ਟ੍ਰੈਫਿਕ ਨਿਯਮਾਂ ਦੀ ਪਾਲਣਾ ਕਰਨ ਦੀ ਸਹੁੰ ਚੁਕਾਈ

228

ਟ੍ਰੈਫਿਕ ਨਿਯਮਾਂ ਦੀ ਪਾਲਣਾ ਕਰਨ ਦੀ ਸਹੁੰ ਚੁਕਾਈ

ਬਹਾਦਰਜੀਤ ਸਿੰਘ/ਰੂਪਨਗਰ, 9 ਦਸੰਬਰ, 2022
ਡਿਪਟੀ ਕਮਿਸ਼ਨਰ ਰੂਪਨਗਰ ਡਾ. ਪ੍ਰੀਤੀ ਯਾਦਵ ਵੱਲੋਂ ‘ਦੈਨਿਕ ਜਾਗਰਣ’ ਵੱਲੋਂ ਚਲਾਈ ਜਾ ਰਹੀ  ਸੜਕ ਸੁਰੱਖਿਆ ਮੁਹਿੰਮ ਤਹਿਤ  ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਦੇ ਕਮੇਟੀ ਰੂਮ ਵਿਖੇ ਸਕੱਤਰੇਤ ਦੇ ਸਮੂਹ ਵਿਭਾਗਾਂ ਦੇ ਮੁਲਾਜ਼ਮਾਂ ਨੂੰ ਟ੍ਰੈਫਿਕ ਨਿਯਮਾਂ ਦੀ ਪਾਲਣਾ ਕਰਨ ਦੀ ਸਹੁੰ ਚੁਕਾਈ ਗਈ ਅਤੇ ਸਮੂਹ ਹਾਜ਼ਰੀਨ ਨੂੰ ਟ੍ਰੈਫਿਕ ਨਿਯਮਾ ਦੀ ਪਾਲਣਾ ਕਰਨ ਲਈ ਉਤਸ਼ਾਹਿਤ ਕੀਤਾ ਗਿਆ।  ਉਨ੍ਹਾਂ ਕਿਹਾ ਕਿ ਸੜਕ ਸੁਰੱਖਿਆ ਦੀ ਪਾਲਣਾ ਕਰਨੀ ਜਿੰਨੀ ਹੋਰਾਂ ਦੀ ਜ਼ਿੰਮੇਵਾਰੀ ਹੈ ਉਨੀਂ ਸਾਡੀ ਖੁਦ ਦੀ ਵੀ ਹੈ।

ਇਸ ਮੌਕੇ ਡਿਪਟੀ ਕਮਿਸ਼ਨਰ ਡਾ. ਪ੍ਰੀਤੀ ਯਾਦਵ ਨੇ ਸੰਬੋਧਨ ਕਰਦਿਆਂ ਕਿਹਾ ਕਿ ਸੜਕ ‘ਤੇ ਵਾਹਨ ਚਲਾਉਣ ਤੋਂ ਪਹਿਲਾਂ ਸਾਰੀਆਂ ਸੁਰੱਖਿਆ ਸਬੰਧੀ ਗੱਲਾਂ ਦਾ ਧਿਆਨ ਰੱਖਣਾ ਚਾਹੀਦਾ ਹੈ। ਆਵਾਜਾਈ ਨਿਯਮਾਂ ਦੀ ਹਮੇਸ਼ਾਂ ਪਾਲਣਾ ਕਰਨੀ ਸਾਨੂੰ ਆਪਣੇ ਤੇ ਆਪਣੇ ਪਰਿਵਾਰ ਲਈ ਬਹੁਤ ਜ਼ਰੂਰੀ ਹੈ ਕਿਉਂਕਿ ਪਰਿਵਾਰਕ ਮੈਂਬਰ ਸਾਡੀ ਹਮੇਸ਼ਾ ਘਰ ਦੇ ਵਿੱਚ ਇੰਤਜ਼ਾਰ ਕਰ ਰਹੇ ਹੁੰਦੇ ਹਨ।

