ਡਿਪਟੀ ਕਮਿਸ਼ਨਰ ਨੇ ਜਾਗਰੂਕਤਾ ਵੈਨਾਂ ਨੂੰ ਹਰੀ ਝੰਡੀ ਦੇ ਕੇ ਕੀਤਾ ਰਵਾਨਾ; ਵੈਨਾਂ ਰਾਹੀਂ ਝੋਨੇ ਦੀ ਪਰਾਲੀ ਦੇ ਸੁਚੱਜੇ ਪ੍ਰਬੰਧਨ ਦੇ ਸਾਹਿਤ ਦੀ ਵੀ ਕੀਤੀ ਜਾਵੇਗੀ ਵੰਡ

170

ਡਿਪਟੀ ਕਮਿਸ਼ਨਰ ਨੇ ਜਾਗਰੂਕਤਾ ਵੈਨਾਂ ਨੂੰ ਹਰੀ ਝੰਡੀ ਦੇ ਕੇ ਕੀਤਾ ਰਵਾਨਾ; ਵੈਨਾਂ ਰਾਹੀਂ ਝੋਨੇ ਦੀ ਪਰਾਲੀ ਦੇ ਸੁਚੱਜੇ ਪ੍ਰਬੰਧਨ ਦੇ ਸਾਹਿਤ ਦੀ ਵੀ ਕੀਤੀ ਜਾਵੇਗੀ ਵੰਡ

ਮਾਲੇਰਕੋਟਲਾ 04 ਅਕਤੂਬਰ,2023  :

ਝੋਨੇ ਦੀ ਪਰਾਲੀ ਨੂੰ ਖੇਤਾਂ ਵਿਚ ਹੀ ਵਾਹੁਣ ਅਤੇ ਅੱਗ ਨਾ ਲਾਉਣ ਸਬੰਧੀ ਪ੍ਰੇਰਿਤ ਕਰਨ ਲਈ ਡਿਪਟੀ ਕਮਿਸ਼ਨਰ ਮਾਲੇਰਕੋਟਲਾ ਡਾ ਪੱਲਵੀ ਨੇ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਵੱਲੋਂ (ਇੰਨ ਸੀਟੂ ਕਰਾਪ ਰੈਜੀਡਿਊ ਮੈਨੇਜ਼ਮੈਂਟ ਸਕੀਮ)ਅਧੀਨ ਤਿਆਰ ਕੀਤੀਆਂ 02 ਪ੍ਰਚਾਰ ਵੈਨਾਂ ਨੂੰ ਹਰੀ ਝੰਡੀ ਦੇ ਕੇ ਰਵਾਨਾ ਕੀਤਾ।

ਇਸ ਮੌਕੇ ਸਹਾਇਕ ਕਮਿਸ਼ਨਰ  ਗੁਰਮੀਤ ਕੁਮਾਰ ਬਾਂਸਲ, ਜ਼ਿਲ੍ਹਾ ਖੇਤੀਬਾੜੀ ਅਫ਼ਸਰ ਡਾ ਹਰਬੰਸ ਸਿੰਘ, ਖੇਤੀਬਾੜੀ ਵਿਕਾਸ ਅਫ਼ਸਰ ਮਾਲੇਰਕੋਟਲਾ ਡਾ ਨਵਨੀਪ ਕਮਾਰ, ਡਾ. ਕੁਲਦੀਪ ਕੌਰ, ਖੇਤੀਬਾੜੀ ਅਫ਼ਸਰ ਡਾ ਅਮਰਜੀਤ  ਸਿੰਘ, ਸਹਾਇਕ ਇੰਜੀਨੀਅਰ ਖੇਤੀਬਾੜੀ ਇੰਜ. ਸੁਖਜਿੰਦਰ ਸਿੰਘ ਤੋਂ ਇਲਾਵਾ ਹੋਰ ਅਧਿਕਾਰੀ ਮੌਜੂਦ ਸਨ ।

