ਅੰਮ੍ਰਿਤਸਰ ਨੂੰ ‘ਪਵਿੱਤਰ ਸ਼ਹਿਰ’ ਦਾ ਦਰਜਾ; ਵਾਈਸ-ਚਾਂਸਲਰ ਡਾ. ਕਰਮਜੀਤ ਸਿੰਘ ਨੇ ਮੁੱਖ ਮੰਤਰੀ ਭਗਵੰਤ ਮਾਨ ਦਾ ਕੀਤਾ ਧੰਨਵਾਦ

13

ਅੰਮ੍ਰਿਤਸਰ ਨੂੰ ‘ਪਵਿੱਤਰ ਸ਼ਹਿਰ’ ਦਾ ਦਰਜਾ; ਵਾਈਸ-ਚਾਂਸਲਰ ਡਾ. ਕਰਮਜੀਤ ਸਿੰਘ ਨੇ ਮੁੱਖ ਮੰਤਰੀ ਭਗਵੰਤ ਮਾਨ ਦਾ ਕੀਤਾ ਧੰਨਵਾਦ

ਅੰਮ੍ਰਿਤਸਰ, royalpatiala.in News/ 26 ਨਵੰਬਰ 2025-

ਪੰਜਾਬ ਸਰਕਾਰ ਵੱਲੋਂ ਅੰਮ੍ਰਿਤਸਰ ਨੂੰ ‘ਪਵਿੱਤਰ ਸ਼ਹਿਰ’ ਦਾ ਦਰਜਾ ਦੇਣ ਮਗਰੋਂ ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਵਾਈਸ-ਚਾਂਸਲਰ ਡਾ. ਕਰਮਜੀਤ ਸਿੰਘ ਨੇ ਪੰਜਾਬ ਦੇ ਮੁੱਖ ਮੰਤਰੀ  ਭਗਵੰਤ ਸਿੰਘ ਮਾਨ ਦਾ ਤਹਿ ਦਿਲੋਂ ਧੰਨਵਾਦ ਕੀਤਾ ਹੈ। ਡਾ. ਸਿੰਘ ਨੇ ਕਿਹਾ ਕਿ ਅੰਮ੍ਰਿਤਸਰ ਸਦਾ ਤੋਂ ਰੂਹਾਨੀਅਤ, ਸੇਵਾ ਭਾਵਨਾ ਅਤੇ ਸਾਂਝੀ ਵਿਰਾਸਤ ਦਾ ਕੇਂਦਰ ਰਿਹਾ ਹੈ ਅਤੇ ਇਸ ਮਰਤਬੇ ਨਾਲ ਸ਼ਹਿਰ ਦੀ ਮਹੱਤਤਾ ਹੋਰ ਵੱਧ ਉਭਰ ਕੇ ਸਾਹਮਣੇ ਆਈ ਹੈ।

