ਹਰਜੋਤ ਸਿੰਘ ਬੈਂਸ ਨੇ ਸਥਾਨਕ ਸਰਕਾਰਾਂ ਵਿਭਾਗ ਦੀ ਕਮਾਨ ਸੰਭਾਲੀ, ਗੁਰਦੁਆਰਾ ਘਾਟ ਸਾਹਿਬ ਤੇ ਸ੍ਰੀ ਲਕਸ਼ਮੀ ਨਰਾਇਣ ਮੰਦਿਰ ਵਿਖੇ ਨਤਮਸਤਕ ਹੋ ਕੇ ਕੀਤਾ ਸ਼ੁਕਰਾਨਾ
ਬਹਾਦਰਜੀਤ ਸਿੰਘ/royalpatiala.in News/ ਨੰਗਲ 12 ਮਈ 2026
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਨੂੰ ਇਕ ਹੋਰ ਮਹੱਤਵਪੂਰਨ ਜਿੰਮੇਵਾਰੀ ਸੌਂਪੀ ਗਈ ਹੈ। ਸਿੱਖਿਆ ਅਤੇ ਸੂਚਨਾ ਤੇ ਲੋਕ ਸੰਪਰਕ ਵਿਭਾਗ ਦੀ ਕਾਮਯਾਬ ਸੰਭਾਲ ਤੋਂ ਬਾਅਦ ਹੁਣ ਉਨ੍ਹਾਂ ਨੂੰ ਸਥਾਨਕ ਸਰਕਾਰਾਂ ਵਿਭਾਗ ਦੀ ਜਿੰਮੇਵਾਰੀ ਵੀ ਦਿੱਤੀ ਗਈ ਹੈ। ਇਸ ਨਵੀਂ ਜਿੰਮੇਵਾਰੀ ਨਾਲ ਬੈਂਸ ਦੇ ਹੱਥ ਹੋਰ ਮਜ਼ਬੂਤ ਹੋਣ ਦੀ ਉਮੀਦ ਜਤਾਈ ਜਾ ਰਹੀ ਹੈ, ਜਿਸ ਨਾਲ ਸੂਬੇ ਦੇ ਸ਼ਹਿਰੀ ਵਿਕਾਸ ਅਤੇ ਨਗਰ ਨਿਗਮਾਂ ਦੀ ਕਾਰਗੁਜ਼ਾਰੀ ਵਿੱਚ ਸੁਧਾਰ ਆ ਸਕਦਾ ਹੈ।
ਨਵੀਂ ਜਿੰਮੇਵਾਰੀ ਮਿਲਣ ਤੋਂ ਬਾਅਦ ਹਰਜੋਤ ਸਿੰਘ ਬੈਂਸ ਗੁਰਦੁਆਰਾ ਘਾਟ ਸਾਹਿਬ ਤੇ ਸ੍ਰੀ ਲਕਸ਼ਮੀ ਨਰਾਇਣ ਮੰਦਿਰ ਨੰਗਲ ਵਿਖੇ ਨਤਮਸਤਕ ਹੋਏ। ਉਨ੍ਹਾਂ ਨੇ ਗੁਰੂ ਸਾਹਿਬ ਅੱਗੇ ਸਿਰ ਨਿਵਾ ਕੇ ਆਪਣੇ ਨਵੇ ਵਿਭਾਗ ਲਈ ਅਰਦਾਸ ਕੀਤੀ ਅਤੇ ਸ਼ੁਕਰਾਨਾ ਅਦਾ ਕੀਤਾ।
ਇਸ ਮੌਕੇ ਉਨ੍ਹਾਂ ਨੇ ਕਿਹਾ ਕਿ ਉਹ ਆਪਣੇ ਉੱਤੇ ਆਈ ਹਰ ਜਿੰਮੇਵਾਰੀ ਨੂੰ ਇਮਾਨਦਾਰੀ ਅਤੇ ਪੂਰੀ ਲਗਨ ਨਾਲ ਨਿਭਾਉਣਗੇ। ਗੁਰਦੁਆਰਾ ਸਾਹਿਬ ਵਿਖੇ ਦਰਸ਼ਨ ਕਰਕੇ ਉਨ੍ਹਾਂ ਨੇ ਆਪਣੇ ਮਨ ਵਿੱਚ ਸੇਵਾ ਦੀ ਭਾਵਨਾ ਨੂੰ ਹੋਰ ਮਜ਼ਬੂਤ ਕੀਤਾ।

ਹਰਜੋਤ ਸਿੰਘ ਬੈਂਸ ਨੇ ਕਿਹਾ ਕਿ ਸਥਾਨਕ ਸਰਕਾਰਾਂ ਵਿਭਾਗ ਦੀ ਜਿੰਮੇਵਾਰੀ ਸੰਭਾਲਦੇ ਹੋਏ ਉਹ ਲੋਕਾਂ ਦੀਆਂ ਉਮੀਦਾਂ ‘ਤੇ ਖਰਾ ਉਤਰਣ ਦੀ ਪੂਰੀ ਕੋਸ਼ਿਸ਼ ਕਰਨਗੇ। ਉਨ੍ਹਾਂ ਨੇ ਦੱਸਿਆ ਕਿ ਸੂਬੇ ਦੇ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕਰਨਾ ਉਨ੍ਹਾਂ ਦੀ ਪ੍ਰਾਥਮਿਕਤਾ ਰਹੇਗੀ।
ਇਸ ਨਵੀਂ ਜਿੰਮੇਵਾਰੀ ਨਾਲ ਬੈਂਸ ਦੇ ਰਾਜਨੀਤਿਕ ਕੱਦ ਵਿੱਚ ਹੋਰ ਵਾਧਾ ਹੋਇਆ ਹੈ ਅਤੇ ਉਨ੍ਹਾਂ ਤੋਂ ਉਮੀਦਾਂ ਵੀ ਵਧੀਆਂ ਹਨ। ਲੋਕਾਂ ਨੂੰ ਉਮੀਦ ਹੈ ਕਿ ਉਹ ਆਪਣੇ ਅਨੁਭਵ ਅਤੇ ਯੋਗਤਾ ਨਾਲ ਸੂਬੇ ਵਿੱਚ ਵਿਕਾਸ ਦੇ ਨਵੇਂ ਮਿਆਰ ਸਥਾਪਿਤ ਕਰਨਗੇ। ਪੰਜਾਬ ਸਰਕਾਰ ਵੱਲੋਂ ਉਨ੍ਹਾਂ ‘ਤੇ ਕੀਤਾ ਗਿਆ ਭਰੋਸਾ ਇਹ ਦਰਸਾਉਂਦਾ ਹੈ ਕਿ ਉਹ ਸੂਬੇ ਦੀ ਤਰੱਕੀ ਲਈ ਇੱਕ ਅਹਿਮ ਭੂਮਿਕਾ ਨਿਭਾ ਸਕਦੇ ਹਨ। ਇਸ ਮੌਕੇ ਵੱਡੀ ਗਿਣਤੀ ਵਿਚ ਪੰਚ, ਸਰਪੰਚ ਤੇ ਪਤਵੰਤੇ ਵੱਡੀ ਗਿਣਤੀ ਵਿਚ ਹਾਜ਼ਰ ਸਨ।











