ਸ਼ਹੀਦੀ ਸਭਾ ਨੂੰ ਸਮਰਪਿਤ ਨਗਰ ਕੀਰਤਨ ਮੌਕੇ ਮਾਤਾ ਗੁਜਰੀ ਕਾਲਜ ਦੇ ਸਟਾਫ਼ ਮੈਂਬਰ ਅਤੇ ਵਿਦਿਆਰਥੀ ਹੋਏ ਨਤਮਸਤਕ

249

ਸ਼ਹੀਦੀ ਸਭਾ ਨੂੰ ਸਮਰਪਿਤ ਨਗਰ ਕੀਰਤਨ ਮੌਕੇ ਮਾਤਾ ਗੁਜਰੀ ਕਾਲਜ ਦੇ ਸਟਾਫ਼ ਮੈਂਬਰ ਅਤੇ ਵਿਦਿਆਰਥੀ ਹੋਏ ਨਤਮਸਤਕ

ਫ਼ਤਹਿਗੜ੍ਹ ਸਾਹਿਬ, 28 ਦਸੰਬਰ,2022

ਮਾਤਾ ਗੁਜਰੀ ਜੀ, ਬਾਬਾ ਜ਼ੋਰਾਵਰ ਸਿੰਘ ਅਤੇ ਬਾਬਾ ਫ਼ਤਹਿ ਸਿੰਘ ਜੀ ਦੀ ਲਾਸਾਨੀ ਸ਼ਹਾਦਤ ਨੂੰ ਸਿਜਦਾ ਕਰਦਿਆਂ ਮਾਤਾ ਗੁਜਰੀ ਕਾਲਜ ਦੇ ਸਟਾਫ਼ ਅਤੇ ਵਿਦਿਆਰਥੀਆਂ ਵੱਲੋਂ ਸ਼ਹੀਦੀ ਸਭਾ ਦੇ ਅਖੀਰਲੇ ਦਿਨ ਬੜੀ ਸ਼ਰਧਾ ਨਾਲ ਨਗਰ ਕੀਰਤਨ ਵਿੱਚ ਸ਼ਮੂਲੀਅਤ ਕੀਤੀ ਗਈ। ਕਾਲਜ ਦੇ ਆਨਰੇਰੀ ਸਕੱਤਰ ਜਗਦੀਪ ਸਿੰਘ ਚੀਮਾ ਨੇ ਨੌਜਵਾਨ ਪੀੜ੍ਹੀ ਨੂੰ ਮਹਾਨ ਸ਼ਹੀਦਾਂ ਵੱਲੋਂ ਦਰਸਾਏ ਮਾਰਗ ’ਤੇ ਚੱਲਣ ਦੀ ਪ੍ਰੇਰਨਾ ਦਿੱਤੀ ਅਤੇ ਕਾਲਜ ਦੇ ਸਮੂਹ ਸਟਾਫ਼ ਅਤੇ ਵਿਦਿਆਰਥੀਆਂ ਦੀ ਸ਼ਹੀਦੀ ਸਭਾ ਦੌਰਾਨ ਕੀਤੇ ਸੇਵਾ ਕਾਰਜਾਂ ਦੀ ਭਰਪੂਰ ਸ਼ਲਾਘਾ ਕੀਤੀ। ਸ਼੍ਰੋਮਣੀ ਕਮੇਟੀ ਦੇ ਜੂਨੀਅਰ ਮੀਤ ਪ੍ਰਧਾਨ ਅਵਤਾਰ ਸਿੰਘ ਰਿਆ ਨੇ ਸ਼ਹੀਦਾਂ ਨੂੰ ਆਪਣੀ ਸ਼ਰਧਾ ਦੇ ਫੁੱਲ ਭੇਂਟ ਕਰਦਿਆਂ ਨੌਜਵਾਨਾਂ ਅਤੇ ਬੱਚਿਆਂ ਨੂੰ ਆਪਣੇ ਇਤਿਹਾਸ, ਪ੍ਰੰਪਰਾਵਾਂ, ਸਿਧਾਂਤਾਂ ਅਤੇ ਗੁਰਬਾਣੀ ਦੀ ਅੰਮ੍ਰਿਤਮਈ ਵਿਚਾਰਧਾਰਾ ਨਾਲ ਜੁੜਨ ਲਈ ਪ੍ਰੇਰਿਤ ਕੀਤਾ।

