ਜੈ ਇੰਦਰ ਕੌਰ ਨੇ ਮਨਰੇਗਾ ਵਰਕਰਾਂ ਨੂੰ ਜੀ ਰਾਮ ਜੀ ਸਕੀਮ ਦੇ ਲਾਭਾਂ ਦੀ ਜਾਣਕਾਰੀ ਦਿੱਤੀ
ਬਹਾਦਰਜੀਤ ਸਿੰਘ/royalpatiala.in News/ ਬਲਾਚੌਰ,18 ਜਨਵਰੀ ,2026
ਭਾਰਤੀ ਜਨਤਾ ਪਾਰਟੀ ਮਹਿਲਾ ਮੋਰਚਾ ਪੰਜਾਬ ਦੀ ਪ੍ਰਧਾਨ ਜੈ ਇੰਦਰ ਕੌਰ ਵੱਲੋਂ ਅੱਜ ਵਿਸ਼ੇਸ਼ ਤੌਰ ‘ਤੇ ਜ਼ਿਲ੍ਹੇ ਦਾ ਦੌਰਾ ਕੀਤਾ ਗਿਆ। ਇਸ ਦੌਰਾਨ ਉਨ੍ਹਾਂ ਨੇ ਮਨਰੇਗਾ ਵਰਕਰਾਂ ਨਾਲ ਰੂਬਰੂ ਹੋ ਕੇ ਕੇਂਦਰ ਸਰਕਾਰ ਵੱਲੋਂ ਚਲਾਈਆਂ ਜਾ ਰਹੀਆਂ ਜਨ-ਹਿਤਕਾਰੀ ਸਕੀਮਾਂ, ਖ਼ਾਸ ਕਰਕੇ ਜੀ ਰਾਮ ਜੀ ਸਕੀਮ ਦੀਆਂ ਵਿਸ਼ੇਸ਼ਤਾਵਾਂ ਅਤੇ ਲਾਭਾਂ ਬਾਰੇ ਵਿਸਥਾਰ ਨਾਲ ਜਾਣਕਾਰੀ ਦਿੱਤੀ।
ਜੈ ਇੰਦਰ ਕੌਰ ਨੇ ਆਪਣੇ ਸੰਬੋਧਨ ਦੌਰਾਨ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਹੇਠ ਕੇਂਦਰ ਸਰਕਾਰ ਦਾ ਮੁੱਖ ਉਦੇਸ਼ ਗਰੀਬ, ਮਜ਼ਦੂਰ ਅਤੇ ਮਿਹਨਤੀ ਵਰਗ ਨੂੰ ਆਰਥਿਕ ਅਤੇ ਸਮਾਜਿਕ ਤੌਰ ‘ਤੇ ਮਜ਼ਬੂਤ ਕਰਨਾ ਹੈ। ਉਨ੍ਹਾਂ ਨੇ ਦੱਸਿਆ ਕਿ ਜੀ ਰਾਮ ਜੀ ਸਕੀਮਾਂ ਰਾਹੀਂ ਮਨਰੇਗਾ ਵਰਕਰਾਂ ਅਤੇ ਉਨ੍ਹਾਂ ਦੇ ਪਰਿਵਾਰਾਂ ਨੂੰ ਸੁਰੱਖਿਆ, ਸਹੂਲਤਾਂ ਅਤੇ ਸਿੱਧੇ ਲਾਭ ਪ੍ਰਦਾਨ ਕੀਤੇ ਜਾ ਰਹੇ ਹਨ, ਜਿਸ ਨਾਲ ਉਨ੍ਹਾਂ ਦੀ ਜ਼ਿੰਦਗੀ ਦੇ ਮਿਆਰ ਵਿੱਚ ਸੁਧਾਰ ਆ ਰਿਹਾ ਹੈ। ਉਨ੍ਹਾਂ ਦੱਸਿਆ ਕਿ ਕਾਂਗਰਸ ਅਤੇ ਆਮ ਆਦਮੀ ਪਾਰਟੀ ਦੇ ਲੀਡਰ ਮਨਰੇਗਾ ਵਰਕਰਾਂ ਨੂੰ ਗੁੰਮਰਾਹ ਕਰਨ ਦੀ ਕੋਸ਼ਿਸ਼ ਕਰ ਰਹੇ ਹਨ ਕਿ ਇਹ ਸਕੀਮ ਬੰਦ ਹੋ ਰਹੀ ਹੈ ਜੋ ਕਿ ਸਰਾ ਸਰ ਝੂਠ ਹੈ। ਉਨ੍ਹਾਂ ਦੱਸਿਆ ਕਿ ਜੀ ਰਾਮ ਜੀ ਸਕੀਮ ਨਾਲ ਮਜ਼ਦੂਰਾਂ ਨੂੰ 100 ਦਿਨ ਦੀ ਜਗ੍ਹਾ 125 ਦਿਨ ਦਾ ਰੋਜ਼ਗਾਰ ਦੀ ਗਾਰੰਟੀ ਦਿੱਤੀ ਜਾ ਰਹੀ ਹੈ।
