ਨਗਰ ਨਿਗਮ ਤੇ ਨਗਰ ਕੌਂਸਲ ਚੋਣਾਂ ਨਿਰਪੱਖ ਤੇ ਆਜ਼ਾਦ ਢੰਗ ਨਾਲ ਕਰਾਵੇ ਆਪ ਸਰਕਾਰ: ਡਾ. ਦਲਜੀਤ ਸਿੰਘ ਚੀਮਾ

56

ਨਗਰ ਨਿਗਮ ਤੇ ਨਗਰ ਕੌਂਸਲ ਚੋਣਾਂ ਨਿਰਪੱਖ ਤੇ ਆਜ਼ਾਦ ਢੰਗ ਨਾਲ ਕਰਾਵੇ ਆਪ ਸਰਕਾਰ: ਡਾ. ਦਲਜੀਤ ਸਿੰਘ ਚੀਮਾ

ਬਹਾਦਰਜੀਤ ਸਿੰਘ/royalpatiala.in News/ ਰੂਪਨਗਰ , 19 ਮਈ,2026

ਸਾਬਕਾ ਸਿੱਖਿਆ ਮੰਤਰੀ ਤੇ ਸੀਨੀਅਰ ਅਕਾਲੀ ਆਗੂ ਡਾ. ਦਲਜੀਤ ਸਿੰਘ ਚੀਮਾ ਨੇ ਕਿਹਾ ਹੈ ਕਿ ਆਮ ਆਦਮੀ ਪਾਰਟੀ (ਆਪ) ਸਰਕਾਰ ਨੂੰ ਪੰਜਾਬ ਵਿਚ ਨਗਰ ਨਿਗਮ ਤੇ ਨਗਰ ਕੌਂਸਲ ਚੋਣਾਂ ਨਿਰਪੱਖ ਤੇ ਆਜ਼ਾਦ ਢੰਗ ਨਾਲ ਕਰਵਾਉਣੀਆਂ ਚਾਹੀਦੀਆਂ ਹਨ ਤੇ ਪੰਜਾਬ ਵਿਚ ਧੱਕੇਸ਼ਾਹੀ ਨਾਲ ਚੋਣਾਂ ਕਰਵਾਉਣਾ ਲੋਕਤੰਤਰ ਦਾ ਕਤਲ ਹੈ।

ਅੱਜ ਇਥੇ ਇਕ ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਡਾ. ਦਲਜੀਤ ਸਿੰਘ ਚੀਮਾ ਨੇ ਕਿਹਾ ਕਿ ਇਹ ਬਹੁਤ ਹੀ ਮੰਦਭਾਗੀ ਗੱਲ ਹੈ ਕਿ ਮੌਜੂਦਾ ਨਗਰ ਨਿਗਮ ਤੇ ਨਗਰ ਕੌਂਸਲ ਦੀਆਂ ਚੋਣਾਂ ਵਿਚ ਰਾਜ ਚੋਣ ਕਮਿਸ਼ਨ ਬੁਰੀ ਤਰ੍ਹਾਂ ਨਾਕਾਮ ਸਾਬਤ ਹੋ ਰਿਹਾ ਹੈ। ਉਹਨਾਂ ਕਿਹਾ ਕਿ ਸੱਤਾਧਾਰੀ ਪਾਰਟੀ ਦੇ ਹੁਕਮਾਂ ’ਤੇ ਰਿਟਰਨਿੰਗ ਅਫਸਰ ਵਿਰੋਧੀ ਪਾਰਟੀਆਂ ਦੇ ਉਮੀਦਵਾਰਾਂ ਦੇ ਕਾਗਜ਼ ਬਿਨਾਂ ਕਿਸੇ ਆਧਾਰ ਤੋਂ ਰੱਦ ਕਰ ਰਹੇ ਹਨ ਤੇ ਪੰਜਾਬ ਵਿਚ ਤਕਰੀਬਨ ਹਰ ਥਾਂ ਟਕਰਾਅ ਵਾਲਾ ਮਾਹੌਲ ਬਣਿਆ ਹੋਇਆ ਹੈ। ਉਹਨਾਂ ਕਿਹਾ ਕਿ ਭਾਵੇਂ ਵਿਰੋਧੀ ਪਾਰਟੀਆਂ ਦੇ ਵਫਦ ਰਾਜ ਚੋਣ ਕਮਿਸ਼ਨ ਨਾਲ ਮੁਲਾਕਾਤ ਕਰ ਕੇ ਸ਼ਿਕਾਇਤਾਂ ਸੌਂਪ ਰਹੇ ਹਨ ਪਰ ਚੋਣ ਕਮਿਸ਼ਨ ਵੱਲੋਂ ਕੋਈ ਵੀ ਪ੍ਰਭਾਵਸ਼ਾਲੀ ਕਾਰਵਾਈ ਨਹੀਂ ਕੀਤੀ ਜਾ ਰਹੀ। ਉਹਨਾਂ ਨੇ ਮਜੀਠਾ, ਰਾਹੋਂ, ਗਿੱਦੜਬਾਹਾ ਸਮੇਤ ਰਾਜ ਦੇ ਵੱਖ-ਵੱਖ ਇਲਾਕਿਆਂ ਦਾ ਹਵਾਲਾ ਦਿੰਦਿਆਂ ਦੱਸਿਆ ਕਿ ਸੱਤਾਧਾਰੀ ਧਿਰ ਦੇ ਐਮ ਐਲ ਏਜ਼ ਤੇ ਹਲਕਾ ਇੰਚਾਰਜਾਂ ਦੇ ਹੁਕਮਾਂ ਅਨੁਸਾਰ ਰਿਟਰਨਿੰਗ ਅਫਸਰ ਵਿਰੋਧੀ ਧਿਰਾਂ ਦੇ ਉਮੀਦਵਾਰਾਂ ਦੇ ਕਾਗਜ਼ ਰੱਦ ਕਰ ਰਹੇ ਹਨ। ਉਹਨਾਂ ਕਿਹਾ ਕਿ ਮਜੀਠਾ ਦੇ ਲੇਡੀ ਐਮ ਐਲ ਏ ਗਨੀਵ ਕੌਰ ਮਜੀਠੀਆ ਸਮੇਤ ਵਿਰੋਧੀ ਧਿਰ ਦੇ ਆਗੂਆਂ ਨਾਲ ਪੁਲਿਸ ਤੇ ਸਿਵਲ ਪ੍ਰਸ਼ਾਸਨ ਵੱਲੋਂ ਬਦਸਲੂਕੀ ਕਰਨ ਦੀਆਂ ਰਿਪੋਰਟਾਂ ਸਾਹਮਣੇ ਆਈਆਂ ਹਨ।