ਡਿਪਟੀ ਕਮਿਸ਼ਨਰ ਨੇ ਕਿਹਾ ਕਿ ਜਾਗਰੂਕਤਾ ਵੈਨਾਂ ਚਲਾਉਣ ਦਾ ਮੁੱਖ ਮਕਸਦ ਕਿਸਾਨਾਂ ਨੂੰ ਝੋਨੇ ਦੀ ਪਰਾਲੀ ਨੂੰ ਅੱਗ ਨਾ ਲਾਉਣ ਸਬੰਧੀ ਪ੍ਰੇਰਿਤ ਕਰਨਾ, ਪਰਾਲੀ ਨੂੰ ਖੇਤਾਂ ਵਿਚ ਹੀ ਵਾਹੁਣ ਦੇ ਫਾਇਦੇ ਦੱਸਣੇ ਅਤੇ ਅੱਗ ਲਾਉਣ ਦੇ ਨੁਕਸਾਨਾਂ ਸਬੰਧੀ ਜਾਗਰੂਕ ਕਰਨਾ ਹੈ। ਇਹ ਜਾਗਰੂਕਤਾ ਵੈਨਾਂ ਲੜੀਵਾਰ ਜ਼ਿਲ੍ਹੇ ਦੇ ਸਮੂਹ ਖੇਤੀਬਾੜੀ ਬਲਾਕਾਂ ਵਿੱਚ ਜਾ ਕੇ ਪਿੰਡ-ਪਿੰਡ ਪਰਾਲੀ ਸਾੜਨ ਦੇ ਰੁਝਾਨ ਨੂੰ ਖਤਮ ਕਰਨ ਲਈ ਕਿਸਾਨਾਂ ਅੰਦਰ ਜਾਗਰੂਕਤਾ ਪੈਦਾ ਕਰਨਗੀਆਂ। ਖੇਤੀਬਾੜੀ ਤੇ ਕਿਸਾਨ ਭਲਾਈ ਵਿਭਾਗ ਵੱਲੋਂ ਇਨ੍ਹਾਂ ਜਾਗਰੂਕਤਾ ਵੈਨਾਂ ਵਿੱਚ ਪਰਾਲੀ ਨੂੰ ਅੱਗ ਨਾ ਲਗਾਉਣ ਸਬੰਧੀ ਆਡੀਓ ਸੰਦੇਸ਼ ਤਿਆਰ ਕੀਤਾ ਗਿਆ ਜੋ ਕਿ ਵੈਨ ਚੱਲਦੇ ਹੋਏ ਇਹ ਸੰਦੇਸ਼ ਕਿਸਾਨਾਂ ਤੱਕ ਪਹੁੰਚਾਏਗੀ। ਇਸ ਤੋਂ ਇਲਾਵਾ ਖੇਤੀਬਾੜੀ ਵਿਭਾਗ ਵੱਲੋਂ ਪਰਾਲੀ ਦੀ ਸਾਂਭ-ਸੰਭਾਲ ਲਈ ਤਿਆਰ ਲਿਟਰੇਚਰ ਵੀ ਇਸ ਵੈਨ ਰਾਹੀਂ ਪਿੰਡਾਂ ਦੇ ਕਿਸਾਨਾਂ ਨੂੰ ਵੰਡਿਆ ਜਾਵੇਗਾ।

ਡਿਪਟੀ ਕਮਿਸ਼ਨਰ ਨੇ ਕਿਹਾ ਕਿ ਪਰਾਲੀ ਸਾੜਨ ਦੀਆਂ ਘਟਨਾਵਾਂ ਵਿਰੁੱਧ ਜ਼ੀਰੋ ਸਹਿਣਸ਼ੀਲਤਾ ਨੀਤੀ ਅਪਣਾਈ ਜਾਵੇਗੀ ਤਾਂ ਜੋ ਜ਼ਿਲ੍ਹੇ ਵਿੱਚ ਝੋਨੇ ਦੀ ਨਾੜ (ਪਰਾਲੀ )ਸਾੜਨ/ ਫਸ਼ਲੀ ਰਹਿੰਦ ਖੰਹੂਦ ਸਾੜਨ ਦੀਆਂ ਘਟਨਾਵਾਂ ਨੂੰ ਜ਼ੀਰੋ (ਨਿਲ) ਕੀਤਾ ਜਾ ਸਕੇ । ਨਿਲ ਕਰਨ ਦਾ ਟੀਚਾ ਕੇਵਲ ਕਿਸਾਨਾਂ ਦੇ ਸਹਿਯੋਗ ਅਤੇ ਜਾਗਰੂਕਤਾ ਨਾਲ ਹੀ ਸੰਭਵ ਹੋ ਸਕਦਾ ਹੈ । ਅੱਗਾਂ ਦੇ ਮਾੜੇ ਪ੍ਰਭਾਵਾਂ ਆਦਿ ਸਬੰਧੀ ਜ਼ਿਲ੍ਹੇ ਦੇ ਸਾਰੇ ਹੀ ਪਿੰਡਾਂ ਵਿਚ 15 ਦਿਨ ਲਗਾਤਾਰ ਇਹ ਵੈਨਾਂ ਪ੍ਰਚਾਰ ਕਰਨਗੀਆਂ ਅਤੇ ਪਿੰਡ ਪੱਧਰ ਤੇ ਲਗਾਏ ਜਾਣ ਵਾਲੇ ਕੈਂਪਾਂ ਵਿਚ ਕਿਸਾਨਾਂ ਨੂੰ ਪਰਾਲੀ ਨਾ ਸਾੜਨ ਸਬੰਧੀ ਪ੍ਰੇਰਿਤ ਕਰਨਗੀਆਂ। ਇਨ੍ਹਾਂ ਵੈਨਾਂ ਰਾਹੀਂ ਝੋਨੇ ਦੀ ਪਰਾਲੀ ਨੂੰ ਵੱਖ ਵੱਖ ਤਰੀਕਿਆਂ ਨਾਲ ਪ੍ਰਬੰਧਨ ਕਰਨ ਸਬੰਧੀ ਸਾਹਿਤ ਵੀ ਵੰਡਿਆ ਜਾਵੇਗਾ। ਇਹ ਪ੍ਰਚਾਰ ਵੈਨਾਂ ਜ਼ਿਲ੍ਹੇ ਦੀਆਂ ਦਾਣਾ ਮੰਡੀਆਂ ਵਿਚ ਵੀ ਕਿਸਾਨਾਂ ਨੂੰ ਪ੍ਰੇਰਿਤ ਕਰਨਗੀਆਂ।

