400 ਸਾਲਾ ਸ਼ਤਾਬਦੀ ਨੂੰ ਸਮਰਪਿਤ ਆਗਮਨ ਪੁਰਬ ਮੌਕੇ ਗੁਰਦੁਆਰਾ ਮੋਤੀ ਬਾਗ ਸਾਹਿਬ ਵਿਖੇ ਮਹਾਨ ਗੁਰਮਤਿ ਸਮਾਗਮ

434

400 ਸਾਲਾ ਸ਼ਤਾਬਦੀ ਨੂੰ ਸਮਰਪਿਤ ਆਗਮਨ ਪੁਰਬ ਮੌਕੇ ਗੁਰਦੁਆਰਾ ਮੋਤੀ ਬਾਗ ਸਾਹਿਬ ਵਿਖੇ ਮਹਾਨ ਗੁਰਮਤਿ ਸਮਾਗਮ

ਪਟਿਆਲਾ 3 ਅਕਤੂਬਰ ()

400 ਸਾਲਾ ਸ਼ਤਾਬਦੀ ਨੂੰ ਸਮਰਪਿਤ ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ ਆਗਮਨ ਪੁਰਬ ਨੂੰ ਸਮਰਪਿਤ ਮਹਾਨ ਗੁਰਮਤਿ ਸਮਾਗਮ ਸ਼੍ਰੋਮਣੀ ਕਮੇਟੀ ਪ੍ਰਬੰਧ ਅਧੀਨ ਗੁਰਦੁਆਰਾ ਸ੍ਰੀ ਮੋਤੀ ਬਾਗ ਸਾਹਿਬ ਵਿਖੇ ਸੰਗਤਾਂ ਵੱਲੋਂ ਸ਼ਰਧਾ ਭਾਵਨਾ ਅਤੇ ਸਤਿਕਾਰ ਨਾਲ ਮਨਾਇਆ ਗਿਆ। ਇਸ ਮੌਕੇ ਗੁਰਮਤਿ ਸਮਾਗਮ ਦੀ ਆਰੰਭਤਾ ਅੰਮ੍ਰਿਤ ਵੇਲੇ ਹੈਡ ਗ੍ਰੰਥੀ ਗਿਆਨੀ ਭਾਈ ਪ੍ਰਨਾਮ ਸਿੰਘ ਪਾਸੋਂ ਅਰਦਾਸ ਉਪਰੰਤ ਕੀਤੀ ਗਈ ਅਤੇ ਹਜ਼ੂਰੀ ਰਾਗੀ ਸੱਚਖੰਡ ਸ੍ਰੀ ਦਰਬਾਰ ਸਾਹਿਬ ਭਾਈ ਸ਼ੌਕੀਨ ਸਿੰਘ ਨੇ ਆਸਾ ਦੀ ਵਾਰ ਦਾ ਕੀਰਤਨ ਕੀਤਾ। ਗੁਰਦੁਆਰਾ ਸਾਹਿਬ ਵਿਖੇ ਸੱਚਖੰਡ ਸ੍ਰੀ ਦਰਬਾਰ ਸਾਹਿਬ ਦੇ ਹਜ਼ੂਰੀ ਰਾਗੀ ਕੀਰਤਨੀ ਜਥਿਆਂ ਭਾਈ ਸਤਨਾਮ ਸਿੰਘ ਕੁਹਾੜਕਾ ਅਤੇ ਭਾਈ ਕਰਨੈਲ ਸਿੰਘ ਨੇ ਸੰਗਤਾਂ ਨੂੰ ਗੁਰਬਾਣੀ ਕੀਰਤਨ ਨਾਲ ਜੋੜਿਆ। ਆਗਮਨ ਪੁਰਬ ਨੂੰ ਸਮਰਪਿਤ ਗੁਰਦੁਆਰਾ ਸ੍ਰੀ ਮੋਤੀ ਬਾਗ ਸਾਹਿਬ ਵਿਖੇ ਗੁਰੂ ਸਾਹਿਬ ਦੇ ਦਰਬਾਰ ਦੀ ਸਜਾਵਟ ਅਤੇ ਕੀਤੀ ਗਈ ਦੀਪਮਾਲਾ ਸੰਗਤਾਂ ‘ਚ ਖਿੱਚ ਦਾ ਕੇਂਦਰ ਬਣੀ। ਇਸ ਮੌਕੇ ਸੰਗਤਾਂ ਨੇ ਪੰਗਤ-ਸੰਗਤ ਕੀਤੀ ਅਤੇ ਸ਼੍ਰੋਮਣੀ ਕਮੇਟੀ ਵੱਲੋਂ ਲਗਾਈ ਮੁਫ਼ਤ ਲਿਟਰੇਚਰ ਸਟਾਲ ਤੋਂ ਗੁਰਬਾਣੀ ਅਤੇ ਸਿੱਖ ਇਤਿਹਾਸ ਨਾਲ ਸਬੰਧਤ ਸਮੱਗਰੀ ਵੀ ਪ੍ਰਾਪਤ ਕੀਤੀ।

