ਸੰਗਰੂਰ ਦੀਆਂ 65 ਸ਼ਖ਼ਸੀਅਤਾਂ ਨੂੰ ਜ਼ਿਲ੍ਹਾ ਪੱਧਰੀ ਐਵਾਰਡ ਨਾਲ 71ਵੇਂ ਗਣਤੰਤਰ ਦਿਵਸ ਮੌਕੇ ਨਿਵਾਜਿਆ

219

ਸੰਗਰੂਰ ਦੀਆਂ 65 ਸ਼ਖ਼ਸੀਅਤਾਂ ਨੂੰ ਜ਼ਿਲ੍ਹਾ ਪੱਧਰੀ ਐਵਾਰਡ ਨਾਲ 71ਵੇਂ ਗਣਤੰਤਰ ਦਿਵਸ ਮੌਕੇ ਨਿਵਾਜਿਆ

ਸੰਗਰੂਰ, 26 ਜਨਵਰੀ:
ਪੁਲਿਸ ਲਾਈਨ ਸਟੇਡੀਅਮ ਵਿਖੇ 71ਵੇਂ ਗਣਤੰਤਰ ਦਿਵਸ ਮੌਕੇ ਆਯੋਜਿਤ ਜ਼ਿਲ੍ਹਾ ਪੱਧਰੀ ਸਮਾਗਮ ਦੌਰਾਨ ਪੰਜਾਬ ਦੇ ਕੈਬਨਿਟ ਮੰਤਰੀ ਓਮ ਪ੍ਰਕਾਸ਼ ਸੋਨੀ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕਰਦਿਆਂ ਕੌਮੀ ਝੰਡਾ ਲਹਿਰਾਉਣ ਦੀ ਰਸਮ ਅਦਾ ਕੀਤੀ।  ਸੋਨੀ ਨੇ ਜ਼ਿਲ੍ਹਾ ਵਾਸੀਆਂ ਨੂੰ ਗਣਤੰਤਰ ਦਿਵਸ ਦੀ ਮੁਬਾਰਕਬਾਦ ਦਿੱਤੀ ਅਤੇ ਦੇਸ਼ ਦੀ ਅਜ਼ਾਦੀ ਲਈ ਆਪਣੀਆਂ ਵਡਮੁੱਲੀਆਂ ਕੁਰਬਾਨੀਆਂ ਦੇਣ ਵਾਲੇ ਸ਼ਹੀਦਾਂ ਨੂੰ ਸ਼ਰਧਾ ਦੇ ਫੁੱਲ ਭੇਟ ਕੀਤੇ।  ਸੋਨੀ ਨੇ ਕਿਹਾ ਕਿ ਆਜ਼ਾਦੀ ਤੋਂ ਬਾਅਦ 26 ਜਨਵਰੀ 1950 ਨੂੰ ਭਾਰਤੀ ਸੰਵਿਧਾਨ ਲਾਗੂ ਹੋ ਜਾਣ ‘ਤੇ ਗਣਰਾਜ ਦੀ ਸਥਾਪਨਾ ਹੋਈ ਅਤੇ ਉਹ ਭਾਰਤ ਦੇ ਸੰਵਿਧਾਨ ਸਭਾ ਦੇ ਸਮੂਹ ਮੈਂਬਰਾਂ ਅਤੇ ਸੰਵਿਧਾਨ ਸਭਾ ਦੇ ਮੁਖੀ ਬਾਬਾ ਸਾਹਿਬ ਡਾ. ਭੀਮ ਰਾਓ ਅੰਬੇਦਕਰ ਨੂੰ ਸਜਦਾ ਕਰਦੇ ਹਨ ਜਿਨ੍ਹਾਂ ਨੇ ਦੇਸ਼ ਨੂੰ ਇਕ ਅਜਿਹਾ ਸੰਵਿਧਾਨ ਦਿੱਤਾ, ਜਿਸ ਨਾਲ ਦੇਸ਼ ਇੱਕ ਮਾਲਾ ਵਿੱਚ ਪਰੋਇਆ ਗਿਆ। ਉਨ੍ਹਾਂ ਕਿਹਾ ਕਿ ਭਾਰਤੀ ਸੰਵਿਧਾਨ ਦੀ ਖਾਸੀਅਤ ਕਰਕੇ ਹੀ ਸਾਡਾ ਦੇਸ਼ ਅੱਜ ਵਿਸ਼ਵ ਦੇ ਸਭ ਤੋਂ ਵੱਡੇ ਲੋਕਤਾਂਤਰਿਕ ਦੇਸ਼ ਵਜੋਂ ਉਭਰ ਕੇ ਸਾਹਮਣੇ ਆਇਆ ਹੈ।  