ਸਰਕਾਰੀ ਸਕੀਮਾਂ ਦਾ ਲਾਭ ਹੇਠਲੇ ਪੱਧਰ ਤੱਕ ਪਹੁੰਚਾਉਣਾ ਯਕੀਨੀ ਬਣਾਇਆ ਜਾਵੇ – ਮਲਵਿੰਦਰ ਸਿੰਘ ਕੰਗ

47

ਸਰਕਾਰੀ ਸਕੀਮਾਂ ਦਾ ਲਾਭ ਹੇਠਲੇ ਪੱਧਰ ਤੱਕ ਪਹੁੰਚਾਉਣਾ ਯਕੀਨੀ ਬਣਾਇਆ ਜਾਵੇ – ਮਲਵਿੰਦਰ ਸਿੰਘ ਕੰਗ

ਬਹਾਦਰਜੀਤ ਸਿੰਘ /royalpatiala.in News/ ਰੂਪਨਗਰ, 14 ਅਕਤੂਬਰ,2025 

ਲੋੜਵੰਦ ਨਾਗਰਿਕਾਂ ਲਈ ਬਣਾਈਆਂ ਗਈਆਂ ਸਰਕਾਰੀ ਸਕੀਮਾਂ ਦਾ ਲਾਭ ਹੇਠਲੇ ਪੱਧਰ ਤੱਕ ਪਹੁੰਚਾਉਣਾ ਯਕੀਨੀ ਬਣਾਇਆ ਜਾਵੇ ਅਤੇ ਕੋਈ ਵੀ ਯੋਗ ਲਾਭਪਾਤਰੀ ਇਨ੍ਹਾਂ ਦੇ ਲਾਭ ਤੋਂ ਵਾਂਝਾ ਨਹੀਂ ਰਹਿਣਾ ਚਾਹੀਦਾ।

ਇਹ ਹਦਾਇਤ ਲੋਕ ਸਭਾ ਹਲਕਾ ਸ੍ਰੀ ਅਨੰਦਪੁਰ ਸਾਹਿਬ ਤੋਂ ਸੰਸਦ ਮੈਂਬਰ ਮਲਵਿੰਦਰ ਸਿੰਘ ਕੰਗ ਵੱਲੋਂ ਅੱਜ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਰੂਪਨਗਰ ਵਿਖੇ ਜ਼ਿਲ੍ਹਾ ਵਿਕਾਸ ਕੋਆਰਡੀਨੇਸ਼ਨ ਤੇ ਮੋਨੀਟਰਿੰਗ ਕਮੇਟੀ (ਦਿਸ਼ਾ) ਦੀ ਮੀਟਿੰਗ ਦੌਰਾਨ ਅਧਿਕਾਰੀਆਂ ਨੂੰ ਕੀਤੀ।

ਡਿਪਟੀ ਕਮਿਸ਼ਨਰ ਵਰਜੀਤ ਵਾਲੀਆ ਅਤੇ ਹੋਰਨਾਂ ਆਗੂਆਂ ਦੀ ਮੌਜੂਦਗੀ ਵਿਚ ਹੋਈ ਇਸ ਮੀਟਿੰਗ ਦੌਰਾਨ ਜ਼ਿਲ੍ਹੇ ਵਿਚ ਚੱਲ ਰਹੀਆਂ ਕੇਂਦਰੀ ਯੋਜਨਾਵਾਂ ਦੀ ਬਾਰੀਕੀ ਨਾਲ ਸਮੀਖਿਆ ਕਰਦਿਆਂ ਮਲਵਿੰਦਰ ਸਿੰਘ ਕੰਗ ਨੇ ਕਿਹਾ ਕਿ ਚੱਲ ਰਹੇ ਵਿਕਾਸ ਕਾਰਜ ਤੈਅ ਸਮੇਂ ਅੰਦਰ ਮੁਕੰਮਲ ਕਰਕੇ ਇਨ੍ਹਾਂ ਦੇ ਵਰਤੋਂ ਸਰਟੀਫਿਕੇਟ ਦੇਣੇ ਵੀ ਯਕੀਨੀ ਬਣਾਈ ਜਾਣ। ਉਨ੍ਹਾਂ ਕਿਹਾ ਕਿ ਸਰਕਾਰ ਦੀਆਂ ਵੱਖ-ਵੱਖ ਯੋਜਨਾਵਾਂ ਨੂੰ ਸੁਚਾਰੂ ਅਤੇ ਪਾਰਦਰਸ਼ੀ ਢੰਗ ਨਾਲ ਲਾਗੂ ਕੀਤਾ ਜਾਵੇ ਤਾਂ ਜੋ ਇਨ੍ਹਾਂ ਯੋਜਨਾਵਾਂ ਨਾਲ ਸਬੰਧਿਤ ਸਮੂਹ ਯੋਗ ਲਾਭਪਾਤਰੀਆਂ ਨੂੰ ਫਾਇਦਾ ਪਹੁੰਚਾਇਆ ਜਾ ਸਕੇ।

