ਸ਼੍ਰੋਮਣੀ ਕਮੇਟੀ ਵੱਲੋਂ ਬੰਦੀ ਸਿੰਘਾਂ ਦੀ ਰਿਹਾਈ ਲਈ ਦੇਸ਼ ਵਿਆਪੀ ਦਸਤਖ਼ਤੀ ਮੁਹਿੰਮ ਸ਼ੁਰੂ

205

ਸ਼੍ਰੋਮਣੀ ਕਮੇਟੀ ਵੱਲੋਂ ਬੰਦੀ ਸਿੰਘਾਂ ਦੀ ਰਿਹਾਈ ਲਈ ਦੇਸ਼ ਵਿਆਪੀ ਦਸਤਖ਼ਤੀ ਮੁਹਿੰਮ ਸ਼ੁਰੂ

ਬਹਾਦਰਜੀਤ ਸਿੰਘ/ ਸ੍ਰੀ ਅਨੰਦਪੁਰ ਸਾਹਿਬ, 1 ਦਸੰਬਰ,2022

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਬੰਦੀ ਸਿੰਘਾਂ ਦੀ ਰਿਹਾਈ ਲਈ ਦੇਸ਼ ਵਿਆਪੀ ਦਸਤਖ਼ਤੀ ਮੁਹਿੰਮ ਅੱਜ ਵੱਖ-ਵੱਖ ਗੁਰਦੁਆਰਾ ਸਾਹਿਬਾਨ ਤੋਂ ਆਰੰਭ ਕੀਤੀ ਗਈ। ਪੰਜਾਬ ਅਤੇ ਹਰਿਆਣਾ ਨਾਲ ਸਬੰਧਤ ਕਰੀਬ 25 ਗੁਰਦੁਆਰਿਆਂ ਵਿਚ ਦਸਤਖ਼ਤੀ ਮੁਹਿੰਮ ਲਈ ਕੇਂਦਰ ਸਥਾਪਤ ਕਰਦਿਆਂ ਪਹਿਲੇ ਦਿਨ ਹਜ਼ਾਰਾਂ ਪ੍ਰੋਫਾਰਮੇ ਭਰਵਾਏ ਗਏ। ਇਹ ਜਨਤਕ ਮੁਹਿੰਮ ਲੰਘੇ ਮਹੀਨੇ ਸ਼੍ਰੋਮਣੀ ਕਮੇਟੀ ਦੇ ਜਨਰਲ ਇਜਲਾਸ ਦੌਰਾਨ ਲਏ ਗਏ ਫੈਸਲੇ ਅਨੁਸਾਰ ਆਰੰਭ ਕੀਤੀ ਗਈ ਹੈ। ਇਥੇ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਦਸਤਖ਼ਤੀ ਮੁਹਿੰਮ ਦੀ ਆਰੰਭਤਾ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਵੱਲੋਂ ਅਰਦਾਸ ਕਰਕੇ ਕੀਤੀ ਗਈ, ਜਦਕਿ ਦਸਤਖ਼ਤ ਮੁਹਿੰਮ ਤਹਿਤ ਪਹਿਲਾ ਫਾਰਮ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਭਰਿਆ।