ਸੋਨੀ ਨੇ ਕਿਹਾ ਕਿ ਇਹ ਦਿਹਾੜਾ ਸਾਨੂੰ ਸਾਡੇ ਆਜ਼ਾਦੀ ਘੁਲਾਟੀਆਂ ਵੱਲੋਂ ਦੇਸ਼ ਦੇ ਭਵਿੱਖ ਬਾਰੇ ਲਏ ਗਏ ਸੁਪਨਿਆਂ ਨੂੰ ਸਾਕਾਰ ਕਰਨ ਦੀ ਵੀ ਯਾਦ ਦਿਵਾਉਂਦਾ ਹੈ ਅਤੇ ਸਮੁੱਚੀ ਕਾਰਗੁਜ਼ਾਰੀ ‘ਤੇ ਝਾਤ ਮਾਰਨ ਦਾ ਮੌਕਾ ਪ੍ਰਦਾਨ ਕਰਦਾ ਹੈ।

ਸੰਗਰੂਰ ਦੇ 65 ਸ਼ਖ਼ਸੀਅਤਾਂ ਨੂੰ ਜ਼ਿਲ੍ਹਾ ਪੱਧਰੀ ਐਵਾਰਡ ਨਾਲ 71ਵੇਂ ਗਣਤੰਤਰ ਦਿਵਸ ਮੌਕੇ ਨਿਵਾਜਿਆ
ਇਸ ਉਪਰੰਤ ਆਪਣੇ ਭਾਸ਼ਣ ਵਿੱਚ  ਸੋਨੀ ਨੇ ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ‘ਚ ਪੰਜਾਬ ਸਰਕਾਰ ਵੱਲੋਂ ਚਲਾਏ ਜਾ ਰਹੇ ਮਹੱਤਵਪੂਰਨ ਪ੍ਰੋਜੈਕਟਾਂ ਤੇ ਵਿਕਾਸ ਕਾਰਜਾਂ ਬਾਰੇ ਵਿਸਥਾਰ ਵਿੱਚ ਸਾਂਝ ਪਾਈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਦੇ ਉਪਰਾਲਿਆਂ ਸਦਕਾ ਦੇਸ਼ ਵਿਦੇਸ਼ ਦੀ ਸੰਗਤ ਨੇ ਸੁਲਤਾਨਪੁਰ ਲੋਧੀ ਅਤੇ ਡੇਰਾ ਬਾਬਾ ਨਾਨਕ ਵਿਖੇ  ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਉਤਸ਼ਾਹ ਨਾਲ ਮਨਾਇਆ ਅਤੇ ਕੌਮਾਂਤਰੀ ਲਾਂਘਾ ਖੁੱਲ੍ਹਣ ਦੀ ਇਤਿਹਾਸਕ ਪ੍ਰਾਪਤੀ ਨਾਲ ਗੁਰਦੁਆਰਾ ਕਰਤਾਰਪੁਰ ਸਾਹਿਬ ਦੇ ਖੁੱਲ੍ਹੇ ਦਰਸ਼ਨ ਦੀਦਾਰ ਨਾਲ ਪੰਜਾਬੀਆਂ ਦੀ ਚਿਰੋਕਣੀ ਮੰਗ ਪੂਰੀ ਹੋਈ ਹੈ। ਉਨ੍ਹਾਂ ਸਰਕਾਰ ਦੀਆਂ ਹੋਰ ਅਹਿਮ ਪ੍ਰਾਪਤੀਆਂ ਅਤੇ ਰਾਜ ਦੇ ਸਮੂਹ ਵਰਗਾਂ ਲਈ ਉਲੀਕੀਆਂ ਜਾ ਰਹੀਆਂ ਯੋਜਨਾਵਾਂ ਬਾਰੇ ਵੀ ਵਿਸਥਾਰ ਵਿੱਚ ਦੱਸਿਆ ਅਤੇ ਕਿਹਾ ਕਿ ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਹੇਠ ਅੱਜ ਸਾਡ ਸੂਬਾ ਵਿਕਾਸ ਦੀਆਂ ਨਵੀਂਆਂ ਇਬਾਰਤਾ ਲਿਖ ਰਿਹਾ ਹੈ।  