ਬਿਨ੍ਹਾਂ ਪ੍ਰਵਾਨਗੀ ਤੋਂ ਬੋਰਵੈੱਲਾਂ/ਟਿਊਬਵੈਲਾਂ ਦੀ ਖੁਦਾਈ ਤੇ ਮੁਰੰਮਤ ‘ਤੇ ਪਾਬੰਦੀ

43

ਬਿਨ੍ਹਾਂ ਪ੍ਰਵਾਨਗੀ ਤੋਂ ਬੋਰਵੈੱਲਾਂ/ਟਿਊਬਵੈਲਾਂ ਦੀ ਖੁਦਾਈ ਤੇ ਮੁਰੰਮਤ ‘ਤੇ ਪਾਬੰਦੀ

ਬਹਾਦਰਜੀਤ ਸਿੰਘ/royalpatiala.in News/ ਨਵਾਂਸ਼ਹਿਰ, 12 ਫਰਵਰੀ,2026.  

ਜ਼ਿਲ੍ਹਾ ਮੈਜਿਸਟ੍ਰੇਟ ਗੁਲਪ੍ਰੀਤ ਸਿੰਘ ਔਲਖ ਨੇ ਸੁਪਰੀਮ ਕੋਰਟ ਦੇ ਹੁਕਮ ਦੀ ਰੋਸ਼ਨੀ ’ਚ ਜਲ ਸ੍ਰੋਤ ਮੰਤਰਾਲਾ ਭਾਰਤ ਸਰਕਾਰ ਵੱਲੋਂ ਜਾਰੀ ਦਿਸ਼ਾ-ਨਿਰਦੇਸ਼ਾਂ ਦੀ ਪਾਲਣਾ ਤਹਿਤ ਬੋਰਵੈੱਲਾਂ/ਟਿਊਬਵੈੱਲਾਂ ਦੀ ਖੁਦਾਈ/ਮੁਰੰਮਤ ਦੇ ਮੱਦੇਨਜ਼ਰ ਸ਼ਹਿਰੀ ਅਤੇ ਪੇਂਡੂ ਖੇਤਰਾਂ ’ਚ ਕੱਚੀਆਂ ਖੂਹੀਆਂ ਅਤੇ ਟਿਊਬਵੈੱਲ ਪੁੱਟਣ ਕਾਰਨ ਲੋਕਾਂ ਅਤੇ ਬੱਚਿਆਂ ਦੇ ਇਨ੍ਹਾਂ ਬੋਰਵੈਲਾਂ ’ਚ ਗਿਰਨ ਦੇ ਖਦਸ਼ੇ ਦੇ ਮੱਦੇਨਜ਼ਰ ਜ਼ਿਲ੍ਹੇ ਵਿਚ ਬਿਨਾਂ ਮਨਜੂਰੀ ਬੋਰਵੈੱਲ ਪੁੱਟਣ ਜਾਂ ਡੂੰਘੇ ਕਰਨ ’ਤੇ ਰੋਕ ਲਾਈ ਹੈ। ਜ਼ਿਲ੍ਹਾ ਮੈਜਿਸਟਰੇਟ ਨੇ ਇਸ ਕਾਰਜ ਲਈ ਸਮਰੱਥ ਅਧਿਕਾਰੀ ਪਾਸੋਂ ਬਾ-ਸ਼ਰਤ ਪ੍ਰਵਾਨਗੀ ਨੂੰ ਲਾਜ਼ਮੀ ਕਰ ਦਿੱਤਾ ਹੈ।

