ਨਗਰ ਕੌਂਸਲ ਚੋਣਾਂ ਵਿੱਚ ਔਰਤਾਂ ਨੂੰ ਦਿੱਤਾ ਜਾਵੇਗਾ 50 ਫੀਸਦੀ ਰਾਖਵਾਂਕਰਨ ; ਸ਼੍ਰੀ ਗੁਰੂ ਨਾਨਕ ਦੇਵ ਜੀ ਦੇ ਨਾਮ ‘ਤੇ ਜਾਰੀ ਕੀਤੀ ਜਾਵੇਗੀ ਟਿਕਟ: ਬ੍ਰਹਮ ਮਹਿੰਦਰਾ
ਫ਼ਤਹਿਗੜ੍ਹ ਸਾਹਿਬ, 26 ਜਨਵਰੀ:
ਪੰਜਾਬ ਸਰਕਾਰ ਮਹਿਲਾ ਸ਼ਸ਼ਕਤੀਕਰਨ ਨੂੰ ਉਤਸਾਹਤ ਕਰਨ ਲਈ ਵਚਨਬੱਧ ਹੈ ਅਤੇ ਇਸੇ ਤਹਿਤ ਨਗਰ ਨਿਗਮ, ਨਗਰ ਕੌਸਲਾਂ ਤੇ ਨਗਰ ਪੰਚਾਇਤਾਂ ਦੀਆਂ ਚੋਣਾਂ ਵਿੱਚ ਔਰਤਾਂ ਨੂੰ 50 ਫੀਸਦੀ ਰਾਖਵਾਂਕਰਨ ਦਿੱਤਾ ਜਾਵੇਗਾ। ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਪੰਜਾਬ ਦੇ ਸਥਾਨਕ ਸਰਕਾਰਾਂ, ਸੰਸਦੀ ਮਾਮਲੇ, ਚੋਣਾਂ ਅਤੇ ਸ਼ਿਕਾਇਤ ਨਿਵਾਰਣ ਵਿਭਾਗ ਦੇ ਮੰਤਰੀ ਬ੍ਰਹਮ ਮਹਿੰਦਰਾ ਨੇ ਖੇਡ ਸਟੇਡੀਅਮ, ਸਰਹਿੰਦ ਵਿਖੇ 71ਵੇਂ ਗਣਤੰਤਰ ਦਿਵਸ ਮੌਕੇ ਕਰਵਾਏ ਜ਼ਿਲ੍ਹਾ ਪੱਧਰੀ ਸਮਾਗਮ ਦੌਰਾਨ ਕੌਮੀ ਝੰਡਾ ਲਹਿਰਾਉਣ ਉਪਰੰਤ ਜ਼ਿਲ੍ਹਾ ਵਾਸੀਆਂ ਦੇ ਨਾਮ ਦਿੱਤੇ ਸੰਦੇਸ਼ ਵਿੱਚ ਕੀਤਾ। ਉਨ੍ਹਾਂ ਕਿਹਾ ਕਿ ਦੇਸ਼ ਨੂੰ ਆਜ਼ਾਦ ਕਰਵਾਉਣ ਲਈ ਆਜ਼ਾਦੀ ਘੁਲਾਟੀਆਂ ਨੇ ਵੱਡੀਆਂ ਕੁਰਬਾਨੀਆਂ ਦਿੱਤੀਆਂ ਅਤੇ ਆਜ਼ਾਦੀ ਤੋਂ ਬਾਅਦ ਦੇਸ਼ ਨੂੰ ਚਲਾਉਣ ਲਈ ਉਸ ਵੇਲੇ ਦੇ ਦੂਰ ਅੰਦੇਸ਼ ਆਗੂਆਂ ਦੀ ਮਿਹਨਤ ਸਦਕਾ ਸੰਵਿਧਾਨ ਹੋਂਦ ਵਿੱਚ ਆਇਆ ਜੋ ਕਿ 26 ਜਨਵਰੀ, 1950 ਨੂੰ ਲਾਗੂ ਹੋਇਆ ਅਤੇ ਇਸ ਸੰਵਿਧਾਨ ਸਦਕਾ ਹੀ ਭਾਰਤ ਦੁਨੀਆਂ ਦੀ ਸਭ ਤੋਂ ਵੱਡੀ ਜਮਹੂਰੀਅਤ ਬਣਿਆਂ। ਉਨ੍ਹਾਂ ਦੱਸਿਆ ਕਿ ਪੰਜਾਬ ਸਰਕਾਰ ਦੀ ਸਨਅਤੀ ਨੀਤੀ ਸਦਕਾ ਸੂਬੇ ਵਿੱਚ ਸਨਅਤ ਮੁੜ ਪੈਰਾਂ ਸਿਰ ਹੋਈ ਹੈ ਤੇ ਮੰਡੀ ਗੋਬਿੰਦਗੜ੍ਹ ਵਿਖੇ 762 ਕਰੋੜ ਰੁਪਏ ਦੇ ਨਿਵੇਸ਼ ਸਬੰਧੀ 46 ਐਮ.