ਡਾ. ਬਲਜੀਤ ਕੌਰ ਨੇ ਪਟਿਆਲਾ ਵਿਖੇ ਲਹਿਰਾਇਆ ਤਿਰੰਗਾ; ਵਿਕਾਸ ਪੱਖੋਂ ਬਦਲੀ ਜਾਵੇਗੀ ਪਟਿਆਲਾ ਦੀ ਨੁਹਾਰ-ਕੈਬਨਿਟ ਮੰਤਰੀ
ਪਟਿਆਲਾ, 26 ਜਨਵਰੀ,2023 :
ਦੇਸ਼ ਦੇ 74ਵੇਂ ਗਣਤੰਤਰ ਦਿਵਸ ਮੌਕੇ ਪਟਿਆਲਾ ਦੇਰਾਜਾ ਭਲਿੰਦਰ ਸਿੰਘ ਸਪੋਰਟਸ ਕੰਪਲੈਕਸ ਪੋਲੋ ਗਰਾਊਂਡਵਿਖੇ ਜ਼ਿਲ੍ਹਾ ਪੱਧਰੀ ਸਮਾਗਮ ਮੌਕੇ ਪੰਜਾਬ ਦੇ ਸਮਾਜਿਕ ਨਿਆਂ, ਅਧਿਕਾਰਤਾ ਤੇ ਘੱਟ ਗਿਣਤੀ ਅਤੇ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕਰਦਿਆਂ ਕੌਮੀ ਝੰਡਾ ਲਹਿਰਾਉਣ ਦੀ ਰਸਮ ਅਦਾ ਕੀਤੀ। ਉਨ੍ਹਾਂ ਨੇ ਪਰੇਡ ਦਾ ਨਿਰੀਖਣ ਕਰਨ ਉਪਰੰਤ ਪਰੇਡ ਕਮਾਂਡਰ ਡੀ.ਐਸ.ਪੀ. ਸੌਰਵ ਜਿੰਦਲ ਦੀ ਅਗਵਾਈ ਹੇਠਲੀਆਂ 10 ਟੁਕੜੀਆਂ, ਪਟਿਆਲਾ ਪੁਲਿਸ, ਹੋਮ ਗਾਰਡਜ਼, ਆਈ.ਆਰ.ਬੀ. ਦੇ ਬੈਂਡ, ਐਨ.ਸੀ.ਸੀ., ਸੈਂਟ ਜੋਨ ਐਂਬੂਲੈਸ ਬ੍ਰਿਗੇਡ, ਸਕਾਊਟ ਤੇ ਗਾਈਡ ਦੇ ਮਾਰਚ ਪਾਸਟ ਤੋਂ ਸਲਾਮੀ ਲਈ।
ਡਾ. ਬਲਜੀਤ ਕੌਰ ਨੇ ਪਟਿਆਲਾ ਦੀ ਉਘੀ ਸਾਹਿਤਕ ਹਸਤੀ ਡਾ. ਰਤਨ ਸਿੰਘ ਜੱਗੀ ਨੂੰ ਪਦਮਸ੍ਰੀ ਪੁਰਸਕਾਰ ਮਿਲਣ ‘ਤੇ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਸਨਮਾਨਤ ਕੀਤਾ। ਜਦਕਿ ਏ.ਡੀ.ਜੀ.ਪੀ. ਜੀ ਨਾਗੇਸ਼ਵਰ ਰਾਓ ਅਤੇ ਐਸ.ਟੀ.ਐਫ਼ ਦੇ ਸਹਾਇਕ ਥਾਣੇਦਾਰ ਪਿਆਰਾ ਸਿੰਘ ਨੂੰ ਸ਼ਾਨਦਾਰ ਸੇਵਾਵਾਂ ਬਦਲੇ ਰਾਸ਼ਟਰਪਤੀ ਪੁਰਸਕਾਰ ਮਿਲਣ ‘ਤੇ ਵਿਸ਼ੇਸ਼ ਸਨਮਾਨ ਵੀ ਕੀਤਾ। ਉਨ੍ਹਾਂ ਦੇ ਨਾਲ ਉਨ੍ਹਾਂ ਦੇ ਪਤੀ ਇੰਜੀਨੀਅਰ ਦਲਜੀਤ ਸਿੰਘ, ਮੁੱਖ ਮੰਤਰੀ ਦੇ ਮੀਡੀਆ ਡਾਇਰੈਕਟਰ ਬਲਤੇਜ ਪੰਨੂ, ਵਿਧਾਇਕ ਅਜੀਤਪਾਲ ਸਿੰਘ ਕੋਹਲੀ, ਹਰਮੀਤ ਸਿੰਘ ਪਠਾਣਮਾਜਰਾ ਤੇ ਗੁਰਲਾਲ ਘਨੌਰ, ਡਵੀਜਨਲ ਕਮਿਸ਼ਨਰ ਅਰੁਣ ਸੇਖੜੀ, ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਅਤੇ ਐਸ.ਐਸ.ਪੀ. ਵਰੁਣ ਸ਼ਰਮਾ ਵੀ ਮੌਜੂਦ ਸਨ।
ਕੈਬਨਿਟ ਮੰਤਰੀ ਨੇ ਇਸ ਮੌਕੇ ਕੇਵਲ ਗਣਤੰਤਰ ਦਿਸਵ ਸਮਾਰੋਹ ਵਿੱਚ ਹਿੱਸਾ ਲੈਣ ਵਾਲੀਆਂ ਵਿੱਦਿਅਕ ਸੰਸਥਾਵਾਂ ‘ਚ 27 ਜਨਵਰੀ ਨੂੰ ਛੁੱਟੀ ਦਾ ਐਲਾਨ ਵੀ ਕੀਤਾ।
ਇਸ ਤੋਂ ਪਹਿਲਾਂ ਜ਼ਿਲ੍ਹਾ ਵਾਸੀਆਂ ਦੇ ਨਾਮ ਆਪਣੇ ਸੰਦੇਸ਼ ‘ਚ ਡਾ. ਬਲਜੀਤ ਕੌਰ ਨੇ ਪੰਜਾਬ ਸਰਕਾਰ ਦੀ ਪਿਛਲੇ ਕਰੀਬ 10 ਮਹੀਨੇ ਦੀ ਕਾਰਗੁਜ਼ਾਰੀ ‘ਤੇ ਚਾਨਣਾ ਪਾਉਂਦਿਆਂ ਜੋਰ ਦੇ ਕੇ ਕਿਹਾ ਕਿ ਪਟਿਆਲਾ, ਮੁੱਖ ਮੰਤਰੀ ਭਗਵੰਤ ਮਾਨ ਦਾ ਤਰਜੀਹੀ ਸ਼ਹਿਰ ਹੈ, ਇਸ ਲਈ ਪਟਿਆਲਾ ਜ਼ਿਲ੍ਹੇ ਦੀ ਸਮੁੱਚੇ ਵਿਕਾਸ ਪੱਖੋਂ ਨੁਹਾਰ ਬਦਲੀ ਜਾਵੇਗੀ।