ਜ਼ਿਲ੍ਹਾ ਮੈਜਿਸਟ੍ਰੇਟ ਵੱਲੋਂ ਜਾਰੀ ਹੁਕਮ ਅਨੁਸਾਰ ਜ਼ਮੀਨ ਮਾਲਕ ਵਾਸਤੇ ਬੋਰਵੈੱਲ ਪੁੱਟਣ ਤੋਂ ਪਹਿਲਾਂ ਸਬੰਧਤ ਜ਼ਿਲ੍ਹਾ ਕੁਲੈਕਟਰ, ਸਬੰਧਤ ਗ੍ਰਾਂਮ ਪੰਚਾਇਤ, ਨਗਰ ਕੌਂਸਲ, ਜਨ ਸਿਹਤ ਵਿਭਾਗ, ਭੂਮੀ ਰੱਖਿਆ ਵਿਭਾਗ (ਗਰਾਊਂਡ ਵਾਟਰ) ਨੂੰ 15 ਦਿਨ ਪਹਿਲਾਂ ਸੂਚਿਤ ਕਰਨਾ ਜ਼ਰੂਰੀ ਹੋਵੇਗਾ ਅਤੇ ਖੂਹ ਅਤੇ ਬੋਰਵੈੱਲ ਪੁਟਣ ਜਾਂ ਮੁਰੰਮਤ ਕਰਨ ਵਾਲੀਆਂ ਸਾਰੀਆਂ ਏਜੰਸੀਆਂ ਦੀ ਰਜਿਸਟ੍ਰੇਸ਼ਨ ਹੋਣੀ ਲਾਜ਼ਮੀ ਹੈ। ਇਸੇ ਤਰ੍ਹਾਂ ਖੂਹ/ਬੋਰਵੈੱਲ ਪੁਟਣ ਜਾਂ ਮੁਰੰਮਤ ਵਾਲੀ ਥਾਂ ‘ਤੇ ਡਰਿਲਿੰਗ ਏਜੰਸੀ ਦਾ ਅਤੇ ਖੂਹ ਪੁਟਾਏ ਜਾਣ ਵਾਲੇ ਮਾਲਕ ਦਾ ਪੂਰੇ ਪਤੇ ਵਾਲਾ ਸਾਈਨ ਬੋਰਡ ਲਗਾਇਆ ਜਾਵੇ ਜਿਸ ‘ਤੇ ਏਜੰਸੀ ਦਾ ਰਜਿਸਟ੍ਰੇਸ਼ਨ ਨੰਬਰ ਵੀ ਲਿਖਿਆ ਹੋਵੇ। ਇਸ ਦੇ ਨਾਲ ਹੀ ਬੋਰਵੈੱਲ ਦੇ ਆਲੇ-ਦੁਆਲੇ ਕੰਡਿਆਲੀ ਤਾਰ ਅਤੇ ਇਸ ਨੂੰ ਸਟੀਲ ਪਲੇਟ ਦੇ ਢੱਕਣ ਨਾਲ ਨੱਟ ਬੋਲਟ ਲਗਾ ਕੇ ਬੰਦ ਕਰਨਾ ਲਾਜ਼ਮੀ ਹੋਵੇਗਾ ਅਤੇ ਖੂਹ/ਬੋਰ ਦਾ ਢਕਣ ਕੇਸਿੰਗ ਪਾਇਪ ਨਾਲ ਨੱਟ ਬੋਲਟ ਨਾਲ ਫਿਕਸ ਹੋਣਾ ਚਾਹੀਦਾ ਹੈ।

