ਮੋਰਿੰਡਾ ਬੇਅਦਬੀ ਮਾਮਲਾ ਕੇਂਦਰ ਸਰਕਾਰ ਕੋਲ ਪੁੱਜਾ

818

ਮੋਰਿੰਡਾ ਬੇਅਦਬੀ ਮਾਮਲਾ ਕੇਂਦਰ ਸਰਕਾਰ ਕੋਲ ਪੁੱਜਾ

ਬਹਾਦਰਜੀਤ ਸਿੰਘ /  ਰੂਪਨਗਰ, 24 ਅਪਰੈਲ,2023

ਮੋਰਿੰਡਾ ਦੇ ਗੁਰਦੁਆਰਾ ਕੋਤਵਾਲੀ ਸਾਹਿਬ ‘ਚ ਇੱਕ ਨੌਜਵਾਨ ਵਲੋਂ ਕੀਤੀ ਗਈ ਬੇਅਦਬੀ ਅਤੇ ਗ੍ਰੰਥੀ ਸਿੰਘਾਂ ਨਾਲ ਕੀਤੀ ਗਈ ਕੁੱਟਮਾਰ ਦਾ ਮਾਮਲਾ ਕੇਂਦਰ ਸਰਕਾਰ ਕੋਲ ਪੁੱਜ ਗਿਆ ਹੈ।  ਭਾਰਤੀ ਜਨਤਾ ਪਾਰਟੀ ਜ਼ਿਲ੍ਹਾ ਰੂਪਨਗਰ ਦੇ ਪ੍ਰਧਾਨ ਡਾ. ਅਜੈਵੀਰ ਸਿੰਘ ਲਾਲਪੁਰਾ ਨੇ ਤੁਰੰਤ ਹਰਕਤ ਵਿਚ ਆਉਂਦਿਆ ਭਾਰਤ ਸਰਕਾਰ ਅਧੀਨ ਕੌਮੀ ਘੱਟ ਗਿਣਤੀ ਕਮਿਸ਼ਨ ਦੇ ਚੇਅਰਮੈਨ  ਇਕਬਾਲ ਸਿੰਘ ਲਾਲਪੁਰਾ ਜੀ ਨੂੰ ਇੱਕ ਸ਼ਿਕਾਇਤ ਪੱਤਰ ਲਿਖ ਕੇ ਇਸ ਮਾਮਲੇ ਬਾਬਤ ਜਾਣਕਾਰੀ ਦਿੱਤੀ ਅਤੇ ਉਨ੍ਹਾਂ ਕੋਲੋਂ ਪੰਜਾਬ ਸਰਕਾਰ ਦੇ ਮੁੱਖ ਸਕੱਤਰ ਨੂੰ ਸਖ਼ਤ ਤਾੜਨਾ ਕਰਕੇ ਇਸ ਮਾਮਲੇ ਵਿਚ ਤੁਰੰਤ ਐਫਆਈਆਰ ਦਰਜ ਕਰਕੇ ਦੋਸ਼ੀ(ਆਂ) ਖਿਲਾਫ ਜਲਦ ਤੋਂ ਜਲਦ ਤੋਂ ਸਖ਼ਤ ਕਾਰਵਾਈ ਅਮਲ ਵਿਚ ਲਿਆਉਣ ਲਈ ਸਿਫਾਰਸ਼ ਕਰਨ ਦੀ ਮੰਗ ਕੀਤੀ ਗਈ।

ਇਸ ਸੰਬੰਧੀ ਜਾਣਕਾਰੀ ਦਿੰਦੇ ਹੋਏ ਡਾ. ਲਾਲਪੁਰਾ ਨੇ ਦੱਸਿਆ ਕਿ ਪੰਜਾਬ ਵਿਚ ਬੇਦਬੀਆਂ ਦੀਆਂ ਘਟਨਾਵਾਂ ਵਿਚ ਦਿਨੋਂ ਦਿਨ ਵਾਧਾ ਹੁੰਦਾ ਜਾ ਰਿਹਾ ਹੈ ਤੇ ਸਮਾਜ ਵਿਰੋਧੀ ਅਨਸਰ ਪੰਜਾਬ ਦਾ ਮਾਹੌਲ ਖ਼ਰਾਬ ਕਰਨ ਲਈ ਬੇਖ਼ੌਫ ਅਜਿਹੀ ਵਾਰਦਾਤਾਂ ਨੂੰ ਅੰਜਾਮ ਦੇ ਰਹੇ ਤੇ ਪਿਛਲੇ ਸਮੇਂ ਦੌਰਾਨ ਅਜਿਹੀਆਂ ਘਟਨਾਵਾਂ ਨੂੰ ਰੋਕਣ ਵਿਚ ਪੰਜਾਬ ਸਰਕਾਰ ਜ਼ਿਆਦਾਤਰ ਅਸਮਰੱਥ ਰਹੀ ਹੈ ਜਿਸ ਕਰਕੇ ਉਨ੍ਹਾਂ ਕੌਮੀ ਘੱਟ ਗਿਣਤੀ ਕਮਿਸ਼ਨ ਦੇ ਚੇਅਰਮੈਨ  ਇਕਬਾਲ ਸਿੰਘ ਲਾਲਪੁਰਾ ਸਾਹਬ ਨੂੰ ਇਸ ਮਾਮਲੇ ‘ਚ ਦਖਲਅੰਦਾਜ਼ੀ ਕਰਨ ਦੀ ਮੰਗ ਕੀਤੀ ਹੈ।

