ਹਰਜੋਤ ਸਿੰਘ ਬੈਂਸ ਕੈਬਨਿਟ ਮੰਤਰੀ ਨੇ ਗੁਰੂ ਕਾ ਬਾਗ ਛਾਉਣੀ ਬੁੱਢਾ ਦਲ ਦੇ ਪ੍ਰਬੰਧਾਂ ਦਾ ਲਿਆ ਜਾਇਜ਼ਾ
ਬਹਾਦਰਜੀਤ ਸਿੰਘ / royalpatiala.in News/ ਸ੍ਰੀ ਅਨੰਦਪੁਰ ਸਾਹਿਬ ,22 ਨਵੰਬਰ ,2025
ਹਰਜੋਤ ਸਿੰਘ ਬੈਂਸ ਕੈਬਨਿਟ ਮੰਤਰੀ ਸਿੱਖਿਆ ਅਤੇ ਸੂਚਨਾ ਤੇ ਲੋਕ ਸੰਪਰਕ ਵਿਭਾਗ ਤੇ ਵਿਧਾਇਕ ਸ੍ਰੀ ਅਨੰਦਪੁਰ ਸਾਹਿਬ ਨੇ ਗੁਰੂ ਕਾ ਬਾਗ ਛਾਉਣੀ ਬੁੱਢਾ ਦਲ ਵਿਖੇ ਹੋ ਰਹੀਆਂ ਤਿਆਰੀਆਂ ਅਤੇ ਪ੍ਰਬੰਧਾਂ ਦਾ ਜਾਇਜ਼ਾ ਲਿਆ। ਉਨ੍ਹਾਂ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਧਾਰਮਿਕ ਸਮਾਗਮਾਂ ਦੇ ਸੁਚਾਰੂ ਪ੍ਰਬੰਧ ਕਰਨਾ ਪੰਜਾਬ ਸਰਕਾਰ ਦੀ ਪਹਿਲ ਹੈ ਅਤੇ ਸੰਗਤਾਂ ਨੂੰ ਪੂਰੀ ਸੁਵਿਧਾ ਦੇਣ ਲਈ ਕੋਈ ਕਸਰ ਨਹੀਂ ਛੱਡੀ ਜਾ ਰਹੀ ਹੈ।
ਬੈਂਸ ਨੇ ਸਥਾਨਕ ਅਧਿਕਾਰੀਆਂ ਨਾਲ ਸਮੂਹ ਇੰਤਜ਼ਾਮਾਂ ਦੀ ਜਾਣਕਾਰੀ ਲਈ। ਉਨ੍ਹਾਂ ਨੇ ਲੰਗਰ, ਪਾਣੀ, ਬੈਠਕ, ਸੁਰੱਖਿਆ ਪ੍ਰਬੰਧਾਂ ਅਤੇ ਪਾਰਕਿੰਗ ਦੀਆਂ ਤਿਆਰੀਆਂ ਦਾ ਮੌਕੇ ‘ਤੇ ਜਾਇਜ਼ਾ ਲੈਂਦੇ ਹੋਏ ਹਦਾਇਤ ਕੀਤੀ ਕਿ ਸੰਗਤਾਂ ਲਈ ਆਉਣ-ਜਾਣ ਦੀ ਸੁਚਾਰੂ ਯੋਜਨਾ ਯਕੀਨੀ ਬਣਾਈ ਜਾਵੇ। ਇਸ ਦੇ ਨਾਲ ਹੀ, ਉਨ੍ਹਾਂ ਨੇ ਸਿਹਤ ਵਿਭਾਗ ਨੂੰ ਐਮਬੂਲੈਂਸਾਂ ਅਤੇ ਮੈਡੀਕਲ ਟੀਮਾਂ ਦੀ ਤਾਇਨਾਤੀ ਲਈ ਤੁਰੰਤ ਕਾਰਵਾਈ ਕਰਨ ਦਾ ਨਿਰਦੇਸ਼ ਦਿੱਤਾ।

ਕੈਬਨਿਟ ਮੰਤਰੀ ਨੇ ਦੱਸਿਆ ਕਿ ਭਲਕੇ ਗੁਰੂ ਕਾ ਬਾਗ ਛਾਉਣੀ ਬੁੱਢਾ ਦਲ ਵਿਖੇ ਧਾਰਮਿਕ ਸਮਾਗਮਾਂ ਦੀ ਸ਼ੁਰੂਆਤ ਹੋਵੇਗੀ, ਜਿਸ ਵਿੱਚ ਹਜਾਰਾਂ ਦੀ ਗਿਣਤੀ ਵਿਚ ਸੰਗਤਾਂ ਦੇ ਪਹੁੰਚਣ ਦੀ ਸੰਭਾਵਨਾ ਹੈ। ਉਨ੍ਹਾਂ ਨੇ ਕਿਹਾ ਕਿ ਇਹ ਸਮਾਗਮ ਸਿੱਖ ਵਿਰਾਸਤ ਅਤੇ ਪਰੰਪਰਾਵਾਂ ਦਾ ਪ੍ਰਤੀਕ ਹਨ, ਇਸ ਲਈ ਉਨ੍ਹਾਂ ਦੀ ਸ਼ਾਨ ਦੇ ਅਨੁਸਾਰ ਪ੍ਰਬੰਧ ਕਰਨ ਲਈ ਪ੍ਰਸ਼ਾਸਨ ਪੂਰੀ ਤਰ੍ਹਾਂ ਤਤਪਰ ਹੈ।
ਕੈਬਨਿਟ ਮੰਤਰੀ ਨੇ ਸੁਰੱਖਿਆ ਏਜੰਸੀਆਂ ਨੂੰ ਚੌਕਸੀ ਵਰਤਣ ਅਤੇ ਟ੍ਰੈਫਿਕ ਵਿਭਾਗ ਨੂੰ ਸੁਚਾਰੂ ਪ੍ਰਬੰਧ ਯਕੀਨੀ ਬਣਾਉਣ ਲਈ ਵਿਸ਼ੇਸ਼ ਨਿਰਦੇਸ਼ ਜਾਰੀ ਕੀਤੇ। ਬੈਂਸ ਨੇ ਕਿਹਾ ਕਿ ਪੰਜਾਬ ਸਰਕਾਰ ਸੰਗਤਾਂ ਨੂੰ ਹਰ ਤਰ੍ਹਾਂ ਦੀ ਸਹੂਲਤ ਉਪਲੱਬਧ ਕਰਵਾ ਰਹੀ ਹੈ।