ਸੋਨੀ ਨੇ ਕਿਹਾ ਕਿ ਪੰਜਾਬ ਸਰਕਾਰ ਨੇ ਸ਼੍ਰੀ ਗੁਰੂ ਤੇਗ ਬਹਾਦਰ ਜੀ ਦਾ 399ਵਾਂ ਪਰਕਾਸ਼ ਪੁਰਬ, ਬਾਬਾ ਬੰਦਾ ਸਿੰਘ ਬਹਾਦਰ ਦੀ 350ਵੀਂ ਜਨਮ ਸ਼ਤਾਬਦੀ ਅਤੇ ਜੈਨ ਧਰਮ ਦੇ 10ਵੇਂ ਮੁਖੀ ਅਚਾਰੀਆ  ਮਹਾਂ ਪ੍ਰਾਗਿਆ ਦੀ ਜਨਮ ਸ਼ਤਾਬਦੀ ਵੀ ਸਤਿਕਾਰਤ ਢੰਗ ਨਾਲ ਮਨਾਉਣ ਦੀ ਤਜ਼ਵੀਜ਼ ਰੱਖੀ ਹੈ। ਉਨ੍ਹਾਂ ਪੰਜਾਬ ਨੂੰ ਇੱਕ ਬਿਹਤਰੀਨ ਸੂਬਾ ਬਣਾਉਣ ਲਈ ਆਪੋ ਆਪਣਾ ਯੋਗਦਾਨ ਪਾਉਣ ਦਾ ਸੱਦਾ ਦਿੱਤਾ ਤਾਂ ਜੋ ਰਾਜ ਨੂੰ ਹੋਰ ਉੱਨਤੀ ਦੇ ਰਾਹ ‘ਤੇ ਲਿਜਾਇਆ ਜਾ ਸਕੇ।


ਇਸ ਤੋਂ ਪਹਿਲਾਂ ਮੁੱਖ ਮਹਿਮਾਨ ਦੀ ਤਰਫੋਂ ਪੁਲਿਸ ਲਾਈਨ ਵਿਖੇ ਸ਼ਹੀਦੀ ਯਾਦਗਾਰ ‘ਤੇ ਸ਼ਹੀਦਾਂ ਨੂੰ ਸ਼ਰਧਾਂਜਲੀਆਂ ਭੇਟ ਕੀਤੀਆਂ। ਇਸ ਉਪਰੰਤ ਪੁਲਿਸ ਲਾਈਨ ਸਟੇਡੀਅਮ ਵਿਖੇ ਕੌਮੀ ਝੰਡਾ ਲਹਿਰਾਉਣ ਦੀ ਰਸਮ ਅਦਾ ਕਰਨ ਮਗਰੋਂ ਪਰੇਡ ਟੁਕੜੀਆਂ ਦਾ ਨਿਰੀਖਣ ਕੀਤਾ ਗਿਆ ਅਤੇ ਮਾਰਚ ਪਾਸਟ ਤੋਂ ਸਲਾਮੀ ਲਈ ਗਈ। ਇਸ ਮੌਕੇ ਡਿਪਟੀ ਕਮਿਸ਼ਨਰ  ਘਨਸ਼ਿਆਮ ਥੋਰੀ, ਐਸ.ਐਸ.ਪੀ ਡਾ. ਸੰਦੀਪ ਗਰਗ ਅਤੇ ਪਰੇਡ ਕਮਾਂਡਰ ਏ.ਐਸ.ਪੀ  ਅਦਿੱਤਯ ਵੀ ਉਨ੍ਹਾਂ ਦੇ ਨਾਲ ਸਨ। ਬਾਅਦ ਵਿੱਚ ਪੰਜਾਬ ਸਰਕਾਰ ਦੇ ਫਲੈਗਸ਼ਿਪ ਪ੍ਰੋਗਰਾਮਾਂ ‘ਤੇ ਆਧਾਰਿਤ ਝਾਕੀਆਂ ਦੀ ਪੇਸ਼ਕਾਰੀ ਹੋਈ ਜਿਸ ਵਿੱਚ ਨਸ਼ਾ ਮੁਕਤੀ ਯੋਜਨਾ, ਪੀ.ਐਸ.ਪੀ.ਸੀ.