ਡਾ. ਬਲਜੀਤ ਕੌਰ ਨੇ 74ਵੇਂ ਗਣਤੰਤਰ ਦਿਵਸ ਦੀ ਵਧਾਈ ਦਿੰਦਿਆਂ ਦੇਸ਼ ਦੀ ਅਖੰਡਤਾ ਤੇ ਏਕਤਾ ਦੀ ਰਾਖੀ ਕਰਨ ਵਾਲੀਆਂ ਹਥਿਆਰਬੰਦ ਫ਼ੌਜਾਂ ਦੇ ਬਹਾਦਰ ਸੂਰਬੀਰਾਂ ਨੂੰ ਵੀ ਸ਼ੁਭ-ਕਾਮਨਾਵਾਂ ਦਿੱਤੀਆਂ ਤੇ ਕਿਹਾ ਕਿ ਆਜ਼ਾਦੀ ਤੋਂ ਬਾਅਦ 26 ਜਨਵਰੀ 1950 ਨੂੰ ਭਾਰਤੀ ਸੰਵਿਧਾਨ ਲਾਗੂ ਹੋ ਜਾਣ ਨਾਲ ਗਣਰਾਜ ਦੀ ਸਥਾਪਨਾ ਹੋਈ ਅਤੇ ਸਾਨੂੰ ਦੁਨੀਆਂ ਵਿਚ ਸਭ ਤੋਂ ਵੱਡੀ ਜਮਹੂਰੀਅਤ ਹੋਣ ਦਾ ਮਾਣ ਹਾਸਲ ਹੋਇਆ।
ਡਾ. ਬਲਜੀਤ ਕੌਰ ਨੇ ਆਜ਼ਾਦੀ ਦੀ ਲੜਾਈ ਦੇ ਸ਼ਹੀਦਾਂ, ਵੱਖ-ਵੱਖ ਲਹਿਰਾਂ ਤੋਂ ਇਲਾਵਾ ਭਾਰਤੀ ਸੰਵਿਧਾਨ ਦੇ ਨਿਰਮਾਤਾ ਡਾਕਟਰ ਭੀਮ ਰਾਓ ਅੰਬੇਦਕਰ ਦੇ ਯੋਗਦਾਨ ਨੂੰ ਦਿਲੋਂ ਸਿਜਦਾ ਕਰਦਿਆਂ ਕਿਹਾ ਕਿ ਆਜ਼ਾਦੀ ਦੇ ਪਰਵਾਨਿਆਂ ਨੇ ਇੱਕ ਰੋਸ਼ਨ ਭਵਿੱਖ ਲਈ ਜੋ ਸੁਪਨਾ ਵੇਖਿਆ ਸੀ, ਉਸ ਦੀ ਪੂਰਤੀ ਲਈ ਸਾਨੂੰ ਸਾਰਿਆਂ ਨੂੰ ਸਾਰਥਕ ਹੰਭਲੇ ਮਾਰਨੇ ਪੈਣਗੇ।ਇਸੇ ਸੰਦਰਭ ‘ਚ ਉਨ੍ਹਾਂ ਨੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਕੀਤਾ ਵਾਅਦਾ ਦੁਹਰਾਇਆ ਕਿ ਪੰਜਾਬ ਸਰਕਾਰ ਆਪਣੇ ਆਜ਼ਾਦੀ ਘੁਲਾਟੀਆਂ ਵੱਲੋਂ ਦੇਸ਼ ਤੇ ਪੰਜਾਬ ਦੇ ਭਵਿੱਖ ਦੇ ਬਾਰੇ ਗਏ ਸੁਪਨਿਆਂ ਨੂੰ ਸਾਕਾਰ ਕਰਨ ਲਈ ਆਪਣੀ ਵਚਨਬੱਧਤਾ ਪੂਰੀ ਤਰ੍ਹਾਂ ਨਿਭਾਏਗੀ।
ਡਾ. ਬਲਜੀਤ ਕੌਰ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਿੱਚ ਪੰਜਾਬ ਮੌਜੂਦਾ ਸਮੇਂ ਬਿਜਲੀ, ਖੇਤੀਬਾੜੀ, ਸਿਹਤ, ਸਿੱਖਿਆ, ਲਾਅ ਐਂਡ ਆਰਡਰ, ਨਾਗਰਿਕ ਸੇਵਾਵਾਂ, ਬੁਨਿਆਦੀ ਢਾਂਚੇ, ਸ਼ਹਿਰੀ ਵਿਕਾਸ, ਪਿੰਡਾਂ ਦੇ ਸਰਵਪੱਖੀ ਵਿਕਾਸ, ਪੰਚਾਇਤੀ ਜ਼ਮੀਨਾਂ ਤੋਂ ਨਾਜਾਇਜ਼ ਕਬਜੇ ਛੁਡਾਉਣ, ਨਿਵੇਸ਼ ਪੱਖੀ ਮਾਹੌਲ ਸਿਰਜਣ ਅਤੇ ਉਦਯੋਗ ਦੇ ਖੇਤਰ ਵਿੱਚ ਮੋਹਰੀ ਸੂਬੇ ਵਜੋਂ ਅੱਗੇ ਆ ਰਿਹਾ ਹੈ।
ਆਪਣੇ ਵਿਭਾਗਾਂ ਦੀ ਕਾਰਗੁਜ਼ਾਰੀ ਦਾ ਜ਼ਿਕਰ ਕਰਦਿਆਂ ਡਾ. ਬਲਜੀਤ ਕੌਰ ਨੇ ਦੱਸਿਆ ਕਿ ਪੋਸਟ ਮੈਟ੍ਰਿਕ ਸਕਾਲਰਸ਼ਿਪ ਸਕੀਮ ਤਹਿਤ ਅਨੁਸੂਚਿਤ ਜਾਤੀਆਂ, ਪੱਛੜੀਆਂ ਸ਼੍ਰੇਣੀਆਂ ਅਤੇ ਘੱਟ ਗਿਣਤੀ ਵਰਗ ਲਈ ਲਾਗੂ ਸਕੀਮ ਤਹਿਤ ਇਸ ਤਹਿਤ ਵਿੱਦਿਅਕ ਸੰਸਥਾ ਦੇ ਕੋਰਸ ਦੀ ਸਾਰੀ ਫੀਸ ਅਤੇ ਵਜੀਫੇ ਦੀ ਰਾਸ਼ੀ ਮੁਹੱਈਆ ਕਰਵਾਈ ਜਾ ਰਹੀ ਹੈ।ਇਸ ਤੋਂ ਬਿਨ੍ਹਾਂ ਅਨੁਸੂਚਿਤ ਜਾਤੀਆਂ, ਪੱਛੜੀਆਂ ਸ਼੍ਰੇਣੀਆਂ ਅਤੇ ਘੱਟ ਗਿਣਤੀ ਵਰਗ ਦੇ ਪਰਿਵਾਰਾਂ ਨੂੰ ਉਨ੍ਹਾਂ ਦੀ ਲੜਕੀ ਦੇ ਵਿਆਹ ‘ਤੇ 51 ਹਜ਼ਾਰ ਰੁਪਏ ਦਾ ਸ਼ਗਨ ਦਿੱਤਾ ਜਾ ਰਿਹਾ ਹੈ। ਪੰਜਾਬ ਅਨੁਸੂਚਿਤ ਜਾਤੀਆਂ ਭੋਂ ਵਿਕਾਸ ਅਤੇ ਵਿੱਤ ਕਾਰਪੋਰੇਸਨ ਰਾਹੀ ਅਨੁਸੂਚਿਤ ਜਾਤੀਆਂ, ਅੰਗਹੀਣ ਅਤੇ ਜਨਰਲ ਵਰਗ ਦੇ ਲਾਭਪਾਤਰੀਆਂ ਨੂੰ ਵੱਖ-ਵੱਖ ਕਿੱਤਿਆਂ ਲਈ 8 ਫੀਸਦੀ ਤੱਕ ਵਿਆਜ ਦਰ ਤੇ ਕਰਜ਼ਾ ਮੁਹੱਈਆ ਕਰਵਾਇਆ ਜਾ ਰਿਹਾ ਹੈ।
