ਸੂਬੇ ਦੇ ਸਾਰੇ ਓਟ ਕਲੀਨਿਕਾਂ, ਨਸ਼ਾ ਛੁਡਾਊ ਕੇਂਦਰਾਂ ਅਤੇ ਮੁੜ ਵਸੇਬਾ ਕੇਂਦਰ ਨਾਰਕੋਟਿਕਸ ਅਨੌਨੀਮਸ (ਐਨ.ਜੀ.ਓ.) ਦੇ ਨਾਲ ਮਿਲਕੇ ਬਣਾਉਣਗੇ ਸਹਾਇਤਾ ਗਰੁੱਪ : ਡਾ. ਬਲਬੀਰ ਸਿੰਘ

50

ਸੂਬੇ ਦੇ ਸਾਰੇ ਓਟ ਕਲੀਨਿਕਾਂ, ਨਸ਼ਾ ਛੁਡਾਊ ਕੇਂਦਰਾਂ ਅਤੇ ਮੁੜ ਵਸੇਬਾ ਕੇਂਦਰ ਨਾਰਕੋਟਿਕਸ ਅਨੌਨੀਮਸ (ਐਨ.ਜੀ.ਓ.) ਦੇ ਨਾਲ ਮਿਲਕੇ ਬਣਾਉਣਗੇ ਸਹਾਇਤਾ ਗਰੁੱਪ : ਡਾ. ਬਲਬੀਰ ਸਿੰਘ

ਬਹਾਦਰਜੀਤ  ਸਿੰਘ  /ਰੂਪਨਗਰ, 10 ਮਾਰਚ,2025

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਯੋਗ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸੂਬੇ ਨੂੰ ਨਸ਼ਾ ਮੁਕਤ ਬਣਾਉਣ ਲਈ ਸ਼ੁਰੂ ਕੀਤੀ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਦੀ ਪੰਜਾਬ ਨੂੰ ਨਸ਼ਾ ਮੁਕਤ ਬਣਾਉਣ ਵਿੱਚ ਫੈਸਲਾਕੁੰਨ ਭੂਮਿਕਾ ਹੋਵੇਗੀ ਤੇ ਨਸ਼ਿਆਂ ਦੇ ਖਾਤਮੇ ਲਈ ਸਮਾਜ ਦੇ ਹਰੇਕ ਵਰਗ ਦੇ ਲੋਕਾਂ ਨੂੰ ਸਹਿਯੋਗ ਦੇਣਾ ਹੋਵੇਗਾ।

ਇਨ੍ਹਾਂ ਸ਼ਬਦਾ ਦਾ ਪ੍ਰਗਟਾਵਾ ਪੰਜਾਬ ਦੇ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਨੇ ਰੂਪਨਗਰ ਦੇ ਨਸ਼ਾ ਛੁਡਾਊ ਕੇਂਦਰ ਰੂਪਨਗਰ ਦਾ ਦੌਰਾ ਕਰਦਿਆਂ ਜਾਇਜ਼ਾ ਲੈਣ ਉਪਰੰਤ ਮੀਡੀਆ ਨਾਲ ਗੱਲਬਾਤ ਕਰਦਿਆਂ ਕੀਤਾ।