ਮਲਵਿੰਦਰ ਸਿੰਘ ਕੰਗ ਨੇ ਕਿਹਾ ਕਿ ਪੰਜਾਬ ਸਰਕਾਰ ਖਾਸ ਤੌਰ ‘ਤੇ ਸਿੱਖਿਆ ਅਤੇ ਸਿਹਤ ਦੇ ਖੇਤਰ ਉਤੇ ਧਿਆਨ ਦੇ ਰਹੀ ਹੈ, ਜਿਸ ਤਹਿਤ ਸਰਕਾਰੀ ਸਕੂਲਾਂ ਦਾ ਬੁਨਿਆਦੀ ਢਾਂਚਾ ਮਜ਼ਬੂਤ ਕੀਤਾ ਜਾ ਰਿਹਾ ਹੈ ਅਤੇ ਇਸ ਤੋਂ ਇਲਾਵਾ ਪਿੰਡਾਂ ਵਿੱਚ ਅਨੇਕਾਂ ਹੀ ਵਿਕਾਸ ਕਾਰਜ ਕਰਵਾਏ ਜਾ ਰਹੇ ਹਨ ਅਤੇ ਨੌਜ਼ਵਾਨਾਂ ਨੂੰ ਖੇਡਾਂ ਤੇ ਗਰਾਊਂਡ ਦੇ ਨਾਲ ਜੋੜਨ ਦੇ ਲਈ ਵੀ ਪਿੰਡਾਂ ਵਿੱਚ ਖੇਡ ਮੈਦਾਨ ਅਤੇ ਜ਼ਿੰਮਾ ਮੁਹੱਈਆ ਕਰਵਾਈਆ ਜਾ ਰਹੀਆ ਹਨ। ਇਸ ਦੇ ਨਾਲ ਹੀ ਸਰਕਾਰੀ ਹਸਪਤਾਲਾਂ ਵਿਚ ਇਲਾਜ, ਟੈਸਟ ਅਤੇ ਦਵਾਈਆਂ ਲੋੜਵੰਦ ਮਰੀਜ਼ਾਂ ਨੂੰ ਮੁਕੰਮਲ ਤੌਰ ਉਤੇ ਮੁਫਤ ਮੁਹੱਈਆ ਕਰਵਾਈਆਂ ਜਾ ਰਹੀਆਂ ਹਨ।

ਉਨ੍ਹਾਂ ਸਿਹਤ ਵਿਭਾਗ ਨੂੰ ਸਾਰੇ ਜ਼ਿਲ੍ਹੇ ਦੇ ਸਰਕਾਰੀ ਹਸਪਤਾਲਾਂ ਵਿਖੇ ਖਾਲੀ ਪੋਸਟਾਂ, ਬੁਨਿਆਦੀ ਲੋੜਾਂ ਅਤੇ ਮਸ਼ੀਨਰੀ ਆਦਿ ਦੀ ਰਿਪੋਰਟ ਪੇਸ਼ ਕਰਨ ਲਈ ਕਿਹਾ, ਤਾਂ ਜੋ ਜ਼ਿਲ੍ਹਾ ਵਾਸੀਆਂ ਨੂੰ ਬਿਹਤਰ ਸਿਹਤ ਸਹੂਲਤਾਂ ਮੁਹੱਈਆ ਕਰਵਾਈਆਂ ਜਾ ਸਕਣ।

ਉਨ੍ਹਾਂ ਕਿਹਾ ਕਿ ਹਰੇਕ ਬਲਾਕ ਵਿੱਚ ਮਾਡਲ ਪਿੰਡ ਬਣਾਏ ਜਾਣ ਅਤੇ ਪਿੰਡਾਂ ਦੇ ਛੱਪੜਾਂ ਦੀ ਸਫਾਈ ਦਾ ਵਿਸ਼ੇਸ਼ ਧਿਆਨ ਰੱਖਦਿਆਂ ਵੱਧ ਤੋਂ ਵੱਧ ਬੂਟੇ ਲਗਾਏ ਜਾਣ ਅਤੇ ਸਫਾਈ ਦਾ ਖਾਸ ਧਿਆਨ ਰੱਖਿਆ ਜਾਵੇ।

ਉਨ੍ਹਾਂ ਅੱਗੇ ਕਿਹਾ ਕਿ ਸਰਕਾਰ ਵੱਲੋਂ ਵੱਖ-ਵੱਖ ਭਲਾਈ ਸਕੀਮਾਂ ਲਈ ਪ੍ਰਾਪਤ ਹੋਣ ਵਾਲੀਆਂ ਗ੍ਰਾਂਟਾਂ ਗਰੀਬ ਤੇ ਲੋੜਵੰਦ ਲੋਕਾਂ ਨੂੰ ਮੁਹੱਈਆ ਕਰਵਾਉਣ ਲਈ ਵੱਧ ਤੋਂ ਵੱਧ ਜਾਗਰੂਕ ਕੀਤਾ ਜਾਵੇ। ਹਰੇਕ ਪਿੰਡ ਅਤੇ ਸ਼ਹਿਰ ਪੱਧਰ ‘ਤੇ ਐੱਮ.ਸੀ ਅਤੇ ਸਰਪੰਚਾਂ ਨਾਲ ਵੀ ਤਾਲਮੇਲ ਕਰਕੇ ਯੋਗ ਲਾਭਪਤਾਰੀਆਂ ਨੂੰ ਸਰਕਾਰ ਦੀਆਂ ਸਕੀਮਾਂ ਦਾ ਲਾਭ ਦਿੱਤਾ ਜਾ ਸਕਦਾ ਹੈ।

ਮੈਂਬਰ ਲੋਕ ਸਭਾ ਨੇ ਮਗਨਰੇਗਾ ਤਹਿਤ ਜ਼ਿਲ੍ਹੇ ਵਿਚ ਚੱਲ ਰਹੇ ਵਿਕਾਸ ਕਾਰਜਾਂ, ਕੌਮੀ ਹੈਲਥ ਮਿਸ਼ਨ, ਕੌਮੀ ਰੂਰਲ ਡਰਿੰਕਿੰਗ ਵਾਟਰ ਪ੍ਰੋਗਰਾਮ, ਦੀਨ ਦਿਆਲ ਅਨਤੋਦਿਆ ਯੋਜਨਾ, ਪ੍ਰਧਾਨ ਮੰਤਰੀ ਕੌਸ਼ਲ ਵਿਕਾਸ ਯੋਜਨਾ, ਦੀਨਦਿਆਲ ਉਪਾਧਿਆਏ ਗ੍ਰਾਮੀਣ ਕੌਸ਼ਲ ਯੋਜਨਾ, ਪ੍ਰਧਾਨ ਮੰਤਰੀ ਗ੍ਰਾਮ ਸੜਕ ਯੋਜਨਾ, ਪ੍ਰਧਾਨ ਮੰਤਰੀ ਆਵਾਸ ਯੋਜਨਾ, ਕੌਮੀ ਸਮਾਜਿਕ ਸਹਾਇਤਾ ਪ੍ਰੋਗਰਾਮ, ਸੀ-ਪਾਈਟ, ਸਮਾਰਟ ਰਾਸ਼ਨ ਕਾਰਡ ਸਕੀਮ, ਕੌਮੀ ਫੂਡ ਸੁਰੱਖਿਆ ਮਿਸ਼ਨ, ਸਵੱਛ ਭਾਰਤ ਮਿਸ਼ਨ, ਸਵੱਛ ਭਾਰਤ ਮਿਸ਼ਨ ਗ੍ਰਾਮੀਣ, ਜਲ ਜੀਵਨ ਮਿਸ਼ਨ, ਪੀ.ਐੱਮ.ਕੇ.ਐੱਸ.ਵਾਈ, ਮਿਡ- ਡੇਅ-ਮੀਲ ਸਕੀਮ, ਪ੍ਰਧਾਨ ਮੰਤਰੀ ਉਜਵਲਾ ਯੋਜਨਾ, ਪ੍ਰਧਾਨ ਮੰਤਰੀ ਆਦਰਸ਼ ਗ੍ਰਾਮ ਯੋਜਨਾ, ਸਮੱਗਰ ਸਿੱਖਿਆ ਅਭਿਆਨ, ਐੱਮ.ਪੀ ਲੈਡ ਸਕੀਮ, ਰਾਸ਼ਟਰੀ ਕ੍ਰਿਸ਼ੀ ਵਿਕਾਸ ਯੋਜਨਾ, ਪ੍ਰਧਾਨ ਮੰਤਰੀ ਕ੍ਰਿਸ਼ੀ ਸਿੰਚਾਈ ਯੋਜਨਾ ਆਦਿ ਦੀ ਪ੍ਰਗਤੀ ਸਬੰਧੀ ਵਿਸਥਾਰ ਸਹਿਤ ਜਾਣਕਾਰੀ ਹਾਸਲ ਕੀਤੀ।

