ਖ਼ਾਲਸਾ ਕਾਲਜ ਪਟਿਆਲਾ ਨੇ ਵੱਖ-ਵੱਖ ਢੰਗਾਂ ਨਾਲ ਮਨਾਇਆ ਦੀਵਾਲੀ ਦਾ ਤਿਉਹਾਰ

282

ਖ਼ਾਲਸਾ ਕਾਲਜ ਪਟਿਆਲਾ ਨੇ ਵੱਖ-ਵੱਖ ਢੰਗਾਂ ਨਾਲ ਮਨਾਇਆ ਦੀਵਾਲੀ ਦਾ ਤਿਉਹਾਰ

ਗੁਰਜੀਤ ਸਿੰਘ, ਪਟਿਆਲਾ ,ਨਵੰਬਰ 14,2020

ਕੱਲ ਖ਼ਾਲਸਾ ਕਾਲਜ ਪਟਿਆਲਾ ਦੇ ਵੱਖ-ਵੱਖ ਵਿਭਾਗਾਂ ਵੱਲੋਂ ਭਿੰਨ-ਭਿੰਨ ਤਰੀਕਿਆਂ ਨਾਲ ਦੀਵਾਲੀ ਦਾ ਸ਼ੁੱਭ ਤਿਉਹਾਰ ਮਨਾਇਆ ਗਿਆ। ਇਸ ਮੌਕੇ ਕਾਮਰਸ ਐਂਡ ਮੈਨੇਜਮੈਂਟ ਵਿਭਾਗ ਵੱਲੋਂ ਸਨਾਤਨ ਕੁਮਾਰ ਸਭਾ ਦਸੌਂਦੀ ਰਾਮ ਵੀਰ ਜੀ ਅਪਾਹਜ ਆਸ਼ਰਮ ਵਿਖੇ ਲੋੜਵੰਦਾਂ ਨੂੰ ਖਾਣ-ਪੀਣ ਦਾ ਸਮਾਨ ਅਤੇ ਤੋਹਫ਼ੇ ਵੰਡੇ ਗਏ। ਵਿਭਾਗ ਦੇ ਮੀਟ ਐਂਡ ਗ੍ਰੀਟ ਕਲੱਬ ਵੱਲੋਂ ਕਾਲਜ ਵਿਖੇ ਵੀ ਪ੍ਰੋਗਰਾਮ ਆਯੋਜਿਤ ਕੀਤਾ ਗਿਆ। ਕਾਲਜ ਦੇ ਪੋਸਟ ਗ੍ਰੈਜੂਏਟ ਅੰਗ੍ਰੇਜ਼ੀ, ਸੱਭਿਆਚਾਰਕ ਅਧਿਐਨ ਅਤੇ ਵਿਦੇਸ਼ੀ ਭਾਸ਼ਾਵਾਂ ਵਿਭਾਗ ਵੱਲੋਂ ਆਨਲਾਈਨ ਵਿਧੀ ਰਾਹੀਂ ਤਿਉਹਾਰ ਨੂੰ ਸਮਰਪਿਤ ਪ੍ਰੋਗਰਾਮ ਆਯੋਜਿਤ ਕੀਤਾ ਗਿਆ। ਇਸ ਮੌਕੇ ਵਿਦਿਆਰਥੀਆਂ ਨੇ ਕਵਿਤਾ ਉਚਾਰਣ ਕੀਤਾ ਅਤੇ ਗੀਤ ਗਾਏ, ਵਿਭਾਗ ਅਧੀਨ ਚੱਲ ਰਹੀ ਸੁਸਾਇਟੀ ਅਤੇ ਕਲੱਬ ਦੇ ਯਤਨਾਂ ਸਦਕਾ ਵਿਦਿਆਰਥੀਆਂ ਨੇ ਪੂਰੇ ਉਤਸ਼ਾਹ ਨਾਲ ਇਸ ਪ੍ਰੋਗਰਾਮ ਵਿੱਚ ਭਾਗ ਲਿਆ। ਪੋਸਟ ਗ੍ਰੈਜੂਏਟ ਪੰਜਾਬੀ ਵਿਭਾਗ ਵੱਲੋਂ ਯਾਦਵਿੰਦਰਾ ਪੂਰਨ ਬਾਲ ਨਿਕੇਤਨ ਵਿਖੇ ਲੋੜਵੰਦਾਂ ਨੂੰ ਖਾਣ-ਪੀਣ ਦੀਆਂ ਵਸਤਾਂ ਅਤੇ ਹੋਰ ਲੋੜੀਂਦੀਆਂ ਵਸਤਾਂ ਵੰਡੀਆਂ ਗਈਆਂ। ਪੋਸਟ ਗ੍ਰੈਜੂਏਟ ਫੈਸ਼ਨ ਡਿਜ਼ਾਇਨਿੰਗ ਅਤੇ ਹੋਮ ਸਾਇੰਸ ਵਿਭਾਗ ਵੱਲੋਂ ਆਨਲਾਈਨ ਵਿਧੀ ਰਾਹੀਂ ਦੀਵੇ ਅਤੇ ਮੋਮਬੱਤੀਆਂ ਦੀ ਸਜਾਵਟ ਕਰਨ ਦੇ ਮੁਕਾਬਲੇ ਕਰਵਾਏ ਗਏ।