ਓ.ਯੂ. ਕੀਤੇ ਸਾਈਨ ਕੀਤੇ ਗਏ ਹਨ।
ਕੈਬਨਿਟ ਮੰਤਰੀ ਨੇ ਕਿਹਾ ਕਿ ਪੰਜਾਬ ਸਰਕਾਰ ਨੇ ਸ਼੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਮੌਕੇ ਕਰਤਾਰਪੁਰ ਲਾਂਘਾ ਖੁੱਲ੍ਹਣ ਦੀ ਇਤਿਹਾਸਕ ਪ੍ਰਾਪਤੀ ਕੀਤੀ ਹੈ ਤੇ ਸੰਗਤ ਸ਼੍ਰੀ ਕਰਤਾਰਪੁਰ ਸਾਹਿਬ ਦੇ ਖੁਲ੍ਹੇ ਦਰਸ਼ਨ ਦੀਦਾਰ ਕਰ ਸਕਦੀ ਹੈ। ਉਨ੍ਹਾਂ ਇਹ ਵੀ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਸ਼੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਇੱਕ ਵਿਸ਼ੇਸ਼ ਟਿਕਟ ਵੀ ਜਾਰੀ ਕੀਤੀ ਜਾ ਰਹੀ ਹੈ। ਪੰਜਾਬ ਸਰਕਾਰ ਵੱਲੋਂ ਸ਼੍ਰੀ ਗੁਰੂ ਨਾਨਕ ਦੇਵ ਜੀ ਦੀ ਚਰਨ ਛੋਹ ਪ੍ਰਾਪਤ ਪਿੰਡਾਂ ਦੇ ਵਿਕਾਸ ਲਈ ਵੀ 300 ਕਰੋੜ ਰੁਪਏ ਖਰਚ ਕੀਤੇ ਜਾ ਰਹੇ ਹਨ ਅਤੇ ਸੁਲਤਾਨਪੁਰ ਲੋਧੀ ਨੂੰ ਵਿਰਾਸਤੀ ਸ਼ਹਿਰ ਵਜੋਂ ਵਿਕਸਤ ਕਰਨ ਲਈ 271 ਕਰੋੜ ਰੁਪਏ ਖਰਚ ਕੀਤੇ ਜਾ ਰਹੇ ਹਨ।
ਬ੍ਰਹਮ ਮਹਿੰਦਰਾ ਨੇ ਕਿਹਾ ਕਿ ਪਿਛਲੀ ਸਰਕਾਰ ਪੰਜਾਬ ਸਿਰ ਵੱਡਾ ਕਰਜ਼ਾ ਛੱਡ ਕੇ ਗਈ ਸੀ ਪ੍ਰੰਤੂ ਫਿਰ ਵੀ ਕੈਪਟਨ ਅਮਰਿੰਦਰ ਸਿੰਘ ਦੀ ਦੂਰ ਅੰਦੇਸ਼ੀ ਸੋਚ ਸਦਕਾ ਸੂਬੇ ਦਾ ਸਰਬਪੱਖੀ ਵਿਕਾਸ ਕਰਵਾਇਆ ਜਾ ਰਿਹਾ ਹੈ। ਉਨ੍ਹਾਂ ਦੱਸਿਆ ਕਿ ਫ਼ਤਹਿਗੜ੍ਹ ਸਾਹਿਬ ਜ਼ਿਲ੍ਹੇ ਵਿੱਚ 133 ਕਰੋੜ ਰੁਪਏ ਦੀ ਲਾਗਤ ਨਾਲ ਸੀਵਰੇਜ ਪਾਇਆ ਜਾ ਰਿਹਾ ਹੈ। ਇਸ ਦੇ ਨਾਲ ਨਾਲ 10 ਕਰੋੜ ਰੁਪਏ ਦੀ ਲਾਗਤ ਨਾਲ ਫ਼ਤਹਿਗੜ੍ਹ ਸਾਹਿਬ ਵਿਖੇ ਜੱਚਾ ਬੱਚਾ ਹਸਪਤਾਲ ਬਣਾਇਆ ਜਾ ਰਿਹਾ ਹੈ, ਜਿਸ ਦਾ ਨਾਮ ਬਾਬਾ ਜ਼ੋਰਾਵਰ ਸਿੰਘ ਤੇ ਬਾਬਾ ਫ਼ਤਹਿ ਸਿੰਘ ਦੇ ਨਾਂ ‘ਤੇ ਰੱਖਿਆ ਜਾਵੇਗਾ। ਉਨ੍ਹਾਂ ਇਹ ਵੀ ਕਿਹਾ ਕਿ ਬਸੀ ਪਠਾਣਾ ਵਿਖੇ 358 ਕਰੋੜ ਰੁਪਏ ਦੀ ਲਾਗਤ ਨਾਲ ਮੈਗਾ ਡੇਅਰੀ ਪ੍ਰੋਜੈਕਟ ਬਣਾਇਆ ਜਾ ਰਿਹਾ ਹੈ।
ਸਮਾਗਮ ਦੌਰਾਨ ਕੈਬਨਿਟ ਮੰਤਰੀ ਨੇ ਸਭਿਆਚਾਰਕ ਪ੍ਰੋਗਰਾਮ ਵਿੱਚ ਹਿੱਸਾ ਲੈਣ ਵਾਲੇ ਵਿਦਿਆਰਥੀਆਂ ਦੇ ਸਕੂਲਾਂ ਲਈ 5 ਲੱਖ ਰੁਪਏ ਦੇਣ ਦਾ ਐਲਾਨ ਕਰਨ ਦੇ ਨਾਲ-ਨਾਲ ਵਿਲੱਖਣ ਸਮਰੱਥਾ ਵਾਲੇ ਬੱਚਿਆਂ ਵੱਲੋਂ ਦਿੱਤੀ ਗਈ ਪੇਸ਼ਕਾਰੀ ਤੋਂ ਖੁਸ਼ ਹੋ ਕੇ 21 ਹਜ਼ਾਰ ਰੁਪਏ ਦੇਣ ਦਾ ਐਲਾਨ ਕੀਤਾ। ਇਸ ਮੌਕੇ ਉਨ੍ਹਾਂ ਪਰੇਡ ਦਾ ਨਰੀਖਣ ਕੀਤਾ ਤੇ ਮਾਰਚ ਪਾਸਟ ਤੋਂ ਸਲਾਮੀ ਲਈ। ਇਸ ਤੋਂ ਇਲਾਵਾ 21 ਲੋੜਵੰਦਾਂ ਨੂੰ ਸਿਲਾਈ ਮਸ਼ੀਨਾਂ, 3 ਲੋੜਵੰਦਾਂ ਨੂੰ ਟਰਾਈ ਸਾਇਕਲ ਅਤੇ 3 ਦਿਵਿਆਂਗ ਵਿਅਕਤੀਆਂ ਨੂੰ ਵੀਲ੍ਹ ਚੇਅਰ ਵੰਡੀਆਂ ਤੇ ਵੱਖ-ਵੱਖ ਖੇਤਰਾਂ ਵਿੱਚ ਸ਼ਲਾਘਾਯੋਗ ਕਾਰਗੁਜ਼ਾਰੀ ਵਿਖਾਉਣ ਵਾਲੀਆਂ ਸਖਸ਼ੀਅਤਾਂ ਦਾ ਸਨਮਾਨ ਵੀ ਕੀਤਾ।
