ਨੌਵੇਂ ਪਾਤਸ਼ਾਹ ਜੀ ਦੇ ਸ਼ਹੀਦੀ ਸਾਕੇ ਦੀ 350 ਸਾਲਾ ਸ਼ਤਾਬਦੀ: ਸ੍ਰੀ ਅਨੰਦਪੁਰ ਸਾਹਿਬ ਦੀ ਪਾਵਨ ਧਰਤੀ ’ਤੇ ਸ਼ਹੀਦੀ ਸ਼ਤਾਬਦੀ ਨੂੰ ਸਮਰਪਿਤ 35 ਹਜ਼ਾਰ ਸਹਿਜ ਪਾਠ ਸਾਹਿਬ ਦੇ ਪਾਏ ਗਏ ਭੋਗ

63

ਨੌਵੇਂ ਪਾਤਸ਼ਾਹ ਜੀ ਦੇ ਸ਼ਹੀਦੀ ਸਾਕੇ ਦੀ 350 ਸਾਲਾ ਸ਼ਤਾਬਦੀ: ਸ੍ਰੀ ਅਨੰਦਪੁਰ ਸਾਹਿਬ ਦੀ ਪਾਵਨ ਧਰਤੀ ’ਤੇ ਸ਼ਹੀਦੀ ਸ਼ਤਾਬਦੀ ਨੂੰ ਸਮਰਪਿਤ 35 ਹਜ਼ਾਰ ਸਹਿਜ ਪਾਠ ਸਾਹਿਬ ਦੇ ਪਾਏ ਗਏ ਭੋਗ

ਬਹਾਦਰਜੀਤ ਸਿੰਘ /royalpatiala.in News/ਸ੍ਰੀ ਅਨੰਦਪੁਰ ਸਾਹਿਬ, 16 ਨਵੰਬਰ,2025

ਸ੍ਰੀ ਗੁਰੂ ਤੇਗ਼ ਬਹਾਦਰ ਜੀ, ਉਨ੍ਹਾਂ ਦੇ ਅਨਿੰਨ ਸਿੱਖਾਂ – ਭਾਈ ਸਤੀ ਦਾਸ ਜੀ, ਭਾਈ ਮਤੀ ਦਾਸ ਜੀ ਤੇ ਭਾਈ ਦਿਆਲਾ ਜੀ ਦੇ ਸ਼ਹੀਦੀ ਸਾਕੇ ਦੀ 350 ਸਾਲਾ ਸ਼ਤਾਬਦੀ ਨੂੰ ਸਮਰਪਿਤ ਸ੍ਰੀ ਸਹਿਜ ਪਾਠ ਸਾਹਿਬ ਸੇਵਾ ਸੰਸਥਾ ਵੱਲੋਂ ਸ੍ਰੀ ਅਨੰਦਪੁਰ ਸਾਹਿਬ ਵਿਖੇ ਸ੍ਰੀ ਗੁਰੂ ਤੇਗ਼ ਬਹਾਦਰ ਖ਼ਾਲਸਾ ਕਾਲਜ ਦੇ ਸ੍ਰੀ ਗੁਰੂ ਗੋਬਿੰਦ ਸਿੰਘ ਸਟੇਡੀਅਮ ਵਿਖੇ 35 ਹਜ਼ਾਰ ਸ੍ਰੀ ਸਹਿਜ ਪਾਠ ਸਾਹਿਬ ਦੇ ਸਮੂਹਕ ਰੂਪ ਵਿੱਚ ਭੋਗ ਪਾਏ ਗਏ। ਇਹ ਸਮਾਗਮ ਸ੍ਰੀ ਅਕਾਲ ਤਖ਼ਤ ਸਾਹਿਬ ਤੇ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੀ ਰਹਿਨੁਮਾਈ ਹੇਠ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਵਿਸ਼ੇਸ਼ ਸਹਿਯੋਗ ਨਾਲ ਕਰਵਾਏ ਗਏ। ਇਸ ਸਮਾਗਮ ਦਾ ਅਲੌਕਿਕ ਪੱਖ ਇਹ ਸੀ ਕਿ ਹਾਜ਼ਰ ਸਿੱਖ ਸੰਗਤ ਨੇ ਪੂਰੇ ਖ਼ਾਲਸਈ ਜਾਹੋ ਜਲਾਲ ਵਾਲਾ ਮਾਹੌਲ ਸਿਰਜਿਆ ਹੋਇਆ ਸੀ।