ਐਲ, ਤੰਦਰੁਸਤ ਪੰਜਾਬ ਮਿਸ਼ਨ, ਮਹਾਤਮਾ ਗਾਂਧੀ ਸਰਬਤ ਵਿਕਾਸ ਯੋਜਨਾ, ਘਰ ਘਰ ਰੋਜ਼ਗਾਰ, ਘਰ ਘਰ ਹਰਿਆਲੀ, ਸਾਂਝ ਕੇਂਦਰ, ਸਮਾਰਟ ਸਕੂਲ , ਬਾਗਬਾਨੀ, ਖੇਤੀਬਾੜੀ, ਕਿਸਾਨ ਕਰਜ਼ਾ ਰਾਹਤ ਯੋਜਨਾ , ਬੇਟੀ ਬਚਾਓ ਬੇਟੀ ਪੜ੍ਹਾਓ ਤੇ ਪੋਸ਼ਣ ਅਭਿਆਨ, ਮਾਰਕਫੈਡ ਦੀਆਂ ਝਾਕੀਆਂ ਸ਼ਾਮਲ ਸਨ। ਇਸ ਤੋਂ ਬਾਅਦ ਵਿੱਚ ਸਭਿਆਚਾਰਕ ਪ੍ਰੋਗਰਾਮਾਂ ਤਹਿਤ ਗੋਲਡਨ ਅਰਥ ਗਲੋਬਲ ਸਕੂਲ, ਪੁਲਿਸ ਲਾਈਨ ਸਕੂਲ, ਡੀ.ਏ.ਵੀ ਸਕੂਲ ਸੁਨਾਮ ਅਤੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਬਡਰੁੱਖਾਂ ਦੇ ਵਿਦਿਆਰਥੀਆਂ ਵੱਲੋਂ ਦੇਸ਼ ਭਗਤੀ ‘ਤੇ ਆਧਾਰਿਤ ਗੀਤਾਂ ਸਬੰਧੀ ਸਭਿਆਚਾਰਕ ਪ੍ਰੋਗਰਾਮ ਪੇਸ਼ ਕੀਤਾ ਗਿਆ ਜਦਕਿ ਪੀ.ਟੀ. ਸ਼ੋਅ, ਲੇਜ਼ੀਅਮ ਤੇ ਟਿੱਪਰੀ ਦੀ ਪੇਸ਼ਕਾਰੀ ਵੀ ਸ਼ਾਨਦਾਰ ਰਹੀ।

ਇਸ ਦੌਰਾਨ ਕੈਬਨਿਟ ਮੰਤਰੀ ਨੇ ਆਜ਼ਾਦੀ ਘੁਲਾਟੀਆਂ ਤੇ ਉਨ੍ਹਾਂ ਦੇ ਪਰਿਵਾਰਾਂ ਨੂੰ ਵੀ ਜ਼ਿਲ੍ਹਾ ਪ੍ਰਸਾਸਨ ਦੀ ਤਰਫੋਂ ਵਿਸ਼ੇਸ ਤੌਰ ‘ਤੇ ਸਨਮਾਨਿਤ ਕੀਤਾ। ਬਾਅਦ ਵਿੱਚ ਮੁੱਖ ਮਹਿਮਾਨ ਨੇ ਲੋੜਵੰਦਾਂ ਨੂੰ ਸਿਲਾਈ ਮਸ਼ੀਨਾਂ, ਟਰਾਈ ਸਾਈਕਲਾਂ ਦੀ ਵੰਡ ਕੀਤੀ ਅਤੇ ਵੱਖ-ਵੱਖ ਖੇਤਰਾਂ ‘ਚ ਨਾਮਣਾ ਖੱਟਣ ਵਾਲੀਆਂ 65 ਸ਼ਖ਼ਸੀਅਤਾਂ ਨੂੰ ਜ਼ਿਲ੍ਹਾ ਪੱਧਰੀ ਪੁਰਸਕਾਰ ਨਾਲ ਸਨਮਾਨਿਤ ਕੀਤਾ ਗਿਆ ਅਤੇ ਡੇਪੋ ਤੇ ਬੱਡੀ ਮੁਹਿੰਮ ਲਈ ਸ਼ਲਾਘਾਯੋਗ ਕਾਰਜ ਕਰਨ ਵਾਲਿਆਂ ਨੂੰ ਵੀ ਸਨਮਾਨਤ ਕੀਤਾ ਗਿਆ। ਇਸ ਉਪਰੰਤ ਮੁੱਖ ਮਹਿਮਾਨ ਵੱਲੋਂ ਪਰੇਡ ਕਮਾਂਡਰ, ਵੱਖ ਵੱਖ ਟੁਕੜੀਆਂ ਦੇ ਕਮਾਂਡਰਾਂ ਨੂੰ ਵੀ ਸਨਮਾਨਿਤ ਕੀਤਾ ਗਿਆ ਅਤੇ ਯਾਦਗਾਰੀ ਤਸਵੀਰਾਂ ਵੀ ਖਿਚਵਾਈਆਂ ਗਈਆਂ। ਇਸ ਮੌਕੇ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ  ਸੋਨੀ ਨੂੰ ਯਾਦਗਾਰੀ ਚਿੰਨ੍ਹ ਭੇਟ ਕਰਕੇ ਸਨਮਾਨਿਤ ਕੀਤਾ ਗਿਆ।