ਡਿਪਟੀ ਕਮਿਸ਼ਨਰ ਨੇ ਕਿਸਾਨਾਂ ਨੂੰ ਝੋਨੇ ਦੀ ਪਰਾਲੀ ਨੂੰ ਅੱਗ ਨਾ ਲਾਉਣ ਦੀ ਅਪੀਲ ਕੀਤੀ ਅਤੇ ਕਿਹਾ ਕਿ ਝੋਨੇ ਦੀ ਪਰਾਲੀ ਨੂੰ ਆਪਣੇ ਖੇਤਾਂ ਵਿਚ ਹੀ ਵਾਹ ਕੇ ਜਾਂ ਇਸ ਦੀਆਂ ਗੱਠਾਂ ਬੰਨਵਾ ਕੇ ਇਸ ਦੀ ਸੁੱਚਜੀ ਸਾਂਭ ਸੰਭਾਲ ਕੀਤੀ ਜਾਵੇ ਅਤੇ ਵਾਤਾਵਰਣ ਨੂੰ ਪ੍ਰਦੂਸ਼ਿਤ ਹੋਣ ਤੋਂ ਬਚਾਉਣ ਲਈ ਕਿਸਾਨ ਆਪਣਾ ਬਹੁਮੁੱਲਾ ਯੋਗਦਾਨ ਦੇਣ। ਉਨ੍ਹਾਂ ਦੱਸਿਆ ਕਿ ਹੁਣ ਤਾਂ ਕਿਸਾਨਾਂ ਦੀ ਸਹੂਲਤ ਲਈ ਵਾਤਾਵਰਨ ਪੱਖੀ ਖੇਤੀਬਾੜੀ ਸੰਦ ਵੀ ਸਰਕਾਰ ਵੱਲੋਂ ਮੁਹੱਈਆ ਕਰਵਾਏ ਜਾ ਰਹੇ ਹਨ ਜਿਹਨ੍ਹਾਂ ਨਾਲ ਝੋਨੇ ਦੀ ਪਰਾਲੀ ਨੂੰ ਅੱਗ ਲਗਾਉਣ ਦੀ ਜਰੂਰਤ ਹੀ ਨਹੀਂ ਹੁੰਦੀ, ਕਿਸਾਨ ਝੋਨੇ ਦੀ ਕਟਾਈ ਤੋਂ ਬਾਅਦ ਸਿੱਧੇ ਹੀ ਕਣਕ ਦੀ ਬਿਜਾਈ ਕਰ ਸਕਦਾ ਹੈ।

