ਡੀਸੀ ਸੰਗਰੂਰ ਸੰਦੀਪ ਰਿਸ਼ੀ ਵੱਲੋਂ ਪਰਾਲੀ ਪ੍ਰਬੰਧਨ ਵਿੱਚ ਯੋਗਦਾਨ ਪਾ ਰਹੇ ਕੰਪਰੈਸਡ ਬਾਇਓ ਗੈਸ ਪਲਾਂਟ ਦਾ ਦੌਰਾ; ਪਲਾਂਟ ਪ੍ਰਬੰਧਕਾਂ ਵੱਲੋਂ ਪਾਏ ਜਾ ਰਹੇ ਯੋਗਦਾਨ ਦੀ ਸ਼ਲਾਘਾ

95

ਡੀਸੀ ਸੰਗਰੂਰ ਸੰਦੀਪ ਰਿਸ਼ੀ ਵੱਲੋਂ ਪਰਾਲੀ ਪ੍ਰਬੰਧਨ ਵਿੱਚ ਯੋਗਦਾਨ ਪਾ ਰਹੇ ਕੰਪਰੈਸਡ ਬਾਇਓ ਗੈਸ ਪਲਾਂਟ ਦਾ ਦੌਰਾ; ਪਲਾਂਟ ਪ੍ਰਬੰਧਕਾਂ ਵੱਲੋਂ ਪਾਏ ਜਾ ਰਹੇ ਯੋਗਦਾਨ ਦੀ ਸ਼ਲਾਘਾ

ਭੁਟਾਲ ਕਲਾਂ /ਲਹਿਰਾਗਾਗਾ, 11 ਨਵੰਬਰ,2024

ਡਿਪਟੀ ਕਮਿਸ਼ਨਰ ਸੰਦੀਪ ਰਿਸ਼ੀ ਵੱਲੋਂ ਪਰਾਲੀ ਸਾੜਨ ਦੀ ਸਮੱਸਿਆ ਨੂੰ ਖਤਮ ਕਰਨ ਲਈ ਕਾਰਜਸ਼ੀਲ ਵਰਬੀਓ ਦੇ ਕੰਪਰੈਸਡ ਬਾਇਓ ਗੈਸ (ਸੀ.ਬੀ.ਜੀ) ਪਲਾਂਟ ਦਾ ਦੌਰਾ ਕੀਤਾ ਗਿਆ। ਇਸ ਮੌਕੇ ਉਨ੍ਹਾਂ ਨੇ ਪਰਾਲੀ ਸਾੜਨ ਦੀਆਂ ਘਟਨਾਵਾਂ ਨੂੰ ਠੱਲ੍ਹ ਪਾਉਣ ਵਿੱਚ ਪਲਾਂਟ ਪ੍ਰਬੰਧਕਾਂ ਵੱਲੋਂ ਪਾਏ ਜਾ ਰਹੇ ਯੋਗਦਾਨ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਸਲਾਨਾ ਕਰੀਬ 70 ਹਜ਼ਾਰ ਟਨ ਪਰਾਲੀ ਖਪਤ ਦੀ ਸਮਰੱਥਾ ਵਾਲਾ ਇਹ ਪਲਾਂਟ ਆਪਣੇ ਆਲੇ ਦੁਆਲੇ ਦੇ ਲਗਭਗ 15 ਤੋਂ 20 ਕਿਲੋਮੀਟਰ ਦੇ ਦਾਇਰੇ ਅਧੀਨ ਆਉਂਦੇ ਪਿੰਡਾਂ ਵਿੱਚ ਪਰਾਲੀ ਸਾੜਨ ਜਿਹੀਆਂ ਮਾੜੀਆਂ ਘਟਨਾਵਾਂ ਨੂੰ ਠੱਲ੍ਹ ਪਾਉਣ ਵਿੱਚ ਕਾਫੀ ਹੱਦ ਤੱਕ ਸਫਲ ਸਾਬਤ ਹੋ ਰਿਹਾ ਹੈ।