ਮਲਵਿੰਦਰ ਸਿੰਘ ਕੰਗ ਨੇ ਅਧਿਕਾਰੀਆਂ ਨੂੰ ਕਿਹਾ ਕਿ ਹਾਲੇ ਵੀ ਕਈ ਲੋਕਾਂ ਨੂੰ ਇਨ੍ਹਾਂ ਸਕੀਮਾਂ ਦਾ ਲਾਭ ਪੰਹੁਚਾਉਣ ਦੀ ਲੋੜ ਹੈ ਤੇ ਆਉਣ ਵਾਲੇ ਸਮੇਂ ਵਿਚ ਇਨ੍ਹਾਂ ਵਿਕਾਸ ਸਕੀਮਾਂ ਦਾ ਹੋਰ ਯੋਗ ਲਾਭਪਾਤਰੀ ਨੂੰ ਲਾਭ ਮਿਲਣਾ ਯਕੀਨੀ ਬਣਾਇਆ ਜਾਵੇ।

ਸਰਕਾਰੀ ਸਕੀਮਾਂ ਦਾ ਲਾਭ ਹੇਠਲੇ ਪੱਧਰ ਤੱਕ ਪਹੁੰਚਾਉਣਾ ਯਕੀਨੀ ਬਣਾਇਆ ਜਾਵੇ - ਮਲਵਿੰਦਰ ਸਿੰਘ ਕੰਗ

ਡਿਪਟੀ ਕਮਿਸ਼ਨਰ  ਵਰਜੀਤ ਵਾਲੀਆ ਨੇ ਲੋਕ ਸਭਾ ਮੈਂਬਰ ਨੂੰ ਵਿਸ਼ਵਾਸ ਦਿਵਾਇਆ ਕਿ ਜ਼ਿਲ੍ਹੇ ਵਿਚ ਯੋਜਨਾਵਾਂ ਤਹਿਤ ਸ਼ੁਰੂ ਕੀਤੇ ਗਏ ਵਿਕਾਸ ਕਾਰਜ ਤੈਅ ਸਮੇਂ ਅੰਦਰ ਮੁਕੰਮਲ ਕਰਵਾਏ ਜਾਣਗੇ ਅਤੇ ਸਰਕਾਰੀ ਸਕੀਮਾਂ ਦਾ ਲਾਭ ਜਮੀਨੀ ਪੱਧਰ ‘ਤੇ ਪਹੁੰਚਾਇਆ ਜਾਣਾ ਯਕੀਨੀ ਬਣਾਇਆ ਜਾਵੇਗਾ।

ਉਨ੍ਹਾਂ ਕਿਹਾ ਕਿ ਕੇਂਦਰੀ ਯੋਜਨਾਵਾਂ ਨੂੰ ਜ਼ਿਲ੍ਹੇ ਵਿਚ ਸੁਚਾਰੂ ਅਤੇ ਪਾਰਦਰਸ਼ੀ ਢੰਗ ਨਾਲ ਲਾਗੂ ਕਰਨ ਲਈ ਪੂਰੀ ਗੰਭੀਰਤਾ ਦਿਖਾਈ ਜਾ ਰਹੀ ਹੈ ਅਤੇ ਇਨ੍ਹਾਂ ਯੋਜਨਾਵਾਂ ਨਾਲ ਸੰਬੰਧਿਤ ਵਿਭਾਗਾਂ ਨਾਲ ਲਗਾਤਾਰ ਸਮੀਖਿਆ ਵੀ ਕੀਤੀ ਜਾ ਰਹੀ ਹੈ। ਉਨ੍ਹਾਂ ਵਿਭਾਗਾਂ ਨੂੰ ਸ਼ੁਰੂ ਕੀਤੇ ਗਏ ਵਿਕਾਸ ਕਾਰਜ ਨਿਰਧਾਰਤ ਸਮੇਂ ਵਿਚ ਮੁਕੰਮਲ ਕਰਨ ਦੇ ਨਿਰਦੇਸ਼ ਵੀ ਦਿੱਤੇ।

ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਜ) ਪੂਜਾ ਸਿਆਲ ਗਰੇਵਾਲ, ਵਧੀਕ ਡਿਪਟੀ ਕਮਿਸ਼ਨਰ (ਵ) ਚੰਦਰਜਯੋਤੀ ਸਿੰਘ, ਆਈਏਐਸ ਅੰਡਰ ਟ੍ਰੇਨਿੰਗ ਅਭਿਮੰਨਿਊ ਮਲਿਕ, ਐਸਪੀ ਅਰਵਿੰਦ ਮੀਨਾ, ਐਸਡੀਐਮ ਰੂਪਨਗਰ ਸੰਜੀਵ ਕੁਮਾਰ, ਐਸਡੀਐਮ ਨੰਗਲ ਸਚਿਨ ਪਾਠਕ, ਐਸਡੀਐਮ ਮੋਰਿੰਡਾ ਸੁਖਪਾਲ ਸਿੰਘ, ਐਸਡੀਐਮ ਸ੍ਰੀ ਅਨੰਦਪੁਰ ਸਾਹਿਬ ਜਸਪ੍ਰੀਤ ਸਿੰਘ, ਐਸਡੀਐਮ ਸ੍ਰੀ ਚਮਕੌਰ ਸਾਹਿਬ ਅਮਰੀਕ ਸਿੰਘ, ਜ਼ਿਲ੍ਹਾ ਯੋਜਨਾ ਬੋਰਡ ਦੇ ਚੇਅਰਮੈਨ ਹਰਮਿੰਦਰ ਸਿੰਘ ਢਾਹੇ, ਯੂਥ ਜ਼ਿਲ੍ਹਾ ਪ੍ਰਧਾਨ ਰੂਪਨਗਰ ਤੇ ਮੈਂਬਰ ਜ਼ਿਲ੍ਹਾ ਪਲੈਨਿੰਗ ਬੋਰਡ ਰੂਪਨਗਰ ਚੇਤਨ ਕਾਲੀਆ, ਹਲਕਾ ਵਿਧਾਇਕ ਰੂਪਨਗਰ ਦੇ ਪੀਏ ਐਡਵੋਕੇਟ ਸਤਨਾਮ ਗਿੱਲ, ਹਲਕਾ ਵਿਧਾਇਕ ਸ੍ਰੀ ਚਮਕੌਰ ਸਾਹਿਬ ਦੇ ਪੀਏ ਸ਼੍ਰੀ ਚੰਦ, ਸ੍ਰੀ ਅਨੰਦਪੁਰ ਸਾਹਿਬ ਤੋਂ ਹਰਵਿੰਦਰ ਕੌਰ, ਮਨਜੀਤ ਸਿੰਘ ਘੁੰਮਣ, ਜ਼ਿਲ੍ਹਾ ਵਿਕਾਸ ਤੇ ਪੰਚਾਇਤ ਅਫ਼ਸਰ ਬਲਜਿੰਦਰ ਸਿੰਘ ਗਰੇਵਾਲ, ਜ਼ਿਲ੍ਹਾ ਸਿੱਖਿਆ ਅਫ਼ਸਰ ਪ੍ਰੇਮ ਕੁਮਾਰ ਮਿੱਤਲ, ਐਕਸੀਅਨ ਲੋਕ ਨਿਰਮਾਣ ਵਿਭਾਗ ਐਸਐਸ ਭੁੱਲਰ, ਖੇਤੀਬਾੜੀ ਅਫ਼ਸਰ ਪੰਕਜ ਸਿੰਘ, ਪ੍ਰੋਗਰਾਮ ਅਫ਼ਸਰ, ਪ੍ਰੋਗਰਾਮ ਅਫ਼ਸਰ ਰਾਹੁਲ ਗੌਤਮ, ਤੋਂ ਇਲਾਵਾ ਜ਼ਿਲ੍ਹੇ ਦੇ ਸਮੂਹ ਕਾਰਜਸਾਧਕ ਅਫ਼ਸਰ, ਬਲਾਕ ਵਿਕਾਸ ਤੇ ਪੰਚਾਇਤ ਅਫ਼ਸਰ ਅਤੇ ਸਮੂਹ ਵਿਭਾਗਾਂ ਦੇ ਸੀਨੀਅਰ ਅਧਿਕਾਰੀ ਹਾਜ਼ਰ ਸਨ।