ਉਹਨਾਂ ਕਿਹਾ ਕਿ ਅਸਲ ਵਿਚ ਆਮ ਆਦਮੀ ਪਾਰਟੀ ਦੇ ਹੁਕਮਾਂ ’ਤੇ ਇਹਨਾਂ ਚੋਣਾਂ ਵਿਚ ਵੀ ਪਿਛਲੀਆਂ ਬਲਾਕ ਸੰਮਤੀ ਤੇ ਜ਼ਿਲ੍ਹਾ ਪ੍ਰੀਸ਼ਦ ਤੇ ਪੰਚਾਇਤ ਚੋਣਾਂ ਵਾਂਗੂ ਲੋਕਤੰਤਰ ਦਾ ਕਤਲ ਕੀਤਾ ਗਿਆ ਹੈ। ਉਹਨਾਂ ਕਿਹਾ ਕਿ ਅਜਿਹੀਆਂ ਕਾਰਵਾਈਆਂ ਨਾਲ ਲੋਕਾਂ ਦਾ ਇਹਨਾਂ ਸਥਾਨਕ ਚੋਣਾਂ ਤੋਂ ਮੋਹ ਭੰਗ ਹੁੰਦਾ ਹੈ ਤੇ ਸਰਕਾਰ ਵਿਰੁੱਧ ਰੋਸ ਵੱਧਦਾ ਹੈ।

ਨਗਰ ਨਿਗਮ ਤੇ ਨਗਰ ਕੌਂਸਲ ਚੋਣਾਂ ਨਿਰਪੱਖ ਤੇ ਆਜ਼ਾਦ ਢੰਗ ਨਾਲ ਕਰਾਵੇ ਆਪ ਸਰਕਾਰ: ਡਾ. ਦਲਜੀਤ ਸਿੰਘ ਚੀਮਾ