ਕਾਲਜ ਦੇ ਡਾਇਰੈਕਟਰ ਪ੍ਰਿੰਸੀਪਲ ਡਾ. ਕਸ਼ਮੀਰ ਸਿੰਘ ਨੇ ਸ਼ਹੀਦਾਂ ਨੂੰ ਆਪਣੀ ਸ਼ਰਧਾ ਦੇ ਫੁੱਲ ਭੇਂਟ ਕਰਦਿਆਂ ਦੱਸਿਆ ਕਿ ਸ਼ਹੀਦੀ ਸਭਾ ਦੌਰਾਨ ਕਾਲਜ ਦੇ ਸਟਾਫ਼ ਮੈਂਬਰਾਂ, ਐਨ.ਸੀ.ਸੀ. ਕੈਡਿਟਾਂ, ਐਨ.ਐਸ.ਐਸ., ਭਾਰਤ ਸਕਾਊਟ ਐਂਡ ਗਾਈਡ ਯੂਨਿਟ, ਯੂਥ ਰੈੱਡ ਕਰਾਸ ਯੂਨਿਟ, ਮਾਤਾ ਗੁਜਰੀ ਸਟੱਡੀ ਸਰਕਲ ਦੇ ਵਲੰਟੀਅਰਾਂ ਅਤੇ ਪੱਤਰਕਾਰੀ ਵਿਭਾਗ ਦੇ ਵਿਦਿਆਰਥੀਆਂ ਨੇ ਸ਼ਹੀਦੀ ਸਭਾ ਦੌਰਾਨ ਪੂਰੀ ਸੇਵਾ ਭਾਵਨਾ ਨਾਲ ਯੋਗਦਾਨ ਪਾਇਆ। ਉਨ੍ਹਾਂ ਨੇ ਮਾਤਾ ਗੁਜਰੀ ਜੀ ਵੈਲਫੇਅਰ ਸੁਸਾਇਟੀ (ਰਜਿ.) ਸ੍ਰੀ ਅਨੰਦਪੁਰ ਸਾਹਿਬ ਵੱਲੋਂ ਮਾਤਾ ਗੁਜਰੀ ਕਾਲਜ ਅਤੇ ਫ਼ਤਹਿਗੜ੍ਹ ਸਾਹਿਬ ਵਿਖੇ ਹਜ਼ਾਰਾਂ ਸੰਗਤਾਂ ਦੀ ਰਿਹਾਇਸ਼ ਲਈ ਕੀਤੇ ਗਏ ਸੇਵਾ ਕਾਰਜਾਂ ਲਈ ਵਿਸ਼ੇਸ਼ ਤੌਰ ‘ਤੇ ਧੰਨਵਾਦ ਕੀਤਾ। ਉਨ੍ਹਾਂ ਨੇ ਸ਼ਹੀਦੀ ਸਭਾ ਸਮਾਗਮਾਂ ਵਿੱਚ ਵੱਧ ਚੜ੍ਹ ਕੇ ਹਿੱਸਾ ਪਾਉਣ ਵਾਲੇ ਕਾਲਜ ਦੇ ਲਗਭਗ 500 ਵਲੰਟੀਅਰ ਵਿਦਿਆਰਥੀਆਂ ਦੀ ਪ੍ਰਸੰਸਾ ਕਰਦਿਆਂ ਉਨ੍ਹਾਂ ਨੂੰ ਭਵਿੱਖ ਵਿੱਚ ਵੀ ਇਸੇ ਪ੍ਰਕਾਰ ਸੇਵਾ ਅਤੇ ਸ਼ਰਧਾ ਭਾਵਨਾ ਨਾਲ ਧਾਰਮਿਕ ਕਾਰਜਾਂ ਵਿੱਚ ਵੱਧ ਚੜ੍ਹ ਕੇ ਹਿੱਸਾ ਪਾਉਣ ਲਈ ਪ੍ਰੇਰਿਤ ਕੀਤਾ।

ਸ਼ਹੀਦੀ ਸਭਾ ਨੂੰ ਸਮਰਪਿਤ ਨਗਰ ਕੀਰਤਨ ਮੌਕੇ ਮਾਤਾ ਗੁਜਰੀ ਕਾਲਜ ਦੇ ਸਟਾਫ਼ ਮੈਂਬਰ ਅਤੇ ਵਿਦਿਆਰਥੀ ਹੋਏ ਨਤਮਸਤਕ