ਇਸ ਮੌਕੇ ਗੱਲਬਾਤ ਕਰਦਿਆਂ ਐਡਵੋਕੇਟ ਧਾਮੀ ਨੇ ਆਖਿਆ ਕਿ ਸ਼੍ਰੋਮਣੀ ਕਮੇਟੀ ਬੰਦੀ ਸਿੰਘਾਂ ਦੀ ਰਿਹਾਈ ਲਈ ਬੀਤੇ ਲੰਮੇ ਅਰਸੇ ਤੋਂ ਅਵਾਜ਼ ਬੁਲੰਦ ਕਰ ਰਹੀ ਹੈ ਅਤੇ ਇਸ ਤਹਿਤ ਸ਼੍ਰੋਮਣੀ ਕਮੇਟੀ ਦੇ ਜਨਰਲ ਇਜਲਾਸਾਂ ਦੌਰਾਨ ਮਤੇ ਪਾ ਕੇ ਸਰਕਾਰਾਂ ਨੂੰ ਭੇਜੇ ਜਾਂਦੇ ਰਹੇ ਹਨ। ਇਸ ਤੋਂ ਇਲਾਵਾ ਸ਼੍ਰੋਮਣੀ ਕਮੇਟੀ ਦੇ ਕਈ ਵਫ਼ਦ ਦੇਸ਼ ਦੇ ਪ੍ਰਧਾਨ ਮੰਤਰੀਆਂ, ਗ੍ਰਹਿ ਮੰਤਰੀਆਂ ਅਤੇ ਗਵਰਨਰਾਂ ਅਤੇ ਸਬੰਧਤ ਮੁੱਖ ਮੰਤਰੀਆਂ ਨੂੰ ਮਿਲਦੇ ਰਹੇ। ਪਰੰਤੂ ਮੌਜੂਦਾ ਸਮੇਂ ਸਰਕਾਰਾਂ ਨੇ ਸਿੱਖਾਂ ਦੇ ਇਸ ਅਹਿਮ ਮਸਲੇ ’ਤੇ ਨਕਾਰਾਤਮਕ ਰਵੱਈਆ ਅਖ਼ਤਿਆਰ ਕੀਤਾ ਹੋਇਆ ਹੈ। ਉਨ੍ਹਾਂ ਕਿਹਾ ਕਿ ਸਰਕਾਰਾਂ ਜਾਣਬੁਝ ਕੇ ਮਨੁੱਖੀ ਅਧਿਕਾਰਾਂ ਦੀ ਉਲੰਘਣਾ ਕਰਦਿਆਂ ਬੰਦੀ ਸਿੰਘਾਂ ਨੂੰ ਰਿਹਾਅ ਨਹੀਂ ਕਰ ਰਹੀਆਂ, ਜਦਕਿ ਦੇਸ਼ ਅੰਦਰ ਰਾਜੀਵ ਗਾਂਧੀ ਕਤਲ ਕੇਸ ਦੇ ਦੋਸ਼ੀ, ਬਿਲਕਿਸ ਬਾਨੋ ਜਬਰ ਜਨਾਹ ਦੇ ਦੋਸ਼ੀ ਛੱਡੇ ਜਾ ਚੁੱਕੇ ਹਨ।