ਉਨ੍ਹਾਂ ਮਨਰੇਗਾ ਵਰਕਰਾਂ ਨੂੰ ਅਪੀਲ ਕੀਤੀ ਕਿ ਉਹ ਸਰਕਾਰ ਦੀਆਂ ਸਕੀਮਾਂ ਬਾਰੇ ਪੂਰੀ ਜਾਣਕਾਰੀ ਲੈ ਕੇ ਵੱਧ ਤੋਂ ਵੱਧ ਲਾਭ ਪ੍ਰਾਪਤ ਕਰਨ ਅਤੇ ਹੋਰ ਲੋਕਾਂ ਨੂੰ ਵੀ ਇਨ੍ਹਾਂ ਸਕੀਮਾਂ ਨਾਲ ਜੋੜਨ। ਉਨ੍ਹਾਂ ਨੇ ਕਿਹਾ ਕਿ ਮਹਿਲਾ ਮੋਰਚਾ ਹਮੇਸ਼ਾ ਮਜ਼ਦੂਰ ਵਰਗ ਅਤੇ ਮਹਿਲਾਵਾਂ ਦੇ ਹੱਕਾਂ ਦੀ ਆਵਾਜ਼ ਬਣ ਕੇ ਖੜ੍ਹਾ ਰਹੇਗਾ।
ਇਸ ਮੌਕੇ ਭਾਜਪਾ ਦੇ ਜ਼ਿਲ੍ਹਾ ਪ੍ਰਧਾਨ ਰਾਜਵਿੰਦਰ ਸਿੰਘ ਲੱਕੀ ਵੀ ਉਨ੍ਹਾਂ ਦੇ ਨਾਲ ਵਿਸ਼ੇਸ਼ ਤੌਰ ‘ਤੇ ਹਾਜ਼ਰ ਸਨ। ਉਨ੍ਹਾਂ ਨੇ ਆਪਣੇ ਸੰਬੋਧਨ ਵਿੱਚ ਕਿਹਾ ਕਿ ਭਾਜਪਾ ਸਰਕਾਰ ਹਮੇਸ਼ਾ ਲੋਕ-ਹਿਤ ਨੂੰ ਪ੍ਰਾਥਮਿਕਤਾ ਦਿੰਦੀ ਆਈ ਹੈ ਅਤੇ ਮਨਰੇਗਾ ਵਰਕਰਾਂ ਦੀ ਭਲਾਈ ਲਈ ਲਗਾਤਾਰ ਯਤਨਸ਼ੀਲ ਹੈ। ਉਨ੍ਹਾਂ ਨੇ ਕਿਹਾ ਕਿ ਪਾਰਟੀ ਦਾ ਹਰ ਕਾਰਕੁਨ ਸਰਕਾਰ ਦੀਆਂ ਨੀਤੀਆਂ ਅਤੇ ਸਕੀਮਾਂ ਨੂੰ ਘਰ-ਘਰ ਤੱਕ ਪਹੁੰਚਾਉਣ ਲਈ ਵਚਨਬੱਧ ਹੈ।

ਪ੍ਰੋਗਰਾਮ ਦੇ ਅੰਤ ਵਿੱਚ ਮਨਰੇਗਾ ਵਰਕਰਾਂ ਵੱਲੋਂ ਜੈ ਇੰਦਰ ਕੌਰ ਅਤੇ ਰਾਜਵਿੰਦਰ ਸਿੰਘ ਲੱਕੀ ਦਾ ਧੰਨਵਾਦ ਕੀਤਾ ਗਿਆ ਅਤੇ ਭਾਜਪਾ ਵੱਲੋਂ ਕੀਤੇ ਜਾ ਰਹੇ ਲੋਕ-ਹਿਤਕਾਰੀ ਕੰਮਾਂ ਦੀ ਸਰਾਹਨਾ ਕੀਤੀ ਗਈ।
ਇਸ ਮੌਕੇ ਹੋਰਨਾਂ ਤੋਂ ਇਲਾਵਾ ਸਰਕਲ ਪ੍ਰਧਾਨ ਕਾਠਗੜ੍ਹ ਰਾਮ ਚੌਧਰੀ, ਉਪ ਪ੍ਰਧਾਨ ਨੰਦ ਕਿਸ਼ੋਰ, ਜਸਵੰਤ ਸਿੰਘ ਕੰਗਣਾ, ਨਰਿੰਦਰ ਸੂਦਨ, ਸ਼ਿਵ ਸ਼ਰਮਾ, ਕਮਲ ਸ਼ਰਮਾ ਆਦਿ ਹਾਜਰ ਸਨ।










