ਮੋਦੀ ਪੰਜਾਬ ਦੇ ਸਭ ਤੋਂ ਵੱਧ ਹਿਤੈਸ਼ੀ-ਅਸ਼ਵਨੀ ਸ਼ਰਮਾ
ਬਹਾਦਰਜੀਤ ਸਿੰਘ /ਰੂਪਨਗਰ,2 ਅਪਰੈਲ,2022
ਭਾਜਪਾ ਪੰਜਾਬ ਦੇ ਪ੍ਰਧਾਨ ਅਸ਼ਵਨੀ ਸ਼ਰਮਾ ਨੇ ਕਿਹਾ ਹੈ ਕਿ ਕੇਵਲ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਪੰਜਾਬ ਦਾ ਸਭ ਤੋਂ ਵੱਧ ਹਿਤੈਸ਼ੀ ਹਨ।
ਅੱਜ ਰੂਪਨਗਰ ਵਿਖੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਉਨ੍ਹਾਂ ਕਿਹਾ ਕਿ ਨਰਿੰਂਦਰ ਮੋਦੀ ਤੋਂ ਵੱਧ ਪੰਜਾਬ ਦੀ ਚਿੰਤਾ ਕਰਨ ਵਾਲਾ ਕੌਣ ਹੈ।ਆਮ ਆਦਮੀ ਪਾਰਟੀ(ਆਪ) ਵੱਲ ਇਸ਼ਾਰਾ ਕਰਦਿਆਂ ਉਨ੍ਹਾਂ ਕਿਹਾ ਕਿ ਇਹ ਲੋਕ ਪੰਜਾਬ,ਪੰਜਾਬੀ ਅਤੇ ਪੰਜਾਬੀਅਤ ਦੀ ਗੱਲ ਤਾਂ ਕਰਦੇ ਹਨ ,ਕੀ ਇਨ੍ਹਾਂ ਨੂੰ ਇਹ ਯਾਦ ਨਹੀਂ ਆਇਆ ਕਿ ਸਾਡੀ ਆਸਥਾ ਦਾ ਕੇਂਦਰ ਸ੍ਰੀ ਕਰਤਾਰਪੁਰ ਸਾਹਿਬ ਦਾ ਲਾਂਘਾ ਕਿਸ ਨੇ ਖੁਲਵਾਇਆ।
ਉਨ੍ਹਾਂ ਕਿਹਾ ਕਿ ਜੇਕਰ ਨਰਿੰਦਰ ਮੋਦੀ ਨੇ ਸ੍ਰੀ ਕਰਤਾਰਪੁਰ ਸਾਹਿਬ ਦਾ ਲਾਂਘਾ ਖੁੱਲ੍ਹਵਾਇਆ ਤਾਂ ਇਹ ਪਹਿਲਾਂ ਨਹੀਂ ਹੋ ਸਕਦਾ ਸੀ,ਜੇਕਰ ਮੋਦੀ ਕਾਲੀ ਸੂਚੀ ਸਮਾਪਤ ਕਰ ਸਕਦੇ ਹਨ ਤਾਂ ਉਹ ਪਹਿਲਾਂ ਨਹੀਂ ਹੋ ਸਕਦੀ ਸੀ,ਜੇਕਰ ਗੁਰੂ ਗੋਬਿੰਦ ਸਿੰਘ ਦੇ ਸਾਹਿਬਜ਼ਾਦਿਆਂ ਦੀ ਸ਼ਹਾਦਤ ਨੂੰ ਨਮਨ ਕਰਨ ਲਈ ਵੀਰ ਬਾਲ ਦਿਵਸ ਮਨਾਉਣ ਦਾ ਐਲਾਨ ਕੀਤਾ ਹੈ ਤਾਂ ਕੀ ਉਹ ਪਹਿਲਾਂ ਨਹੀਂ ਹੋ ਸਕਦਾ ਸੀ ।
