ਪਟਿਆਲਾ ‘ਚ ਕਰਾਫ਼ਟ ਮੇਲਾ 22 ਫਰਵਰੀ ਤੋਂ ਤੇ ਹੈਰੀਟੇਜ ਫ਼ੈਸਟੀਵਲ 23 ਫਰਵਰੀ ਤੋਂ ਹੋਵੇਗਾ ਸ਼ੁਰੂ
ਪਟਿਆਲਾ, 20 ਜਨਵਰੀ:
ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਵਿਰਾਸਤੀ ਸ਼ਹਿਰ ਪਟਿਆਲਾ ਵਿਖੇ ਹੈਰੀਟੇਜ ਫ਼ੈਸਟੀਵਲ ਅਤੇ ਕਰਾਫ਼ਟ ਮੇਲਾ ਹਰ ਵਰ੍ਹੇ ਕਰਵਾਉਣ ਦੇ ਕੀਤੇ ਗਏ ਐਲਾਨ ਤਹਿਤ 22 ਫਰਵਰੀ ਤੋਂ ਸ਼ੀਸ਼ ਮਹਿਲ ਵਿਖੇ ਕਰਾਫ਼ਟ ਮੇਲਾ ਤੇ ਇਤਿਹਾਸਕ ਕਿਲਾ ਮੁਬਾਰਕ ਵਿਖੇ 23 ਫਰਵਰੀ ਤੋਂ ਵਿਰਾਸਤੀ ਉਤਸਵ (ਹੈਰੀਟੇਜ ਫ਼ੈਸਟੀਵਲ) ਦੇ ਸਮਾਰੋਹ ਅਰੰਭ ਹੋਣਗੇ।
ਕਰਾਫ਼ਟ ਮੇਲੇ ਤੇ ਹੈਰੀਟੇਜ ਫ਼ੈਸਟੀਵਲ ਦੀਆਂ ਤਿਆਰੀਆਂ ਸਬੰਧੀ ਡਿਪਟੀ ਕਮਿਸ਼ਨਰ ਕੁਮਾਰ ਅਮਿਤ ਨੇ ਅੱਜ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਸਮੂਹ ਵਿਭਾਗਾਂ ਨਾਲ ਮੀਟਿੰਗ ਕਰਦਿਆਂ ਕਮੇਟੀਆਂ ਦਾ ਗਠਨ ਕਰਕੇ ਸਬੰਧਤ ਅਧਿਕਾਰੀਆਂ ਦੀਆਂ ਜਿੰਮੇਵਾਰੀਆਂ ਵੀ ਤੈਅ ਕਰ ਦਿੱਤੀਆਂ ਹਨ। ਡਿਪਟੀ ਕਮਿਸ਼ਨਰ ਨੇ ਅਧਿਕਾਰੀਆਂ ਨੂੰ ਹਦਾਇਤ ਕਰਦਿਆ ਕਿਹਾ ਕਿ ਹਰ ਅਧਿਕਾਰੀ ਆਪਣੀ ਬਣਦੀ ਜਿੰਮੇਵਾਰੀ ਪੂਰੀ ਤਨਦੇਹੀ ਅਤੇ ਇਮਾਨਦਾਰੀ ਨਾਲ ਨਿਭਾਵੇ, ਤਾਂ ਕਿ ਪੂਰੇ ਦੇਸ਼ ਭਰ ‘ਚੋਂ ਹੈਰੀਟੇਜ ਫ਼ੈਸਟੀਵਲ ਤੇ ਕਰਾਫ਼ਟ ਮੇਲੇ ‘ਚ ਪੁੱਜਣ ਵਾਲੇ ਕਲਾਕਾਰ, ਸ਼ਿਲਪਕਾਰ ਅਤੇ ਲੱਖਾਂ ਦੀ ਗਿਣਤੀ ‘ਚ ਆਉਣ ਵਾਲੇ ਦਰਸ਼ਕਾਂ ਨੂੰ ਕਿਸੇ ਕਿਸਮ ਦੀ ਦਿੱਕਤ ਦਾ ਸਾਹਮਣਾ ਨਾ ਕਰਨਾ ਪਵੇ।
ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਸ਼ੀਸ਼ ਮਹਿਲ ਵਿਖੇ ਕਰਾਫ਼ਟ ਮੇਲਾ 22 ਫਰਵਰੀ ਤੋਂ 5 ਮਾਰਚ ਤੱਕ ਚੱਲੇਗਾ ਅਤੇ ਇਸ ਮੇਲੇ ਦੇ ਨੋਡਲ ਅਧਿਕਾਰੀ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਡਾ. ਪ੍ਰੀਤੀ ਯਾਦਵ ਹੋਣਗੇ। ਉਨ੍ਹਾਂ ਗਠਿਤ ਕਮੇਟੀਆਂ ਦੇ ਮੁਖੀ ਅਧਿਕਾਰੀਆਂ ਨਾਲ ਮੀਟਿੰਗ ਕਰਦਿਆਂ ਹਦਾਇਤ ਕੀਤੀ ਕਿ ਤਿਆਰੀਆਂ ‘ਚ ਕਿਸੇ ਕਿਸਮ ਦੀ ਕੋਈ ਢਿੱਲ-ਮੱਠ ਨਾ ਵਰਤੀ ਜਾਵੇ ਅਤੇ ਆਪਸੀ ਤਾਲਮੇਲ ਕਰਦਿਆਂ ਸਾਰੇ ਪ੍ਰਬੰਧ ਸਮੇਂ ਤੋਂ ਪਹਿਲਾ ਮੁਕੰਮਲ ਕਰ ਲਏ ਜਾਣ। ਉਨ੍ਹਾਂ ਨੇ ਇਸ ਮੇਲੇ ਦੌਰਾਨ ਕਲਾਕਾਰਾਂ ਦੀ ਰਿਹਾਇਸ਼, ਖਾਣ-ਪੀਣ, ਦਰਸ਼ਕਾਂ ਦੀ ਆਮਦ, ਸੁਰੱਖਿਆ, ਪਾਰਕਿੰਗ, ਪੀਣ ਵਾਲੇ ਪਾਣੀ ਅਤੇ ਹੋਰ ਪ੍ਰਬੰਧਾਂ ਬਾਰੇ ਚਰਚਾ ਕੀਤੀ। ਉਨ੍ਹਾਂ ਦੱਸਿਆ ਕਿ ਹੈਰੀਟੇਜ ਫ਼ੈਸਟੀਵਲ ਕਿਲਾ ਮੁਬਾਰਕ ਵਿਖੇ 23 ਫਰਵਰੀ ਤੋਂ ਸ਼ੁਰੂ ਹੋਵੇਗਾ ਅਤੇ ਪਟਿਆਲਾ ਸ਼ਹਿਰ ਦੇ ਵੱਖ-ਵੱਖ ਸਥਾਨਾਂ ‘ਤੇ ਇਸ ਸਬੰਧੀ ਸਮਾਗਮ ਕਰਵਾਏ ਜਾਣਗੇ।
ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਡਾ. ਪ੍ਰੀਤੀ ਯਾਦਵ ਨੇ ਦੱਸਿਆ ਕਿ ਕਰਾਫ਼ਟ ਮੇਲੇ ਦੌਰਾਨ ਉੱਤਰ ਖੇਤਰੀ ਸੱਭਿਆਚਾਰਕ ਕੇਂਦਰ ਪਟਿਆਲਾ ਵੱਲੋਂ ਦੇਸ ਭਰ ਦੇ ਵੱਖ-ਵੱਖ ਵੰਨਗੀਆਂ ਦੇ ਲੋਕ ਨਾਚਾਂ ਅਤੇ ਲੋਕ ਕਲਾਵਾਂ ਦੀਆਂ ਪੇਸ਼ਕਾਰੀਆਂ ਕਰਵਾਈਆਂ ਜਾਣਗੀਆਂ ਅਤੇ ਵੱਖ-ਵੱਖ ਰਾਜਾਂ ਦੇ ਸ਼ਿਲਪਕਾਰਾਂ ਦੀਆਂ ਦਸਤਕਾਰੀ ਵਸਤਾਂ ਦਰਸ਼ਕਾਂ ਦੇ ਖਰੀਦਣ ਲਈ ਸਟਾਲਾਂ ‘ਤੇ ਸਜਾਈਆਂ ਜਾਣਗੀਆਂ। ਉਨ੍ਹਾਂ ਦੱਸਿਆ ਕਿ ਵਿਦਿਆਰਥੀਆਂ ਨੂੰ ਵੱਖ-ਵੱਖ ਸਭਿਆਚਾਰਾਂ ਤੋਂ ਜਾਣੂ ਕਰਵਾਉਣ ਲਈ ਕਰਾਫ਼ਟ ਮੇਲੇ ਦੌਰਾਨ ਇਤਿਹਾਸਕਾਰ ਵੱਖ-ਵੱਖ ਸਟਾਲਾਂ ‘ਤੇ ਜਾਕੇ ਵਿਦਿਆਰਥੀਆਂ ਨੂੰ ਉਸ ਸਭਿਆਚਾਰ ਬਾਰੇ ਜਾਣਕਾਰੀ ਦੇਣਗੇ ਜਿਸ ਖੇਤਰ ਦੀਆਂ ਉਸ ਸਟਾਲ ‘ਤੇ ਵਸਤਾਂ ਹੋਣਗੀਆਂ। ਉਨ੍ਹਾਂ ਕਿਹਾ ਕਿ ਪਟਿਆਲਾ ਵਿਖੇ ਪਿਛਲੇ ਤਿੰਨ ਸਾਲਾ ਤੋਂ ਲੱਗਦੇ ਆ ਰਹੇ ਮੇਲੇ ‘ਚ ਵੱਡੀ ਗਿਣਤੀ ਦਰਸ਼ਕ ਪੁੱਜਦੇ ਹਨ ਅਤੇ ਉਨ੍ਹਾਂ ਨੂੰ ਮੇਲੇ ਵਿੱਚ ਆਉਣ ਵਿੱਚ ਕੋਈ ਦਿੱਕਤ ਪੇਸ਼ ਨਾ ਆਵੇ ਇਸ ਨੂੰ ਯਕੀਨੀ ਬਣਾਉਣ ਲਈ ਹਰੇਕ ਵਿਭਾਗ ਆਪਣੀ ਡਿਊਟੀ ਨੂੰ ਤਨਦੇਹੀ ਨਾਲ ਨਿਭਾਵੇ ਤਾਂ ਜੋ ਅਸੀ ਇਸ ਵੱਡੇ ਕਾਰਜ ਨੂੰ ਸਫਲਤਾਪੂਰਵਕ ਨੇਪਰੇ ਚੜ੍ਹਾ ਸਕੀਏ।
ਇਸ ਮੌਕੇ ਐਸ.ਡੀ.ਐਮ ਦੁਧਨਸਾਧਾਂ ਅਜੈ ਅਰੋੜਾ, ਸਹਾਇਕ ਕਮਿਸ਼ਨਰ (ਯੂ.ਟੀ.) ਟੀ.ਬੈਨਿਥ, ਐਸ.ਪੀ. ਨਵਨੀਤ ਸਿੰਘ ਬੈਂਸ, ਸੀਨੀਅਰ ਸੁਪਰਡੈਂਟ ਆਫ਼ ਪੋਸਟ ਆਫਿਸ ਆਰਤੀ ਵਰਮਾ, ਡਿਪਟੀ ਡਾਇਰੈਕਟਰ ਸਥਾਨਕ ਸਰਕਾਰਾ ਜਸ਼ਨਪ੍ਰੀਤ ਕੌਰ, ਐਸ.ਡੀ.ਐਮ. ਪਟਿਆਲਾ ਚਰਨਜੀਤ ਸਿੰਘ, ਐਸ.ਡੀ.ਐਮ. ਪਾਤੜਾਂ ਪਾਲਿਕਾ ਅਰੋੜਾ, ਐਸ.ਡੀ.ਐਮ. ਨਾਭਾ ਸੂਬਾ ਸਿੰਘ, ਐਸ.ਡੀ.ਐਮ. ਸਮਾਣਾ ਨਮਨ ਮੜਕਨ, ਨਗਰ ਨਿਗਮ ਦੇ ਸੰਯੁਕਤ ਕਮਿਸ਼ਨਰ ਲਾਲ ਵਿਸ਼ਵਾਸ਼, ਸਹਾਇਕ ਕਮਿਸ਼ਨਰ (ਜ) ਇਸਮਿਤ ਵਿਜੈ ਸਿੰਘ, ਸਹਾਇਕ ਕਮਿਸ਼ਨਰ (ਸ਼ਿਕਾਇਤਾਂ) ਅਨਾਇਤ ਗੁਪਤਾ, ਪੁੱਡਾ ਦੇ ਅਸਟੇਟ ਅਫ਼ਸਰ ਈਸ਼ਾ ਸਿੰਗਲ, ਆਲ ਇੰਡੀਆਂ ਰੇਡਿਓ ਦੇ ਸਟੇਸ਼ਟ ਡਾਇਰੈਕਟਰ ਅਮਰਜੀਤ ਸਿੰਘ ਵੜੈਚ, ਉੱਤਰ ਖੇਤਰੀ ਸੱਭਿਆਚਾਰਕ ਕੇਂਦਰ ਦੇ ਪ੍ਰੋਗਰਾਮ ਅਫ਼ਸਰ ਰਾਵਿੰਦਰ ਪੰਜੋਲਾ, ਡੀ.ਐਸ.ਪੀ. ਪੁਨੀਤ ਸਿੰਘ ਚਾਹਲ, ਡੀ.ਐਸ.ਪੀ. ਅੱਛਰੂ ਰਾਮ, ਸਮੇਤ ਹੋਰ ਪ੍ਰਸ਼ਾਸ਼ਨਿਕ ਅਧਿਕਾਰੀ ਵੀ ਮੌਜੂਦ ਸਨ।