ਡਾ. ਚੀਮਾ ਨੇ ਪੱਤਰਕਾਰਾਂ ਦੇ ਸਵਾਲਾਂ ਦੇ ਜਵਾਬ ਦਿੰਦਿਆਂ ਕਿਹਾ ਕਿ ਬੇਅਦਬੀ ਮਾਮਲਿਆਂ ਵਿਚ ਦੋਸ਼ੀਆਂ ਨੂੰ ਸਖ਼ਤ ਤੋਂ ਸਖ਼ਤ ਸਜ਼ਾ ਦੇਣ ਦੇ ਹੱਕ ਵਿਚ ਵੀ ਅਕਾਲੀ ਦਲ ਤੇ ਪੰਥ ਦੀ ਨੁਮਾਇੰਦਾ ਜਥੇਬੰਦੀ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੀ ਹੈ ਪਰ ਜਿਸ ਤਰੀਕੇ ਦਾ ਤਰੁੱਟੀ ਭਰਿਆ ਕਾਨੂੰਨ ਮੌਜੂਦਾ ਸਰਕਾਰ ਨੇ ਬਣਾਇਆ ਹੈ, ਉਸ ਤੋਂ ਗ੍ਰੰਥੀ ਸਿੰਘਾਂ, ਰਾਗੀ ਸਿੰਘਾਂ, ਸੇਵਾਦਾਰਾਂ, ਗੁਰਦੁਆਰਾ ਕਮੇਟੀਆਂ ਤੇ ਘਰਾਂ ਵਿਚ ਗੁਰੂ ਸਾਹਿਬ ਦਾ ਪ੍ਰਕਾਸ਼ ਕਰਨ ਵਾਲਿਆਂ ਨੂੰ ’ਕਸਟੋਡੀਅਨ’ ਕਹਿ ਕੇ ਸਜ਼ਾਵਾਂ ਦੀ ਵਿਵਸਥਾ ਕੀਤੀ ਗਈ ਹੈ, ਉਹ ਸਿੱਖ ਪਰੰਪਰਾਵਾਂ ਤੇ ਰਵਾਇਤਾਂ ਦੇ ਖਿਲਾਫ ਹੈ ਜਿਸ ਤੋਂ ਸੰਗਤ ਵਿਚ ਰੋਸ ਹੈ। ਉਹਨਾਂ ਕਿਹਾ ਕਿ ਅਸੀਂ ਤਾਂ ਸਰਕਾਰ ਨੂੰ ਸਿਰਫ ਇਹੀ ਅਪੀਲ ਕਰ ਰਹੇ ਹਾਂ ਕਿ ਇਤਰਾਜ਼ਯੋਗ ਮੱਦਾਂ ਵਿਚ ਸੋਧ ਕਰ ਕੇ ਇਹਨਾਂ ਨੂੰ ਹਟਾਇਆ ਜਾਵੇ ਤੇ ਬੇਅਦਬੀ ਦੇ ਅਸਲ ਦੋਸ਼ੀਆਂ ਵਾਸਤੇ ਸਖ਼ਤ ਤੋਂ ਸਖ਼ਤ ਸਜ਼ਾ ਦੀ ਵਿਵਸਥਾ ਕੀਤੀ ਜਾਵੇ।

ਇਸ ਮੌਕੇ ਉਹਨਾਂ ਦੇ ਨਾਲ ਕਰਨਦੀਪ ਸਿੰਘ ਬੋਪਾਰਾਏ,ਸ਼੍ਰੋਮਣੀ ਗੁਰਦੁਆਰਾ ਪਰਬੰਧਕ ਕਮੇਟੀ ਦੇ ਮੈਂਬਰ ਪਰਮਜੀਤ ਸਿੰਘ ਲੱਖੇਵਾਲ, ਨਗਰ ਕੌਂਸਲ ਦੇ ਸਾਬਕਾ ਪ੍ਰਧਾਨ ਪਰਮਜੀਤ ਸਿੰਘ ਮੱਕੜ, ਇਮਪਰੂਵਮੈਂਟ ਟਰੱਸਟ ਦੇ ਸਾਬਕਾ ਚੇਅਰਮੈਨ ਬਾਵਾ ਸਿੰਘ, ਜ਼ਿਲ੍ਹਾ ਪ੍ਰੀਸ਼ਦ ਦੇ ਸਾਬਕਾ ਚੇਅਰਮੈਨ ਅਮਰਜੀਤ ਸਿੰਘ ਮੱਕੋਵਾਲ, ਜਸਬੀਰ ਸਿੰਘ ਗਿੱਲ ਸਵਰਨ ਸਿੰਘ ਬੋਬੀ ਬਹਾਦਰਪੁਰ, ਸ਼ਕਤੀ ਤਿਰਪਾਠੀ ਦਲਜੀਤ ਸਿੰਘ ਭੁੱਟੋ ਅਤੇ ਸਿਮਰਨਜੀਤ ਸਿੰਘ ਗਿੱਲ ਵਿਸ਼ੇਸ਼ ਤੌਰ ਤੇ ਹਾਜ਼ਰ ਸਨ ।