ਅਰਜੁਨ ਅਵਾਰਡੀ ਰਾਜਪਾਲ ਸਿੰਘ ਖੇਡ ਮੇਲਿਆਂ ‘ਚ ਨਿਭਾਉਣਗੇ ਅਹਿਮ ਭੂਮਿਕਾ- ਖੇਡ ਮੰਤਰੀ
ਬਹਾਦਰਜੀਤ ਸਿੰਘ /ਰੂਪਨਗਰ, 17 ਅਗਸਤ,2022
ਅਰਜੁਨ ਅਵਾਰਡੀ ਐਸ.ਪੀ ਹੈਡਕੁਆਟਰ ਰਾਜਪਾਲ ਸਿੰਘ ਹੁੰਦਲ 29 ਅਗਸਤ ਤੋਂ ਸ਼ੁਰੂ ਹੋਣ ਵਾਲੇ ਖੇਡ ਮੇਲਿਆਂ ਵਿੱਚ ਅਹਿਮ ਭੂਮਿਕਾ ਨਿਭਾਉਣਗੇ ਇਸ ਗੱਲ ਦਾ ਪ੍ਰਗਟਾਵਾ ਖੇਡ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਨੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਆਯੋਜਿਤ ਮੀਟਿੰਗ ਵਿੱਚ ਕੀਤਾ।
ਉਨ੍ਹਾਂ ਕਿਹਾ ਹੈ ਕਿ ਇਹ ਜ਼ਿਲ੍ਹਾ ਰੂਪਨਗਰ ਦੇ ਖੁਸ਼ਕਿਸਮਤੀ ਹੈ ਕਿ ਰਾਜਪਾਲ ਸਿੰਘ ਹੁੰਦਲ ਜੋ ਭਾਰਤ ਦੀ ਹਾਕੀ ਟੀਮ ਦੇ ਕੈਪਟਨ ਵੀ ਰਹਿ ਚੁੱਕੇ ਹਨ ਅਤੇ ਆਪਣੇ ਖੇਡ ਕਰੀਅਰ ਦੌਰਾਨ 150 ਤੋਂ ਵੱਧ ਅੰਤਰਰਾਸ਼ਟਰੀ ਮੈਚ ਖੇਡ ਚੁੱਕੇ ਹਨ ਅਤੇ ਪੰਜਾਬ ਸਰਕਾਰ ਵਲੋਂ ਕਰਵਾਏ ਜਾ ਰਹੇ “ਖੇਡਾ ਵਤਨ ਪੰਜਾਬ ਦੀਆਂ”ਤਹਿਤ ਜ਼ਿਲ੍ਹਾ ਰੂਪਨਗਰ ਵਿੱਚ ਵੱਧ ਤੋਂ ਵੱਧ ਖਿਡਾਰੀਆਂ ਅਤੇ ਖੇਡਾਂ ਦਾ ਸ਼ੌਕ ਰੱਖਣ ਵਾਲੇ ਲੋਕਾਂ ਨੂੰ ਖੇਡ ਮੇਲਿਆਂ ਵਿੱਚ ਹਿੱਸਾ ਲੈਣ ਲਈ ਪ੍ਰੇਰਿਤ ਕਰਨਗੇ।
ਇਸ ਮੌਕੇ ਉੱਤੇ ਰਾਜਪਾਲ ਹੁੰਦਲ ਨੇ ਕਿਹਾ ਕਿ ਇਹ ਖੇਡ ਮੇਲੇ ਨੌਜਵਾਨ ਵਰਗ ਲਈ ਇੱਕ ਸੁਨਿਹਰੀ ਮੌਕਾ ਹੈ ਜਿਸ ਲਈ ਵਿਸ਼ੇਸ਼ ਤੌਰ ਉੱਤੇ ਪਿੰਡਾਂ ਦੇ ਖਿਡਾਰੀਆਂ ਨੂੰ ਖੇਡ ਮੁਕਾਬਲਿਆਂ ਵਿੱਚ ਵੱਧ ਚੜ ਕੇ ਭਾਗ ਲੈਣਾ ਚਾਹੀਦਾ ਹੈ ਤਾਂ ਜੋ ਜ਼ਿਲ੍ਹਾ ਰੂਪਨਗਰ ਤੋਂ ਵੱਧ ਤੋਂ ਵੱਧ ਚੰਗੇ ਖਿਡਾਰੀ ਰਾਜ ਪੱਧਰ ਉੱਤੇ ਮੁਕਾਬਲਿਆਂ ਵਿੱਚ ਹਿੱਸਾ ਲੈ ਸਕਣ।
ਵਿਧਾਇਕ ਐਡਵੋਕੇਟ ਦਿਨੇਸ਼ ਚੱਢਾ ਨੇ ਕਿਹਾ ਕਿ ਇਹ ਸਾਡੇ ਲਈ ਬੜੇ ਮਾਣ ਵਾਲੀ ਗੱਲ ਹੈ ਕਿ ਵਿਸ਼ਵ ਪ੍ਰਸਿੱਧ ਖਿਡਾਰੀ ਰਾਜਪਾਸ ਸਿੰਘ ਹੁੰਦਲ ਜ਼ਿਲ੍ਹੇ ਵਿੱਚ ਆਪਣੀਆਂ ਸੇਵਾਵਾਂ ਦੇ ਰਹੇ ਹਨ। ਉਨ੍ਹਾਂ ਕਿਹਾ ਕਿ ਨੌਜਵਾਨਾਂ ਨੂੰ ਇਨ੍ਹਾਂ ਤੋਂ ਪ੍ਰੇਰਿਤ ਹੋ ਕੇ ਖੇਡਾਂ ਨਾਲ ਜੁੜਨਾ ਚਾਹੀਦਾ ਹੈ ਅਤੇ ਖੇਡ ਮੇਲਿਆਂ ਵਿੱਚ ਹਿੱਸਾ ਲੈਣ ਲਈ ਆਪਣੇ ਰਜਿਸਟ੍ਰੇਸ਼ਨ ਜਲਦ ਕਰਵਾਉਣ।