ਸ਼ਹੀਦੀ ਸਭਾ ਦੇ ਅਖੀਰਲੇ ਦਿਨ ਵਰਲਡ ਯੂਨੀਵਰਸਿਟੀ ਵੱਲੋਂ ਨਗਰ ਕੀਰਤਨ ਵਿੱਚ ਸ਼ਮੂਲੀਅਤ
ਫਤਿਹਗੜ੍ਹ ਸਾਹਿਬ /ਦਸੰਬਰ 27, 2024
ਦਸਮੇਸ਼ ਪਿਤਾ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਛੋਟੇ ਸਾਹਿਬਜ਼ਾਦਿਆਂ ਬਾਬਾ ਜ਼ੋਰਾਵਰ ਸਿੰਘ ਅਤੇ ਬਾਬਾ ਫ਼ਤਹਿ ਸਿੰਘ, ਅਤੇ ਮਾਤਾ ਗੁਜਰੀ ਜੀ ਦੀ ਲਾਸਾਨੀ ਸ਼ਹਾਦਤ ਨੂੰ ਸਿਜਦਾ ਕਰਦਿਆਂ ਸ੍ਰੀ ਗੁਰੂ ਗ੍ਰੰਥ ਸਾਹਿਬ ਵਰਲਡ ਯੂਨੀਵਰਸਿਟੀ ਫ਼ਤਹਿਗੜ੍ਹ ਸਾਹਿਬ ਵੱਲੋਂ ਸ਼ਹੀਦੀ ਸਭਾ ਸਮੇ ਵੱਖ-ਵੱਖ ਕੈਂਪ ਆਯੋਜਿਤ ਕੀਤੇ ਗਏ। ਇਨ੍ਹਾਂ ਕੈਂਪ ਵਿੱਚ ਯੂਨੀਵਰਸਿਟੀ ਵੱਲੋਂ ਮੁਫ਼ਤ ਫਿਜ਼ੀਓਥੈਰੇਪੀ ਕੈਂਪ, ਪੁਸਤਕ ਪ੍ਰਦਰਸ਼ਨੀ, ਗੁਰਮਤਿ ਗਿਆਨ ਚੇਤਨਾ, ਕਵੀ ਦਰਬਾਰ, ਦਸਤਾਰ ਸਿਖਲਾਈ ਸੇਵਾ ਕੈਂਪ ਅਤੇ ਸਿੱਖ ਧਰਮ ਨਾਲ ਸਬੰਧਿਤ ਡਾਕੂਮੈਂਟਰੀਆਂ ਦੇ ਸ਼ੋਅ ਸ਼ਾਮਿਲ ਸਨ। ਇਸ ਤੋਂ ਇਲਾਵਾ ਮਾਤਾ ਗੁਜਰੀ ਜੀ, ਬਾਬਾ ਜ਼ੋਰਾਵਰ ਸਿੰਘ ਅਤੇ ਬਾਬਾ ਫਤਹਿ ਸਿੰਘ ਜੀ ਨੂੰ ਸਮਰਪਿਤ ਸੈਮੀਨਾਰ ਦਾ ਆਯੋਜਨ ਵੀ ਕੀਤਾ ਗਿਆ।
ਸ਼ਹੀਦੀ ਸਭਾ ਦੇ ਅਖੀਰਲੇ ਦਿਨ ਹਰ ਸਾਲ ਦੀ ਤਰ੍ਹਾਂ ਇਸ ਸਾਲ ਵੀ ਯੂਨੀਵਰਸਿਟੀ ਸਟਾਫ਼ ਅਤੇ ਵਿਦਿਆਰਥੀਆਂ ਸਮੇਤ ਵਾਈਸ-ਚਾਂਸਲਰ ਡਾ: ਪ੍ਰਿਤ ਪਾਲ ਸਿੰਘ ਨੇ ਸ਼ਰਧਾਪੂਰਵਕ ਨਗਰ ਕੀਰਤਨ ਵਿੱਚ ਸ਼ਮੂਲੀਅਤ ਕੀਤੀ | ਇਸ ਮੌਕੇ ਡੀਨ ਅਕਾਦਮਿਕ ਮਾਮਲੇ ਡਾ. ਸੁਖਵਿੰਦਰ ਸਿੰਘ ਬਿਲਿੰਗ ਨੇ ਦੱਸਿਆ ਕਿ ਪੁਸਤਕ ਮੇਲੇ ਤੋਂ ਇਲਾਵਾ ਯੂਨੀਵਰਸਿਟੀ ਵੱਲੋਂ ਲਗਾਏ ਗਏ ਫਿਜ਼ਓਥਰੇਪੀ ਕੈਂਪ, ਦਸਤਾਰ ਸਿਖਲਾਈ ਕੈਂਪ, ਕਵੀ ਦਰਬਾਰ, ਗੁਰਮਤ ਗਿਆਨ ਚੇਤਨਾ ਕੈਂਪ ਅਤੇ ਸਿੱਖ ਇਤਿਹਾਸ ਨਾਲ ਸੰਬੰਧਿਤ ਡਾਕੂਮੈਂਟਰੀ ਸ਼ੋ ਆਦਿ ਸਮਾਗਮਾਂ ਦਾ ਸੰਗਤਾਂ ਨੇ ਭਰਪੂਰ ਲਾਹਾ ਲਿਆ ਹੈ।
ਪੁਸਤਕ ਮੇਲਾ ਕਮੇਟੀ ਦੇ ਕਨਵੀਨਰ ਡਾ. ਹਰਦੇਵ ਸਿੰਘ ਮੁਖੀ ਧਰਮ ਅਧਿਐਨ ਵਿਭਾਗ ਨੇ ਸਮੂਹ ਪ੍ਰਕਾਸ਼ਕਾਂ ਅਤੇ ਖਰੀਦਦਾਰ ਸੰਗਤਾਂ ਦਾ ਧੰਨਵਾਦ ਕੀਤਾ। ਉਹਨਾਂ ਦੱਸਿਆ ਕਿ ਪੁਸਤਕ ਮੇਲੇ ਵਿੱਚ ਗੁਰਮਤ ਅਤੇ ਗੁਰ ਇਤਿਹਾਸ ਸਬੰਧੀ ਪੁਸਤਕਾਂ ਖਰੀਦਣ ਦਾ ਭਾਰੀ ਉਤਸ਼ਾਹ ਵੇਖਣ ਨੂੰ ਮਿਲਿਆ।
ਇਸ ਮੌਕੇ ਯੂਨੀਵਰਸਿਟੀ ਦੇ ਵਾਈਸ-ਚਾਂਸਲਰ, ਪ੍ਰੋਫੈਸਰ ਪ੍ਰਿਤਪਾਲ ਸਿੰਘ ਨੇ ਪੱਤਰਕਾਰ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਯੂਨੀਵਰਸਿਟੀ ਵੱਲੋਂ ਸ਼ਹੀਦੀ ਸਭਾ ਦੌਰਾਨ ਚਲਾਏ ਗਏ ਇਨ੍ਹਾਂ ਸਮਾਗਮਾਂ ਅਤੇ ਸੇਵਾ ਕਾਰਜਾਂ ਦਾ ਮੁੱਖ ਉਦੇਸ਼ ਦੂਰ-ਦੁਰਾਡੇ ਤੋਂ ਆਈਆਂ ਸੰਗਤਾਂ ਵਿੱਚ ਸਿੱਖ ਵਿਰਸੇ ਸਬੰਧੀ ਜਾਗਰੂਕਤਾ ਫੈਲਾਉਣਾ ਹੈ ਤਾਂ ਜੋ ਉਹ ਫ਼ਤਹਿਗੜ੍ਹ ਸਾਹਿਬ ਦੀ ਮੁਕੱਦਸ ਧਰਤੀ ‘ਤੇ ਦਿੱਤੀਆਂ ਲਾਸਾਨੀ ਸ਼ਹਾਦਤਾਂ ਤੋਂ ਸੇਧ ਲੈ ਸਕਣ ਅਤੇ ਆਪਣੇ ਧਰਮ ਨਾਲ ਜੁੜ ਸਕਣ। ਉਹਨ੍ਹਾਂ ਇਹ ਵੀ ਦੱਸਿਆ ਕਿ ਯੂਨੀਵਰਸਿਟੀ ਸਮੇਂ-ਸਮੇਂ ‘ਤੇ ਅਜਿਹੀਆਂ ਸਮਾਜਿਕ, ਧਾਰਮਿਕ ਅਤੇ ਉਸਾਰੂ ਗਤੀਵਿਧੀਆਂ ਵਿੱਚ ਵੱਧ ਚੜ੍ਹ ਕੇ ਹਿੱਸਾ ਪਾਉਣਾ ਆਪਣਾ ਫ਼ਰਜ਼ ਸਮਝਦੀ ਹੈ, ਕਿਉਂਕਿ ਫ਼ਤਹਿਗੜ੍ਹ ਸਾਹਿਬ ਦੀ ਪਵਿੱਤਰ ਧਰਤੀ ਉਤੇ ਇਸ ਯੂਨੀਵਰਸਿਟੀ ਦੀ ਸਥਾਪਨਾ ਦਾ ਮੁੱਖ ਉਦੇਸ਼ ਹੀ ਆਪਣੇ ਅਮੀਰ ਵਿਰਸੇ ਅਤੇ ਸੱਭਿਆਚਾਰ ਨੂੰ ਸੰਸਾਰ ਦੇ ਕੋਨੇ-ਕੋਨੇ ਤੱਕ ਪਹੁੰਚਾਉਣਾ ਹੈ।
ਸ਼ਹੀਦੀ ਸਭਾ ਦੇ ਅਖੀਰਲੇ ਦਿਨ ਵਰਲਡ ਯੂਨੀਵਰਸਿਟੀ ਵੱਲੋਂ ਨਗਰ ਕੀਰਤਨ ਵਿੱਚ ਸ਼ਮੂਲੀਅਤI ਡਾ. ਸਿਕੰਦਰ ਸਿੰਘ, ਡੀਨ ਵਿਦਿਆਰਥੀ ਭਲਾਈ ਨੇ ਦੱਸਿਆ ਕਿ ਯੂਨੀਵਰਸਿਟੀ ਦੇ ਫਿਜ਼ੀਓਥੈਰਪੀ ਕੈਂਪਾਂ ਵਿਚ ਵੀ ਇੱਕ ਹਾਜ਼ਰ ਤੋਂ ਵੱਧ ਮਰੀਜ਼ਾਂ ਦਾ ਮੁਫ਼ਤ ਇਲਾਜ ਕੀਤਾ ਗਿਆ। ਪੰਜ ਸੌ ਤੋਂ ਜ਼ਿਆਦਾ ਵਿਦਿਆਰਥੀਆਂ ਨੇ ਦਸਤਾਰ ਸਿਖਲਾਈ ਕੈਂਪਾਂ ਵਿਚ ਭਾਗ ਲਿਆ। ਉਹਨਾਂ ਦੱਸਿਆ ਕਿ ਯੂਨੀਵਰਸਿਟੀ ਵਲੋਂ ਲਗਾਈ ਪੁਸਤਕ ਪ੍ਰਦਰਸ਼ਨੀ ਨੂੰ ਸੰਗਤ ਵਲੋਂ ਬਹੁਤ ਹੀ ਬਹੁਤ ਵਧੀਆ ਹੁੰਗਾਰਾ ਮਿਲਿਆ ਅਤੇ ਲਗਭਗ ਤਿੰਨ ਹਾਜ਼ਰ ਤੋਂ ਵੱਧ ਲੋਕਾਂ ਨੇ ਪੁਸਤਕ ਪ੍ਰਦਰਸ਼ਨੀ ਦਾ ਲਾਹਾ ਲਿਆ। ਨਗਰ ਕੀਰਤਨ ਦੌਰਾਨ ਯੂਨੀਵਰਸਿਟੀ ਦੀ ਗੱਤਕਾ ਟੀਮ ਵਲੋਂ ਸ਼ਾਨਦਾਰ ਗੱਤਕੇ ਦੇ ਜੋਹਰ ਪੇਸ਼ ਕੀਤੇ ਗਏ।