ਸ਼੍ਰੋਮਣੀ ਕਮੇਟੀ ਵੱਲੋਂ ਬੰਦੀ ਸਿੰਘਾਂ ਦੀ ਰਿਹਾਈ ਲਈ ਦੇਸ਼ ਵਿਆਪੀ ਦਸਤਖ਼ਤੀ ਮੁਹਿੰਮ ਸ਼ੁਰੂ

ਉਨ੍ਹਾਂ ਕਿਹਾ ਕਿ ਸਰਕਾਰਾਂ ਦੇ ਕੰਨ ਖੋਲ੍ਹਣ ਲਈ ਸ਼੍ਰੋਮਣੀ ਕਮੇਟੀ ਵੱਲੋਂ ਹੁਣ ਦੇਸ਼ ਪੱਧਰੀ ਦਸਤਖ਼ਤੀ ਮੁਹਿੰਮ ਸ਼ੁਰੂ ਕੀਤੀ ਗਈ ਹੈ, ਜਿਸ ਤਹਿਤ ਵੱਡੇ ਪੱਧਰ ’ਤੇ ਲੱਖਾਂ ਪ੍ਰੋਫਾਰਮੇ ਭਰਵਾ ਕੇ ਚੰਡੀਗੜ੍ਹ ਵਿਖੇ ਇਕ ਦਿਨਾਂ ਰੋਸ ਧਰਨਾ ਲਗਾਉਣ ਮਗਰੋਂ ਪੰਜਾਬ ਦੇ ਰਾਜਪਾਲ ਨੂੰ ਸੌਂਪੇ ਜਾਣਗੇ। ਉਨ੍ਹਾਂ ਕਿਹਾ ਕਿ ਇਸ ਦਸਤਖ਼ਤੀ ਮੁਹਿੰਮ ਤਹਿਤ ਹਰ ਧਰਮ ਨਾਲ ਸਬੰਧਤ ਮਨੁੱਖੀ ਅਧਿਕਾਰਾਂ ਦੀ ਗੱਲ ਕਰਨ ਵਾਲੇ ਲੋਕਾਂ ਨੂੰ ਜੋੜਿਆ ਜਾਵੇਗਾ ਅਤੇ ਇਸ ਮਾਮਲੇ ਵਿਚ ਅੰਤਰ ਰਾਸ਼ਟਰੀ ਮਨੁੱਖੀ ਅਧਿਕਾਰ ਸੰਗਠਨ ਤੱਕ ਵੀ ਪਹੁੰਚ ਕੀਤੀ ਜਾਵੇਗੀ। ਉਨ੍ਹਾਂ ਹਰ ਸੰਜੀਦਾ ਵਿਅਕਤੀ ਅਤੇ ਮਨੁੱਖੀ ਅਧਿਕਾਰਾਂ ਦੀ ਤਰਜ਼ਮਾਨੀ ਕਰਨ ਵਾਲੇ ਲੋਕਾਂ ਸਮੇਤ ਜਥੇਬੰਦੀਆਂ ਅਤੇ ਸਭਾ-ਸੁਸਾਇਟੀਆਂ ਨੂੰ ਅਪੀਲ ਕੀਤੀ ਕਿ ਉਹ ਇਸ ਮੁਹਿੰਮ ਦਾ ਹਿੱਸਾ ਬਣਨ, ਤਾਂ ਜੋ ਸਰਕਾਰਾਂ ਨੂੰ ਬੰਦੀ ਸਿੰਘ ਛੱਡਣ ਲਈ ਮਜ਼ਬੂਰ ਹੋਣਾ ਪਵੇ।

ਇਸ ਸਮੇਂ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਅਤੇ ਸ਼੍ਰੋਮਣੀ ਕਮੇਟੀ ਦੇ ਬੁਲਾਰੇ ਤੇ ਮੈਂਬਰ ਭਾਈ ਅਮਰਜੀਤ ਸਿੰਘ ਚਾਵਲਾ ਨੇ ਕਿਹਾ ਕਿ ਇਹ ਸਿੱਖ ਪੰਥ ਦਾ ਅਹਿਮ ਮਸਲਾ ਹੈ, ਜਿਸ ਸਬੰਧੀ ਸੰਗਤਾਂ ਦੀ ਸ਼ਮੂਲੀਅਤ ਨਿਰਣਾਇਕ ਸਾਬਤ ਹੋਵੇਗੀ। ਇਸ ਮੌਕੇ ਸ਼੍ਰੋਮਣੀ ਕਮੇਟੀ ਦੇ ਮੈਂਬਰ ਤੇ ਬੁਲਾਰੇ ਭਾਈ ਅਮਰਜੀਤ ਸਿੰਘ ਚਾਵਲਾ, ਹੈੱਡ ਗ੍ਰੰਥੀ ਗਿਆਨੀ ਜੋਗਿੰਦਰ ਸਿੰਘ, ਮੈਂਬਰ  ਕੁਲਵੰਤ ਸਿੰਘ ਮੰਨਣ,  ਅਜਮੇਰ ਸਿੰਘ ਖੇੜਾ,  ਦਲਜੀਤ ਸਿੰਘ ਭਿੰਡਰ,  ਚਰਨਜੀਤ ਸਿੰਘ ਕਾਲੇਵਾਲ,  ਗੁਰਿੰਦਰ ਸਿੰਘ ਗੋਗੀ, ਸ਼੍ਰੋਮਣੀ ਕਮੇਟੀ ਦੇ ਸਕੱਤਰ  ਪ੍ਰਤਾਪ ਸਿੰਘ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਮੈਨੇਜਰ  ਗੁਰਦੀਪ ਸਿੰਘ ਕੰਗ, ਵਧੀਕ ਮੈਨੇਜਰ  ਹਰਦੇਵ ਸਿੰਘ ਆਦਿ ਮੌਜੂਦ ਸਨ।