ਇਸ ਸਮਾਗਮ ਵਿੱਚ ਵੱਖ-ਵੱਖ ਸਕੂਲਾਂ ਕਾਲਜਾਂ ਦੇ ਵਿਦਿਆਰਥੀਆਂ ਨੇ ਸ਼ਾਨਦਾਰ ਸੱਭਿਆਚਾਰਕ ਪ੍ਰੋਗਰਾਮ ਪੇਸ਼ ਕੀਤਾ ਗਿਆ ਤੇ ਵੱਖ-ਵੱਖ ਵਿਭਾਗਾਂ ਵੱਲੋਂ ਵਿਕਾਸ ਕਾਰਜਾਂ ਨੂੰ ਦਰਸਾਉਂਦੀਆਂ ਝਾਕੀਆਂ ਕੱਢੀਆਂ ਗਈਆਂ। ਇਸ ਤੋਂ ਇਲਾਵਾ ਪਰੇਡ ਤੇ ਮਾਰਚ ਪਾਸਟ ਵਿੱਚ ਪੰਜਾਬ ਪੁਲਿਸ, ਮਹਿਲਾ ਪੁਲਿਸ, ਪੰਜਾਬ ਹੋਮ ਗਾਰਡਜ਼ ਤੇ ਵੱਖ-ਵੱਖ ਸਕੂਲਾਂ ਦੀਆਂ ਐਨ.ਸੀ.ਸੀ. ਟੀਮਾਂ ਦੇ ਕੈਡਿਟਾਂ ਨੇ ਭਾਗ ਲਿਆ। ਕੈਬਨਿਟ ਮੰਤਰੀ ਨੇ 27 ਜਨਵਰੀ ਨੂੰ ਜ਼ਿਲ੍ਹੇ ਦੇ ਸਕੂਲਾਂ ਵਿੱਚ ਛੁੱਟੀ ਦਾ ਐਲਾਨ ਵੀ ਕੀਤਾ।
ਬ੍ਰਹਮ ਮਹਿੰਦਰਾ ਨੇ ਇਸ ਉਪਰੰਤ ਬੱਚਤ ਭਵਨ ਤੋਂ ਸਰਹਿੰਦ ਚੋਅ ਦੇ ਨਾਲ-ਨਾਲ ਜਾ ਕੇ ਆਮ ਖਾਸ ਬਾਗ ਅਖਾੜਾ ਰੋਡ ਨਾਲ ਜੁੜਨ ਵਾਲੀ ਸੜਕ ਉਤੇ ਸਰਹਿੰਦ ਚੋਅ ‘ਤੇ 2 ਕਰੋੜ 20 ਲੱਖ ਦੀ ਲਾਗਤ ਬਣਨ ਵਾਲੇ ਦੋ ਪੁਲਾਂ ਦਾ ਨੀਂਹ ਪੱਥਰ ਰੱਖਿਆ ਅਤੇ ਸਰਹਿੰਦ ਸ਼ਹਿਰ ਨੂੰ 100 ਫੀਸਦੀ ਜਲ ਸਪਲਾਈ ਮੁਹੱਈਆ ਕਰਵਾਉਣ ਲਈ 8.83 ਕਰੋੜ ਦੀ ਲਾਗਤ ਵਾਲੇ ਪ੍ਰੋਜੈਕਟ ਦਾ ਨੀਂਹ ਪੱਥਰ ਵੀ ਰੱਖਿਆ। ਇਸ ਪ੍ਰੋਜੈਕਟ ਅਧੀਨ ਕਰੀਬ 46 ਕਿਲੋਮੀਟਰ ਲੰਮੀ ਪਾਇਪ ਲਾਇਨ ਵਿਛਾਈ ਜਾਵੇਗੀ ਅਤੇ 2 ਟਿਊਬਵੈਲ ਲਗਾਏ ਜਾਣਗੇ। ਇਸ ਪ੍ਰੋਜੈਕਟ ਦੇ ਮੁਕੰਮਲ ਹੋਣ ਨਾਲ 4200 ਘਰਾਂ ਨੂੰ ਕੁਨੈਕਸ਼ਨ ਦਿੱਤੇ ਜਾਣਗੇ।
ਇਸ ਮੌਕੇ ਮੁੱਖ ਮੰਤਰੀ ਪੰਜਾਬ ਦੇ ਸਲਾਹਕਾਰ ਤੇ ਹਲਕਾ ਵਿਧਾਇਕ ਕੁਲਜੀਤ ਸਿੰਘ ਨਾਗਰਾ, ਅਮਲੋਹ ਦੇ ਵਿਧਾਇਕ ਕਾਕਾ ਰਣਦੀਪ ਸਿੰਘ, ਬਸੀ ਪਠਾਣਾ ਦੇ ਵਿਧਾਇਕ ਗੁਰਪ੍ਰੀਤ ਸਿੰਘ ਜੀ.