ਅਜੈਵੀਰ ਸਿੰਘ ਲਾਲਪੁਰਾ ਨੇ ਨਗਰ ਕੌਂਸਲ ਚੋਣਾਂ ਵਿੱਚ ਭਾਜਪਾ ਦੇ ਵਧੀਆ ਪ੍ਰਦਰਸ਼ਨ ’ਤੇ ਦਿੱਤੀ ਵਧਾਈ, ਰੋਪੜ ਦੇ ਵੋਟਰਾਂ ਦਾ ਕੀਤਾ ਧੰਨਵਾਦ

19

ਅਜੈਵੀਰ ਸਿੰਘ ਲਾਲਪੁਰਾ ਨੇ ਨਗਰ ਕੌਂਸਲ ਚੋਣਾਂ ਵਿੱਚ ਭਾਜਪਾ ਦੇ ਵਧੀਆ ਪ੍ਰਦਰਸ਼ਨ ’ਤੇ ਦਿੱਤੀ ਵਧਾਈ, ਰੋਪੜ ਦੇ ਵੋਟਰਾਂ ਦਾ ਕੀਤਾ ਧੰਨਵਾਦ

ਬਹਾਦਰਜੀਤ ਸਿੰਘ/royalpatiala.in News/ ਰੂਪਨਗਰ,29 ਮਈ,2026

ਭਾਰਤੀ ਜਨਤਾ ਪਾਰਟੀ ਰੂਪਨਗਰ ਦੇ ਜ਼ਿਲ੍ਹਾ ਪ੍ਰਧਾਨ ਅਜੈਵੀਰ ਸਿੰਘ ਲਾਲਪੁਰਾ ਨੇ ਨਗਰ ਕੌਂਸਲ ਚੋਣਾਂ ਵਿੱਚ ਭਾਜਪਾ ਦੇ ਚਾਰ ਉਮੀਦਵਾਰਾਂ ਦੀ ਸ਼ਾਨਦਾਰ ਅਤੇ ਇਤਿਹਾਸਕ ਜਿੱਤ ’ਤੇ ਖੁਸ਼ੀ ਪ੍ਰਗਟ ਕਰਦਿਆਂ ਜੇਤੂ ਉਮੀਦਵਾਰਾਂ ਅਤੇ ਸਮੂਹ ਭਾਜਪਾ ਵਰਕਰਾਂ ਨੂੰ ਦਿਲੋਂ ਮੁਬਾਰਕਬਾਦ ਦਿੱਤੀ। ਉਨ੍ਹਾਂ ਕਿਹਾ ਕਿ ਵਾਰਡ ਨੰਬਰ 2 ਤੋਂ ਕਰਮਜੀਤ ਕੌਰ, ਵਾਰਡ ਨੰਬਰ 8 ਤੋਂ ਜਸਬੀਰ ਕੌਰ ਕਾਬੜਵਾਲ, ਵਾਰਡ ਨੰਬਰ 10 ਤੋਂ ਕਿਰਨ ਗੁਪਤਾ ਅਤੇ ਵਾਰਡ ਨੰਬਰ 11 ਤੋਂ ਹਰਮਿੰਦਰਪਾਲ ਸਿੰਘ ਆਹਲੂਵਾਲੀਆ ਦੀ ਜਿੱਤ ਲੋਕਾਂ ਦੇ ਭਰੋਸੇ ਅਤੇ ਭਾਜਪਾ ਦੀ ਮਜ਼ਬੂਤ ਨੀਤੀਆਂ ਦੀ ਜਿੱਤ ਹੈ।

ਅਜੈਵੀਰ ਸਿੰਘ ਲਾਲਪੁਰਾ ਨੇ ਕਿਹਾ ਕਿ ਇਹ ਨਤੀਜੇ ਸਾਬਤ ਕਰਦੇ ਹਨ ਕਿ ਲੋਕ ਹੁਣ ਵਿਕਾਸ, ਪਾਰਦਰਸ਼ਤਾ ਅਤੇ ਇਮਾਨਦਾਰ ਪ੍ਰਸ਼ਾਸਨ ਨੂੰ ਤਰਜੀਹ ਦੇ ਰਹੇ ਹਨ। ਉਨ੍ਹਾਂ ਕਿਹਾ ਕਿ ਭਾਜਪਾ ਨੇ ਹਮੇਸ਼ਾਂ ਲੋਕਾਂ ਦੇ ਮੁੱਦਿਆਂ ਨੂੰ ਪਹਿਲ ਦਿੱਤੀ ਹੈ ਅਤੇ ਪਾਰਟੀ ਦੇ ਉਮੀਦਵਾਰਾਂ ਨੇ ਘਰ ਘਰ ਜਾ ਕੇ ਲੋਕਾਂ ਨਾਲ ਸਿੱਧਾ ਸੰਪਰਕ ਬਣਾਇਆ, ਜਿਸ ਕਾਰਨ ਵੱਡਾ ਜਨ ਸਮਰਥਨ ਪ੍ਰਾਪਤ ਹੋਇਆ।

ਉਨ੍ਹਾਂ ਕਿਹਾ ਕਿ ਇਹ ਜਿੱਤ ਸਿਰਫ਼ ਚੋਣੀ ਜਿੱਤ ਨਹੀਂ, ਸਗੋਂ ਲੋਕਾਂ ਦੇ ਵਿਸ਼ਵਾਸ ਅਤੇ ਪਾਰਟੀ ਵਰਕਰਾਂ ਦੀ ਦਿਨ ਰਾਤ ਕੀਤੀ ਮਿਹਨਤ ਦਾ ਨਤੀਜਾ ਹੈ। ਉਨ੍ਹਾਂ ਨੇ ਕਿਹਾ ਕਿ ਪਾਰਟੀ ਦੇ ਹਰ ਵਰਕਰ ਨੇ ਪੂਰੀ ਨਿਸ਼ਠਾ ਅਤੇ ਸਮਰਪਣ ਨਾਲ ਕੰਮ ਕੀਤਾ, ਜਿਸ ਕਰਕੇ ਭਾਜਪਾ ਪਹਿਲਾਂ ਨਾਲੋਂ ਹੋਰ ਮਜ਼ਬੂਤ ਹੋ ਕੇ ਉਭਰੀ ਹੈ।

ਜ਼ਿਲ੍ਹਾ ਪ੍ਰਧਾਨ ਨੇ ਕਿਹਾ ਕਿ ਉਨ੍ਹਾਂ ਨੂੰ ਪੂਰਾ ਵਿਸ਼ਵਾਸ ਹੈ ਕਿ ਸਾਰੇ ਜੇਤੂ ਉਮੀਦਵਾਰ ਲੋਕਾਂ ਦੀਆਂ ਉਮੀਦਾਂ ’ਤੇ ਖਰਾ ਉਤਰਦੇ ਹੋਏ ਸੇਵਾ ਭਾਵਨਾ ਨਾਲ ਆਪਣੇ ਆਪਣੇ ਵਾਰਡਾਂ ਦੇ ਵਿਕਾਸ ਲਈ ਨਿਰੰਤਰ ਕੰਮ ਕਰਨਗੇ। ਉਨ੍ਹਾਂ ਕਿਹਾ ਕਿ ਸੜਕਾਂ, ਸਫਾਈ, ਪੀਣ ਵਾਲੇ ਪਾਣੀ ਅਤੇ ਹੋਰ ਮੁੱਢਲੀਆਂ ਸਹੂਲਤਾਂ ਨੂੰ ਬਿਹਤਰ ਬਣਾਉਣ ਲਈ ਪੂਰੀ ਤਨਦੇਹੀ ਨਾਲ ਕੰਮ ਕੀਤਾ ਜਾਵੇਗਾ ਤਾਂ ਜੋ ਸ਼ਹਿਰ ਨੂੰ ਵਿਕਾਸ ਦੀਆਂ ਨਵੀਆਂ ਉਚਾਈਆਂ ਤੱਕ ਲਿਜਾਇਆ ਜਾ ਸਕੇ।

ਅਜੈਵੀਰ ਸਿੰਘ ਲਾਲਪੁਰਾ ਨੇ ਇਸ ਮੌਕੇ ਰੱਬ ਵਰਗੇ ਵੋਟਰਾਂ, ਸਮੂਹ ਸ਼ਹਿਰ ਵਾਸੀਆਂ, ਪਾਰਟੀ ਵਰਕਰਾਂ ਅਤੇ ਸਮਰਥਕਾਂ ਦਾ ਵੀ ਤਹਿ ਦਿਲੋਂ ਧੰਨਵਾਦ ਕੀਤਾ। ਉਨ੍ਹਾਂ ਕਿਹਾ ਕਿ ਲੋਕਾਂ ਵੱਲੋਂ ਮਿਲਿਆ ਇਹ ਪਿਆਰ ਅਤੇ ਵਿਸ਼ਵਾਸ ਭਾਜਪਾ ਲਈ ਹੋਰ ਵੱਡੀ ਜ਼ਿੰਮੇਵਾਰੀ ਹੈ ਅਤੇ ਪਾਰਟੀ ਹਮੇਸ਼ਾਂ ਲੋਕਾਂ ਦੀ ਆਵਾਜ਼ ਬਣ ਕੇ ਵਿਕਾਸ ਅਤੇ ਲੋਕ ਸੇਵਾ ਲਈ ਵਚਨਬੱਧ ਰਹੇਗੀ।