ਇਸ ਮੌਕੇ ਸੰਗਤ ਨੂੰ ਸੰਬੋਧਨ ਕਰਦਿਆਂ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਤੇ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਸਮੁੱਚੀ ਸਿੱਖ ਕੌਮ ਨੂੰ ਅਪੀਲ ਕੀਤੀ ਕਿ 23 ਤੋਂ 29 ਨਵੰਬਰ ਤੱਕ 350 ਸਾਲਾ ਸ਼ਹੀਦੀ ਸ਼ਤਾਬਦੀ ਨੂੰ ਸਮਰਪਿਤ ਹੁੰਦਿਆਂ ਆਪੋ ਆਪਣੇ ਘਰਾਂ ਦੇ ਉੱਤੇ ਖ਼ਾਲਸਈ ਨਿਸ਼ਾਨ ਸਾਹਿਬ ਝੁਲਾਏ ਜਾਣ। ਉਨ੍ਹਾਂ ਸਮੁੱਚੀ ਸਿੱਖ ਕੌਮ ਨੂੰ ਸ਼ਤਾਬਦੀ ਸਮਾਗਮਾਂ ਮੌਕੇ ਖ਼ਾਲਸੇ ਦੀ ਜਨਮ ਭੂਮੀ ਸ੍ਰੀ ਅਨੰਦਪੁਰ ਸਾਹਿਬ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਤੇ ਗੁਰਦੁਆਰਾ ਸ੍ਰੀ ਸੀਸ ਗੰਜ ਸਾਹਿਬ ਵਿਖੇ ਲੱਖਾਂ ਦੀ ਗਿਣਤੀ ਵਿੱਚ ਪਹੁੰਚਣ ਦਾ ਸੱਦਾ ਦਿੱਤਾ।

ਨੌਵੇਂ ਪਾਤਸ਼ਾਹ ਜੀ ਦੇ ਸ਼ਹੀਦੀ ਸਾਕੇ ਦੀ 350 ਸਾਲਾ ਸ਼ਤਾਬਦੀ: ਸ੍ਰੀ ਅਨੰਦਪੁਰ ਸਾਹਿਬ ਦੀ ਪਾਵਨ ਧਰਤੀ ’ਤੇ ਸ਼ਹੀਦੀ ਸ਼ਤਾਬਦੀ ਨੂੰ ਸਮਰਪਿਤ 35 ਹਜ਼ਾਰ ਸਹਿਜ ਪਾਠ ਸਾਹਿਬ ਦੇ ਪਾਏ ਗਏ ਭੋਗ

ਜਥੇਦਾਰ ਗੜਗੱਜ ਨੇ ਸੰਗਤ ਨੂੰ ਗੁਰੂ ਸਾਹਿਬਾਨ ਦੇ ਬਖ਼ਸ਼ੇ ਫ਼ਲਸਫ਼ੇ ਉੱਤੇ ਚੱਲਣ ਦੀ ਪ੍ਰੇਰਣਾ ਦਿੱਤੀ ਤੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਗੁਰਬਾਣੀ ਅਤੇ ਸਿੱਖੀ ਬਾਣੇ ਨਾਲ ਜੁੜਣ ਲਈ ਆਖਿਆ।

ਇਸ ਮੌਕੇ ਸ਼੍ਰੋਮਣੀ ਕਮੇਟੀ ਦੇ ਮੁੱਖ ਸਕੱਤਰ ਕੁਲਵੰਤ ਸਿੰਘ ਮੰਨਣ, ਅੰਤ੍ਰਿੰਗ ਕਮੇਟੀ ਮੈਂਬਰ ਦਿਲਜੀਤ ਸਿੰਘ ਭਿੰਡਰ, ਸੰਤ ਬਾਬਾ ਸਤਨਾਮ ਸਿੰਘ ਕਾਰ ਸੇਵਾ ਕਿਲ੍ਹ ਅਨੰਦਗੜ੍ਹ, ਗੁਰਦੁਆਰਾ ਸ਼ਹੀਦੀ ਬਾਗ਼ ਸਾਹਿਬ ਤੇ ਦਲ ਪੰਥ ਬਾਬਾ ਬਿਧੀ ਚੰਦ ਤੋਂ ਬਾਬਾ ਨਿਹਾਲ ਸਿੰਘ, ਤਰਨਾ ਦਲ ਹਰੀਆਂ ਵੇਲਾਂ ਤੋਂ ਜਥੇਦਾਰ ਬਾਬਾ ਨਾਗਰ ਸਿੰਘ ਜੀ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਤੋਂ ਮੁੱਖ ਗ੍ਰੰਥੀ ਗਿਆਨੀ ਜੁਗਿੰਦਰ ਸਿੰਘ, ਭਾਈ ਰਾਜਪਾਲ ਸਿੰਘ ਸ੍ਰੀ ਸਹਿਜ ਪਾਠ ਸਾਹਿਬ ਸੇਵਾ ਸੰਸਥਾ, ਭਾਈ ਦਿਲਬਾਗ਼ ਸਿੰਘ, ਪ੍ਰਿੰਸੀਪਲ ਸ੍ਰੀ ਗੁਰੂ ਤੇਗ਼ ਬਹਾਦਰ ਖ਼ਾਲਸਾ ਕਾਲਜ ਜਸਬੀਰ ਸਿੰਘ, ਮੈਨੇਜਰ ਗੁਰਦੀਪ ਸਿੰਘ ਕੰਗ, ਐਡੀਸ਼ਨਲ ਮੈਨੇਜਰ ਹਰਦੇਵ ਸਿੰਘ, ਸਿੱਖ ਮਿਸ਼ਨਰੀ ਕਾਲਜ ਸ੍ਰੀ ਅਨੰਦਪੁਰ ਸਾਹਿਬ ਤੋਂ ਪ੍ਰਿੰਸੀਪਲ ਚਰਨਜੀਤ ਸਿੰਘ ਤੇ ਵੱਡੀ ਗਿਣਤੀ ਵਿੱਚ ਸਿੱਖ ਸੰਗਤ ਹਾਜ਼ਰ ਸੀ।