ਪਟਿਆਲਾ ਨਗਰ ਨਿਗਮ ਚੋਣਾਂ ਦੇ ਮਾਮਲੇ ਵਿੱਚ ਪੰਜਾਬ ਸਰਕਾਰ ਨੂੰ ਵੱਡਾ ਝਟਕਾ ