ਸਫਾਈ ਕਰਮਚਾਰੀਆਂ ਦੇ ਸੰਘਰਸ਼ ਨੂੰ ਭਾਜਪਾ ਦਾ ਪੂਰਾ ਸਮਰਥਨ, ਸੂਬਾ ਪ੍ਰਧਾਨ ਅਸ਼ਵਨੀ ਸ਼ਰਮਾ ਕਰਮਚਾਰੀਆਂ ਦੀ ਹੜਤਾਲ ਵਿੱਚ ਹੋਏ ਸ਼ਾਮਲ

51

ਸਫਾਈ ਕਰਮਚਾਰੀਆਂ ਦੇ ਸੰਘਰਸ਼ ਨੂੰ ਭਾਜਪਾ ਦਾ ਪੂਰਾ ਸਮਰਥਨ, ਸੂਬਾ ਪ੍ਰਧਾਨ ਅਸ਼ਵਨੀ ਸ਼ਰਮਾ ਕਰਮਚਾਰੀਆਂ ਦੀ ਹੜਤਾਲ ਵਿੱਚ ਹੋਏ ਸ਼ਾਮਲ

ਬਹਾਦਰਜੀਤ ਸਿੰਘ/royalpatiala.in News/ ਰੂਪਨਗਰ, 20 ਮਈ,2026

ਪੰਜਾਬ ਭਾਜਪਾ ਦੇ ਕਾਰਜਕਾਰੀ ਪ੍ਰਧਾਨ ਅਸ਼ਵਨੀ ਸ਼ਰਮਾ ਅੱਜ ਰੂਪਨਗਰ ਪਹੁੰਚੇ, ਜਿੱਥੇ ਉਨ੍ਹਾਂ ਨੇ ਸਫਾਈ ਕਰਮਚਾਰੀਆਂ ਅਤੇ ਹੋਰ ਕਰਮਚਾਰੀਆਂ ਦੇ ਚੱਲ ਰਹੇ ਸੰਘਰਸ਼ ਨੂੰ ਸਮਰਥਨ ਦਿੱਤਾ। ਇਸ ਮੌਕੇ ਉਨ੍ਹਾਂ ਨੇ ਧਰਨੇ ਵਿੱਚ ਸ਼ਾਮਲ ਹੋ ਕੇ ਕਰਮਚਾਰੀਆਂ ਦੀਆਂ ਸਮੱਸਿਆਵਾਂ ਨੂੰ ਧਿਆਨ ਨਾਲ ਸੁਣਿਆ ਅਤੇ ਪੰਜਾਬ ਸਰਕਾਰ ‘ਤੇ ਤਿੱਖਾ ਹਮਲਾ ਬੋਲਿਆ। ਅਸ਼ਵਨੀ ਸ਼ਰਮਾ ਨੇ ਕਿਹਾ ਕਿ ਭਾਰਤੀ ਜਨਤਾ ਪਾਰਟੀ ਹਮੇਸ਼ਾਂ ਕਰਮਚਾਰੀਆਂ ਦੇ ਹੱਕਾਂ ਲਈ ਖੜੀ ਰਹੀ ਹੈ ਅਤੇ ਅੱਜ ਵੀ ਭਾਜਪਾ ਸਫਾਈ ਕਰਮਚਾਰੀਆਂ ਦੇ ਸੰਘਰਸ਼ ਦੇ ਨਾਲ ਮਜ਼ਬੂਤੀ ਨਾਲ ਖੜੀ ਹੈ। ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਪੰਜਾਬ ਦੇ ਮੁਲਾਜ਼ਮਾਂ ਨਾਲ ਵੱਡੇ ਵਾਅਦੇ ਕੀਤੇ ਸਨ, ਪਰ ਸਰਕਾਰ ਬਣਨ ਤੋਂ ਬਾਅਦ ਉਹ ਆਪਣੇ ਹਰ ਵਾਅਦੇ ਤੋਂ ਮੁੱਕਰ ਗਈ ਹੈ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਨੇ ਚੋਣਾਂ ਦੌਰਾਨ ਕਿਹਾ ਸੀ ਕਿ ਕੱਚੇ ਕਰਮਚਾਰੀਆਂ ਨੂੰ ਰੈਗੂਲਰ ਕੀਤਾ ਜਾਵੇਗਾ, ਪਰ ਅੱਜ ਹਾਲਾਤ ਇਹ ਹਨ ਕਿ ਕਰਮਚਾਰੀ ਆਪਣੇ ਹੱਕਾਂ ਲਈ ਸੜਕਾਂ ‘ਤੇ ਧੱਕੇ ਖਾਣ ਲਈ ਮਜਬੂਰ ਹਨ। ਉਨ੍ਹਾਂ ਦੋਸ਼ ਲਾਇਆ ਕਿ ਪੰਜਾਬ ਸਰਕਾਰ ਸਫਾਈ ਕਰਮਚਾਰੀਆਂ ਦਾ ਸ਼ੋਸ਼ਣ ਕਰ ਰਹੀ ਹੈ ਅਤੇ ਉਨ੍ਹਾਂ ਦੀਆਂ ਸਾਰੀਆਂ ਮੰਗਾਂ ਜਾਇਜ਼ ਹਨ।