ਡਿਪਟੀ ਕਮਿਸ਼ਨਰ ਨੇ ਕਿਹਾ ਕਿ ਕੰਪਨੀ ਵੱਲੋਂ ਕਿਸਾਨਾਂ ਨੂੰ ਖੇਤਾਂ ਵਿੱਚੋਂ ਪਰਾਲੀ ਦੀਆਂ ਗੱਠਾਂ ਬਣਾਉਣ ਲਈ ਸਹਾਇਤਾ ਪ੍ਰਦਾਨ ਕਰਨ ਵੱਜੋਂ 50 ਤੋਂ ਵਧੇਰੇ ਬੇਲਰ ਉਪਲਬਧ ਕਰਵਾਏ ਜਾਂਦੇ ਹਨ ਅਤੇ ਖੇਤਾਂ ਵਿੱਚੋਂ ਪਰਾਲੀ ਦੀਆਂ ਗੱਠਾਂ ਨੂੰ ਮੁਫ਼ਤ ਚੁਕਵਾ ਕੇ ਕੰਪਨੀ ਵਿੱਚ ਲਿਆਉਣ ਦੇ ਪ੍ਰਬੰਧ ਕੀਤੇ ਹੋਏ ਹਨ, ਜਿਸ ਨਾਲ ਨੇੜਲੇ ਪਿੰਡਾਂ ਦੇ ਕਿਸਾਨਾਂ ਵਿੱਚ ਪਰਾਲੀ ਨੂੰ ਸਾੜਨ ਦਾ ਰੁਝਾਨ ਕਾਫ਼ੀ ਘਟਿਆ ਹੈ।

ਡਿਪਟੀ ਕਮਿਸ਼ਨਰ ਨੇ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਪਿਛਲੇ ਕਈ ਹਫਤਿਆਂ ਤੋਂ ਸਾਰੀਆਂ ਸਬ ਡਵੀਜ਼ਨਾਂ ਵਿੱਚ ਕਿਸਾਨਾਂ ਨੂੰ ਪਰਾਲੀ ਦੇ ਉਚਿਤ ਪ੍ਰਬੰਧਨ ਲਈ ਪ੍ਰੇਰਿਤ ਕਰਨ ਵਿੱਚ ਸਰਗਰਮ ਹੈ ਅਤੇ ਅਜਿਹੇ ਵੇਲੇ ਵਰਬੀਓ ਕੰਪਨੀ ਦਾ ਇਹ ਯੋਗਦਾਨ ਵੀ ਅਹਿਮ ਸਾਬਤ ਹੋ ਰਿਹਾ ਹੈ ਜਿਸ ਨਾਲ ਵਾਤਾਵਰਣ ਨੂੰ ਪ੍ਰਦੂਸ਼ਣ ਮੁਕਤ ਕਰਨ ਦੀ ਮੁਹਿੰਮ ਵਿੱਚ ਹੁੰਗਾਰਾ ਮਿਲਿਆ ਹੈ। ਉਹਨਾਂ ਦੱਸਿਆ ਕਿ ਇਸ ਪਲਾਂਟ ਰਾਹੀਂ ਝੋਨੇ ਦੀ ਪਰਾਲੀ ਨੂੰ ਅਤਿ ਆਧੁਨਿਕ ਪ੍ਰੋਸੈਸਿੰਗ ਪ੍ਰਣਾਲੀ ਨਾਲ ਸੀਬੀਜੀ ਵਿੱਚ ਤਬਦੀਲ ਕਰਕੇ ਪਰਾਲੀ ਨੂੰ ਅੱਗ ਲਗਾਉਣ ਦੇ ਮਾਮਲੇ ਰੋਕੇ ਜਾ ਸਕੇ ਹਨ ਅਤੇ ਦੂਸ਼ਿਤ ਤੱਤਾਂ ਅਤੇ ਫਲਾਈ ਐਸ਼ ਦੀ ਰੋਕਥਾਮ ਵੀ ਯਕੀਨੀ ਬਣਾਈ ਜਾ ਰਹੀ ਹੈ।

ਡੀਸੀ ਨੇ ਦੱਸਿਆ ਕਿ ਪਰਾਲੀ ਤੋਂ ਸੀਬੀਜੀ ਉਤਪਾਦਨ ਦੀ ਪ੍ਰਕਿਰਿਆ ਦੌਰਾਨ ਪੈਦਾ ਹੋਣ ਵਾਲੀ ਖਾਦ, ਜਿਸਨੂੰ ਕਿ ਬਾਇਓ ਮੈਨਿਊਰ ਕਿਹਾ ਜਾਂਦਾ ਹੈ, ਕੰਪਨੀ ਵੱਲੋਂ ਕਿਸਾਨਾਂ ਨੂੰ ਮੁਫਤ ਦਿੱਤੀ ਜਾਂਦੀ ਹੈ, ਜਿਸ ਨਾਲ ਮਿੱਟੀ ਦੇ ਊਪਜਾਊ ਤੱਤਾਂ ਵਿੱਚ ਵਾਧਾ ਹੁੰਦਾ ਹੈ।


