ਮਾਤਾ ਗੁਜਰੀ ਕਾਲਜ ਦੇ ਕਾਮਰਸ ਵਿਭਾਗ ਵੱਲੋਂ ਇੰਡਕਸ਼ਨ ਪ੍ਰੋਗਰਾਮ ਅਤੇ ਵਿਸ਼ੇਸ਼ ਸੈਮੀਨਾਰ ਦਾ ਆਯੋਜਨ
ਫ਼ਤਹਿਗੜ੍ਹ ਸਾਹਿਬ, 17 ਅਗਸਤ,2023
ਮਾਤਾ ਗੁਜਰੀ ਕਾਲਜ ਦੇ ਪੋਸਟ ਗ੍ਰੈਜੂਏਟ ਕਾਮਰਸ ਵਿਭਾਗ ਵੱਲੋਂ ਵਿਭਾਗ ਵਿੱਚ ਦਾਖਲ ਹੋਏ ਨਵੇਂ ਵਿਦਿਆਰਥੀਆਂ ਲਈ ਇੰਡਕਸ਼ਨ ਪ੍ਰੋਗਰਾਮ ਦਾ ਆਯੋਜਨ ਕੀਤਾ ਗਿਆ ਜਿਸ ਵਿੱਚ ਵਿਦਿਆਰਥੀਆਂ ਨੂੰ ਕਾਲਜ ਦੇ ਵਿਜ਼ਨ, ਉਦੇਸ਼, ਵਿਦਿਆਰਥੀਆਂ ਦੇ ਕੋਡ ਆਫ ਕੰਡਕਟ ਅਤੇ ਹੋਰ ਅਹਿਮ ਨਿਯਮਾਂ ਬਾਰੇ ਜਾਣੂ ਕਰਵਾਇਆ ਗਿਆ। ਇਸ ਤੋਂ ਇਲਾਵਾ ਵਿਭਾਗ ਵੱਲੋਂ ਸਕਿੱਲ ਲੈਬਜ਼ ਰਿਸੋਰਸ ਸਰਵਿਸਿਜ਼ ਪ੍ਰਾਈਵੇਟ ਲਿਮਟਿਡ ਦੇ ਸਹਿਯੋਗ ਨਾਲ ਵਿੱਤੀ ਲੈਬ ਕਮ ਇਨਕਿਊਬੇਸ਼ਨ ਸੈਂਟਰ ਦੀ ਅਗਵਾਈ ਹੇਠ ਇੰਟਰਨਸ਼ਿਪਾਂ ਅਤੇ ਪ੍ਰਮਾਣ ਪੱਤਰਾਂ ਦੀ ਭੂਮਿਕਾ ਸਮੇਤ ਕਰੀਅਰ ਵਿਕਾਸ ‘ਤੇ ਵਿਸ਼ੇਸ਼ ਸੈਮੀਨਾਰ ਕਰਵਾਇਆ ਗਿਆ ਜਿਸ ਵਿੱਚ ਸਕਿੱਲ ਲੈਬਜ਼ ਮੋਹਾਲੀ ਦੇ ਸੰਸਥਾਪਕ ਅਤੇ ਸੀ.ਈ.ਓ. ਡਾ. ਹਿਮੇਸ਼ ਸ਼ਰਮਾ ਅਤੇ ਸਕਿੱਲ ਲੈਬਜ਼ ਮੋਹਾਲੀ ਅਕਾਦਮਿਕ ਪਾਰਟਨਰਸ਼ਿਪਸ ਦੇ ਸੀਨੀਅਰ ਮੈਨੇਜਰ ਸ੍ਰੀ ਅਮਨ ਅਰੋੜਾ ਵਿਸ਼ੇਸ਼ ਤੌਰ ‘ਤੇ ਪਹੁੰਚੇ।
ਕਾਲਜ ਦੇ ਡਾਇਰੈਕਟਰ-ਪ੍ਰਿੰਸੀਪਲ ਡਾ. ਕਸ਼ਮੀਰ ਸਿੰਘ ਨੇ ਵਿਦਿਆਰਥੀਆਂ ਨੂੰ ਕਾਲਜ ਦੇ ਗੌਰਵਮਈ ਇਤਿਹਾਸ ਬਾਰੇ ਜਾਣੂ ਕਰਵਾਉਂਦੇ ਹੋਏ ਜਿੱਥੇ ਉਨ੍ਹਾਂ ਨੂੰ ਹੋਣਹਾਰ ਵਿਦਿਆਰਥੀ ਅਤੇ ਜ਼ਿੰਮੇਵਾਰ ਨਾਗਰਿਕ ਬਣਨ ਲਈ ਪ੍ਰੇਰਿਤ ਕੀਤਾ ਉਥੇ ਨਾਲ ਹੀ ਉਨ੍ਹਾਂ ਨੂੰ ਅਜੋਕੇ ਨਵੀਂ ਤਕਨਾਲੋਜੀ ਦੇ ਯੁੱਗ ਵਿੱਚ ਮੋਬਾਇਲ ਫੋਨ ਦੇ ਉਚਿਤ ਪ੍ਰਯੋਗ ਲਈ ਵੀ ਸੁਚੇਤ ਕੀਤਾ। ਉਨ੍ਹਾਂ ਨੇ ਵਿਦਿਆਰਥੀਆਂ ਨੂੰ ਪੜ੍ਹਾਈ ਦੌਰਾਨ ਹੀ ਆਪਣੇ ਸੁਨਹਿਰੀ ਭਵਿੱਖ ਲਈ ਰੁਜ਼ਗਾਰ ਦੇ ਸੰਭਾਵਿਤ ਮੌਕੇ ਤਲਾਸ਼ ਕਰਨ ਲਈ ਉਤਸ਼ਾਹਿਤ ਕੀਤਾ।
