ਮਾਤਾ ਗੁਜਰੀ ਕਾਲਜ ਵਿਖੇ ਦਾਖਲਿਆਂ ਲਈ ਵਿਦਿਆਰਥੀਆਂ ਵਿੱਚ ਭਾਰੀ ਉਤਸ਼ਾਹ

156

ਮਾਤਾ ਗੁਜਰੀ ਕਾਲਜ ਵਿਖੇ ਦਾਖਲਿਆਂ ਲਈ ਵਿਦਿਆਰਥੀਆਂ ਵਿੱਚ ਭਾਰੀ ਉਤਸ਼ਾਹ

ਫ਼ਤਹਿਗੜ੍ਹ ਸਾਹਿਬ, 17 ਜੁਲਾਈ,2024 

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਸ੍ਰੀ ਅੰਮ੍ਰਿਤਸਰ ਦੇ ਪ੍ਰਬੰਧ ਅਧੀਨ ਚੱਲ ਰਹੀ ਉੱਤਰੀ ਭਾਰਤ ਦੀ ਸਿਰਮੌਰ ਸਿੱਖਿਆ ਸੰਸਥਾ ਮਾਤਾ ਗੁਜਰੀ ਕਾਲਜ ਸ੍ਰੀ ਫ਼ਤਹਿਗੜ੍ਹ ਸਾਹਿਬ ਵਿਖੇ ਵਿੱਦਿਅਕ ਵਰ੍ਹੇ 2024-25 ਵਿੱਚ ਦਾਖਲਿਆਂ ਨੂੰ ਲੈ ਕੇ ਵਿਦਿਆਰਥੀਆਂ ਵਿੱਚ ਭਾਰੀ ਉਤਸ਼ਾਹ ਦੇਖਣ ਨੂੰ ਮਿਲ ਰਿਹਾ ਹੈ।

ਕਾਲਜ ਦੇ ਡਾਇਰੈਕਟਰ ਪ੍ਰਿੰਸੀਪਲ ਡਾ. ਕਸ਼ਮੀਰ ਸਿੰਘ ਨੇ ਆਪਣੀ ਖੁਸ਼ੀ ਜ਼ਾਹਰ ਕਰਦਿਆਂ ਦੱਸਿਆ ਕਿ ਕਾਲਜ ਦੇ ਸਮੂਹ ਸਟਾਫ਼ ਦੇ ਅਣਥੱਕ ਯਤਨਾਂ ਅਤੇ ਸਹਿਯੋਗ ਨਾਲ ਮਾਤਾ ਗੁਜਰੀ ਕਾਲਜ ਹਰ ਵਾਰ ਦੀ ਤਰ੍ਹਾਂ ਇਸ ਵਾਰ ਵੀ ਵਿਦਿਆਰਥੀਆਂ ਦੀ ਵੱਖ-ਵੱਖ ਕੋਰਸਾਂ ਵਿੱਚ ਦਾਖਲਾ ਲੈਣ ਲਈ ਪਹਿਲੀ ਪਸੰਦ ਬਣਿਆ ਹੋਇਆ ਹੈ।

ਕਾਲਜ ਦੇ ਐਡਮਿਸ਼ਨ ਕੋਆਰਡੀਨੇਟਰ ਡਾ. ਬਿਕਰਮਜੀਤ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਵਿਸ਼ਿਆਂ ਦੀ ਚੋਣ ਨੂੰ ਲੈ ਕੇ ਵਿਦਿਆਰਥੀਆਂ ਅੰਦਰ ਪੰਜਾਬ ਸਟੇਟ ਕਾਊਂਸਲ ਫਾਰ ਐਗਰੀਕਲਚਰਲ ਐਜੂਕੇਸ਼ਨ ਦੁਆਰਾ ਮਾਨਤਾ ਪ੍ਰਾਪਤ ਬੀ.ਐਸ.ਸੀ. (ਆਨਰਜ਼) ਐਗਰੀਕਲਚਰ, ਆਲ ਇੰਡੀਆ ਕਾਊਂਸਲ ਫਾਰ ਟੈਕਨੀਕਲ ਐਜੂਕੇਸ਼ਨ ਵੱਲੋਂ ਮਾਨਤਾ ਪ੍ਰਾਪਤ ਬੀ.ਬੀ.ਏ. ਅਤੇ ਬੀ.ਸੀ.ਏ., ਬੀ.ਕਾਮ, ਬੀ.ਏ. (ਆਨਰਜ਼) ਸੋਸ਼ਲ ਸਾਇੰਸਜ਼ ਅਤੇ ਸਾਇੰਸ ਕੋਰਸਾਂ ਵਿੱਚ ਦਾਖਲਿਆਂ ਦਾ ਰੁਝਾਨ ਚੱਲ ਰਿਹਾ ਹੈ। ਇਸ ਤੋਂ ਇਲਾਵਾ ਪੋਸਟ ਗਰੈਜੂਏਟ ਕੋਰਸਾਂ ਵਿੱਚ ਦਾਖਲਿਆਂ ਲਈ ਵੀ ਵਿਦਿਆਰਥੀਆਂ ਵਿੱਚ ਵਿਸ਼ੇਸ਼ ਦਿਲਚਸਪੀ ਦੇਖਣ ਨੂੰ ਮਿਲ ਰਹੀ ਹੈ।