ਡਾ. ਕਰਮਜੀਤ ਸਿੰਘ ਨੇ ਆਪਣੇ ਸੰਦੇਸ਼ ਵਿੱਚ ਕਿਹਾ ਕਿ ਅੰਮ੍ਰਿਤਸਰ ਦੀ ਪਹਿਚਾਣ ਸ੍ਰੀ ਹਰਿਮੰਦਰ ਸਾਹਿਬ ਤੋਂ ਹੈ, ਜਿਸ ਦੀ ਪ੍ਰਕਾਸ਼ਮਈ ਜੋਤ ਸਾਰੀ ਦੁਨੀਆ ਵਿੱਚ ਸ਼ਾਂਤੀ ਅਤੇ ਮਾਨਵਤਾ ਦਾ ਸੰਦੇਸ਼ ਫੈਲਾਉਂਦੀ ਹੈ। ਉਹਨਾਂ ਕਿਹਾ ਕਿ ਸ਼ਹਿਰ ਦੀ ਇਤਿਹਾਸਕ ਤੇ ਸੱਭਿਆਚਾਰਕ ਵਿਰਾਸਤ ਨੂੰ ਪਵਿੱਤਰ ਦਰਜਾ ਮਿਲਣਾ ਸਾਰੇ ਪੰਜਾਬ ਲਈ ਮਾਣ ਦੀ ਗੱਲ ਹੈ।ਵਾਈਸ-ਚਾਂਸਲਰ ਨੇ ਅੰਮ੍ਰਿਤਸਰ ਦੇ ਨਿਵਾਸੀਆਂ ਨੂੰ ਅਪੀਲ ਕੀਤੀ ਕਿ ਉਹ ਸ਼ਹਿਰ ਦੀ ਪਵਿੱਤਰਤਾ ਨੂੰ ਕਾਇਮ ਰੱਖਣ ਲਈ ਆਪਣਾ ਫਰਜ਼ ਨਿਭਾਉਣ। ਉਹਨਾਂ ਕਿਹਾ ਕਿ “ਅੰਮ੍ਰਿਤਸਰ ਸਾਡੀ ਆਤਮਕ ਧਰੋਹਰ ਹੈ, ਇਸ ਨੂੰ ਸਾਫ-ਸੁਥਰਾ ਅਤੇ ਹਰਾ-ਭਰਾ ਰੱਖਣਾ ਸਾਡੀ ਸਾਂਝੀ ਜ਼ਿੰਮੇਵਾਰੀ ਹੈ।”

ਡਾ. ਕਰਮਜੀਤ ਸਿੰਘ ਨੇ ਇਹ ਵੀ ਦੱਸਿਆ ਕਿ ਗੁਰੂ ਨਾਨਕ ਦੇਵ ਯੂਨੀਵਰਸਿਟੀ ਵੱਲੋਂ ਅਗਲੇ ਦਿਨਾਂ ਵਿੱਚ ਸ਼ਹਿਰ ਦੀ ਸੁੰਦਰਤਾ, ਵਾਤਾਵਰਣ ਸੰਭਾਲ ਅਤੇ ਵਿਰਾਸਤੀ ਅਸਥਾਨਾਂ ਦੀ ਰੱਖਿਆ ਲਈ ਸਹਿਯੋਗ ਦਿੱਤਾ ਜਾਵੇਗੀ। ਇਸ ਵਿੱਚ ਵਿਦਿਆਰਥੀਆਂ, ਅਧਿਆਪਕਾਂ ਤੋਂ ਇਲਾਵਾ ਆਮ ਨਾਗਰਿਕਾਂ ਨੂੰ ਵੀ ਸ਼ਾਮਲ ਕੀਤਾ ਜਾਵੇਗਾ।ਉਨ੍ਹਾਂ ਕਿਹਾ ਪੰਜਾਬ ਸਰਕਾਰ ਦੇ ਇਸ ਫ਼ੈਸਲੇ ਦਾ ਵੱਖ–ਵੱਖ ਧਾਰਮਿਕ, ਸਮਾਜਿਕ ਅਤੇ ਅਕਾਦਮਿਕ ਵਰਗਾਂ ਵੱਲੋਂ ਸਵਾਗਤ ਕੀਤਾ ਜਾ ਰਿਹਾ ਹੈ। ਅੰਮ੍ਰਿਤਸਰ ਨੂੰ ‘ਪਵਿੱਤਰ ਸ਼ਹਿਰ’ ਦਾ ਦਰਜਾ ਮਿਲਣ ਨਾਲ ਸ਼ਹਿਰ ਦੀ ਰੂਹਾਨੀ ਸ਼ਾਨ ਵਿੱਚ ਵਾਧਾ ਹੋਇਆ ਹੈ ਅਤੇ ਲੋਕਾਂ ਵਿੱਚ ਖੁਸ਼ੀ ਦੀ ਲਹਿਰ ਦੌੜ ਗਈ ਹੈ।