ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ ਨੇ ਅੰਬੂਜਾ ਸੀਮਿੰਟ ਫੈਕਟਰੀ ਨੂੰ 20 ਫਰਵਰੀ ਤੋਂ ਪਹਿਲਾਂ ਪ੍ਰਦੂਸ਼ਣ ਰੋਕਣ ਦੇ ਇੰਤਜਾਮਾਂ ਸਬੰਧੀ ਮੰਗਿਆ ਜਵਾਬ
ਬਹਾਦਰਜੀਤ ਸਿੰਘ / ਰੂਪਨਗਰ, 16 ਫਰਵਰੀ,2023
ਹਲਕਾ ਰੂਪਨਗਰ ਤੋਂ ਵਿਧਾਇਕ ਐਡਵੋਕੇਟ ਦਿਨੇਸ਼ ਚੱਢਾ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਘਨੌਲੀ ਇਲਾਕੇ ਦੇ ਲੋਕਾਂ ਨੂੰ ਪ੍ਰਦੂਸ਼ਣ ਤੋਂ ਮੁਕਤੀ ਦਿਵਾਉਣਾ ਸਾਡੀ ਵਚਨਵੱਧਤਾ ਹੈ। ਉਨ੍ਹਾਂ ਦੱਸਿਆ ਕਿ ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ ਨੇ ਅੰਬੂਜਾ ਸੀਮਿੰਟ ਫੈਕਟਰੀ ਵਿੱਚ ਬੀਤੇ ਦਿਨੀਂ ਕਲਿੰਕਰ ਪ੍ਰਦੂਸ਼ਣ ਦਾ ਸਖ਼ਤ ਨੋਟਿਸ ਲੈਂਦਿਆਂ ਸਾਫ਼ ਸ਼ਬਦਾਂ ਵਿੱਚ ਇਹ ਕਹਿ ਦਿੱਤਾ ਗਿਆ ਹੈ ਕਿ ਇਸ ਫੈਕਟਰੀ ਨੂੰ ਚੱਲਦੀ ਰੱਖਣ ਲਈ ਹਰ ਹਾਲ ਵਿਚ ਇਸ ਤਰ੍ਹਾਂ ਦੇ ਪ੍ਰਦੂਸ਼ਣ ਨੂੰ ਰੋਕਣ ਲਈ ਇੰਤਜ਼ਾਮ ਕਰਨਾ ਹੋਵੇਗਾ। ਇਸ ਦੇ ਵਿੱਚ ਕਿਸੇ ਵੀ ਤਰ੍ਹਾਂ ਦੀ ਲਾਪਰਵਾਹੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ।
ਐਡਵੋਕੇਟ ਦਿਨੇਸ਼ ਚੱਢਾ ਨੇ ਦੱਸਿਆ ਕਿ ਜ਼ਿਲ੍ਹਾ ਪ੍ਰਸ਼ਾਸਨ ਰੂਪਨਗਰ ਦੇ ਅਧਿਕਾਰੀਆਂ ਵਲੋਂ ਭੇਜੀ ਗਈ ਰਿਪੋਰਟ ਦੇ ਅਧਾਰ ‘ਤੇ ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ ਨੇ 20 ਫਰਵਰੀ ਤੋਂ ਪਹਿਲਾਂ ਫੈਕਟਰੀ ਤੋਂ ਪ੍ਰਦੂਸ਼ਣ ਰੋਕਣ ਦੇ ਇੰਤਜਾਮਾਂ ਸਬੰਧੀ ਜਵਾਬ ਮੰਗਿਆ ਹੈ। ਉਨ੍ਹਾਂ ਕਿਹਾ ਕਿ ਅਜਿਹਾ ਨਾ ਕਰਨ ਦੀ ਸੂਰਤ ਵਿੱਚ ਅੰਬੂਜਾ ਸੀਮਿੰਟ ਫੈਕਟਰੀ ਉਦਯੋਗ ਕੋਲ ਇਸ ਮਾਮਲੇ ਵਿੱਚ ਕਹਿਣ ਲਈ ਕੁਝ ਨਹੀਂ ਹੈ ਅਤੇ ਉਕਤ ਐਕਟ ਦੇ ਉਪਬੰਧਾਂ ਦੇ ਤਹਿਤ ਅਗਲੀ ਕਾਰਵਾਈ ਕੀਤੀ ਜਾਵੇਗੀ।
ਉਨ੍ਹਾਂ ਦੱਸਿਆ ਕਿ ਜਿੱਥੇ ਪੰਜਾਬ ਸਰਕਾਰ ਨੇ ਅੰਬੂਜਾ ਸੀਮਿੰਟ ਫੈਕਟਰੀ ਵਿੱਚ ਲੋਕਲ ਲੋਕਾਂ ਲਈ ਰੁਜ਼ਗਾਰ ਦੀ ਸ਼ੁਰੂਆਤ ਕਰਵਾਈ ਗਈ ਹੈ, ਉੱਥੇ ਹੀ ਪ੍ਰਦੂਸ਼ਣ ਨੂੰ ਰੋਕਣ ਲਈ ਵੀ ਹੁਕਮ ਵੀ ਜਾਰੀ ਕੀਤੇ ਹਨ।