ਸਿਹਤ ਮੰਤਰੀ ਡਾ. ਬਲਬੀਰ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਨਸ਼ਿਆਂ ਦਾ ਖਾਤਮਾ ਕਰਨ ਲਈ ਸੂਬੇ ਦੇ ਸਾਰੇ ਓਟ ਕਲੀਨਿਕਾਂ, ਨਸ਼ਾ ਛੁਡਾਊ ਕੇਂਦਰਾਂ ਅਤੇ ਮੁੜ ਵਸੇਬਾ ਕੇਂਦਰਾਂ ਦੇ ਨਾਲ ਨਾਰਕੋਟਿਕਸ ਅਨੌਨੀਮਸ (ਐਨ.ਜੀ.ਓ.) ਦੇ ਨਾਲ ਮਿਲਕੇ ਸਹਾਇਤਾ ਗਰੁੱਪ ਬਣਾਏ ਜਾ ਰਹੇ ਹਨ ਜਿਸਨੂੰ ਪੰਜਾਬ ਦੇ ਹਰ ਪਿੰਡ ਤੱਕ ਲਿਜਾਇਆ ਜਾਵੇਗਾ। ਇਸ ਤੋਂ ਇਲਾਵਾ ਉਨ੍ਹਾਂ ਦੱਸਿਆ ਕਿ ਪੂਰੇ ਸੂਬੇ ਦੇ ਪਿੰਡਾਂ ਵਿੱਚ ਇੱਕ 15 ਮੈਂਬਰੀ ਸਿਹਤ ਕਮੇਟੀ ਬਣਾਈ ਜਾਵੇਗੀ, ਜਿਸ ਵਿੱਚ ਲੇਡੀ ਪੰਚਾਇਤ ਮੈਂਬਰ ਇਸ ਕਮੇਟੀ ਦੀ ਪ੍ਰਧਾਨ, ਆਸ਼ਾ ਵਰਕਰ ਸੈਕਟਰੀ ਤੋਂ ਇਲਾਵਾ ਪਿੰਡ ਦੇ ਸਾਬਕਾ ਫ਼ੌਜੀ, ਅਧਿਆਪਕ, ਪੰਚਾਇਤ ਮੈਂਬਰ, ਕੋਈ ਚੰਗਾ ਕੰਮ ਕਰਨ ਵਾਲੀ ਐਨ.ਜੀ.ਓ. ਅਤੇ ਨੇਕ ਕੰਮ ਕਰਨ ਵਾਲੇ ਇਨਸਾਨ ਸ਼ਾਮਿਲ ਹੋਣਗੇ। ਉਨ੍ਹਾਂ ਦੱਸਿਆ ਕਿ ਇਸ ਕਮੇਟੀ ਵੱਲੋਂ ਜ਼ਮੀਨੀ ਪੱਧਰ ਤੇ ਕੰਮ ਕਰਦਿਆਂ ਹੋਇਆ ਪੂਰੇ ਸੂਬੇ ਨੂੰ ਹੀ ਨਸ਼ਾ ਮੁਕਤ ਕੀਤਾ ਜਾਵੇਗਾ।

ਉਨ੍ਹਾਂ ਕਿਹਾ ਕਿ ਨਸ਼ਾ ਇਕੱਲੇ ਪੰਜਾਬ ਵਿੱਚ ਹੀ ਨਹੀਂ, ਬਲਕਿ ਦੇਸ਼ ਦੇ ਬਾਕੀ ਸੂਬਿਆਂ ਜਿਵੇਂ ਹਿਮਾਚਲ ਪ੍ਰਦੇਸ਼, ਹਰਿਆਣਾ ਤੇ ਹੋਰ ਸੂਬਿਆਂ ਵਿੱਚ ਵੀ ਹੈ, ਜਿਸ ਦੀ ਗਵਾਹੀ ਸਿਵਲ ਹਸਪਤਾਲ ਰੂਪਨਗਰ ਦੇ ਨਸ਼ਾ ਛੁਡਾਊ ਕੇਂਦਰ ਵਿੱਚ ਹਿਮਾਚਲ ਪ੍ਰਦੇਸ਼ ਤੋਂ ਦਾਖ਼ਲ ਮਰੀਜ਼ ਹਨ। ਉਨ੍ਹਾਂ ਕਿਹਾ ਕਿ ਰੂਪਨਗਰ (ਪੰਜਾਬ) ਦੇ ਨਾਲ ਲੱਗਦੇ ਨਾਲਾਗੜ੍ਹ- ਬੱਦੀ (ਹਿਮਾਚਲ ਪ੍ਰਦੇਸ਼) ਵਿੱਚ ਫਾਰਮੇਸੀ ਫੈਕਟਰੀਆਂ ਮੌਜ਼ੂਦ ਹੋਣ ਕਰਕੇ ਨਸ਼ੇ ਦਾ ਸੇਵਨ ਕਰਨ ਵਾਲੇ ਸਿੰਥੇਟਿਕ ਦਵਾਈਆਂ ਅਸਾਨੀ ਨਾਲ ਪ੍ਰਾਪਤ ਕਰ ਲੈਂਦੇ ਹਨ, ਜੋ ਕਿ ਪੰਜਾਬ ਵਿੱਚ ਪੂਰੀ ਤਰ੍ਹਾਂ ਬੈਨ ਹਨ।