ਡੀਸੀ ਸੰਗਰੂਰ ਸੰਦੀਪ ਰਿਸ਼ੀ ਵੱਲੋਂ ਪਰਾਲੀ ਪ੍ਰਬੰਧਨ ਵਿੱਚ ਯੋਗਦਾਨ ਪਾ ਰਹੇ ਕੰਪਰੈਸਡ ਬਾਇਓ ਗੈਸ ਪਲਾਂਟ ਦਾ ਦੌਰਾ; ਪਲਾਂਟ ਪ੍ਰਬੰਧਕਾਂ ਵੱਲੋਂ ਪਾਏ ਜਾ ਰਹੇ ਯੋਗਦਾਨ ਦੀ ਸ਼ਲਾਘਾ

ਇਸ ਦੌਰਾਨ ਕੰਪਨੀ ਦੇ ਪ੍ਰਬੰਧਕਾਂ ਨੇ ਦੱਸਿਆ ਕਿ ਵਰਬੀਓ ਦੇ ਇਸ ਯੂਨਿਟ ਵਿੱਚ 130 ਕਾਮੇ  ਰੁਜ਼ਗਾਰ ਹਾਸਲ ਕਰ ਰਹੇ ਹਨ ਅਤੇ ਹਰ ਸੀਜਨ ਵਿੱਚ 100 ਦੇ ਕਰੀਬ ਹੋਰ ਕਾਮਿਆਂ ਨੂੰ ਰੁਜ਼ਗਾਰ ਪ੍ਰਦਾਨ ਕੀਤਾ ਜਾਂਦਾ ਹੈ। ਪ੍ਰਬੰਧਕਾਂ ਨੇ ਦੱਸਿਆ ਕਿ ਕਿਸਾਨਾਂ ਦੇ ਖੇਤਾਂ ਵਿੱਚੋਂ ਪਰਾਲੀ ਦੀਆਂ ਗੱਠਾਂ ਲਿਆ ਕੇ ਪਲਾਂਟ ਵਿੱਚ ਸਟੋਰ ਕੀਤੀਆਂ ਜਾਂਦੀਆਂ ਹਨ ਜਿੱਥੋਂ ਕਿ ਪ੍ਰੋਸੈਸਿੰਗ ਸੈਕਸ਼ਨ ਵਿੱਚ ਭੇਜ ਕੇ ਬਾਇਓ ਗੈਸ ਦਾ ਉਤਪਾਦਨ ਕੀਤਾ ਜਾਂਦਾ ਹੈ ਅਤੇ ਸਾਰੀ ਪ੍ਰਕਿਰਿਆ ਮੁਕੰਮਲ ਕਰਨ ਤੋਂ ਬਾਅਦ ਗੈਸ ਕਿੱਟਾਂ ਵਿੱਚ ਭਰ ਕੇ ਸਪਲਾਈ ਕੀਤੀ ਜਾਂਦੀ ਹੈ।

ਡਿਪਟੀ ਕਮਿਸ਼ਨਰ ਵੱਲੋਂ ਕੀਤੇ ਗਏ ਦੌਰੇ ਦੌਰਾਨ ਡੀਐਸਪੀ ਦੀਪਇੰਦਰਪਾਲ ਸਿੰਘ ਜੇਜੀ, ਐਕਸੀਅਨ ਪੰਜਾਬ ਪ੍ਰਦੂਸ਼ਣ ਰੋਕਥਾਮ ਬੋਰਡ ਗੁਨੀਤ ਸੇਠੀ, ਮੁੱਖ ਖੇਤੀਬਾੜੀ ਅਫਸਰ ਡਾ. ਹਰਬੰਸ ਸਿੰਘ ਚਹਿਲ ਸਮੇਤ ਹੋਰ ਅਧਿਕਾਰੀ ਵੀ ਮੌਜੂਦ ਸਨ।