 400 ਸਾਲਾ ਸ਼ਤਾਬਦੀ ਨੂੰ ਸਮਰਪਿਤ ਆਗਮਨ ਪੁਰਬ ਮੌਕੇ ਗੁਰਦੁਆਰਾ ਮੋਤੀ ਬਾਗ ਸਾਹਿਬ ਵਿਖੇ ਮਹਾਨ ਗੁਰਮਤਿ ਸਮਾਗਮ     

ਇਸ ਮੌਕੇ ਹੈਡ ਗ੍ਰੰਥੀ ਭਾਈ ਪ੍ਰਨਾਮ ਸਿੰਘ ਨੇ ਗੁਰੂ ਸਾਹਿਬ ਦੇ ਜੀਵਨ ਅਤੇ ਗੁਰਬਾਣੀ ਦੀ ਰੌਸ਼ਨੀ ‘ਚ ਸੰਗਤਾਂ ਨੂੰ ਜਾਣੂੰ ਕਰਵਾਇਆ ਕਿ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਨਵਾਬ ਸੈਫ ਖਾਨ ਦੇ ਕੋਲ ਬੇਨਤੀ ਮੰਨਕੇ ਸੈਫਾਬਾਦ (ਬਹਾਦਰਗੜ੍ਹ) ਪੁੱਜੇ ਸਨ ਅਤੇ ਇਲਾਕਾ ਬਾਂਗਰ ਨੂੰ ਜਾਂਦੇ ਹੋਏ ਗੁਰਦੁਆਰਾ ਸ੍ਰੀ ਮੋਤੀ ਬਾਗ ਸਾਹਿਬ ਦੇ ਅਸਥਾਨ ‘ਤੇ ਠਹਿਰੇ ਸਨ। ਉਨ੍ਹਾਂ ਕਿਹਾ ਕਿ  ਗੁਰੂ ਸਾਹਿਬ ਵੱਲੋਂ ਮਨੁੱਖੀ ਅਧਿਕਾਰਾਂ ਦੀ ਰਾਖੀ ਅਤੇ ਧਰਮ ਲਈ ਦਿੱਲੀ ਪੁੱਜਕੇ ਦਿੱਤੀ ਸ਼ਹਾਦਤ ਲਾਸਾਨੀ ਅਤੇ ਬੇਮਿਸਾਲ ਹੈ। ਭਾਈ ਪ੍ਰਨਾਮ ਸਿੰਘ ਨੇ ਦੱਸਿਆ ਕਿ ਗੁਰੂ ਸਾਹਿਬ ਦਾ ਸਮੁੱਚਾ ਜੀਵਨ ਤਪ, ਤਿਆਗ, ਸੇਵਾ ਅਤੇ ਕੁਰਬਾਨੀ ਨਾਲ ਸਰਸ਼ਾਰ ਹੈ, ਜੋ ਹਮੇਸ਼ਾ ਮਨੁੱਖ ਨੂੰ ਗੁਰਬਾਣੀ ਅਨੁਸਾਰ ਨਿਰਭੈ ਹੋਣ, ਚਿੰਤਾ ਛੱਡਣ, ਨਾਮ ਬਾਣੀ ਨਾਲ ਜੁੜਨ ਦੀ ਪ੍ਰੇਰਨਾ ਦਿੰਦਾ ਹੈ। ਇਸ ਮੌਕੇ ਹੋਰਨਾਂ ਤੋਂ ਇਲਾਵਾ ਜਥੇਦਾਰ ਸ਼ਵਿੰਦਰ ਸਿੰਘ ਸੱਭਰਵਾਲ, ਮੈਨੇਜਰ ਕਰਨੈਲ ਸਿੰਘ ਨਾਭਾ, ਐਡੀਸ਼ਨਲ ਮੈਨੇਜਰ ਕਰਨੈਲ ਸਿੰਘ, ਮੀਤ ਮੈਨੇਜਰ ਜਗਬੀਰ ਸਿੰਘ, ਬਾਬਾ ਅਮਰੀਕ ਸਿੰਘ ਕਾਰ ਸੇਵਾ ਵਾਲੇ, ਬਾਬਾ ਇੰਦਰ ਸਿੰਘ ਕਾਰ ਸੇਵਾ ਵਾਲੇ, ਅਮਰਪਾਲ ਸਿੰਘ, ਕਰਤਾਰ ਸਿੰਘ, ਗੁਰਦੀਪ ਸਿੰਘ, ਆਤਮ ਪ੍ਰਕਾਸ਼ ਸਿੰਘ ਬੇਦੀ, ਗੁਰਤੇਜ ਸਿੰਘ ਆਦਿ ਹਾਜ਼ਰ ਸਨ।