ਡਾ. ਬਲਜੀਤ ਕੌਰ ਨੇ ਪਟਿਆਲਾ ਜ਼ਿਲ੍ਹੇ ਦੇ ਵਿਕਾਸ ਦੀ ਗੱਲ ਕਰਦਿਆਂ ਕਿਹਾ ਕਿ ਜ਼ਿਲ੍ਹੇ ਦੇ ਸਮੁੱਚੇ ਵਿਕਾਸ ਲਈ ਮੁੱਖ ਮੰਤਰੀ ਭਗਵੰਤ ਮਾਨ ਖ਼ੁਦ ਦਿਲਚਸਪੀ ਲੈ ਰਹੇ ਹਨ ਤੇ ਉਨ੍ਹਾਂ ਨੇ ਪਿਛਲੇ ਦਿਨੀਂ ਪਟਿਆਲਾ ਦਾ ਦੌਰਾ ਕਰਕੇ ਇੱਥੇ 167 ਕਰੋੜ ਦੇ ਵਿਕਾਸ ਪ੍ਰਾਜੈਕਟਾਂ ਦਾ ਜਾਇਜ਼ਾ ਲਿਆ ਅਤੇ ਇਨ੍ਹਾਂ ਨੂੰ ਮਿੱਥੇ ਸਮੇਂ ਅੰਦਰ ਪੂਰਾ ਕਰਨ ਦਾ ਵਾਅਦਾ ਕੀਤਾ ਹੈ। ਉਨ੍ਹਾਂ ਨੇ ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਦੀ ਪ੍ਰਸ਼ੰਸਾ ਕਰਦਿਆਂ ਟੀਮ ਪਟਿਆਲਾ ਵੱਲੋਂ ਰੰਗਲਾ ਪੰਜਾਬ ਬਣਾਉਣ ਦੇ ਰਾਹ ਉਤੇ ਚਲਦਿਆਂ ਪਟਿਆਲਾ ਹੈਰੀਟੇਜ ਫੈਸਟੀਵਲ, ਕਰਾਫਟ ਮੇਲੇ ਸਮੇਤ ਮਿਲਟਰੀ ਲਿਟਰੇਚਰ ਫੈਸਟੀਵਲ ਕਰਵਾਉਣ ਦੀ ਪਹਿਲਕਦਮੀ ਦੀ ਵੀ ਸ਼ਲਾਘਾ ਕੀਤੀ।
ਉਨ੍ਹਾਂ ਨੇ ਬੇਟੀ ਬਚਾਓ ਬੇਟੀ ਪੜ੍ਹਾਓ ਸਕੀਮ ਦੇ ਅਸਰ ਸਦਕਾ ਪਟਿਆਲਾ ਜ਼ਿਲ੍ਹੇ ਅੰਦਰ ਸਾਲ 2021-2022 ਦੌਰਾਨ ਲੜਕੀਆਂ ਦੀ ਜਨਮ ਦਰ 1000 ਲੜਕੀਆਂ ਪ੍ਰਤੀ 928 ਹੋਣ ‘ਤੇ ਖੁਸ਼ੀ ਪ੍ਰਗਟਾਈ ਤੇ ਕਿਹਾ ਕਿ ਇਸ ਸਕੀਮ ਤਹਿਤ ਸਾਲ 2022-2023 ਦੌਰਾਨ ਪਟਿਆਲਾ ਨੂੰ 30 ਲੱਖ ਰੁਪਏ ਦੀ ਰਾਸ਼ੀ ਪ੍ਰਾਪਤ ਹੋਈ ਹੈ।ਜਦਕਿ ਸਮਾਜਿਕ ਨਿਆਂ ਅਤੇ ਅਧਿਕਾਰਤਾ ਵਿਭਾਗ ਨੇ ਆਸ਼ੀਰਵਾਦ ਸਕੀਮ ਤਹਿਤ ਸਾਲ 2022-23 ਦੌਰਾਨ ਪਟਿਆਲਾ ਲਈ 12.94 ਕਰੋੜ ਦੀ ਰਾਸ਼ੀ ਰੀਲੀਜ਼ ਕੀਤੀ ਤੇ ਇਸ ਰਾਸ਼ੀ ਨਾਲ 2538 ਲਾਭਪਾਤਰੀ ਕਵਰ ਕੀਤੇ ਹਨ।