ਡਾ. ਬਲਬੀਰ ਸਿੰਘ ਨੇ ਨਸ਼ਿਆਂ ਦੇ ਸੌਦਾਗਰਾਂ ਨੂੰ ਸਖਤ ਚੇਤਾਵਨੀ ਦਿੰਦਿਆਂ ਕਿਹਾ ਕਿ ਉਹ ਜਾਂ ਤਾਂ ਨਸ਼ਿਆਂ ਦਾ ਕਾਰੋਬਾਰ ਛੱਡ ਦੇਣ ਜਾਂ ਫਿਰ ਪੰਜਾਬ ਛੱਡ ਕੇ ਚਲੇ ਜਾਣ। ਅਸੀਂ ਸੂਬੇ ਦੀ ਜਵਾਨੀ ਨੂੰ ਬਚਾਉਣਾ ਹੈ ਅਤੇ ਪੰਜਾਬ ਦੀ ਜਵਾਨੀ ਨੂੰ ਗਲਤ ਰਾਹ ’ਤੇ ਲੈ ਜਾਣ ਵਾਲਿਆਂ ਨੂੰ ਕਿਸੇ ਵੀ ਹਾਲਤ ਵਿੱਚ ਬਖਸ਼ਿਆ ਨਹੀਂ ਜਾਵੇਗੀ। ਉਨ੍ਹਾਂ ਇਹ ਵੀ ਕਿਹਾ ਕਿ ਨਸ਼ਿਆਂ ਦੇ ਸੌਦਾਗਰਾਂ ਵੱਲੋਂ ਨਸ਼ੇ ਵੇਚ ਕੇ ਬਣਾਈਆਂ ਗਈਆਂ ਜਾਇਦਾਦਾਂ ਨੂੰ ਵੀ ਢਾਹਿਆ ਜਾਵੇਗਾ ਤਾਂ ਜੋ ਮੁੜ ਤੋਂ ਕੋਈ ਵੀ ਪੰਜਾਬ ਦੇ ਨੌਜਵਾਨਾਂ ਨੂੰ ਨਸ਼ਿਆਂ ਦੀ ਆਦਤ ਵਿੱਚ ਨਾ ਫਸਾ ਸਕੇ।

ਸਿਹਤ ਮੰਤਰੀ ਨੇ ਦੱਸਿਆ ਕਿ ਪੰਜਾਬ ਸਰਕਾਰ ਨਸ਼ਿਆਂ ਦੇ ਆਦੀ ਵਿਅਕਤੀਆਂ ਦਾ ਨਸ਼ਾ ਛੁਡਵਾ ਕੇ ਉਨ੍ਹਾਂ ਨੂੰ ਸਮਾਜ ਦੀ ਮੁੱਖ ਧਾਰਾ ਵਿੱਚ ਸ਼ਾਮਲ ਕਰਨ ਲਈ ਵੱਖ-ਵੱਖ ਉਪਰਾਲੇ ਕਰ ਰਹੀ ਹੈ। ਇਸ ਸਬੰਧੀ ਉਨ੍ਹਾਂ ਜਾਣਕਾਰੀ ਦਿੰਦਿਆਂ ਦੱਸਿਆ ਕਿ ਸੂਬੇ ਪੰਜਾਬ ਦੇ ਓਟ ਕਲੀਨਿਕਾਂ ਵਿੱਚ 3700 ਮਰੀਜ਼ ਰਜਿਸਟਰਡ ਹਨ।

