ਡਿਪਟੀ ਕਮਿਸ਼ਨਰ ਰੂਪਨਗਰ ਨੇ ਕੈਕਿੰਗ ਖਿਡਾਰੀ ਜਸਪ੍ਰੀਤ ਸਿੰਘ ਨਾਲ ਮੁਲਾਕਾਤ ਕਰਦਿਆਂ ਦਿੱਤੀ ਵਧਾਈ

42

ਡਿਪਟੀ ਕਮਿਸ਼ਨਰ ਰੂਪਨਗਰ ਨੇ ਕੈਕਿੰਗ ਖਿਡਾਰੀ ਜਸਪ੍ਰੀਤ ਸਿੰਘ ਨਾਲ ਮੁਲਾਕਾਤ ਕਰਦਿਆਂ ਦਿੱਤੀ ਵਧਾਈ

ਬਹਾਦਰਜੀਤ ਸਿੰਘ/  ਰੂਪਨਗਰ, 25 ਜੂਨ,2025  

ਡਿਪਟੀ ਕਮਿਸ਼ਨਰ ਰੂਪਨਗਰ  ਵਰਜੀਤ ਵਾਲੀਆਂ ਨੇ ਏਸ਼ੀਅਨ ਚੈਂਪੀਅਨਸ਼ਿਪ ਵਿੱਚ ਤੀਜਾ ਸਥਾਨ ਹਾਸਲ ਕਰਨ ਵਾਲੇ ਕੈਕਿੰਗ ਦੇ ਖਿਡਾਰੀ ਜਸਪ੍ਰੀਤ ਸਿੰਘ ਨਾਲ ਮੁਲਾਕਾਤ ਕਰਦਿਆਂ ਵਧਾਈ ਦਿੱਤੀ ਅਤੇ ਭਵਿੱਖ ਵਿੱਚ ਹੋਰ ਵੀ ਮੱਲ੍ਹਾਂ ਮਾਰਨ ਲਈ ਸ਼ੁੱਭ ਕਾਮਨਾਵਾਂ ਦਿੱਤੀਆਂ।

ਜ਼ਿਕਰਯੋਗ ਹੈ ਕਿ ਰੋਪੜ ਸ਼ਹਿਰ ਦੇ ਖਿਡਾਰੀ ਜਸਪ੍ਰੀਤ ਸਿੰਘ ਨੇ ਕੈਕਿੰਗ ਖੇਡ ਵਿੱਚ ਏਸ਼ੀਅਨ ਚੈਂਪੀਅਨਸ਼ਿਪ ਵਿੱਚ ਕੇ-4 1000 ਮੀਟਰ ਰੇਸ ਵਿੱਚੋਂ ਤੀਜਾ ਸਥਾਨ ਹਾਸਿਲ ਕੀਤਾ। ਇਹ ਚੈਂਪੀਅਨਸ਼ਿਪ ਥਾਈਲੈਂਡ ਵਿਖੇ 12 ਤੋਂ 15 ਜੂਨ 2025 ਤੱਕ ਹੋਈ ਸੀ।

ਇਸ ਮੌਕੇ ਗੱਲਬਾਤ ਕਰਦਿਆਂ ਡਿਪਟੀ ਕਮਿਸ਼ਨਰ  ਵਰਜੀਤ ਵਾਲੀਆਂ ਨੇ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ, ਖੇਡਾਂ ਦੇ ਪ੍ਰਸਾਰ ਅਤੇ ਖਿਡਾਰੀਆਂ ਦੇ ਸਰਬਪੱਖੀ ਵਿਕਾਸ ਲਈ ਲਾਮਿਸਾਲ ਕਦਮ ਚੁੱਕ ਰਹੀ ਹੈ, ਸੂਬੇ ਵਿਚ ਖਿਡਾਰੀਆਂ ਲਈ ਸਾਜਗਾਰ ਮਾਹੌਲ ਅਤੇ ਹਰ ਲੋੜੀਂਦੀ ਸਹੂਲਤ ਦਿੱਤੀ ਜਾ ਰਹੀ ਹੈ ਤਾਂ ਜੋ ਉਹ ਆਪੋ-ਆਪਣੀ ਖੇਡ ਵਿਚ ਹੋਰ ਤਰੱਕੀਆਂ ਕਰ ਸਕਣ।