ਕੈਬਨਿਟ ਮੰਤਰੀ ਨੇ ਇਸ ਤੋਂ ਪਹਿਲਾਂ ਦੇਸ਼ ਦੇ ਆਜ਼ਾਦੀ ਸੰਗਰਾਮ ‘ਚ ਹਿੱਸਾ ਲੈਣ ਵਾਲੇ ਸੁਤੰਤਰਤਾ ਸੰਗਰਾਮੀ ਤੇ ਉਨ੍ਹਾਂ ਦੇ ਉਤਰਾਧਿਕਾਰੀਆਂ ਸਮੇਤ ਵੱਖ-ਵੱਖ ਖੇਤਰਾਂ ‘ਚ ਨਾਮਣਾ ਖੱਟਣ ਵਾਲੀਆਂ ਸ਼ਖ਼ਸੀਅਤਾਂ ਦਾ ਸਨਮਾਨ ਵੀ ਕੀਤਾ। ਜ਼ਿਲ੍ਹਾ ਪ੍ਰਸ਼ਾਸਨ ਤੇ ਰੈਡ ਕਰਾਸ ਵੱਲੋਂ ਲੋੜਵੰਦਾਂ ਨੂੰ ਸਿਲਾਈ ਮਸ਼ੀਨਾਂ, ਟ੍ਰਾਈਸਾਈਕਲ ਤੇ ਅਸ਼ੀਰਵਾਦ ਸਕੀਮ ਦੇ ਵਧਾਈ ਪੱਤਰ ਲਾਭਪਾਤਰੀਆਂ ਨੂੰ ਤਕਸੀਮ ਕੀਤੇ।
ਇਸ ਮੌਕੇ ਸਕੂਲਾਂ ਤੇ ਕਾਲਜਾਂ ਦੇ ਵਿਦਿਆਰਥੀਆਂ ਵੱਲੋਂ ਸੱਭਿਆਚਾਰਕ ਪ੍ਰੋਗਰਾਮ, ਗਿੱਧੇ ਤੇ ਭੰਗੜੇ ਦੀ ਪੇਸ਼ਕਾਰੀ, ਮੋਟਰਸਾਇਕਲਾਂ ਦੇ ਕਰਤੱਬਾਂ ਤੋਂ ਇਲਾਵਾ ਵੱਖ-ਵੱਖ ਵਿਭਾਗਾਂ ਵੱਲੋਂ ਵਿਕਾਸ ਨੂੰ ਦਰਸਾਉਂਦੀਆਂ ਝਾਕੀਆਂ ਕੱਢੀਆਂ ਗਈਆਂ। ਜਦੋਂਕਿ ਇਸ ਮੌਕੇ ਪਹਿਲੀ ਵਾਰ ਵਾਣੀ ਇੰਟੈਗ੍ਰੇਟਿਡ ਸਕੂਲ ਫਾਰ ਡੈਫ ਅਤੇ ਡੈਫ ਸਕੂਲ ਸੈਫਦੀਪੁਰ ਦੇ ਵਿਦਿਆਰਥੀਆਂ ਨੇ ਪਟਿਆਲਾ ਐਸੋਸੀਏਸ਼ਨ ਆਫ਼ ਡੈਫ ਦੀ ਅਰਸ਼ਨੂਰ ਕੌਰ ਦੀ ਅਗਵਾਈ ਹੇਠ ਰਾਸ਼ਟਰੀ ਗਾਨ ਨੂੰ ਸੰਕੇਤ ਭਾਸ਼ਾ ਵਿੱਚ ਗਾਇਆ।
ਸਮਾਗਮ ‘ਚ ਮੁੱਖ ਮੰਤਰੀ ਦੇ ਮੀਡੀਆ ਡਾਇਰੈਕਟਰ ਬਲਤੇਜ ਪੰਨੂ, ਵਿਧਾਇਕ ਅਜੀਤਪਾਲ ਸਿੰਘ ਕੋਹਲੀ, ਹਰਮੀਤ ਸਿੰਘ ਪਠਾਣਮਾਜਰਾ ਤੇ ਗੁਰਲਾਲ ਘਨੌਰ ਸਮੇਤ ਡਵੀਜ਼ਨਲ ਕਮਿਸ਼ਨਰ ਅਰੁਣ ਸੇਖੜੀ, ਡਾ. ਗੁਰਸ਼ਰਨ ਕੌਰ ਜੱਗੀ, ਸੀਨੀਅਰ ਆਈ.