ ਜ਼ਰੂਰੀ ਹੈ ਕਿਉਂਕਿ ਟਰੈਫਿਕ ਨਿਯਮਾਂ ਦੀ ਉਲੰਘਣਾ ਕਾਰਨ ਹੀ ਕਈ ਤਰ੍ਹਾਂ ਦੇ ਸੜਕੀ ਹਾਦਸੇ ਵਾਪਰਦੇ ਹਨ। ਜ਼ਿਲ੍ਹਾ ਪੁਲਿਸ ਵੱਲੋਂ ਆਮ ਲੋਕਾਂ ਨੂੰ ਟਰੈਫਿਕ ਨਿਯਮਾਂ ਸਬੰਧੀ ਜਾਗਰੂਕ ਕਰਨ ਲਈ 17 ਜਨਵਰੀ ਤੱਕ 31ਵਾਂ ਕੌਮੀ ਸੜਕ ਸੁਰੱਖਿਆ ਸਪਤਾਹ ਮਨਾਇਆ ਜਾ ਰਿਹਾ ਹੈ ਤਾਂ ਜੋ ਸੜਕੀ ਹਾਦਸਿਆਂ ਨੂੰ ਠੱਲ ਪਾਈ ਜਾ ਸਕੇ। ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਜ਼ਿਲ੍ਹਾ ਪੁਲਿਸ ਮੁਖੀ ਅਮਨੀਤ ਕੌਂਡਲ ਨੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਤੋਂ ਬਾਬਾ ਜ਼ੋਰਾਵਰ ਸਿੰਘ ਬਾਬਾ ਫ਼ਤਹਿ ਸਿੰਘ ਸੀਨੀਅਰ ਸੈਕੰਡਰੀ ਸਕੂਲ ਦੇ ਵਿਦਿਆਰਥੀਆਂ ਵੱਲੋਂ ਕੱਢੀ ਜਾਗਰੂਕਤਾ ਰੈਲੀ ਨੂੰ ਹਰੀ ਝੰਡੀ ਵਿਖਾ ਕੇ ਰਵਾਨਾ ਕਰਨ ਤੋਂ ਪਹਿਲਾਂ ਵਿਦਿਆਰਥੀਆਂ ਨੂੰ ਸੰਬੋਧਨ ਕਰਦਿਆਂ ਕੀਤਾ।
ਉਨ੍ਹਾਂ ਦੱਸਿਆ ਕਿ ਟਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਕਰ ਕੇ ਜਾਂ ਟਰੈਫਿਕ ਨਿਯਮਾਂ ਸਬੰਧੀ ਜਾਗਰੂਕ ਨਾ ਹੋਣ ਕਾਰਨ ਵੱਡੀ ਗਿਣਤੀ ਸੜਕ ਹਾਦਸੇ ਵਾਪਰਦੇ ਹਨ।
ਕੌਂਡਲ ਨੇ ਵਿਦਿਆਰਥੀਆਂ ਨੂੰ ਕਿਹਾ ਕਿ ਉਹ ਆਪਣੇ ਮਾਪਿਆਂ, ਰਿਸ਼ਤੇਦਾਰਾਂ ਤੇ ਦੋਸਤਾਂ ਮਿੱਤਰਾਂ ਨੂੰ ਟਰੈਫਿਕ ਨਿਯਮਾਂ ਦੀ ਪਾਲਣਾ ਕਰਨ ਲਈ ਪ੍ਰੇਰਤ ਕਰਨ ਤਾਂ ਜੋ ਅਨਮੋਲ ਮਨੁੱਖੀ ਜਾਨਾਂ ਨੂੰ ਅਜਾਈਂ ਜਾਣ ਤੋਂ ਬਚਾਇਆ ਜਾ ਸਕੇ। ਉਨ੍ਹਾਂ ਇਹ ਵੀ ਕਿਹਾ ਕਿ ਅੱਜ ਦੀ ਰੈਲੀ ਦਾ ਮੁੱਖ ਮੰਤਵ ਵਿਦਿਆਰਥੀਆਂ ਨੂੰ ਟਰੈਫਿਕ ਨਿਯਮਾਂ ਸਬੰਧੀ ਜਾਗਰੂਕ ਕਰਨਾ ਹੈ ਕਿਉਂਕਿ ਜੇਕਰ ਬੱਚੇ ਇਨ੍ਹਾਂ ਨਿਯਮਾਂ ਸਬੰਧੀ ਜਾਗਰੂਕ ਹੋਣਗੇ ਤਾਂ ਉਹ ਆਪਣੇ ਸੰਪਰਕ ਵਿੱਚ ਆਉਣ ਵਾਲੇ ਹਰੇਕ ਵਿਅਕਤੀ ਨੂੰ ਟਰੈਫਿਕ ਨਿਯਮਾਂ ਦੀ ਪਾਲਣਾ ਕਰਨ ਸਬੰਧੀ ਜਾਗਰੂਕ ਕਰਨਗੇ।