ਜਾਰੀ ਹੁਕਮਾਂ ਅਨੁਸਾਰ ਖੂਹ/ਬੋਰਵੈੱਲ ਦੇ ਆਲੇ-ਦੁਆਲੇ ਸੀਮਿੰਟ/ਕੰਕਰੀਟ ਦਾ ਪਲੇਟਫ਼ਾਰਮ ਜੋ ਜ਼ਮੀਨੀ ਪੱਧਰ ਤੋਂ 0.30 ਮੀਟਰ ਨੀਵਾਂ ਅਤੇ 0.30 ਮੀਟਰ ਉੱਚਾ ਹੋਵੇ, ਦੀ ਉਸਾਰੀ ਲਾਜ਼ਮੀ ਹੋਵੇਗੀ। ਇਸ ਤੋਂ ਇਲਾਵਾ ਖੂਹ/ਬੋਰਵੈਲ ਪੁੱਟਣ ਜਾਂ ਮੁਰੰਮਤ ਉਪਰੰਤ ਜੇਕਰ ਖਾਲੀ ਥਾਂ ਕੋਈ ਹੋਵੇ ਤਾਂ ਉਸ ਨੂੰ ਮਿੱਟੀ ਨਾਲ ਭਰਿਆ ਜਾਵੇ ਅਤੇ ਕੰਮ ਪੂਰਾ ਹੋਣ ਉਪਰੰਤ ਜ਼ਮੀਨੀ ਪੱਧਰ ਨੂੰ ਪਹਿਲਾ ਜਿਹਾ ਕੀਤਾ ਜਾਵੇ। ਖੂਹ ਜਾਂ ਬੋਰਵੈਲ ਨੂੰ ਕਿਸੇ ਵੀ ਹਾਲਤ ’ਚ ਖੁੱਲਾ ਨਾ ਛੱਡਿਆ ਜਾਵੇ। ਕੋਈ ਵੀ ਵਿਅਕਤੀ ਖੂਹ/ਬੋਰਵੈਲ ਪੁੱਟਣ ਜਾਂ ਮੁਰੰਮਤ ਕਰਨ ਲਈ ਜਲ ਸਪਲਾਈ ਤੇ ਸੈਨੀਟੇਸ਼ਨ ਵਿਭਾਗ ਦੀ ਲਿਖਤੀ ਪ੍ਰਵਾਨਗੀ ਲਵੇਗਾ ਅਤੇ ਉਨ੍ਹਾਂ ਦੀ ਦੇਖ-ਰੇਖ ਤੋਂ ਬਿਨਾਂ ਕੰਮ ਨਹੀਂ ਕਰਵਾਏਗਾ।

ਪੇਂਡੂ ਇਲਾਕੇ ’ਚ ਸਰਪੰਚ ਅਤੇ ਖੇਤੀਬਾੜੀ ਵਿਭਾਗ ਦੇ ਅਧਿਕਾਰੀ ਅਤੇ ਸ਼ਹਿਰੀ ਇਲਾਕੇ ’ਚ ਜਨ ਸਿਹਤ ਵਿਭਾਗ, ਭੂਮੀ ਰੱਖਿਆ (ਗਰਾਂਊਂਡ ਵਾਟਰ), ਨਗਰ ਕੌਂਸਲਾਂ ਦੇ ਜੂਨੀਅਰ ਇੰਜੀਨੀਅਰਾਂ ਅਤੇ ਕਾਰਜਕਾਰੀ ਇੰਜੀਨੀਅਰਾਂ ਵੱਲੋਂ ਆਪਣੇ-ਆਪਣੇ ਅਧਿਕਾਰ ਖੇਤਰ ਦੀ ਇਸ ਸਬੰਧੀ ਬਾਕਾਇਦਾ ਰਿਪੋਰਟ ਤਿਆਰ ਕੀਤੀ ਜਾਵੇਗੀ ਕਿ ਉਨ੍ਹਾਂ ਦੇ ਅਧਿਕਾਰ ਖੇਤਰ ਵਿੱਚ ਕਿੰਨੇ ਬੋਰਵੈੱਲ/ ਖੂਹ ਆਦਿ ਨਵੇਂ ਖੁਦਵਾਏ ਗਏ, ਕਿੰਨਿਆਂ ਦੀ ਮੁਰੰਮਤ ਕਰਵਾਈ, ਕਿੰਨੇ ਵਰਤੋਂ ਵਿੱਚ ਹਨ ਅਤੇ ਕਿੰਨੇ ਭਰਵਾਏ ਗਏ। ਇਹ ਰਿਪੋਰਟ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਦੇ ਦਫ਼ਤਰ ਨੂੰ ਹਰ ਮਹੀਨੇ ਭੇਜੀ ਜਾਵੇਗੀ। ਇਹ ਹੁਕਮ 5 ਅਪ੍ਰੈਲ 2026 ਤੱਕ ਲਾਗੂ ਰਹੇਗਾ।