ਸ੍ਰੀ ਅਨੰਦਪੁਰ ਸਾਹਿਬ ਤੋਂ ਪੰਥਕ ਰੋਸ ਮਾਰਚ ਖਾਲਸਾਈ ਜੈਕਾਰਿਆਂ ਦੀ ਗੂੰਜ ’ਚ ਅੰਮ੍ਰਿਤਸਰ ਲਈ ਰਵਾਨਾ

219

ਸ੍ਰੀ ਅਨੰਦਪੁਰ ਸਾਹਿਬ ਤੋਂ ਪੰਥਕ ਰੋਸ ਮਾਰਚ ਖਾਲਸਾਈ ਜੈਕਾਰਿਆਂ ਦੀ ਗੂੰਜ ’ਚ ਅੰਮ੍ਰਿਤਸਰ ਲਈ ਰਵਾਨਾ

ਬਹਾਦਰਜੀਤ ਸਿੰਘ  /ਸ੍ਰੀ ਅਨੰਦਪੁਰ ਸਾਹਿਬ, 7 ਅਕਤੂਬਰ,2022

ਵੱਖਰੀ ਹਰਿਆਣਾ ਗੁਰਦੁਆਰਾ ਪ੍ਰਬੰਧਕ ਕਮੇਟੀ ਵਿਰੁੱਧ ਰੋਸ ਤੇ ਰੋਹ ਹੋਰ ਤਿੱਖਾ ਕਰਦਿਆਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਰੋਸ ਮਾਰਚ ਸ਼ੁਰੂ ਕਰਦਿਆਂ ਸੰਘਰਸ਼ ਦਾ ਬਿਗਲ ਵਜਾ ਦਿੱਤਾ ਹੈ। ਇਥੇ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਤੋਂ ਅੱਜ ਸਵੇਰੇ ਜੈਕਾਰਿਆਂ ਦੀ ਗੂੰਜ ਵਿਚ ਸ੍ਰੀ ਅੰਮ੍ਰਿਤਸਰ ਲਈ ਰੋਸ ਮਾਰਚ ਦੀ ਸ਼ੁਰੂਆਤ ਹੋਈ। ਇਥੇ ਨੇੜਲੇ ਇਲਾਕਿਆਂ ਤੋਂ ਵੱਡੀ ਗਿਣਤੀ ਵਿਚ ਸੰਗਤਾਂ ਪੁੱਜੀਆਂ ਹੋਈਆਂ ਸਨ, ਜੋ ਰੋਸ ਮਾਰਚ ਦਾ ਹਿੱਸਾ ਬਣੀਆਂ। ਰੋਸ ਮਾਰਚ ਦੀ ਸ਼ੁਰੂਆਤ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਵੱਲੋਂ ਅਰਦਾਸ ਨਾਲ ਕੀਤੀ ਗਈ, ਜਦਕਿ ਇਸ ਦੌਰਾਨ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ, ਸੀਨੀਅਰ ਅਕਾਲੀ ਆਗੂ ਪ੍ਰੋ. ਪ੍ਰੇਮ ਸਿੰਘ ਚੰਦੂਮਾਜਰਾ, ਡਾ. ਦਲਜੀਤ ਸਿੰਘ ਚੀਮਾ ਸਮੇਤ ਹੋਰ ਪ੍ਰਮੁੱਖ ਸ਼ਖ਼ਸੀਅਤਾਂ ਮੌਜੂਦ ਸਨ।

ਇਸ ਮੌਕੇ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਆਪਣੇ ਸੰਬੋਧਨ ਵਿਚ ਕਿਹਾ ਕਿ ਸਿੱਖ ਧਰਮ ’ਤੇ ਸੋਚੀ ਸਮਝੀ ਸਾਜ਼ਿਸ਼ ਤਹਿਤ ਹਮਲੇ ਕੀਤੇ ਜਾ ਰਹੇ ਹਨ। ਤਾਜ਼ਾ ਹਮਲਾ ਸ਼੍ਰੋਮਣੀ ਕਮੇਟੀ ਨੂੰ ਤੋੜਨ ਦੀਆਂ ਚਾਲਾਂ ਅਤੇ ਵੱਖਰੀ ਹਰਿਆਣਾ ਗੁਰਦੁਆਰਾ ਕਮੇਟੀ ਸਥਾਪਤ ਕਰਨ ਦਾ ਹੈ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਕਮੇਟੀ ਵਿਰੁੱਧ ਇਹ ਚਾਲ ਹਰਿਆਣਾ ਦੀ ਤਤਕਾਲੀ ਕਾਂਗਰਸ ਸਰਕਾਰ ਦੇ ਨਾਲ-ਨਾਲ ਕੇਂਦਰ ਤੇ ਹਰਿਆਣਾ ਦੀ ਮੌਜੂਦਾ ਭਾਜਪਾ ਸਰਕਾਰ ਦੀ ਸਾਂਝੀ ਚਾਲ ਹੈ। ਇਸ ਵਿਚ ਪੰਜਾਬ ਦੀ ਪਿਛਲੀ ਕਾਂਗਰਸ ਸਰਕਾਰ ਅਤੇ ਹੁਣ ਆਮ ਆਦਮੀ ਪਾਰਟੀ ਦੀ ਸਰਕਾਰ ਵੀ ਸ਼ਾਮਲ ਹੈ। ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਕਿਹਾ ਇਹ ਸਾਰੀਆਂ ਧਿਰਾਂ ਰਲ ਕੇ ਸਿੱਖ ਸੰਸਥਾ ਸ਼੍ਰੋਮਣੀ ਕਮੇਟੀ ਨੂੰ ਤੋੜਨ ਦੇ ਮਨਸੂਬੇ ਘੜ ਰਹੀਆਂ ਹਨ, ਪਰ ਸਿੱਖ ਪੰਥ ਇਨ੍ਹਾਂ ਨੂੰ ਮੂੰਹ ਤੋੜ ਜਵਾਬ ਦੇਵੇਗਾ। ਉਨ੍ਹਾਂ ਕਿਹਾ ਕਿ ਵੱਖ-ਵੱਖ ਸਿੱਖ ਜਥੇਬੰਦੀਆਂ ਤੇ ਸੰਗਤਾਂ ਹਰਿਆਣਾ ਕਮੇਟੀ ਬਣਾਉਣ ਦੇ ਵਿਰੁੱਧ ਹਨ ਅਤੇ ਸ਼੍ਰੋਮਣੀ ਕਮੇਟੀ ਵੱਲੋਂ ਕੀਤੇ ਜਾ ਰਹੇ ਵਿਰੋਧ ਦਾ ਹਿੱਸਾ ਹਨ, ਪਰੰਤੂ ਕੁਝ ਲੋਕ ਸਰਕਾਰਾਂ ਦਾ ਹੱਥ ਠੋਕਾ ਬਣੇ ਹੋਏ ਹਨ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਕਮੇਟੀ ਨੇ ਪੰਥ ਵਿਰੋਧੀ ਤਾਕਤਾਂ ਖਿਲਾਫ਼ ਸੰਘਰਸ਼ ਦਾ ਬਿਗਲ ਵਜਾ ਦਿੱਤਾ ਹੈ, ਜਿਸ ਤਹਿਤ ਇਹ ਰੋਸ ਮਾਰਚ ਕੱਢੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਅੱਜ ਪੰਜਾਬ ਅੰਦਰ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਤੇ ਤਖ਼ਤ ਸ੍ਰੀ ਦਮਦਮਾ ਸਾਹਿਬ ਤੋਂ ਇਲਾਵਾ ਹਰਿਆਣਾ ਦੇ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਅੰਬਾਲਾ ਤੋਂ ਵੀ ਰੋਸ ਮਾਰਚ ਸ੍ਰੀ ਅਕਾਲ ਤਖ਼ਤ ਸਾਹਿਬ ਲਈ ਆਇਆ ਹੈ।

