ਪਟਿਆਲਾ ਜ਼ਿਲ੍ਹੇ ‘ਚ ਇੱਕੋ ਦਿਨ ਹੋਏ 7844 ਵਿਦਿਆਰਥੀਆਂ ਦੇ ਨਵੇਂ ਦਾਖਲੇ ; ਮਿੱਥੇ ਟੀਚੇ ਤੋਂ ਵੱਧ 110 ਫੀਸਦੀ ਦਾਖਲੇ ਕੀਤੇ
ਪਟਿਆਲਾ 11 ਮਾਰਚ,2023
ਮੁੱਖ ਮੰਤਰੀ ਪੰਜਾਬ ਭਗਵੰਤ ਮਾਨ ਜੀ ਦੀ ਅਗਵਾਈ ਵਾਲੀ ਸਰਕਾਰ ਵੱਲੋ ਸੂਬੇ ਦੇ ਲੋਕਾਂ ਨਾਲ ਬਿਹਤਰ ਅਤੇ ਮਿਆਰੀ ਸਿੱਖਿਆ ਮੁਹੱਈਆ ਕਰਵਾਉਣ ਸਬੰਧੀ ਕੀਤੇ ਜਾ ਰਹੇ ਉਪਰਾਲਿਆਂ ਅਤੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਵੱਲੋਂ ਸਕੂਲ ਸਿੱਖਿਆ ਪ੍ਰਤੀ ਲੋਕਾਂ ਦਾ ਵਿਸ਼ਵਾਸ ਬਹਾਲ ਕਰਕੇ ਉੱਚ ਪੱਧਰੀ ਸਿੱਖਿਆ ਦੇਣ ਦੇ ਸੱਦੇ ਨੂੰ ਕਬੂਲਦਿਆਂ ਜ਼ਿਲਾ ਪਟਿਆਲਾ ਦੇ ਮਾਪਿਆਂ ਨੇ ਮਿਸਾਲੀ ਹੁੰਗਾਰਾ ਦਿੱਤਾ। ਬੀਤੇ ਕੱਲ ਇੱਕੋ ਦਿਨ ਵਿੱਚ ਜ਼ਿਲੇ ਦੇ ਸਕੂਲਾਂ ਵਿੱਚ 7844 ਨਵੇਂ ਵਿਦਿਆਰਥੀਆਂ ਨੇ ਦਾਖਲਾ ਲਿਆ। ਜ਼ਿਕਰਯੋਗ ਹੈ ਕਿ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਦੇ ਨਿਰਦੇਸ਼ਾਂ ਅਨੁਸਾਰ ਸਿੱਖਿਆ ਵਿਭਾਗ ਨੇ 1 ਦਿਨ ਵਿੱਚ 1 ਲੱਖ ਨਵੇਂ ਦਾਖਲੇ ਕਰਨ ਦਾ ਟੀਚਾ ਮਿਥਿਆ ਸੀ ਜਿਸਦੇ ਤਹਿਤ ਹਰੇਕ ਅਧਿਆਪਕ, ਨਾਨ ਟੀਚਿੰਗ ਸਟਾਫ ਅਤੇ ਮਿਡ-ਡੇ-ਮੀਲ ਵਰਕਰ ਨੇ ਘੱਟੋ ਘੱਟ ਇੱਕ-ਇੱਕ ਨਵਾਂ ਵਿਦਿਆਰਥੀ ਸਰਕਾਰੀ ਸਕੂਲ ਵਿੱਚ ਦਾਖਲ ਕਰਵਾਉਣਾ ਸੀ।
