ਸ਼੍ਰੋਮਣੀ ਅਕਾਲੀ ਦਲ ਨੇ ਪੰਜਾਬ ਸਰਕਾਰ ਵੱਲੋਂ ਚੁੱਪ ਚੁਪੀਤੇ ਸ਼ਹਿਰਾਂ ਵਿੱਚ ਪ੍ਰਾਪਰਟੀ ਟੈਕਸ ਵਧਾਉਣ ਦੀ ਕੀਤੀ ਸਖਤ ਨਿਖੇਧੀ
ਬਹਾਦਰਜੀਤ ਸਿੰਘ /ਰੂਪਨਗਰ,19 ਜੁਲਾਈ,2025
ਪੰਜਾਬ ਸਰਕਾਰ ਵੱਲੋਂ ਚੁੱਪ ਚੁਪੀਤੇ ਸ਼ਹਿਰਾਂ ਵਿੱਚ ਪ੍ਰਾਪਰਟੀ ਟੈਕਸ ਵਧਾਉਣ ਦੀ ਸ਼੍ਰੋਮਣੀ ਅਕਾਲੀ ਦਲ ਨੇ ਸਖਤ ਨਿਖੇਧੀ ਕੀਤੀ ਹੈ ।
ਸ਼੍ਰੋਮਣੀ ਅਕਾਲੀ ਦਲ ਦੀ ਵਰਕਿੰਗ ਕਮੇਟੀ ਮੈਂਬਰ ਅਤੇ ਨਗਰ ਕੌਂਸਲ ਦੇ ਸਾਬਕਾ ਪ੍ਰਧਾਨ ਪਰਮਜੀਤ ਸਿੰਘ ਮੱਕੜ ਨੇ ਕਿਹਾ ਕਿ ਪੰਜਾਬ ਸਰਕਾਰ ਨੇ ਸ਼ਹਿਰਾਂ ਵਿੱਚ ਰਹਿ ਰਹੇ ਲੋਕਾਂ ਤੇ ਇੱਕ ਬਹੁਤ ਵੱਡਾ ਬੋਝ ਪਾਇਆ ਹੈ ਉਹਨਾਂ ਕਿਹਾ ਕਿ ਅਜੇ ਕੁਝ ਦਿਨ ਪਹਿਲਾਂ ਹੀ ਸਰਕਾਰ ਨੇ ਰਜਿਸਟਰੀਆਂ ਕਰਵਾਉਣ ਲਈ ਕੁਲੈਕਟਰ ਰੇਟਾਂ ਵਿੱਚ ਵੀ ਭਾਰੀ ਵਾਧਾ ਕੀਤਾ ਸੀ। ਤੇ ਹੁਣ ਇਹ ਨਵਾਂ ਬੋਝ ਪੰਜਾਬ ਦੇ ਲੋਕਾਂ ਉੱਪਰ ਲੱਦ ਦਿੱਤਾ ਗਿਆ ਹੈ।
ਉਹਨਾਂ ਨਗਰ ਕੌਂਸਲ ਰੋਪੜ ਦਾ ਜ਼ਿਕਰ ਕਰਦਿਆਂ ਕਿਹਾ ਕਿ ਨਗਰ ਕੌਂਸਲ ਵੱਲੋਂ ਕੋਈ ਸੁਵਿਧਾ ਸ਼ਹਿਰ ਦੇ ਲੋਕਾਂ ਨੂੰ ਨਹੀਂ ਦਿੱਤੀ ਜਾ ਰਹੀ । ਸ਼ਹਿਰ ਵਿੱਚ ਗਲੀਆਂ ਸੜਕਾਂ ਦਾ ਬੁਰਾ ਹਾਲ ਹੈ ਸ਼ਹਿਰ ਦੀਆਂ ਕਈ ਕਲੋਨੀਆਂ ਵਿੱਚ ਅੱਜ ਵੀ ਲੋਕ ਪਾਣੀ ਅਤੇ ਸੀਵਰੇਜ ਦੀ ਸਮੱਸਿਆ ਨਾਲ ਜੂਝ ਰਹੇ ਹਨ। ਪਰ ਹੁਣ ਨਗਰ ਕੌਂਸਲ ਪ੍ਰਾਪਰਟੀ ਟੈਕਸ ਵਿੱਚ ਵਾਧਾ ਕਰ ਦੇਵੇਗੀ ਜੋ ਕਿ ਸ਼ਹਿਰ ਨਿਵਾਸੀਆਂ ਨਾਲ ਸਰਾਸਰ ਧੱਕਾ ਹੋਵੇਗਾ।
ਉਹਨਾਂ ਕਿਹਾ ਕਿ ਇਸ ਤੋਂ ਪਹਿਲਾਂ ਨਗਰ ਕੌਂਸਲ ਵੱਲੋਂ ਐਨ ਓ ਸੀ ਅਤੇ ਨਕਸ਼ਾ ਫੀਸਾਂ ਵਿੱਚ ਵੀ ਭਾਰੀ ਵਾਧਾ ਕੀਤਾ ਗਿਆ ਸੀ। ਉਹਨਾਂ ਕਿਹਾ ਕਿ ਜੇਕਰ ਸਰਕਾਰ ਨੇ ਇਹ ਵਾਧਾ ਵਾਪਸ ਨਾ ਲਿਆ ਤਾਂ ਸ਼੍ਰੋਮਣੀ ਅਕਾਲੀ ਦਲ ਵੱਲੋਂ ਤਿੱਖਾ ਸੰਘਰਸ਼ ਵਿੱਢਿਆ ਜਾਵੇਗਾ।