ਕਾਮਰਸ ਵਿਭਾਗ ਦੇ ਮੁਖੀ ਅਤੇ ਵਾਈਸ ਪ੍ਰਿੰਸੀਪਲ ਡਾ. ਬਿਕਰਮਜੀਤ ਸਿੰਘ ਨੇ ਵਿਭਾਗ ਦੇ ਪਹਿਲੇ ਸਾਲ ਵਿੱਚ ਦਾਖਲਾ ਲੈਣ ਵਾਲੇ ਵਿਦਿਆਰਥੀਆਂ ਦਾ ਸਵਾਗਤ ਕਰਦਿਆਂ ਕਿਹਾ ਕਿ ਵਿਦਿਆਰਥੀਆਂ ਨੂੰ ਪੂਰੀ ਮਿਹਨਤ, ਇਕਾਗਰਤਾ ਅਤੇ ਉਤਸ਼ਾਹ ਨਾਲ ਪੜ੍ਹਾਈ, ਖੇਡਾਂ ਅਤੇ ਹੋਰ ਉਸਾਰੂ ਗਤੀਵਿਧੀਆਂ ਵਿੱਚ ਵੱਧ ਚੜ੍ਹ ਕੇ ਹਿੱਸਾ ਲੈਣਾ ਚਾਹੀਦਾ ਹੈ। ਉਨ੍ਹਾਂ ਨੇ ਕੰਪਨੀ ਦੇ ਨੁਮਾਇੰਦਿਆਂ ਦਾ ਵਿਸ਼ੇਸ਼ ਤੌਰ ‘ਤੇ ਧੰਨਵਾਦ ਕਰਦਿਆਂ ਕਿਹਾ ਕਿ ਇਸ ਸੈਮੀਨਾਰ ਦੇ ਆਯੋਜਨ ਕਰਵਾਉਣ ਦਾ ਮੁੱਖ ਉਦੇਸ਼ ਵਿਦਿਆਰਥੀਆਂ ਨੂੰ ਰੁਜ਼ਗਾਰ ਲਈ ਤਿਆਰ ਕਰਨਾ ਅਤੇ ਰੁਜ਼ਗਾਰ ਦੇ ਯੋਗ ਅਵਸਰ ਪ੍ਰਦਾਨ ਕਰਨਾ ਹੈ।
ਮਾਤਾ ਗੁਜਰੀ ਕਾਲਜ ਦੇ ਕਾਮਰਸ ਵਿਭਾਗ ਵੱਲੋਂ ਇੰਡਕਸ਼ਨ ਪ੍ਰੋਗਰਾਮ ਅਤੇ ਵਿਸ਼ੇਸ਼ ਸੈਮੀਨਾਰ ਦਾ ਆਯੋਜਨ I ਸੈਂਟਰ ਦੇ ਨੋਡਲ ਅਫ਼ਸਰ ਪ੍ਰੋ. ਮੁਹੰਮਦ ਅਨਵਰ ਨੇ ਦੱਸਿਆ ਕਿ ਇਹ ਸੈਮੀਨਾਰ ਵਿਦਿਆਰਥੀਆਂ ਨੂੰ ਉਨ੍ਹਾਂ ਦੇ ਕੈਰੀਅਰ ਸਬੰਧੀ ਸਹੀ ਦਿਸ਼ਾ ਨਿਰਦੇਸ਼ ਦੇਣ, ਰੁਜ਼ਗਾਰਯੋਗਤਾ ਵਧਾਉਣ ਅਤੇ ਪ੍ਰੈਕਟੀਕਲ ਟਰੇਨਿੰਗ ਦੇਣ ਲਈ ਲਾਹੇਵੰਦ ਸਾਬਤ ਹੋਇਆ। ਡਾ. ਹਰਜੀਤ ਕੌਰ ਨੇ ਵਿਦਿਆਰਥੀਆਂ ਨੂੰ ਕਾਲਜ ਦੀਆਂ ਅਕਾਦਮਿਕ ਅਤੇ ਸਹਿਕਰਮੀ ਗਤੀਵਿਧੀਆਂ ਵਿੱਚ ਵੱਧ ਚੜ੍ਹ ਕੇ ਹਿੱਸਾ ਲੈਣ ਲਈ ਪ੍ਰੇਰਿਤ ਕੀਤਾ। ਇਸ ਮੌਕੇ ਕਾਮਰਸ ਵਿਭਾਗ ਦੇ ਸਮੂਹ ਅਧਿਆਪਕ ਅਤੇ ਵਿਦਿਆਰਥੀ ਹਾਜ਼ਰ ਸਨ।