ਸਾਂਸਦ ਤਿਵਾੜੀ ਨੇ ਮੋਹਾਲੀ ਦੇ ਫੇਜ਼-8 ਵਿੱਚ ਝੂਲਾ ਡਿੱਗਣ ਦੀ ਘਟਨਾ ‘ਤੇ ਦੁੱਖ ਦਾ ਪ੍ਰਗਟਾਵਾ ਕੀਤਾ; ਪੀੜਤਾਂ ਦੇ ਜਲਦੀ ਠੀਕ ਹੋਣ ਦੀ ਕਾਮਨਾ ਕੀਤੀ
ਬਹਾਦਰਜੀਤ ਸਿੰਘ/ਮੋਹਾਲੀ, 5 ਸਤੰਬਰ,2022
ਸ੍ਰੀ ਆਨੰਦਪੁਰ ਸਾਹਿਬ ਤੋਂ ਸਾਂਸਦ ਅਤੇ ਸਾਬਕਾ ਕੇਂਦਰੀ ਮੰਤਰੀ ਮਨੀਸ਼ ਤਿਵਾੜੀ ਨੇ ਐਤਵਾਰ ਰਾਤ ਮੋਹਾਲੀ ਦੇ ਫੇਜ਼-8 ਸਥਿਤ ਦੁਸਹਿਰਾ ਗਰਾਊਂਡ ਵਿੱਚ ਚੱਲ ਰਹੇ ਮੇਲੇ ਦੌਰਾਨ ਲਗਪਗ 40 ਫੁੱਟ ਦੀ ਉਚਾਈ ਤੋਂ ਝੂਲਾ ਡਿੱਗਣ ਨਾਲ ਔਰਤਾਂ ਤੇ ਬੱਚਿਆਂ ਸਣੇ ਕਰੀਬ 20 ਲੋਕਾਂ ਦੇ ਜ਼ਖ਼ਮੀ ਹੋਣ ਦੀ ਘਟਨਾ ਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ ਅਤੇ ਪੀੜਤਾਂ ਦੇ ਜਲਦ ਠੀਕ ਹੋਣ ਦੀ ਕਾਮਨਾ ਕੀਤੀ ਹੈ।
ਇੱਥੋਂ ਜਾਰੀ ਇੱਕ ਬਿਆਨ ਵਿੱਚ ਸੰਸਦ ਮੈਂਬਰ ਤਿਵਾੜੀ ਨੇ ਕਿਹਾ ਕਿ ਮੇਲੇ ਦੌਰਾਨ ਵਾਪਰੇ ਇਸ ਦਰਦਨਾਕ ਹਾਦਸੇ ਲਈ ਜ਼ਿੰਮੇਵਾਰ ਵਿਅਕਤੀਆਂ ਨੂੰ ਸਖਤ ਸਜ਼ਾ ਮਿਲਣੀ ਚਾਹੀਦੀ ਹੈ, ਜਿਨ੍ਹਾਂ ਦੀ ਅਣਗਹਿਲੀ ਕਾਰਨ ਕਈ ਜਾਨਾਂ ਖਤਰੇ ਵਿੱਚ ਪਈਆਂ। ਉਨ੍ਹਾਂ ਨੇ ਡਿਪਟੀ ਕਮਿਸ਼ਨਰ ਅਮਿਤ ਤਲਵਾੜ ਨੂੰ ਮਾਮਲੇ ਦੀ ਨਿਆਂਇਕ ਜਾਂਚ ਕਰਵਾਉਣ ਅਤੇ ਦੋਸ਼ੀਆਂ ਖ਼ਿਲਾਫ਼ ਸਖ਼ਤ ਤੋਂ ਸਖ਼ਤ ਕਾਰਵਾਈ ਕਰਨ ਦੀ ਅਪੀਲ ਕੀਤੀ ਹੈ।
ਇਸ ਦੇ ਨਾਲ ਹੀ ਸਾਂਸਦ ਤਿਵਾੜੀ ਨੇ ਆਉਣ ਵਾਲੇ ਦਿਨਾਂ ਵਿੱਚ ਤਿਉਹਾਰਾਂ ਦੌਰਾਨ ਲੱਗਣ ਵਾਲੇ ਮੇਲਿਆਂ ਵਿੱਚ ਵੀ ਸਖ਼ਤੀ ਵਰਤਣ ਦੀ ਮੰਗ ਕੀਤੀ ਹੈ, ਤਾਂ ਜੋ ਭਵਿੱਖ ਵਿੱਚ ਅਜਿਹੀਆਂ ਦੁਖਦਾਈ ਘਟਨਾਵਾਂ ਨਾ ਵਾਪਰਨ।