ਉਨ੍ਹਾਂ ਭਾਜਪਾ ਦੀ ਕੇਂਦਰ ਸਰਕਾਰ ’ਤੇ ਨਿਸ਼ਾਨੇ ਸਾਧਦਿਆਂ ਕਿਹਾ ਕਿ ਭਾਜਪਾ ਸਰਕਾਰ ਇਕ ਧਰਮ ਦੇ ਇਸ਼ਾਰੇ ’ਤੇ ਕੰੰਮ ਕਰਦੀ ਹੈ ਅਤੇ ਘਟਗਿਣਤੀਆਂ ਨੂੰ ਦਬਾਉਣ ਵਾਲੀ ਸੋਚ ਲੈ ਕੇ ਚਲ ਰਹੀ ਹੈ। ਉਨ੍ਹਾਂ ਆਖਿਆ ਕਿ ਸ਼੍ਰੋਮਣੀ ਕਮੇਟੀ ਨੂੰ ਤੋੜਨ ਦੀ ਮਨਸ਼ਾ ਬੇਹੱਦ ਘਾਤਕ ਹੈ ਅਤੇ ਇਸ ਨਾਲ ਸਿੱਖ ਸ਼ਕਤੀ ਨੂੰ ਖੇਰੂੰ-ਖੇਰੂੰ ਕਰਨ ਦਾ ਯਤਨ ਕੀਤਾ ਜਾ ਰਿਹਾ ਹੈ। ਐਡਵੋਕੇਟ ਧਾਮੀ ਨੇ ਆਖਿਆ ਕਿ ਖਾਲਸਾ ਪੰਥ ਨੇ ਹਮੇਸ਼ਾ ਹੀ ਵਿਰੋਧੀ ਸ਼ਕਤੀਆਂ ਦਾ ਮੁਕਾਬਲਾ ਕੀਤਾ ਹੈ ਅਤੇ ਇਸੇ ਤਹਿਤ ਹੀ ਮੌਜੂਦਾ ਸਮੇਂ ਵੀ ਸੰਘਰਸ਼ ਜਾਰੀ ਰੱਖਿਆ ਜਾਵੇਗਾ। ਉਨ੍ਹਾਂ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਇਤਿਹਾਸ ਅਤੇ ਰਵਾਇਤਾਂ ਦਾ ਖਾਸ ਤੌਰ ’ਤੇ ਜ਼ਿਕਰ ਕਰਦਿਆਂ ਕਿਹਾ ਕਿ ਇਸ ਅਸਥਾਨ ਤੋਂ ਗੁਰੂ ਸਾਹਿਬਾਨ ਨੇ ਜ਼ੁਲਮ ਦੇ ਖਿਲਾਫ ਕਰੜਾ ਸੰਘਰਸ਼ ਕੀਤਾ ਸੀ ਅਤੇ ਹੱਕ ਸੱਚ ਦੀ ਅਵਾਜ਼ ਬੁਲੰਦ ਕੀਤੀ ਸੀ। ਅੱਜ ਇਥੇ ਜੁੜਿਆ ਪੰਥਕ ਇਕੱਠ ਇਕ ਵਾਰ ਫਿਰ ਆਪਣੇ ਇਤਿਹਾਸ ਦੀ ਰੌਸ਼ਨੀ ਵਿਚ ਅੱਗੇ ਵੱਧ ਰਿਹਾ ਹੈ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਕਮੇਟੀ ਦੀ ਸਥਾਪਨਾ ਹੀ ਪੰਥ ਵਿਰੋਧੀ ਚਾਲਾਂ ਦੇ ਮੁਕਾਬਲੇ ਵਿੱਚੋਂ ਹੋਈ ਹੈ ਅਤੇ ਇਹ ਸੰਸਥਾ ਕਦੇ ਵੀ ਆਪਣੀਆਂ ਰਵਾਇਤਾਂ ਤੋਂ ਪਿੱਛੇ ਨਹੀਂ ਹਟੇਗੀ।