ਸੂਬੇ ਦੇ ਸਾਰੇ ਓਟ ਕਲੀਨਿਕਾਂ, ਨਸ਼ਾ ਛੁਡਾਊ ਕੇਂਦਰਾਂ ਅਤੇ ਮੁੜ ਵਸੇਬਾ ਕੇਂਦਰ ਨਾਰਕੋਟਿਕਸ ਅਨੌਨੀਮਸ (ਐਨ.ਜੀ.ਓ.) ਦੇ ਨਾਲ ਮਿਲਕੇ ਬਣਾਉਣਗੇ ਸਹਾਇਤਾ ਗਰੁੱਪ : ਡਾ. ਬਲਬੀਰ ਸਿੰਘ

ਉਨ੍ਹਾਂ ਕਿਹਾ ਕਿ ਇਹ ਟੀਕੇ ਨਾਲ ਨਸ਼ੇ ਕਰਨ ਵਾਲੇ ਮਰੀਜ਼ ਅਕਸਰ ਹੈਪੇਟਾਈਟਸ ਅਤੇ ਐੱਚਆਈਵੀ ਟੀਬੀ ਆਦਿ ਦਾ ਸ਼ਿਕਾਰ ਹੋ ਜਾਂਦੇ ਹਨ। ਇਹ ਮਰੀਜ਼ ਹੁਣ ਆਪਣੀ ਨਸ਼ਿਆਂ ਵਾਲੀ ਨਰਕ ਭਰੀ ਜ਼ਿੰਦਗੀ ਛੱਡ ਕੇ ਆਮ ਜ਼ਿੰਦਗੀ ਵਿੱਚ ਵਾਪਿਸ ਆਉਣਾ ਚਾਹੁੰਦੇ ਹਨ। ਇਸ ਦੇ ਨਾਲ ਹੀ ’ਯੁੱਧ ਨਸ਼ਿਆਂ ਵਿਰੁੱਧ‘ ਮੁਹਿੰਮ ਵਿੱਚ ਨਸ਼ਿਆਂ ਦੇ ਆਦੀ ਵਿਅਕਤੀਆਂ ਦਾ ਨਸ਼ਾ ਛੁਡਵਾ ਕੇ ਉਨ੍ਹਾਂ ਨੂੰ ਸਰਕਾਰ ਵੱਲੋਂ ਕਿੱਤਾ ਮੁਖੀ ਕੋਰਸਾਂ ਦੀ ਸਿਖਲਾਈ ਵੀ ਦਿੱਤੀ ਜਾਵੇਗੀ ਅਤੇ ਸਿਖਲਾਈ ਉਪਰੰਤ ਉਨ੍ਹਾਂ ਨੂੰ ਸਰਕਾਰ ਦੀਆਂ ਵੱਖ-ਵੱਖ ਸਕੀਮਾਂ ਹੇਠ ਕਰਜ਼ੇ ਦਿਵਾ ਕੇ ਸਵੈ-ਰੋਜ਼ਗਾਰ ਸ਼ੁਰੂ ਕਰਵਾਇਆ ਜਾਵੇਗਾ।

ਉਨ੍ਹਾਂ ਸੂਬੇ ਦੀਆਂ ਔਰਤਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਜੇਕਰ ਕਿਸੇ ਘਰ ਦਾ ਕੋਈ ਇੱਕ ਮੈਂਬਰ ਨਸ਼ਿਆਂ ਦੀ ਦਲਦਲ ਵਿੱਚ ਫਸ ਗਿਆ ਹੈ ਤਾਂ ਉਸ ਨੂੰ ਸਰਕਾਰੀ ਨਸ਼ਾ ਛੁਡਾਉ ਕੇਂਦਰ ਵਿਖੇ ਲਿਆਂਦਾ ਜਾਵੇ ਅਤੇ ਸੂਬਾ ਸਰਕਾਰ ਵਾਅਦਾ ਕਰਦੀ ਹੈ ਕਿ ਉਨ੍ਹਾਂ ਦੇ ਪਰਿਵਾਰਕ ਮੈਂਬਰ ਦੀ ਜਿੰਦਗੀ ਬਚਾ ਕੇ ਉਨ੍ਹਾਂ ਨੂੰ ਮੁੜ ਤੋਂ ਸਿਹਤਮੰਦ ਜੀਵਨ ਜਿਊਣ ਦਾ ਮੌਕਾ ਦਿੱਤਾ ਜਾਵੇਗਾ।

