ਪੰਜਾਬ ਕੋਲ ਦੁਨੀਆ ਨੂੰ ਦਿਖਾਉਣ ਲਈ ਅਮੀਰ ਵਿਰਾਸਤ ਮੌਜੂਦ : ਅਨਮੋਲ ਗਗਨ ਮਾਨ
ਪਟਿਆਲਾ, 1 ਨਵੰਬਰ,2022:
ਪੰਜਾਬ ਦੇ ਸੈਰ ਸਪਾਟਾ ਅਤੇ ਸੱਭਿਆਚਾਰਕ ਮਾਮਲੇ, ਨਿਵੇਸ਼ ਪ੍ਰੋਤਸਾਹਨ, ਕਿਰਤ ਅਤੇ ਸ਼ਿਕਾਇਤ ਨਿਵਾਰਣ ਵਿਭਾਗਾਂ ਦੇ ਮੰਤਰੀ ਅਨਮੋਲ ਗਗਨ ਮਾਨ ਨੇ ਕਿਹਾ ਕਿ ਪੰਜਾਬ ਕੋਲ ਦੁਨੀਆ ਦੇ ਨਕਸ਼ੇ ਉਤੇ ਆਪਣੀ ਅਮੀਰ ਵਿਰਾਸਤ ਦਿਖਾਉਣ ਲਈ ਕਾਫ਼ੀ ਕੁਝ ਮੌਜੂਦ ਹੈ ਪਰ ਪਿਛਲੀਆਂ ਸਰਕਾਰਾਂ ਦੌਰਾਨ ਟੂਰਿਜ਼ਮ ਨੂੰ ਤਵੱਜੋ ਨਾ ਦੇਣ ਕਰਕੇ ਪੰਜਾਬ ਸੈਲਾਨੀਆਂ ਨੂੰ ਆਕਰਸ਼ਤ ਕਰਨ ਵਿੱਚ ਸਫਲ ਨਹੀਂ ਹੋ ਸਕਿਆ ਹੈ ਪਰ ਹੁਣ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਿੱਚ ਸੂਬੇ ਵਿੱਚ ਟੂਰਿਜ਼ਮ ਨੂੰ ਪ੍ਰਫੁਲਿਤ ਕਰਨ ਲਈ ਕੰਮ ਸ਼ੁਰੂ ਕੀਤਾ ਗਿਆ ਹੈ।
ਅੱਜ ਸਰਬ ਭਾਰਤੀ ਪੰਜਾਬੀ ਕਾਨਫ਼ਰੰਸ ਵਿੱਚ ਪੰਜਾਬੀ ਯੂਨੀਵਰਸਿਟੀ ਵਿਖੇ ਪੁੱਜੇ ਕੈਬਨਿਟ ਮੰਤਰੀ ਅਨਮੋਲ ਗਗਨ ਮਾਨ ਨੇ ਕਿਹਾ ਕਿ ਆਪਣੇ ਸਭਿਆਚਾਰ ਬਾਰੇ ਦੱਸਣਾ ਅਤੇ ਦਿਖਾਉਣਾ ਸਮੇਂ ਦੀ ਜ਼ਰੂਰਤ ਹੈ। ਉਨ੍ਹਾਂ ਕਿਹਾ ਕਿ ਕਈ ਦੇਸ਼ਾਂ ਅਤੇ ਭਾਰਤ ਦੇ ਕਈ ਰਾਜਾਂ ਵਿੱਚ ਟੂਰਿਜ਼ਮ ਹੀ ਉਨ੍ਹਾਂ ਦੀ ਅਰਥਵਿਵਸਥਾ ਦੀ ਰੀੜ੍ਹ ਦੀ ਹੱਡੀ ਹੈ ਪਰ ਪੰਜਾਬ ਕੋਲ ਸਭ ਕੁਝ ਹੁੰਦਿਆਂ ਹੋਇਆ ਵੀ ਸਰਕਾਰਾਂ ਦੀਆਂ ਨੀਤੀਆਂ ਕਾਰਨ ਸੈਲਾਨੀਆਂ ਨੂੰ ਆਕਰਸ਼ਿਤ ਕਰਨ ਵਿੱਚ ਸੂਬਾ ਉਸ ਹੱਦ ਤੱਕ ਕਾਮਯਾਬ ਨਹੀਂ ਹੋ ਸਕਿਆਂ। ਉਨ੍ਹਾਂ ਪੰਜਾਬੀ ਯੂਨੀਵਰਸਿਟੀ ਦੇ ਉਪ ਕੁਲਪਤੀ ਪ੍ਰੋ. ਅਰਵਿੰਦ ਨਾਲ ਟੂਰਿਜ਼ਮ ਸਬੰਧੀ ਵਿਚਾਰ ਕਰਦਿਆਂ ਕਿਹਾ ਕਿ ਯੂਨੀਵਰਸਿਟੀ ਨੇ ਪੰਜਾਬੀ ਭਾਸ਼ਾ ਦੇ ਨਾਲ ਨਾਲ ਸਭਿਆਚਾਰ ਨੂੰ ਸਾਂਭਣ ਲਈ ਵੀ ਚੰਗਾ ਕੰਮ ਕੀਤਾ ਹੈ ਤੇ ਆਉਣ ਵਾਲੇ ਦਿਨਾਂ ਵਿੱਚ ਯੂਨੀਵਰਸਿਟੀ ਦੇ ਮਾਹਰਾਂ ਨਾਲ ਮੀਟਿੰਗ ਕਰਕੇ ਟੂਰਿਜ਼ਮ ਦੇ ਖੇਤਰ ਵਿੱਚ ਕੀਤੇ ਜਾਣ ਵਾਲੇ ਉਸਾਰੂ ਕੰਮਾਂ ਸਬੰਧੀ ਚਰਚਾ ਕੀਤੀ ਜਾਵੇਗੀ। ਇਸ ਮੌਕੇ ਹਲਕਾ ਘਨੌਰ ਦੇ ਵਿਧਾਇਕ ਗੁਰਲਾਲ ਘਨੌਰ ਵੀ ਮੌਜੂਦ ਸਨ।
ਪੰਜਾਬੀ ਯੂਨੀਵਰਸਿਟੀ ਦੇ ਉਪ ਕੁਲਪਤੀ ਪ੍ਰੋ. ਅਰਵਿੰਦ ਨੇ ਕਿਹਾ ਕਿ ਯੂਨੀਵਰਸਿਟੀ ਵੱਲੋਂ ਟੂਰਿਜ਼ਮ ਵਿਭਾਗ ਵੀ ਚਲਾਇਆ ਜਾ ਰਿਹਾ ਹੈ ਤੇ ਵੱਖ ਵੱਖ ਕਾਲਜਾਂ ਵਿੱਚ ਵਿਦਿਆਰਥੀਆਂ ਨੂੰ ਕਿੱਤਾ ਮੁਖੀ ਕੋਰਸ ਕਰਵਾਏ ਜਾ ਰਹੇ ਹਨ ਜਿਸ ਤਹਿਤ ਘਨੌਰ ਕਾਲਜ ਵਿਖੇ ਵਿਦਿਆਰਥੀਆਂ ਨੂੰ ਫੁਲਕਾਰੀ ਬਣਾਉਣ ਦੀ ਸਿਖਲਾਈ ਦਿੱਤੀ ਜਾਂਦੀ ਹੈ। ਉਨ੍ਹਾਂ ਕਿਹਾ ਕਿ ਯੂਨੀਵਰਸਿਟੀ ਸੂਬੇ ਵਿੱਚ ਸੈਰ ਸਪਾਟੇ ਨੂੰ ਉਤਸ਼ਾਹਤ ਕਰਨ ਲਈ ਹਰੇਕ ਸੰਭਵ ਮਦਦ ਕਰਨ ਲਈ ਤਿਆਰ ਹੈ।
ਸੰਗੀਤਕ ਸ਼ਾਮ ਦੇ ਕੁਆਰਡੀਨੇਟਰ ਡਾ. ਨਿਵੇਦਿਤਾ ਸਿੰਘ ਦੀ ਅਗਵਾਈ ਵਿੱਚ ਸੰਗੀਤ ਵਿਭਾਗ ਦੇ ਵਿਦਿਆਰਥੀਆਂ ਵੱਲੋਂ ਰਾਗ ਅਧਾਰਿਤ ਗਾਇਨ ਕੀਤਾ ਗਿਆ। ਇਸ ਮੌਕੇ ਡਾ. ਭੀਮ ਇੰਦਰ, ਡਾ. ਸਤਨਾਮ ਸਿੰਘ ਸੰਧੂ, ਡਾ. ਅਲੰਕਾਰ ਸਿੰਘ ਵੀ ਮੌਜੂਦ ਸਨ।