ਸ੍ਰੀ ਅਨੰਦਪੁਰ ਸਾਹਿਬ ਤੋਂ ਪੰਥਕ ਰੋਸ ਮਾਰਚ ਖਾਲਸਾਈ ਜੈਕਾਰਿਆਂ ਦੀ ਗੂੰਜ ’ਚ ਅੰਮ੍ਰਿਤਸਰ ਲਈ ਰਵਾਨਾ

ਇਸ ਮੌਕੇ ਸੀਨੀਅਰ ਅਕਾਲੀ ਆਗੂ ਅਤੇ ਸਾਬਕਾ ਮੈਂਬਰ ਪਾਰਲੀਮੈਂਟ ਪ੍ਰੋ. ਪ੍ਰੇਮ ਸਿੰਘ ਚੰਦੂਮਾਜਰਾ ਨੇ ਕਿਹਾ ਕਿ ਪੰਥ ਨੂੰ ਚੁਣੌਤੀਆਂ ਸਰਕਾਰਾਂ ਨੂੰ ਸਦਾ ਮਹਿੰਗੀਆਂ ਪੈਂਦੀਆਂ ਰਹੀਆਂ ਹਨ। ਹਰਿਆਣਾ ਕਮੇਟੀ ਬਣਾ ਕੇ ਸ਼੍ਰੋਮਣੀ ਕਮੇਟੀ ਦਾ ਦਾਇਰਾ ਘਟਾਉਣ ਦੀ ਚਾਲ ਨਿਰੋਲ ਰਾਜਨੀਤਕ ਲੋਕਾਂ ਦੀ ਹੈ, ਪਰ ਪੰਥਕ ਰੋਹ ਅੱਗੇ ਸਰਕਾਰਾਂ ਦੀਆਂ ਚਾਲਾਂ ਖੜ੍ਹ ਨਹੀਂ ਸਕਣਗੀਆਂ।

ਰੋਸ ਮਾਰਚ ਦੀ ਆਰੰਭਤਾ ਮੌਕੇ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ, ਸੀਨੀਅਰ ਅਕਾਲੀ ਆਗੂ ਪ੍ਰੋ. ਪ੍ਰੇਮ ਸਿੰਘ ਚੰਦੂਮਾਜਰਾ, ਡਾ. ਦਲਜੀਤ ਸਿੰਘ ਚੀਮਾ,  ਜਗਦੀਪ ਸਿੰਘ ਚੀਮਾ,  ਹਰਿੰਦਰਪਾਲ ਸਿੰਘ ਚੰਦੂਮਾਜਰਾ, ਸ਼੍ਰੋਮਣੀ ਕਮੇਟੀ ਮੈਂਬਰ ਭਾਈ ਅਮਰਜੀਤ ਸਿੰਘ ਚਾਵਲਾ,  ਸਤਵਿੰਦਰ ਸਿੰਘ ਟੌਹੜਾ,  ਅਜਮੇਰ ਸਿੰਘ ਖੇੜਾ,  ਅਵਤਾਰ ਸਿੰਘ ਰਿਆ,  ਚਰਨਜੀਤ ਸਿੰਘ ਕਾਲੇਵਾਲ, ਬੀਬੀ ਹਰਜਿੰਦਰ ਕੌਰ ਚੰਡੀਗੜ੍ਹ, ਬੀਬੀ ਪਰਮਜੀਤ ਕੌਰ ਲਾਂਡਰਾਂ,  ਗੁਰਿੰਦਰ ਸਿੰਘ ਗੋਗੀ, ਦਮਦਮੀ ਟਕਸਾਲ ਦੇ ਮੁੱਖ ਬੁਲਾਰੇ ਬਾਬਾ ਸੁਖਦੇਵ ਸਿੰਘ, ਮੀਤ ਸਕੱਤਰ  ਨਿਰਵੈਲ ਸਿੰਘ, ਮੈਨੇਜਰ  ਗੁਰਦੀਪ ਸਿੰਘ ਕੰਗ,  ਚਰਨਜੀਤ ਸਿੰਘ ਸਿੱਖ ਮਿਸ਼ਨਰੀ ਕਾਲਜ, ਬਾਬਾ ਕੁਲਦੀਪ ਸਿੰਘ ਦਮਦਮੀ ਟਕਸਾਲ,  ਹਰਦੇਵ ਸਿੰਘ ਸਮੇਤ ਵੱਡੀ ਗਿਣਤੀ ਸੰਗਤਾਂ ਹਾਜ਼ਰ ਸਨ।