ਜ਼ਿਕਰਯੋਗ ਹੈ ਕਿ ਸ਼ਹੀਦੀ ਸਭਾ ਦੌਰਾਨ ਕਾਲਜ ਦੇ ਐਨ.ਐਸ.ਐਸ. ਯੂਨਿਟ ਵੱਲੋਂ ਲਗਾਏ ਖੂਨਦਾਨ ਕੈਂਪ ਦੌਰਾਨ ਲਗਭਗ 700 ਯੂਨਿਟ ਖੂਨ ਦਾਨ ਕੀਤਾ ਗਿਆ ਅਤੇ ਯੂਥ ਰੈੱਡ ਕਰਾਸ ਯੂਨਿਟ ਵੱਲੋਂ ਲਗਾਏ ਫਸਟ ਏਡ ਕੈਂਪ ਦੌਰਾਨ ਲਗਭਗ 5000 ਮਰੀਜ਼ਾਂ ਨੂੰ ਦਵਾਈਆਂ ਵੀ ਦਿੱਤੀਆਂ ਗਈਆਂ। ਕਾਲਜ ਦੇ ਸਟਾਫ਼ ਅਤੇ ਵਿਦਿਆਰਥੀਆਂ ਨੇ ਗੁਰਦੁਆਰਾ ਸ੍ਰੀ ਜੋਤੀ ਸਰੂਪ ਸਾਹਿਬ ਵਿਖੇ ਕਾਲਜ ਵੱਲੋਂ ਸਥਾਪਿਤ ਕੀਤੇ ਗਏ ਜੋੜਾ ਘਰ ਵਿੱਚ ਸ਼ਰਧਾ ਭਾਵਨਾ ਨਾਲ ਸੇਵਾ ਵਿੱਚ ਭਰਪੂਰ ਹਿੱਸਾ ਪਾਇਆ। ਇਸ ਤੋਂ ਇਲਾਵਾ ਕਾਲਜ ਦੇ ਐਨ.ਐਸ.ਐਸ. ਯੂਨਿਟ ਅਤੇ ਭਾਰਤ ਸਕਾਊਟ ਐਂਡ ਗਾਈਡ ਯੂਨਿਟ ਦੇ ਵਿਦਿਆਰਥੀਆਂ ਦੁਆਰਾ ਗੁਰਦੁਆਰਾ ਸ੍ਰੀ ਫ਼ਤਹਿਗੜ੍ਹ ਸਾਹਿਬ ਵਿਖੇ ਦੂਰ ਦੂਰਾਡਿਓਂ ਆਈ ਸੰਗਤ ਦੇ ਸਹਿਯੋਗ ਲਈ ਆਪਣੀਆਂ ਸੇਵਾਵਾਂ ਦਿੱਤੀਆਂ ਅਤੇ ਕਾਲਜ ਦੇ ਐਨ.ਸੀ.ਸੀ. ਯੂਨਿਟ ਦੇ ਕੈਡਿਟ ਟ੍ਰੈਫ਼ਿਕ ਪੁਲਿਸ ਨਾਲ ਮਿਲ ਕੇ ਸੰਗਤ ਦੀ ਆਵਾਜਾਈ ਨੂੰ ਵੀ ਸੁਖਾਲਾ ਬਣਾਇਆ ਗਿਆ।

ਇਸ ਮੌਕੇ ਮਾਤਾ ਗੁਜਰੀ ਕਾਲਜ ਦੇ ਸਾਬਕਾ ਪ੍ਰਿੰਸੀਪਲ ਡਾ. ਗੁਰਮੋਹਨ ਸਿੰਘ ਵਾਲੀਆ, ਡਾ. ਸਵਰਨਜੀਤ ਕੌਰ ਉੱਭਾ, ਤਰਵਿੰਦਰਜੀਤ ਕੌਰ ਅਜਨਾਲਾ, ਡਾ. ਰਾਜਵੰਤ ਕੌਰ, ਕਾਲਜ ਦੇ ਵਾਈਸ ਪ੍ਰਿੰਸੀਪਲ ਡਾ. ਬਿਕਰਮਜੀਤ ਸਿੰਘ, ਡਾ. ਸਤਨਾਮ ਸਿੰਘ, ਪ੍ਰੋ. ਬੀਰਇੰਦਰ ਸਿੰਘ ਸਰਾਓ, ਡਾ. ਜਗਦੀਸ਼ ਸਿੰਘ, ਡਾ. ਦਲੀਪ ਸਿੰਘ ਕਛਵਾਇਆ, ਡਾ. ਗੁਰਬਾਜ ਸਿੰਘ, ਪ੍ਰੋ. ਹਰਭਿੰਦਰ ਸਿੰਘ, ਪ੍ਰੋ. ਰਵਿੰਦਰ ਕੌਰ, ਪ੍ਰੋ. ਸ਼ਮਨਵੀਰ ਕੌਰ, ਡਾ. ਅਵਨੀਤ ਕੌਰ, ਡਾ. ਨੈਨਾ ਖੁੱਲਰ, ਡਾ. ਜੁਝਾਰ ਸਿੰਘ, ਡਾ. ਸੁਖਵਿੰਦਰ ਸਿੰਘ ਢਿੱਲੋਂ, ਪ੍ਰੋ. ਪੁਸ਼ਪਿੰਦਰ ਸਿੰਘ, ਪ੍ਰੋ. ਗਗਨਦੀਪ ਸਿੰਘ ਅਤੇ ਹੋਰ ਸਟਾਫ਼ ਮੈਂਬਰ ਵੀ ਹਾਜ਼ਰ ਸਨ।