ਡਿਪਟੀ ਕਮਿਸ਼ਨਰ ਨੇ ਕਿਹਾ ਕਿ ਆਵਜਾਈ ਦੌਰਾਨ ਸਾਨੂੰ ਬਹੁਤ ਸੁਚੇਤ ਰਹਿਣਾ ਚਾਹੀਦਾ ਹੈ ਸਾਡੀ ਛੋਟੀ ਜਿਹੀ ਅਣਗਿਹਲੀ ਨਾਲ ਵੀ ਵੱਡੀ ਦੁਰਘਟਨਾ ਵਾਪਰ ਸਕਦੀ ਹੈ। ਇਵੇਂ ਅਸੀਂ ਆਪਣੇ ਸਮੇਤ ਬੇਕਸੂਰ ਲੋਕਾਂ ਨੂੰ ਵੀ ਹਾਦਸਿਆਂ ਦਾ ਸ਼ਿਕਾਰ ਬਣਾ ਲੈਂਦੇ ਹਾਂ।

ਉਨ੍ਹਾਂ ਕਿਹਾ ਕਿ ਸਾਨੂੰ ਸਫਰ ਸਮੇਂ ਸੁਰੱਖਿਆ ਦੇ ਪੂਰੇ ਪ੍ਰਬੰਧ ਕਰਕੇ ਚਲਣਾ ਚਾਹੀਦਾ ਹੈ ਹਰ ਇੱਕ ਵਿਅਕਤੀ ਆਪਣੇ ਵਾਹਨ ਵਿੱਚ ਇਸ ਫਸਟ ਏਡ ਕਿੱਟ ਜ਼ਰੂਰ ਰੱਖੇ ਤਾਂ ਜੋ ਕਿਸੇ ਅਮਰਜੈਂਸੀ ਦੇ ਸਮੇਂ ਅਸੀਂ ਆਪਣੀਆਂ ਮੁੱਢਲੀ ਸਹਾਇਤਾ ਕਰ ਸਕੀਏ। ਉਨ੍ਹਾਂ ਕਿਹਾ ਕਿ ਜੇਕਰ ਕੋਈ ਹਾਦਸਾਗ੍ਰਤ ਮਿਲਦਾ ਹੈ ਤਾਂ ਉਸ ਜਿੰਨੀ ਹੋ ਸਕੇ ਉਨੀ ਮੱਦਦ ਜ਼ਰੂਰ ਕਰਨੀ ਚਾਹੀਦੀ ਹੈ।
ਟ੍ਰੈਫਿਕ ਨਿਯਮਾਂ ਦੀ ਪਾਲਣਾ ਕਰਨ ਦੀ ਸਹੁੰ ਚੁਕਾਈ

ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ ਹਰਜੋਤ ਕੌਰ, ਸਹਾਇਕ ਕਮਿਸ਼ਨਰ  ਦੀਪਾਂਕਰ ਗਰਗ, ਸਹਾਇਕ ਕਮਿਸ਼ਨਰ (ਸ਼ਿਕਾਇਤਾਂ) ਅਨਮਜੋਤ ਕੌਰ, ਐੱਸਪੀ ਰਾਜਪਾਲ ਸਿੰਘ ਹੁੰਦਲ, ਜ਼ਿਲ੍ਹਾ ਮਾਲ ਅਫ਼ਸਰ ਗੁਰਦੇਵ ਸਿੰਘ ਧੰਮ ਅਤੇ ਹੋਰ ਉੱਚ ਅਧਿਕਾਰੀਆਂ ਤੋਂ ਇਲਾਵਾ ਦੈਨਿਕ ਜਾਗਰਣ ਦੇ ਜ਼ਿਲ੍ਹਾ ਇੰਚਾਰਜ ਅਜੈ ਅਗਨੀਹੋਤਰੀ,ਸੀਨੀਅਰ ਪੱਤਰਕਾਰ ਅਰੁਣ ਪੁਰੀ,ਪੰਜਾਬੀ ਜਾਗਰਣ ਦੇ ਜ਼ਿਲ੍ਹਾ ਇੰਚਾਰਜ ਲਖਵੀਰ ਸਿੰਘ ਖਾਬੜਾ,ਕੇ.ਸੀ.ਰਾਣਾ ਆਦਿ ਹਾਜ਼ਰ ਸਨ।