ਪੀ., ਹਰਪ੍ਰੀਤ ਮਹਿੰਦਰਾ, ਮੋਹਿਤ ਮਹਿੰਦਰਾ, ਬਕਸ਼ ਮਹਿੰਦਰਾ, ਜ਼ਿਲ੍ਹਾ ਯੋਜਨਾ ਕਮੇਟੀ ਦੇ ਚੇਅਰਮੈਨ ਹਰਿੰਦਰ ਸਿੰਘ ਭਾਂਬਰੀ, ਪੀ.ਆਰ.ਟੀ.ਸੀ. ਦੇ ਡਾਇਰੈਕਟਰ ਸੁਭਾਸ਼ ਸੂਦ, ਜ਼ਿਲ੍ਹਾ ਪ੍ਰੀਸ਼ਦ ਦੀ ਚੇਅਰਪਰਸਨ ਮਨਦੀਪ ਕੌਰ ਬਧੋਛੀ, ਡਿਪਟੀ ਕਮਿਸ਼ਨਰ ਅੰਮ੍ਰਿਤ ਕੌਰ ਗਿੱਲ, ਜ਼ਿਲ੍ਹਾ ਪੁਲਿਸ ਮੁਖੀ ਅਮਨੀਤ ਕੌਂਡਲ, ਜ਼ਿਲ੍ਹਾ ਤੇ ਸੈਸ਼ਨ ਜੱਜ ਨਿਰਭਊ ਸਿੰਘ , ਵਧੀਕ ਡਿਪਟੀ ਕਮਿਸ਼ਨਰ ਜਸਪ੍ਰੀਤ ਸਿੰਘ, ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਅਮਰੀਕ ਸਿੰਘ ਸਿੱਧੂ, ਐਸ.ਪੀ. (ਡੀ) ਹਰਪਾਲ ਸਿੰਘ, ਐਸ.ਪੀ. ਏ.ਐਸ. ਮਟਵਾਨੀ, ਐਸ.ਡੀ.ਐਮ. ਫ਼ਤਹਿਗੜ੍ਹ ਸਾਹਿਬ ਡਾ. ਸੰਜੀਵ ਕੁਮਾਰ, ਸਹਾਇਕ ਕਮਿਸ਼ਨਰ (ਜਨਰਲ) ਜਸਪ੍ਰੀਤ ਸਿੰਘ, ਡੀ.ਐਸ.ਪੀ. ਹਰਦੀਪ ਸਿੰਘ ਬਡੂੰਗਰ, ਕਾਂਗਰਸ ਦੇ ਜ਼ਿਲ੍ਹਾ ਪ੍ਰੈਸ ਇੰਚਾਰਜ ਪਰਮਵੀਰ ਸਿੰਘ ਟਿਵਾਣਾ, ਮਾਰਕੀਟ ਕਮੇਟੀ ਸਰਹਿੰਦ ਦੇ ਚੇਅਰਮੈਨ ਗੁਲਸ਼ਨ ਰਾਏ ਬੌਬੀ ਤੋਂ ਇਲਾਵਾ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ, ਸਮੂਹ ਕੌਂਸਲਰ, ਪੰਚ ਸਰਪੰਚ ਅਤੇ ਵੱਡੀ ਗਿਣਤੀ ਸਕੂਲੀ ਵਿਦਿਆਰਥੀਆਂ ਨੇ ਸ਼ਮੂਲੀਅਤ ਕੀਤੀ। ਇਸ ਮੌਕੇ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਵੱਲੋਂ ਸਟਾਲ ਵੀ ਲਗਾਇਆ ਗਿਆ। ਜਿਸ ਵਿੱਚ ਲੋਕਾਂ ਨੂੰ ਮੁਫਤ ਕਾਨੂੰਨੀ ਸਹਾਇਤਾ ਅਤੇ ਲੋਕ ਅਦਾਲਤਾਂ ਬਾਰੇ ਭਰਪੂਰ ਜਾਣਕਾਰੀ ਦਿੱਤੀ ਗਈ।