ਖ਼ਾਲਸਾ ਕਾਲਜ ਪਟਿਆਲਾ ਨੇ ਵੱਖ-ਵੱਖ ਢੰਗਾਂ ਨਾਲ ਮਨਾਇਆ ਦੀਵਾਲੀ ਦਾ ਤਿਉਹਾਰ

ਕਾਲਜ ਪਿ੍ਰੰਸੀਪਲ ਡਾ. ਧਰਮਿੰਦਰ ਸਿੰਘ ਉੱਭਾ ਨੇ ਵਿਭਾਗਾਂ ਦੁਆਰਾ ਕੀਤੇ ਗਏ ਇਨ੍ਹਾਂ ਯਤਨਾਂ ਦੀ ਸ਼ਲਾਘਾ ਕਰਦਿਆਂ ਵਿਦਿਆਰਥੀਆਂ ਨੂੰ ਪਟਾਕੇ ਨਾ ਚਲਾ ਕੇ ਗ੍ਰੀਨ ਦੀਵਾਲੀ ਮਨਾਉਣ ਲਈ ਪ੍ਰੇਰਿਤ ਕੀਤਾ। ਉਨ੍ਹਾਂ ਨੇ ਕਿਹਾ ਕਿ ਸਾਦਗੀ ਨਾਲ ਮਨਾਏ ਜਾਣ ਵਾਲੇ ਤਿਉਹਾਰਾਂ ਜ਼ਰੀਏ ਵਿਦਿਆਰਥੀ ਸਮੁੱਚੇ ਸਮਾਜ ਲਈ ਪ੍ਰੇਰਨਾਦਾਇਕ ਬਣ ਸਕਦੇ ਹਨ ਅਤੇ ਚੰਗੇ ਨਾਗਰਿਕ ਸਾਬਤ ਹੋ ਸਕਦੇ ਹਨ।

ਵਿਭਾਗਾਂ ਦੇ ਮੁਖੀ ਸਾਹਿਬਾਨ ਡਾ. ਜਸਲੀਨ ਕੌਰ, ਡਾ. ਦੀਪਇੰਦਰਜੀਤ ਰੰਧਾਵਾ, ਪ੍ਰੋ. ਪਰਮਜੀਤ ਕੌਰ ਅਤੇ ਡਾ. ਬਲਬੀਰ ਕੌਰ ਨੇ ਇਨ੍ਹਾਂ ਗਤੀਵਿਧੀਆਂ ਵਿੱਚ ਸਹਿਯੋਗ ਦੇਣ ਲਈ ਵਿਭਾਗ ਦੇ ਸਮੂਹ ਸਟਾਫ਼ ਮੈਂਬਰਾਂ ਦਾ ਧੰਨਵਾਦ ਕੀਤਾ। ਉਨ੍ਹਾਂ ਨੇ ਵਿਦਿਆਰਥੀਆਂ ਨੂੰ ਸੰਕਟ ਸਮੇਂ ਗ੍ਰੀਨ ਦੀਵਾਲੀ ਮਨਾ ਕੇ ਲੋੜਵੰਦਾਂ ਦੀ ਮੱਦਦ ਕਰਨ ਲਈ ਪ੍ਰੇਰਿਆ। ਅਧਿਆਪਕ ਸਾਹਿਬਾਨ ਅਤੇ ਵਿਦਿਆਰਥੀਆਂ ਦੇ ਸਹਿਯੋਗ ਨਾਲ ਇਹ ਪ੍ਰੋਗਰਾਮ ਸਫ਼ਲਤਾਪੂਰਵਕ ਸੰਪਨ ਹੋਇਆ।