ਪਟਿਆਲਾ ਦੇ ਜ਼ਿਲਾ ਸਿੱਖਿਆ ਅਫਸਰ (ਸੈਕੰਡਰੀ ਅਤੇ ਐਲੀਮੈਂਟਰੀ ਸਿੱਖਿਆ) ਹਰਿੰਦਰ ਕੌਰ ਨੇ ਦੱਸਿਆ ਕਿ ਵਿਭਾਗੀ ਟੀਚੇ ਅਨੁਸਾਰ ਜ਼ਿਲੇ ਵਿੱਚ 7090 ਨਵੇਂ ਵਿਦਿਆਰਥੀ ਦਾਖਲ ਕਰਨੇ ਸਨ ਪਰ ਸਮੁੱਚੇ ਅਧਿਆਪਕਾਂ ਦੀ ਮਿਹਨਤ ਸਦਕਾ ਇਹ ਅੰਕੜਾ 7844 ਤੱਕ ਪਹੁੰਚ ਗਿਆ। ਉਹਨਾਂ ਦੱਸਿਆ ਕਿ ਜ਼ਿਲੇ ਦੇ ਸਾਰੇ ਅਧਿਆਪਕ ਵਰਗ ਵਿੱਚ ਬੇਹੱਦ ਉਤਸ਼ਾਹ ਦੇਖਣ ਨੂੰ ਮਿਲਿਆ। ਵੱਖ ਵੱਖ ਜ਼ਿਲਾ ਟੀਮਾਂ ਸਮੇਤ ਸਾਰੇ ਬਲਾਕ ਨੋਡਲ ਅਫ਼ਸਰਾਂ ਅਤੇ ਬਲਾਕ ਪ੍ਰਾਇਮਰੀ ਸਿੱਖਿਆ ਅਫ਼ਸਰਾਂ ਦੀ ਅਗਵਾਈ ਵਿੱਚ ਅਧਿਆਪਕਾਂ ਨੇ ਸਵੇਰੇ 8 ਵਜੇ ਤੋਂ ਦੇਰ ਰਾਤ ਤੱਕ ਗਲੀ-ਮੁਹੱਲਿਆਂ ਅਤੇ ਸਲੱਮ ਏਰੀਏ ਤੱਕ ਪਹੁੰਚ ਕਰਕੇ ਦਾਖਲੇ ਕੀਤੇ।
ਪ੍ਰਾਪਤ ਵੇਰਵਿਆਂ ਅਨੁਸਾਰ ਪਟਿਆਲਾ ਜ਼ਿਲੇ ਵਿੱਚ ਕੱਲ ਇੱਕੋ ਦਿਨ ਵਿੱਚ ਪ੍ਰੀ-ਪ੍ਰਾਇਮਰੀ ਤੋਂ ਬਾਰ੍ਹਵੀਂ ਜਮਾਤ ਵਿੱਚ 7844 ਵਿਦਿਆਰਥੀਆਂ ਨੇ ਨਵੇਂ ਦਾਖ਼ਲੇ ਹੋਏ। ਇਸ ਤਰਾਂ ਇਹ ਦਾਖਲਾ ਮਿੱਥੇ ਟੀਚੇ 100 ਫੀਸਦੀ ਤੋਂ ਵੱਧ ਕੇ 110 ਫੀਸਦੀ ਰਿਹਾ।
ਪ੍ਰਾਪਤ ਵੇਰਵਿਆਂ ਅਨੁਸਾਰ ਪਟਿਆਲਾ ਜ਼ਿਲੇ ਵਿੱਚ ਕੱਲ ਇੱਕੋ ਦਿਨ ਵਿੱਚ ਐੱਲ.ਕੇ.ਜੀ. ਅਤੇ ਯੂ.ਕੇ.ਜੀ. ਜਮਾਤ ਵਿੱਚ 3130, ਪਹਿਲੀ ਤੋਂ ਪੰਜਵੀਂ ਜਮਾਤ ਵਿੱਚ 1254, ਛੇਵੀਂ ਤੋਂ ਬਾਰਵੀਂ ਜਮਾਤ ਵਿੱਚ 3460 ਵਿਦਿਆਰਥੀਆਂ ਦੇ ਨਵੇਂ ਦਾਖਲੇ ਹੋਏ। ਬਲਾਕਾਂ ਵਿੱਚੋਂ ਪਟਿਆਲਾ 2 ਬਲਾਕ ਵਿੱਚ 977 ਨਵੇਂ ਦਾਖਲੇ ਹੋਏ। ਇਸੇ ਤਰਾਂ ਰਾਜਪੁਰਾ – 2 ਬਲਾਕ ਦੇ ਸਰਕਾਰੀ ਪ੍ਰਾਇਮਰੀ ਸਕੂਲ ਚਲਹੇੜੀ ਵਿੱਚ 79 ਦਾਖਲੇ ਕੀਤੇ ਗਏ।