ਅਸ਼ਵਨੀ ਸ਼ਰਮਾ ਨੇ ਕਿਹਾ ਕਿ ਆਊਟਸੋਰਸ ਪ੍ਰਣਾਲੀ ਪੂਰੀ ਤਰ੍ਹਾਂ ਫੇਲ੍ਹ ਹੋ ਚੁੱਕੀ ਹੈ ਅਤੇ ਇਸ ਕਾਰਨ ਕਰਮਚਾਰੀਆਂ ਨੂੰ ਨਾ ਤਨਖਾਹ ਦੀ ਸੁਰੱਖਿਆ ਮਿਲ ਰਹੀ ਹੈ ਅਤੇ ਨਾ ਹੀ ਨੌਕਰੀ ਦੀ ਗਾਰੰਟੀ। ਉਨ੍ਹਾਂ ਕਿਹਾ ਕਿ ਇੰਨੀ ਭਿਆਨਕ ਗਰਮੀ ਵਿੱਚ ਕੋਈ ਵੀ ਵਿਅਕਤੀ ਆਪਣਾ ਕੰਮ ਛੱਡ ਕੇ ਧਰਨੇ ‘ਤੇ ਬੈਠਣਾ ਨਹੀਂ ਚਾਹੁੰਦਾ, ਪਰ ਸਰਕਾਰ ਦੀ ਅਣਦੇਖੀ ਕਾਰਨ ਕਰਮਚਾਰੀ ਮਜਬੂਰੀ ਵਿੱਚ ਸੰਘਰਸ਼ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਨੂੰ ਤੁਰੰਤ ਕਰਮਚਾਰੀਆਂ ਨਾਲ ਗੱਲਬਾਤ ਕਰਕੇ ਉਨ੍ਹਾਂ ਦੀਆਂ ਮੰਗਾਂ ਦਾ ਹੱਲ ਕਰਨਾ ਚਾਹੀਦਾ ਹੈ। ਉਨ੍ਹਾਂ ਵਿਸ਼ਵਾਸ ਜਤਾਇਆ ਕਿ 2027 ਵਿੱਚ ਪੰਜਾਬ ਵਿੱਚ ਭਾਰਤੀ ਜਨਤਾ ਪਾਰਟੀ ਦੀ ਸਰਕਾਰ ਬਣੇਗੀ ਅਤੇ ਭਾਜਪਾ ਸਰਕਾਰ ਆਉਣ ‘ਤੇ ਕਰਮਚਾਰੀਆਂ ਨੂੰ ਰੈਗੂਲਰ ਕਰਨ ਸਮੇਤ ਉਨ੍ਹਾਂ ਦੇ ਸਾਰੇ ਜਾਇਜ਼ ਹੱਕ ਯਕੀਨੀ ਬਣਾਏ ਜਾਣਗੇ।

ਸਫਾਈ ਕਰਮਚਾਰੀਆਂ ਦੇ ਸੰਘਰਸ਼ ਨੂੰ ਭਾਜਪਾ ਦਾ ਪੂਰਾ ਸਮਰਥਨ, ਸੂਬਾ ਪ੍ਰਧਾਨ ਅਸ਼ਵਨੀ ਸ਼ਰਮਾ ਕਰਮਚਾਰੀਆਂ ਦੀ ਹੜਤਾਲ ਵਿੱਚ ਹੋਏ ਸ਼ਾਮਲ

ਇਸ ਮੌਕੇ ਭਾਜਪਾ ਦੇ ਜ਼ਿਲ੍ਹਾ ਪ੍ਰਧਾਨ ਅਜੈਵੀਰ ਸਿੰਘ ਲਾਲਪੁਰਾ ਨੇ ਅਸ਼ਵਨੀ ਸ਼ਰਮਾ ਦਾ ਰੂਪਨਗਰ ਪਹੁੰਚਣ ‘ਤੇ ਧੰਨਵਾਦ ਕੀਤਾ। ਉਨ੍ਹਾਂ ਕਿਹਾ ਕਿ ਭਾਜਪਾ ਹੀ ਇੱਕਮਾਤਰ ਪਾਰਟੀ ਹੈ ਜੋ ਹਰ ਵਰਗ ਦੇ ਲੋਕਾਂ ਅਤੇ ਕਰਮਚਾਰੀਆਂ ਦੀ ਆਵਾਜ਼ ਬਣ ਕੇ ਖੜੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ਦੀ ਆਮ ਆਦਮੀ ਪਾਰਟੀ ਸਰਕਾਰ ਹਰ ਮੋਰਚੇ ‘ਤੇ ਫੇਲ੍ਹ ਹੋ ਚੁੱਕੀ ਹੈ ਅਤੇ ਲੋਕ ਹੁਣ ਬਦਲਾਅ ਦਾ ਮਨ ਬਣਾ ਚੁੱਕੇ ਹਨ।

ਇਸ ਦੌਰਾਨ ਭਾਜਪਾ ਮੰਡਲ ਪ੍ਰਧਾਨ ਜਗਦੀਸ਼ ਚੰਦਰ ਕਾਜਲਾ ਨੇ ਵੀ ਕਰਮਚਾਰੀਆਂ ਦੇ ਸੰਘਰਸ਼ ਨੂੰ ਜਾਇਜ਼ ਦੱਸਦਿਆਂ ਕਿਹਾ ਕਿ ਭਾਜਪਾ ਕਰਮਚਾਰੀਆਂ ਦੇ ਨਾਲ ਮਜ਼ਬੂਤੀ ਨਾਲ ਖੜੀ ਰਹੇਗੀ ਅਤੇ ਉਨ੍ਹਾਂ ਦੀ ਆਵਾਜ਼ ਨੂੰ ਸਰਕਾਰ ਤੱਕ ਪਹੁੰਚਾਇਆ ਜਾਵੇਗਾ।