ਮੋਰਿੰਡਾ ਬੇਅਦਬੀ ਮਾਮਲਾ ਕੇਂਦਰ ਸਰਕਾਰ ਕੋਲ ਪੁੱਜਾ-Photo courtesy-Internet

ਉਨ੍ਹਾਂ ਕਿਹਾ ਕਿ ਹਾਲਾਂਕਿ ਇਸ ਘਟਨਾ ਨੂੰ ਅੰਜਾਮ ਦੇਣ ਵਾਲੇ ਸਖ਼ਸ਼ ਨੂੰ ਮੌਕੇ ‘ਤੇ ਹਾਜ਼ਰ ਸੰਗਤਾਂ ਵਲੋਂ ਕਾਬੂ ਕਰ ਲਿਆ ਗਿਆ ਹੈ ਪਰ ਇਸ ਪਿੱਛੇ ਜਾਂਚ ਕਰਵਾਉਣੀ ਬੇਹੱਦ ਜ਼ਰੂਰੀ ਹੈ ਤਾਂ ਜੋ ਪੰਜਾਬ ਦੇ ਮਾਹੌਲ ਨੂੰ ਖ਼ਰਾਬ ਕਰਨ ਦੀਆਂ ਸਾਜਿਸ਼ਾਂ ਨੂੰ ਨੀਸ਼ਤੇਨਾਬੂਤ ਕੀਤਾ ਜਾ ਸਕੇ। ਉਨ੍ਹਾਂ ਮੰਗ ਕੀਤੀ ਕਿ ਬੇਅਦਬੀਆਂ ਦੇ ਮਾਮਲੇ ਵਿੱਚ ਸਖ਼ਤ ਸਜ਼ਾਵਾਂ ਦਾ ਪ੍ਰਬੰਧ ਬੇਹੱਦ ਲਾਜ਼ਮੀ ਹੋਵੇ ਅਤੇ ਅਜਿਹੇ ਮਾਮਲਿਆਂ ਵਿੱਚ ਤੇਜ਼ੀ ਨਾਲ ਅਦਾਲਤੀ ਸੁਣਵਾਈ ਯਕੀਨੀ ਬਣੇ। ਇਸ ਦੇ ਨਾਲ ਹੀ ਉਨ੍ਹਾਂ ਸੰਗਤ ਨੂੰ ਵੀ ਅਪੀਲ ਕੀਤੀ ਕਿ ਗੁਰਦੁਆਰਾ ਸਾਹਿਬਾਨ ਅੰਦਰ ਨਿਗਰਾਨੀ ਅਤੇ ਸੁਰੱਖਿਆ ਦੇ ਪੁਖਤਾ ਇੰਤਜ਼ਾਮ ਕਰਨ ਅਤੇ ਪਹਿਰੇਦਾਰੀ ਲਈ ਹਰ ਸਮੇਂ ਸੇਵਾਦਾਰ ਗੁਰਦੁਆਰਾ ਸਾਹਿਬਾਨ ’ਚ ਹਾਜ਼ਰ ਰਹਿਣ।

ਜ਼ਿਕਰਯੋਗ ਹੈ ਕਿ ਭਾਰਤ ਦੇ ਘੱਟ ਗਿਣਤੀ ਵਰਗਾਂ ਦੇ ਹੱਕਾਂ ਦੀ ਰਾਖੀ ਲਈ ਕੇਂਦਰ ਸਰਕਾਰ ਅਧੀਨ ਸਿਰਮੌਰ ਸੰਸਥਾ ਕੌਮੀ ਘੱਟ ਗਿਣਤੀ ਕਮਿਸ਼ਨ ਦੇ ਚੇਅਰਮੈਨ ਇਕਬਾਲ ਸਿੰਘ ਲਾਲਪੁਰਾ ਜ਼ਿਲ੍ਹਾ ਰੂਪਨਗਰ ਨਾਲ ਹੀ ਸੰਬੰਧ ਰੱਖਦੇ ਹਨ।