ਇਸ ਦੇ ਨਾਲ ਹੀ ਉਨ੍ਹਾਂ ਜਾਣਕਾਰੀ ਦਿੱਤੀ ਕਿ ਨਸ਼ਾ ਛੁਡਾਊ ਕੇਂਦਰਾਂ ਦੇ ਸਾਰੇ ਸਲਾਹਕਾਰਾਂ ਅਤੇ ਸਟਾਫ ਨੂੰ ਕਾਉਂਸਲਿੰਗ ਦੀਆਂ ਨਵੀਆਂ ਤਕਨੀਕਾਂ ਅਤੇ ਸਿਖਲਾਈ ਪ੍ਰਦਾਨ ਕੀਤੀ ਜਾਵੇਗੀ ਤਾਂ ਜੋ ਉਹ ਮਰੀਜ਼ਾਂ ਦਾ ਜਲਦ ਤੋਂ ਜਲਦ ਇਲਾਜ਼ ਕਰਕੇ ਉਨ੍ਹਾਂ ਨੂੰ ਤੰਦਰੁਸਤੀ ਭਰੀ ਜ਼ਿੰਦਗੀ ਦੇ ਸਕਣ।

ਉਨ੍ਹਾਂ ਕਿਹਾ ਕਿ ਸੂਬੇ ਦੇ ਨਿੱਜੀ ਨਸ਼ਾ ਛੁਡਾਊ ਕੇਂਦਰਾਂ ਦੀ ਵੀ ਚੈਕਿੰਗ ਵੀ ਕੀਤੀ ਜਾਵੇਗੀ। ਕਿ ਇਨ੍ਹਾਂ ਕੇਂਦਰਾਂ ਦੀ ਕਾਰਜ ਪ੍ਰਣਾਲੀ ’ਤੇ ਜਿਥੇ ਉਹ ਖੁਦ ਤਿੱਖੀ ਨਜ਼ਰ ਰੱਖਣਗੇ ਉਥੇ ਹੀ ਸਮੇਂ-ਸਮੇਂ ਇਨ੍ਹਾਂ ਕੇਂਦਰਾਂ ਦੀ ਚੈਕਿੰਗ ਵੀ ਕੀਤੀ ਜਾਵੇਗੀ। ਜੇਕਰ ਕਿਸੇ ਪ੍ਰਾਈਵੇਟ ਨਸ਼ਾ ਛੁਡਵਾਉ ਕੇਂਦਰ ਦੇ ਬਾਹਰ ਨਸ਼ੀਲੀਆਂ ਗੋਲੀਆਂ ਵਿਕਣ ਦਾ ਮਾਮਲਾ ਉਨ੍ਹਾਂ ਦੇ ਧਿਆਨ ਵਿੱਚ ਆਇਆ ਤਾਂ ਸਬੰਧਤ ਕੇਂਦਰ ਦੇ ਪ੍ਰਬੰਧਕਾਂ ਵਿਰੁੱਧ ਸਖਤ ਕਾਰਵਾਈ ਕੀਤੀ ਜਾਵੇਗੀ।

ਇਸ ਮੌਕੇ ਉਪ ਮੰਡਲ ਮੈਜਿਸਟਰੇਟ ਰੂਪਨਗਰ ਸ਼੍ਰੀ ਸਚਿਨ ਪਾਠਕ, ਸਿਵਲ ਸਰਜਨ ਰੂਪਨਗਰ ਡਾ. ਤਰਸੇਮ ਸਿੰਘ, ਡੀਐਸੱਸਪੀ ਰੂਪਨਗਰ ਸ.ਰਾਜਪਾਲ ਸਿੰਘ ਗਿੱਲ ਅਤੇ ਹੋਰ ਉੱਚ ਅਧਿਕਾਰੀ ਹਾਜ਼ਰ ਸਨ।