ਉਨ੍ਹਾਂ ਕਿਹਾ ਕਿ ਹਰੇਕ ਵਿਅਕਤੀ ਨੂੰ ਕਾਰ ਚਲਾਉਣ ਸਮੇਂ ਸੀਟ ਬੈਲਟ ਲਾਉਣੀ ਜਰੂਰੀ ਹੈ ਅਤੇ ਦੋ ਪਹੀਆ ਵਾਹਨ ਚਾਲਕਾਂ ਨੂੰ ਹੈਲਮਟ ਪਹਿਨਣਾ ਜਰੂਰੀ ਹੈ। ਇਸ ਤੋਂ ਇਲਾਵਾ ਟਰੈਫਿਕ ਲਾਈਟਾਂ ‘ਤੇ ਹਰੀ ਬੱਤੀ ਹੋਣ ਤੱਕ ਇੰਤਜਾਰ ਕਰਨਾ ਚਾਹੀਦਾ ਹੈ ਅਤੇ ਕਦੇ ਵੀ ਕਿਸੇ ਵਾਹਨ ਨੂੰ ਗਲਤ ਸਾਈਡ ਤੋਂ ਓਵਰਟੇਕ ਨਹੀਂ ਕਰਨਾ ਚਾਹੀਦਾ। ਇਸ ਤੋਂ ਇਲਾਵਾ ਗੱਡੀਆਂ ਪਾਰਕ ਕਰਨ ਸਮੇਂ ਵੀ ਸਹੀ ਸਥਾਨ ‘ਤੇ ਹੀ ਗੱਡੀਆਂ ਪਾਰਕ ਕਰਨੀਆਂ ਚਾਹੀਦੀਆਂ ਹਨ ਤਾਂ ਜੋ ਆਉਣ ਜਾਣ ਵਾਲੀ ਟਰੈਫਿਕ ਵਿੱਚ ਵਿਘਨ ਨਾ ਪਵੇ।
ਇਸ ਉਪਰੰਤ ਬਾਬਾ ਜ਼ੋਰਵਾਰ ਸਿੰਘ ਬਾਬਾ ਫ਼ਤਹਿ ਸਿੰਘ ਸੀਨੀਅਰ ਸੈਕੰਡਰੀ ਸਕੂਲ ਵਿਖੇ ਐਸ.ਪੀ. (ਡੀ) ਹਰਪਾਲ ਸਿੰਘ ਦੀ ਪ੍ਰਧਾਨਗੀ ਹੇਠ ਜਾਗਰੂਕਤਾ ਸੈਮੀਨਾਰ ਵੀ ਕਰਵਾਇਆ ਗਿਆ ਜਿਸ ਵਿੱਚ ਵੱਖ-ਵੱਖ ਅਧਿਕਾਰੀਆਂ ਨੇ ਵਿਦਿਆਰਥੀਆਂ ਨੂੰ ਟਰੈਫਿਕ ਨਿਯਮਾਂ ਸਬੰਧੀ ਵਿਸਥਾਰ ਵਿੱਚ ਜਾਣਕਾਰੀ ਦਿੱਤੀ ਗਈ ਅਤੇ ਬੱਚਿਆਂ ਨੂੰ ਟਰੈਫਿਕ ਨਿਯਮਾਂ ਦੀ ਪਾਲਣਾ ਕਰਨ ਸਬੰਧੀ ਸਹੁੰ ਵੀ ਚੁਕਾਈ ਗਈ। ਇਸੇ ਤਰ੍ਹਾਂ ਬਸੀ ਪਠਾਣਾ ਦੇ ਹੋਲੀ ਹਾਰਟ ਸਕੂਲ ਵਿਖੇ ਵੀ ਜਾਗਰੂਕਤਾ ਸੈਮੀਨਾਰ ਕਰਵਾਇਆ ਗਿਆ।
ਇਸ ਮੌਕੇ ਐਸ.ਪੀ. (ਡੀ) ਹਰਪਾਲ ਸਿੰਘ, ਡੀ.ਐਸ.ਪੀ. (ਹੈ/ਕੁ) ਹਰਦੀਪ ਸਿੰਘ ਬਡੂੰਗਰ, ਡੀ.ਐਸ.ਪੀ. ਫ਼ਤਹਿਗੜ੍ਹ ਸਾਹਿਬ ਰਮਿੰਦਰ ਸਿੰਘ ਕਾਹਲੋਂ, ਡੀ.ਐਸ.ਪੀ. ਮਨਜੋਤ ਕੌਰ, ਡੀ.ਐਸ.ਪੀ. (ਡੀ) ਜਸਵਿੰਦਰ ਸਿੰਘ ਟਿਵਾਣਾ, ਟਰੈਫਿਕ ਇੰਚਾਰਜ ਇੰਸਪੈਕਟਰ ਸੁਖਪਾਲ ਸਿੰਘ ਤੇ ਇੰਸਪੈਕਟਰ ਰਜਨੀਸ਼ ਸ਼ਰਮਾ ਤੋਂ ਇਲਾਵਾ ਹੋਰ ਅਧਿਕਾਰੀ ਵੀ ਮੌਜੂਦ ਸਨ।