ਡਿਪਟੀ ਕਮਿਸ਼ਨਰ ਨੇ ਜਾਗਰੂਕਤਾ ਵੈਨਾਂ ਨੂੰ ਹਰੀ ਝੰਡੀ ਦੇ ਕੇ ਕੀਤਾ ਰਵਾਨਾ; ਵੈਨਾਂ ਰਾਹੀਂ ਝੋਨੇ ਦੀ ਪਰਾਲੀ ਦੇ ਸੁਚੱਜੇ ਪ੍ਰਬੰਧਨ ਦੇ ਸਾਹਿਤ ਦੀ ਵੀ ਕੀਤੀ ਜਾਵੇਗੀਵੰਡ

ਜ਼ਿਲ੍ਹਾ ਖੇਤੀਬਾੜੀ ਅਫ਼ਸਰ ਡਾ ਹਰਬੰਸ ਸਿੰਘ ਨੇ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਦੇ ਦਿਸ਼ਾ-ਨਿਰਦੇਸ਼ਾ ‘ਤੇ ਖੇਤੀਬਾੜੀ ਵਿਭਾਗ ਵੱਲੋਂ ਲਗਾਤਾਰ ਉਪਰਾਲੇ ਕੀਤੇ ਜਾ ਰਹੇ ਹਨ ਕਿ ਪਰਾਲੀ ਨੂੰ ਅੱਗ ਨਾ ਲਗਾ ਕੇ ਇਸਦੀ ਸੰਭਾਲ ਕੀਤੀ ਜਾਵੇ ਅਤੇ ਵਿਭਾਗ ਵੱਲੋਂ ਮੁਹੱਈਆ ਕਰਵਾਏ ਜਾ ਰਹੇ ਖੇਤੀਬਾੜੀ ਸੰਦਾਂ ਰਾਹੀਂ ਇਸ ਨੂੰ ਜਮੀਨ ਵਿਚ ਵਹਾਇਆ ਜਾਵੇ। ਉਨ੍ਹਾਂ ਕਿਹਾ ਕਿ ਪਰਾਲੀ ਨੂੰ ਅੱਗ ਲਗਾਉਣ ਨਾਲ ਵਾਤਾਵਰਣ ਵੀ ਦੂਸ਼ਿਤ ਹੁੰਦਾ ਹੈ ਤੇ ਇਸ ਤੋਂ ਪੈਦਾ ਹੋਏ ਧੂੰਏ ਨਾਲ ਜਿੱਥੇ ਅਨੇਕਾਂ ਬਿਮਾਰੀਆਂ ਪੈਦਾ ਹੁੰਦੀਆਂ ਹਨ ਉਥੇ ਕਈ ਵਾਰ ਸੜਕੀ ਦੁਰਘਟਨਾਵਾਂ ਵੀ ਵਾਪਰਦੀਆਂ ਹਨ।

ਉਨ੍ਹਾਂ ਹੋਰ ਦੱਸਿਆ ਕਿ ਪਰਾਲੀ ਨੂੰ ਜਮੀਨ ਵਿੱਚ ਦਬਾਉਣ ਨਾਲ ਜਮੀਨ ਦੀ ਉਪਜਾਊ ਸ਼ਕਤੀ ਵਧਦੀ ਹੈ ਤੇ ਅਗਲੇਰੀ ਫਸਲ ਦਾ ਝਾੜ ਵੀ ਵੱਧ ਪ੍ਰਾਪਤ ਹੁੰਦਾ ਹੈ। ਉਨ੍ਹਾਂ ਕਿਹਾ ਕਿ ਪਰਾਲੀ ਸਾੜਨ ਨਾਲ ਜਮੀਨ ਦੇ ਜ਼ਰੂਰੀ ਤੱਤ ਨਸਟ ਹੋ ਜਾਂਦੇ ਹਨ ਜੋ ਕਿ ਜਮੀਨ ਲਈ ਬਹੁਤ ਜ਼ਰੂਰੀ ਹੁੰਦੇ ਹਨ। ਉਨ੍ਹਾਂ ਕਿਸਾਨਾਂ ਨੂੰ ਪੇ੍ਰਿਤ ਕਰਦਿਆਂ ਕਿਹਾ ਕਿ ਉਹ ਪਰਾਲੀ ਨੂੰ ਅੱਗ ਨਾ ਲਗਾ ਕੇ ਵਾਤਾਵਰਣ ਪ੍ਰੇਮੀ ਬਣਨ ਤੇ ਆਪਣੀ ਆਉਣ ਵਾਲੀ ਪੀੜੀ ਨੂੰ ਸ਼ੁੱਧ ਵਾਤਾਵਰਣ ਮੁਹੱਈਆ ਕਰਵਾਉਣ।