ਉਨ੍ਹਾਂ ਕਿਹਾ ਕਿ ਇਸ ਖਿਡਾਰੀ ਨੇ ਪੂਰੇ ਜ਼ਿਲ੍ਹੇ ਦਾ ਮਾਣ ਵਧਾਇਆ ਹੈ। ਉਨ੍ਹਾਂ ਨੇ ਜਸਪ੍ਰੀਤ ਸਿੰਘ ਨੂੰ ਭਵਿੱਖ ਵਿਚ ਹੋਰ ਮਿਹਨਤ ਕਰਕੇ ਪੰਜਾਬ ਅਤੇ ਦੇਸ਼ ਦਾ ਨਾਮ ਰੌਸ਼ਨ ਕਰਨ ਦੀ ਕਾਮਨਾ ਕੀਤੀ।

ਡਿਪਟੀ ਕਮਿਸ਼ਨਰ ਰੂਪਨਗਰ ਨੇ ਕੈਕਿੰਗ ਖਿਡਾਰੀ ਜਸਪ੍ਰੀਤ ਸਿੰਘ ਨਾਲ ਮੁਲਾਕਾਤ ਕਰਦਿਆਂ ਦਿੱਤੀ ਵਧਾਈ

ਉਨ੍ਹਾਂ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਅਤੇ ਪੰਜਾਬ ਸਰਕਾਰ ਦੇ ਖੇਡ ਵਿਭਾਗ ਵੱਲੋਂ ਖਿਡਾਰੀ ਜਸਪ੍ਰੀਤ ਸਿੰਘ ਨੂੰ ਕੈਕਿੰਗ ਖੇਡ ਵਿੱਚ ਹੋਰ ਬੁਲੰਦੀਆਂ ਛੋਹਣ ਲਈ ਹਰ ਸੰਭਵ ਮਦਦ ਕੀਤੀ ਜਾਵੇਗੀ। ਉਨ੍ਹਾਂ ਨੇ ਖਿਡਾਰੀ ਜਸਪ੍ਰੀਤ ਸਿੰਘ ਨੂੰ ਤਾਕੀਦ ਕੀਤੀ ਕਿ ਪੰਜਾਬ ਸਰਕਾਰ ਦੇ ਖੇਡ ਵਿਭਾਗ ਵੱਲੋਂ ਜਿਹੜੀ ਵੀ ਸਹੂਲਤ ਪ੍ਰਦਾਨ ਕੀਤੀ ਜਾ ਰਹੀ ਹੈ ਉਸ ਦਾ ਭਰਪੂਰ ਲਾਹਾ ਲੈੰਦਿਆਂ ਭਵਿੱਖ ਵਿਚ ਵੀ ਇਸੇ ਤਰ੍ਹਾਂ ਨਾਮਣਾ ਖੱਟਿਆ ਜਾਵੇ।

ਇਸ ਮੌਕੇ ਐਸਡੀਐਮ ਰੂਪਨਗਰ ਡਾ. ਸੰਜੀਵ ਕੁਮਾਰ, ਖਿਡਾਰੀ ਜਸਪ੍ਰੀਤ ਸਿੰਘ ਦੇ ਪਿਤਾ ਇੰਦਰਜੀਤ ਸਿੰਘ, ਖੇਡ ਵਿਭਾਗ ਦੇ ਕੋਚ ਲਵਜੀਤ ਸਿੰਘ ਕੰਗ ਅਤੇ ਕੋਚ ਇੰਦਰਜੀਤ ਸਿੰਘ ਵੀ ਹਾਜ਼ਰ ਸਨ।