ਇਸੇ ਦੌਰਾਨ ਵੱਖ-ਵੱਖ ਥਾਵਾਂ ਤੋਂ ਵੱਡੀ ਗਿਣਤੀ ਸੰਗਤਾਂ ਨੇ ਮਾਰਚ ਦਾ ਹਿੱਸਾ ਬਣਦਿਆਂ ਰੋਸ ਦਾ ਪ੍ਰਗਟਾਵਾ ਕੀਤਾ। ਸ੍ਰੀ ਅਨੰਦਪੁਰ ਸਾਹਿਬ ਤੋਂ ਅੱਗੇ ਰੋਸ ਮਾਰਚ ਦਾ ਹਿੱਸਾ ਬਣਨ ਵਾਲਿਆਂ ਵਿਚ  ਸੁਰਿੰਦਰ ਸਿੰਘ ਭੁਲੇਵਾਲ ਰਾਠਾ,  ਇਕਬਾਲ ਸਿੰਘ ਖੇੜਾ,  ਬੂਟਾ ਸਿੰਘ ਅਲੀਪੁਰ,  ਹਰਜੀਤ ਸਿੰਘ,  ਰਾਜਿੰਦਰ ਸਿੰਘ,  ਦਿਆ ਸਿੰਘ, ਡਾ. ਬਲਜੀਤ ਸਿੰਘ, ਪ੍ਰੋ. ਜਸਪਾਲ ਸਿੰਘ, ਜਥੇਦਾਰ ਜੋਗਿੰਦਰ ਸਿੰਘ ਅਟਵਾਲ,  ਤਰਲੋਚਨ ਸਿੰਘ ਚੌਧਨੀ,  ਦਲਜੀਤ ਸਿੰਘ ਮਾਨੇਵਾਲ, ਸ੍ਰੀ ਅਸ਼ੋਕ ਕੁਮਾਰ, ਰਾਣਾ ਰਣਦੀਪ ਕੌਂਸ਼ਲ,  ਅਵਤਾਰ ਸਿੰਘ ਸਾਧੜਾ,  ਸਤਨਾਮ ਸਿੰਘ,  ਜਰਨੈਲ ਸਿੰਘ ਵਾਹਦ,  ਹਰਜਤਿੰਦਰ ਸਿੰਘ ਪਵਾਤ,  ਪਰਮ ਸਿੰਘ ਖਾਲਸਾ,  ਹਰਜੀਤ ਸਿੰਘ ਸ਼ੇਰਗਿੱਲ,  ਪਰਮਜੀਤ ਸਿੰਘ ਢਿੱਲੋਂ,  ਭਗਤ ਸਿੰਘ,  ਹਰਦੀਪ ਸਿੰਘ,  ਜਸਪਾਲ ਸਿੰਘ ਸਮੇਤ ਵੱਡੀ ਗਿਣਤੀ ਸੰਗਤਾਂ ਹਾਜ਼ਰ ਸਨ।