ਇਸੇ ਦੌਰਾਨ ਸਰਕਾਰੀ ਕਾਲਜ ਰੂਪਨਗਰ ਦੇ ਪ੍ਰਿੰਸੀਪਲ ਜਤਿੰਦਰ ਸਿੰਘ ਗਿੱਲ ਦੀ ਸਰਪ੍ਰਸਤੀ ਹੇਠ ਸਮੂਹ ਸਟਾਫ ਮੈਂਬਰਾ ਨੇ ਟ੍ਰੈਫਿਕ ਨਿਯਮਾਂ ਦੀ ਪਾਲਣਾ ਕਰਨ ਸਬੰਧੀ ਸਹੁੰ ਚੁੱਕੀ।

ਇਸ ਸੰਬੰਧੀ ਜਾਣਕਾਰੀ ਦਿੰਦਿਆਂ ਹੋਇਆ ਪ੍ਰਿੰਸੀਪਲ  ਜਤਿੰਦਰ ਸਿੰਘ ਗਿੱਲ ਨੇ ਕਿਹਾ ਕਿ ਧੁੰਦ ਦੇ ਮੌਸਮ ਵਿੱਚ ਸਾਨੂੰ ਟ੍ਰੈਫਿਕ ਸਬੰਧੀ ਬਹੁਤ ਸਾਰੀਆਂ ਸਾਵਧਾਨੀਆਂ ਵਰਤਣੀਆਂ ਚਾਹੀਦੀਆਂ ਹਨ ਅਤੇ ਵਿਿਦਆਰਥੀਆਂ ਨੂੰ ਇਹਨਾਂ ਸਾਵਧਾਨੀਆਂ ਸਬੰਧੀ ਜਾਗਰੂਕ ਕਰਨਾ ਚਾਹੀਦਾ ਹੈ।

ਕਾਲਜ ਦੇ ਵਾਈਸ ਪ੍ਰਿੰਸੀਪਲ ਡਾ. ਹਰਜਸ ਕੌਰ ਨੇ ਸੜਕ ਹਾਦਸੇ ਦੇ ਪੀੜਤਾਂ ਦੀ ਮਦਦ ਲਈ ਹਮੇਸ਼ਾ ਤਤਪਰ ਰਹਿਣ ਦੀ ਅਪੀਲ ਕੀਤੀ। ਕੌਮੀ ਸੇਵਾ ਯੋਜਨਾ ਦੇ ਪ੍ਰੋਗਰਾਮ ਅਫ਼ਸਰ ਡਾ. ਨਿਰਮਲ ਸਿੰਘ ਬਰਾੜ ਨੇ ਮਨਾਏ ਜਾ ਰਹੇ ਜਾਗਰੂਕਤਾ ਪੰਦਰਵਾੜਾ ਬਾਰੇ ਜਾਣਕਾਰੀ ਸਾਂਝੀ ਕੀਤੀ ਅਤੇ ਡਾ. ਦਲਵਿੰਦਰ ਸਿੰਘ ਨੇ ਸਮੂਹ ਸਟਾਫ ਮੈਂਬਰਾ ਨੂੰ ਆਵਾਜਾਈ ਨਿਯਮਾਂ ਦੀ ਪਾਲਣਾ ਕਰਨ, ਹੈਲਮੈਟ ਪਹਿਨਣ, ਸੀਟ ਬੇਲਟ ਦਾ ਪ੍ਰਯੋਗ ਕਰਨ, ਮੋਬਾਈਲ ਦੀ ਵਰਤੋ ਨਾ ਕਰਨ, ਐਂਬੂਲੈਂਸ ਅਤੇ ਫਾਇਰ ਬ੍ਰਿਗੇਡ ਗੱਡੀਆਂ ਨੂੰ ਪਹਿਲਾਂ ਲੰਘਣ ਲਈ ਰਸਤਾ ਦੇਣ ਸਬੰਧੀ ਸਹੁੰ ਚੁਕਾਈ।

ਇਸ ਮੌਕੇ ਕਾਲਜ ਕੌਂਸਲ ਮੈਂਬਰ ਡਾ. ਸੁਖਜਿੰਦਰ ਕੌਰ, ਡਾ. ਜਤਿੰਦਰ ਕੁਮਾਰ, ਪ੍ਰੋ. ਮੀਨਾ ਕੁਮਾਰੀ, ਪ੍ਰੋ. ਹਰਜੀਤ ਸਿੰਘ ਤੋਂ ਇਲਾਵਾ ਸਮੂਹ ਸਟਾਫ ਮੈਂਬਰ ਹਾਜਰ ਸਨ।