ਏ.ਐਸ. ਅਫ਼ਸਰ ਮਲਵਿੰਦਰ ਸਿੰਘ ਜੱਗੀ, ਪੰਜਾਬੀ ਯੂਨੀਵਰਸਿਟੀ ਦੇ ਵਾਈਸ ਚਾਂਸਲਰ ਪ੍ਰੋ. ਅਰਵਿੰਦ, ਜ਼ਿਲ੍ਹਾ ਤੇ ਸੈਸ਼ਨਜ ਜੱਜ ਤਰਸੇਮ ਮੰਗਲਾ, ਐਸ.ਐਸ.ਪੀ. ਵਰੁਣ ਸ਼ਰਮਾ, ਵਧੀਕ ਡਿਪਟੀ ਕਮਿਸ਼ਨਰ ਗੌਤਮ ਜੈਨ, ਗੁਰਪ੍ਰੀਤ ਸਿੰਘ ਥਿੰਦ ਤੇ ਈਸ਼ਾ ਸਿੰਗਲ, ਏ.ਸੀ. ਯੂ.ਟੀ. ਡਾ. ਅਕਸ਼ਿਤਾ ਗੁਪਤਾ, ਐਸ.ਪੀ. ਮੁਹੰਮਦ ਸਰਫ਼ਰਾਜ਼ ਆਲਮ ਤੇ ਹਰਵੰਤ ਕੌਰ, ਐਸ.ਡੀ.ਐਮ. ਡਾ. ਇਸਮਤ ਵਿਜੇ ਸਿੰਘ ਸਮੇਤ, ਆਮ ਆਦਮੀ ਪਾਰਟੀ ਦੇ ਸੂਬਾ ਸਕੱਤਰ ਜਰਨੈਲ ਸਿੰਘ ਮੰਨੂ, ਲੋਕ ਸਭਾ ਹਲਕਾ ਇੰਚਾਰਜ ਇੰਦਰਜੀਤ ਸਿੰਘ ਸੰਧੂ, ਕੋ-ਇੰਚਾਰਜ ਪ੍ਰੀਤੀ ਮਲਹੋਤਰਾ, ਯੂਥ ਵਿੰਗ ਸੂਬਾ ਮੀਤ ਪ੍ਰਧਾਨ ਜਗਦੀਪ ਸਿੰਘ ਜੱਗਾ, ਸ਼ਹਿਰੀ ਪ੍ਰਧਾਨ ਤੇਜਿੰਦਰ ਮਹਿਤਾ, ਇੰਪਰੂਵਮੈਂਟ ਟਰੱਸਟ ਚੇਅਰਮੇਨ ਮੇਘ ਚੰਦ ਸ਼ੇਰਮਾਜਰਾ, ਮੁਲਾਜਮ ਵਿੰਗ ਦੇ ਸੂਬਾ ਪ੍ਰਧਾਨ ਪ੍ਰਿੰਸੀਪਲ ਜੇ.ਪੀ ਸਿੰਘ, ਐਸ.ਸੀ. ਵਿੰਗ ਦੇ ਸੂਬਾ ਪ੍ਰਧਾਨ ਅਮਰੀਕ ਸਿੰਘ ਬੰਗੜ, ਬੀ.ਸੀ. ਵਿੰਗ ਦੇ ਸੂਬਾ ਪ੍ਰਧਾਨ ਰਣਜੋਧ ਸਿੰਘ ਹਡਾਣਾ, ਮਹਿਲਾ ਵਿੰਗ ਪ੍ਰਧਾਨ ਵੀਰਪਾਲ ਕੌਰ ਚਹਿਲ, ਵੱਖ ਵੱਖ ਵਿਭਾਗਾਂ ਦੇ ਅਧਿਕਾਰੀ, ਸਕੂਲੀ ਬੱਚੇ ਅਤੇ ਅਧਿਆਪਕਾਂ ਤੋਂ ਇਲਾਵਾ ਵੱਡੀ ਗਿਣਤੀ ਪਟਿਆਲਾ ਵਾਸੀ ਮੌਜੂਦ ਸਨ।