ਸੈਕੰਡਰੀ ਤੇ ਐਲੀਮੈਂਟਰੀ ਦੇ ਉਪ ਜ਼ਿਲਾ ਸਿੱਖਿਆ ਅਫਸਰਾਂ ਡਾ. ਰਵਿੰਦਰਪਾਲ ਸ਼ਰਮਾ ਅਤੇ ਸ੍ਰੀਮਤੀ ਮਨਵਿੰਦਰ ਕੌਰ ਭੁੱਲਰ ਨੇ ਦੱਸਿਆ ਕਿ ਜ਼ਿਲੇ ਦੇ ਸਾਰੇ ਵਿੱਦਿਅਕ ਬਲਾਕਾਂ ਵਿੱਚ ਦਾਖਲਿਆਂ ਨੂੰ ਲੈ ਕੇ ਤਿਓਹਾਰ ਵਰਗਾ ਮਾਹੌਲ ਬਣਿਆ ਰਿਹਾ।
ਸਟੇਟ ਅਵਾਰਡੀ ਅਧਿਆਪਕ ਰਾਜਵੰਤ ਸਿੰਘ ਨੇ ਦੱਸਿਆ ਕਿ ਬਹੁਤ ਸਾਰੇ ਅਧਿਆਪਕਾਂ ਨੇ ਇੱਟਾਂ ਦੇ ਭੱਠਿਆਂ ਅਤੇ ਉਦਯੋਗਿਕ ਅਦਾਰਿਆਂ ਤੱਕ ਪਹੁੰਚ ਕਰਕੇ ਸਰਕਾਰੀ ਸਕੂਲਾਂ ਵਿੱਚ ਸਰਕਾਰ ਵੱਲੋਂ ਮੁਹੱਈਆ ਕਰਵਾਈਆਂ ਜਾ ਰਹੀਆਂ ਸਹੂਲਤਾਂ ਬਾਰੇ ਜਾਣਕਾਰੀ ਦੇ ਕੇ ਦਾਖਲਿਆਂ ਸਬੰਧੀ ਪ੍ਰੇਰਿਤ ਵੀ ਕੀਤਾ।
ਨੈਸ਼ਨਲ ਅਵਾਰਡੀ ਅਧਿਆਪਕ ਹਰਿੰਦਰ ਸਿੰਘ ਸਹਸ ਥੂਹੀ ਦੇ ਅਨੁਸਾਰ ਸਿੱਖਿਆ ਵਿਭਾਗ ਦੇ ਇਸ ਨਿਵੇਕਲੇ ਉਪਰਾਲੇ ਨੇ ਵਿਦਿਆਰਥੀਆਂ ਦੇ ਸਿਰਫ ਨਵੇਂ ਦਾਖਲੇ ਹੀ ਨਹੀਂ ਕੀਤੇ ਸਗੋਂ ਨਵੀਂ ਰੂਹ ਵੀ ਫੂਕੀ ਹੈ ਜਿਸਦੇ ਬਹੁਤ ਸਾਰਥਕ ਨਤੀਜੇ ਮਿਲਣਗੇ।
ਪ੍ਰਾਪਤ ਜਾਣਕਾਰੀ ਅਨੁਸਾਰ ਦਾਖ਼ਲਾ ਮੁਹਿੰਮ ਨੂੰ ਹੋਰ ਅਸਰਦਾਰ ਬਣਾਉਣ ਵਾਸਤੇ ਸਿੱਖਿਆ ਵਿਭਾਗ ਵੱਲੋਂ 31 ਮਾਰਚ ਤੱਕ ਪੰਜਾਬ ਦੇ ਹਰੇਕ ਸਰਕਾਰੀ ਸਕੂਲ ਦੇ ਬਾਹਰ ਮੇਨ ਗੇਟ ਤੇ ਦਾਖਲਾ ਬੂਥ ਲਾਉਣ ਬਾਰੇ ਵੀ ਹਦਾਇਤਾਂ ਦਿੱਤੀਆਂ ਗਈਆਂ ਹਨ ਜਿੱਥੇ ਸਕੂਲ ਖੁੱਲ੍ਹਣ ਦੇ ਸਮੇਂ ਤੋਂ ਲੈ ਕੇ ਸਾਰੀ ਛੁੱਟੀ ਹੋਣ ਤੱਕ ਟੀਚਿੰਗ/ਨਾਨ ਟੀਚਿੰਗ ਸਟਾਫ਼ ਰੋਜ਼ਾਨਾ ਡਿਊਟੀ ਤੇ ਬੈਠੇਗਾ ਅਤੇ ਰਜਿਸਟਰ ਤੇ ਦਾਖਲਿਆਂ ਸਬੰਧੀ ਰਜਿਸਟਰੇਸ਼ਨ ਕਰੇਗਾ।