ਵਿਧਾਇਕ ਐਡਵੋਕੇਟ ਦਿਨੇਸ਼ ਚੱਢਾ ਨੇ ਮੰਡੀ ਵਿਖੇ ਝੋਨੇ ਦੀ ਖਰੀਦ ਸ਼ੁਰੂ ਕਰਵਾਈ

198

ਵਿਧਾਇਕ ਐਡਵੋਕੇਟ ਦਿਨੇਸ਼ ਚੱਢਾ ਨੇ ਮੰਡੀ ਵਿਖੇ ਝੋਨੇ ਦੀ ਖਰੀਦ ਸ਼ੁਰੂ ਕਰਵਾਈ

ਬਹਾਦਰਜੀਤ ਸਿੰਘ  /ਰੂਪਨਗਰ/ 1 ਅਕਤੂਬਰ,2022          

ਵਿਧਾਇਕ ਹਲਕਾ ਰੂਪਨਗਰ ਐਡਵੋਕੇਟ ਦਿਨੇਸ਼ ਚੱਢਾ ਨੇ ਦਾਣਾ ਮੰਡੀ  ਰੂਪਨਗਰ ਵਿਚ ਝੋਨੇ ਦੀ ਖਰੀਦ ਸ਼ੁਰੂ ਕਰਵਾਉਣ ਮੌਕੇ ਪਹੁੰਚਕੇ ਕਿਸਾਨਾਂ ਦਾ ਮੂੰਹ ਮਿੱਠਾ ਕਰਵਾਕੇ ਵਧਾਈ ਦਿੱਤੀ ਅਤੇ ਪ੍ਰਬੰਧਾਂ ਦਾ ਜਾਇਜ਼ਾ ਲਿਆ।

ਰੋਪੜ ਦੀ ਮੰਡੀ ਵਿਖੇ ਝੋਨੇ ਦੀ ਖਰੀਦ ਸ਼ੁਰੂ ਕਰਵਾਉਂਦਿਆਂ ਹੋਏ ਹੋਰ ਜਾਣਕਾਰੀ ਦਿੰਦਿਆਂ ਵਿਧਾਇਕ ਹਲਕਾ ਰੂਪਨਗਰ ਐਡਵੋਕੇਟ ਦਿਨੇਸ਼ ਚੱਢਾ ਨੇ ਦੱਸਿਆ ਕਿ ਕਿਸਾਨਾਂ ਦੀ ਝੋਨੇ ਦੀ ਫ਼ਸਲ ਦਾ ਦਾਣਾ-ਦਾਣਾ ਖਰੀਦਿਆ ਜਾਵੇਗਾ ਜਿਸ ਲਈ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵਲੋਂ ਕਿਸਾਨਾਂ ਲਈ ਮੰਡੀਆਂ ਵਿੱਚ ਪੁੱਖਤਾ ਪ੍ਰਬੰਧ ਕੀਤੇ ਗਏ ਹਨ। ਕਿਸਾਨਾਂ ਨੂੰ ਝੋਨੇ ਦੇ ਸੀਜ਼ਨ ਦੌਰਾਨ ਕਿਸੇ ਵੀ ਕਿਸਮ ਦੀ ਦਿੱਕਤ ਨਹੀਂ ਆਉਣ ਦਿੱਤੀ ਜਾਵੇਗੀ। ਹਰੇਕ ਖਰੀਦ ਏਜੰਸੀ, ਸਰਕਾਰ ਦੀਆਂ ਹਦਾਇਤਾਂ ਅਨੁਸਾਰ ਝੋਨੇ ਦੀ ਖਰੀਦ ਵੇਲੇ ਮਾਪਦੰਡਾਂ ਨੂੰ ਸਖ਼ਤੀ ਨਾਲ ਲਾਗੂ ਕਰਨਾ ਯਕੀਨੀ ਕਰੇਗੀ ਜਿਸ ਲਈ ਖਰੀਦ ਸਮੇਂ ਹਰੇਕ ਮੰਡੀ ਅੰਦਰ ਨਮੀ ਦੀ ਮਾਤਰਾ ਚੈਕ ਕਰਨ ਲਈ ਪ੍ਰਮਾਣਿਤ ਮਸ਼ੀਨਾਂ ਅਤੇ ਕੰਢੇ ਦਾ ਪ੍ਰਬੰਧ ਕਰ ਦਿੱਤਾ ਗਿਆ ਹੈ।

ਵਿਧਾਇਕ ਐਡਵੋਕੇਟ ਦਿਨੇਸ਼ ਚੱਢਾ ਨੇ ਮੰਡੀ ਵਿਖੇ ਝੋਨੇ ਦੀ ਖਰੀਦ ਸ਼ੁਰੂ ਕਰਵਾਈ

ਐਡਵੋਕੇਟ ਦਿਨੇਸ਼ ਚੱਢਾ ਨੇ ਅੱਗੇ ਦੱਸਿਆ ਕਿ ਮੰਡੀਆਂ ਦੇ ਅੰਦਰ ਸਾਫ ਸਫਾਈ, ਪਾਣੀ, ਬਿਜਲੀ, ਆਰਜ਼ੀ ਬਾਥਰੂਮ ਸਮੇਤ ਹੋਰ ਲੋੜੀਂਦੇ ਪ੍ਰਬੰਧਾਂ ਕੀਤੇ ਗਏ ਹਨ ਤਾਂ ਜੋ ਮੰਡੀਆਂ ਅੰਦਰ ਆਪਣੀ ਫਸਲ ਲੈ ਕੇ ਆਉਣ ਵਾਲੇ ਕਿਸਾਨਾਂ ਸਮੇਤ ਮਜ਼ਦੂਰਾਂ, ਆੜਤੀਆਂ ਨੂੰ ਕੋਈ ਮੁਸ਼ਕਿਲ ਪੇਸ਼ ਨਾ ਆਵੇ।

ਉਨ੍ਹਾਂ ਦੱਸਿਆ ਕਿ ਦੂਜੇ ਰਾਜਾਂ ਤੋਂ ਅਣ-ਅਧਿਕਾਰਤ ਤੌਰ ’ਤੇ ਆਉਣ ਵਾਲੇ ਝੋਨੇ ਨੂੰ ਰੋਕਣ ਲਈ ਰੂਪਨਗਰ ਅੰਦਰ ਨਾਕਾਬੰਦੀ ਕੀਤੀ ਜਾ ਰਹੀ ਹੈ ਅਤੇ ਦੂਜੇ ਰਾਜਾਂ ਤੋਂ ਝੋਨਾ ਲਿਆਉਣ ਵਾਲੇ ਵਿਰੁੱਧ ਸਖ਼ਤ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ।

ਉਨ੍ਹਾਂ ਦੱਸਿਆ ਕਿ ਝੋਨੇ ਦੀ ਰੋਜ਼ਾਨਾ ਖ਼ਰੀਦ ਕੀਤੀ ਜਾਵੇਗੀ ਅਤੇ ਉਸ ਦੀ ਅਦਾਇਗੀ ਕਿਸਾਨਾਂ ਦੇ ਸਿੱਧੇ ਖਾਤੇ ਵਿਚ ਚਲੀ ਜਾਵੇਗੀ।

ਇਸ ਮੌਕੇ ਐਸ ਡੀ ਐੱਮ ਹਰਬੰਸ ਸਿੰਘ, ਡੀ ਐਫ ਸੀ ਰੂਪਨਗਰ ਡਾ. ਨਵਨੀਤ ਕੌਰ, ਜ਼ਿਲ੍ਹਾ ਮੰਡੀ ਅਫ਼ਸਰ ਨਿਰਮਲ ਸਿੰਘ ਅਤੇ ਹੋਰ ਸੀਨੀਅਰ ਅਧਿਕਾਰੀ ਮੌਜੂਦ ਸਨ।