ਮਾਤਾ ਗੁਜਰੀ ਕਾਲਜ ਵਿਖੇ ਦਾਖਲਿਆਂ ਲਈ ਵਿਦਿਆਰਥੀਆਂ ਵਿੱਚ ਭਾਰੀ ਉਤਸ਼ਾਹ

ਇਹ ਵਰਣਨਯੋਗ ਹੈ ਕਿ ਵਿਦਿਆਰਥੀਆਂ ਨੂੰ ਤਕਨੀਕੀ ਸਿੱਖਿਆ ਪ੍ਰਦਾਨ ਕਰਨ ਲਈ ਕਾਲਜ ਵਿੱਚ ਆਧੁਨਿਕ ਕੰਪਿਊਟਰਾਂ ਨਾਲ ਲੈਸ ਲੈਬਾਂ, ਉੱਚ ਕੋਟੀ ਦੀਆਂ ਖੇਡ ਸਹੂਲਤਾਂ ਪ੍ਰਦਾਨ ਕਰਨ ਲਈ ਖੇਡ ਸਟੇਡੀਅਮ, ਲੜਕੀਆਂ ਅਤੇ ਲੜਕਿਆਂ ਦੇ ਵੱਖੋ-ਵੱਖਰੇ ਹੋਸਟਲ ਅਤੇ ਪਲੇਸਮੈਂਟ ਸੈੱਲ ਵੀ ਮੌਜੂਦ ਹਨ। ਵਿਦਿਆਰਥੀਆਂ ਦੇ ਸਰਬ-ਪੱਖੀ ਵਿਕਾਸ ਲਈ ਕਾਲਜ ਵਿੱਚ ਐਨ.ਸੀ.ਸੀ., ਐੱਨ.ਐੱਸ.ਐੱਸ. ਅਤੇ ਰੈੱਡ ਕਰਾਸ ਦੇ ਯੂਨਿਟ ਵੀ ਕਾਰਜਸ਼ੀਲ ਹਨ ਅਤੇ ਮੈਰਿਟ ਵਿੱਚ ਆਉਣ ਵਾਲੇ ਅਤੇ ਲੋੜਵੰਦ ਵਿਦਿਆਰਥੀਆਂ ਨੂੰ ਵੱਖ-ਵੱਖ ਸਕਾਲਰਸ਼ਿਪਾਂ ਵੀ ਪ੍ਰਦਾਨ ਕੀਤੀਆਂ ਜਾਂਦੀਆਂ ਹਨ। ਇਸ ਤੋਂ ਇਲਾਵਾ ਸੱਭਿਆਚਾਰਕ ਗਤੀਵਿਧੀਆਂ ਵਿੱਚ ਵੀ ਕਾਲਜ ਨੇ ਪਿਛਲੇ ਕੁਝ ਸਾਲਾਂ ਦੌਰਾਨ ਲਗਾਤਾਰ ਪੰਜਾਬੀ ਯੂਨੀਵਰਸਿਟੀ ਪਟਿਆਲਾ ਦੀ ਅੰਤਰ ਖੇਤਰੀ ਯੁਵਕ ਅਤੇ ਲੋਕ ਮੇਲੇ ਦੀ ਓਵਰਆਲ ਚੈਂਪੀਅਨਸ਼ਿਪ ਅਤੇ ਰੋਪੜ ਫ਼ਤਹਿਗੜ੍ਹ ਸਾਹਿਬ ਜ਼ੋਨ ਦੇ ਖੇਤਰੀ ਯੁਵਕ ਅਤੇ ਲੋਕ ਮੇਲੇ ਦੀ ਓਵਰਆਲ ਟਰਾਫ਼ੀ ਜਿੱਤ ਕੇ ਮਾਣਮੱਤੀ ਪ੍ਰਾਪਤੀ ਕਰਨ ਵਿੱਚ ਸਫ਼ਲਤਾ ਹਾਸਲ ਕੀਤੀ ਹੈ।