ਸਮਾਗਮ ਦੇ ਅਖੀਰ ਵਿੱਚ ਪੰਜਾਬ ਦੇ ਪ੍ਰਸਿੱਧ ਲੋਕ ਨਾਚ ਗਿੱਧੇ ਅਤੇ ਭੰਗੜੇ ਦੀ ਖੂਬਸੂਰਤ ਪੇਸ਼ਕਾਰੀ ਹੋਈ ਅਤੇ ਅਕਾਲ ਅਕੈਡਮੀ ਫਤਿਹਗੜ੍ਹ ਗੰਢੂਆਂ ਦੀ ਟੀਮ ਨੇ ਰਾਸ਼ਟਰੀ ਗਾਣ ਪੇਸ਼ ਕੀਤਾ। ਬਾਅਦ ਵਿੱਚ ਕੈਬਨਿਟ ਮੰਤਰੀ ਨੇ ਗਰੇਟਰ ਲਾਇਨਜ਼ ਕਲੱਬ ਸੰਗਰੂਰ ਦੀ ਤਰਫੋਂ ਲਗਾਏ ਗਏ ਖੂਨਦਾਨ ਕੈਂਪ ਦਾ ਉਦਘਾਟਨ ਕਰਦਿਆਂ ਵਾਲੰਟੀਅਰਾਂ ਦੀ ਹੌਂਸਲਾ ਅਫਜਾਈ ਕੀਤੀ। ਇਸ ਮੌਕੇ ਕੈਬਨਿਟ ਮੰਤਰੀ ਨੇ ਸਭਿਆਚਾਰਕ ਪ੍ਰੋਗਰਾਮ ਦੀ ਪੇਸ਼ਕਾਰੀ ਤੋਂ ਪ੍ਰਭਾਵਿਤ ਹੁੰਦਿਆਂ ਸਮਾਗਮ ਵਿੱਚ ਭਾਗ ਲੈਣ ਵਾਲੇ ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਲਈ ਸੋਮਵਾਰ ਦੀ ਛੁੱਟੀ ਦਾ ਐਲਾਨ ਕੀਤਾ। ਉਨ੍ਹਾਂ ਪੁਲਿਸ ਲਾਈਨ ਦੇ ਕਾਇਆ ਕਲਪ ਲਈ 10 ਲੱਖ ਰੁਪਏ ਦੀ ਗਰਾਂਟ ਦੇਣ ਦਾ ਵੀ ਐਲਾਨ ਕੀਤਾ।


ਸਮਾਗਮ ਦੌਰਾਨ ਜ਼ਿਲ੍ਹਾ ਤੇ ਸੈਸ਼ਨਜ ਜੱਜ ਸ. ਹਰਪਾਲ ਸਿੰਘ ਸਮੇਤ ਹੋਰ ਜੁਡੀਸ਼ੀਅਲ ਅਧਿਕਾਰੀ, ਵਧੀਕ ਡਿਪਟੀ ਕਮਿਸ਼ਨਰ ਰਾਜੇਸ਼ ਤ੍ਰਿਪਾਠੀ, ਵਧੀਕ ਡਿਪਟੀ ਕਮਿਸ਼ਨਰ ਵਿਕਾਸ ਰਜਿੰਦਰ ਬੱਤਰਾ, ਐਸ.ਡੀ.ਐਮ ਬਬਨਦੀਪ ਸਿੰਘ ਵਾਲੀਆ, ਸੀਨੀਅਰ ਕਾਂਗਰਸੀ ਆਗੂ ਮਤੀ ਦਾਮਨ ਥਿੰਦ ਬਾਜਵਾ ਸਮੇਤ ਵੱਡੀ ਗਿਣਤੀ ਵਿੱਚ ਹੋਰ ਅਧਿਕਾਰੀ, ਆਗੂ , ਅਧਿਆਪਕ, ਸ਼ਹਿਰ ਵਾਸੀ ਅਤੇ ਵੱਖ ਵੱਖ ਸਕੂਲਾਂ ਤੇ ਕਾਲਜਾਂ ਦੇ ਵਿਦਿਆਰਥੀ ਵੀ ਹਾਜ਼ਰ ਸਨ।