ਉਨ੍ਹਾਂ ਕਿਹਾ ਕਿ ਪੰਜਾਬ ਦੀ ਅਤੇ ਪੰਜਾਬੀਅਤ ਨਾਲ ਜੇਕਰ ਕੋਈ ਸੱਚਾ ਪਿਆਰ ਕਰ ਸਕਦਾ ਹੈ ਤਾਂ ਉਹ ਨਰਿੰਦਰ ਮੋਦੀ ਹੀ ਕਰਦੇ ਹਨ।ਨਰਿੰਦਰ ਮੋਦੀ ਵੱਲੋਂ ਕੀਤੇ ਗਏ ਕੰਮਾਂ ਨੂੰ ਤਾਂ ਲੋਕਾਂ ਤੱਕ ਜਾਣ ਨਹੀਂ ਦਿੰਦੇ।ਇਸ ਦਾ ਕਾਰਨ ਇਹ ਹੈ ਕਿ ਅਜਿਹੇ ਆਗੂਆਂ ਨੂੰ ਪਤਾ ਹੈ ਕਿ ਜਦੋਂ ਅਜਿਹਾ ਕੀਤਾ ਗਿਆ ਤਾਂ ਉਨ੍ਹਾਂ ਦੀ ਰਾਜਨੀਤੀ ਖਤਮ ਹੋ ਜਾਵੇਗੀ।
ਉਨ੍ਹਾਂ ਦੋਸ਼ ਲਾਇਆ ਕਿ ਆਮ ਆਦਮੀ ਪਾਰਟੀ ਚੋਣਾਂ ਦੌਰਾਨ ਪੰਜਾਬ ਦੇ ਲੋਕਾਂ ਨਾਲ ਕੀਤੇ ਵਾਅਦਿਆਂ ਤੋਂ ਪਿੱਛੇ ਹੱੱਟ ਰਹੀ ਹੈ ਅਤੇ ਇਸ ਪਾਸਿਓਂ ਲੋਕਾਂ ਦਾ ਧਿਆਨ ਹਟਾਉਣ ਲਈ ਚੰਡੀਗੜ੍ਹ ਵਿੱਚ ਸਰਵਿਸ ਨਿਯਮਾਂ ਵਿੱਚ ਤਬਦੀਲੀ ਵਰਗੇ ਮੁੱਦੇ ਚੁੱਕ ਰਹੀ ਅਤੇ ਇਸ ਨੂੰ ਲੈ ਕੇ ਭੁਲੇਖੇ ਪੈਦਾ ਕਰ ਰਹੀ ਹੈ।
ਇੱਕ ਸਵਾਲ ਦੇ ਜਵਾਬ ਵਿੱਚ ਉਨ੍ਹਾਂ ਕਿਹਾ ਕਿ ਪੰਜਾਬ ਭਾਜਪਾ ਬੀਬੀਐੱੰਮਬੀ ਮੈਨੇਜਮੈਂਟ ਵਿੱਚ ਪੰਜਾਬ ਦੀ ਹਿੱਸੇਦਾਰੀ ਖਤਮ ਕਰਨ ਸਬੰਧੀ ਮੁੱਦੇ ’ਤੇ ਕੇਂਦਰ ਸਰਕਾਰ ਦੇ ਸੰਪਰਕ ਵਿੱਚ ਹੈ ਅਤੇ ਪੁਰਾਣੀ ਸਥਿਤੀ ਬਹਾਲ ਕਰਵਾਉਣ ਲਈ ਯਤਨਸ਼ੀਲ ਹੈ।
ਸ਼ਰਮਾ ਨੇ ਆਉਣ ਵਾਲੇ ਸਮੇਂ ਵਿੱਚ ਸ਼੍ਰੋਮਣੀ ਅਕਲਾੀ ਦਲ ਨਾਲ ਗਠਜੋੜ ਹੋਣ ਸਬੰਧੀ ਪੁੱਛੇ ਗਏ ਸਵਾਲ ਦੇ ਜਵਾਬ ਵਿੱਚ ਕਿਹਾ ਕਿ ਇਸ ਗੱਲ ਨੂੰ ਛੱਡ ਦਿਓ,ਭਾਜਪਾ ਨੂੰ ਆਪਣੇ ਪੈਰਾਂ ’ਤੇ ਖੜ੍ਹਾ ਹੋ ਲੈਣ ਦਿਓ।
ਸ਼ਰਮਾ ਨੇ ਜ਼ਿਲ੍ਹੇ ਦੇ ਪਾਰਟੀ ਆਗੂਆਂ ਅਤੇ ਵਰਕਾਰਾਂ ਨਾਲ ਮੀਟਿੰਗ ਵੀ ਕੀਤੀ।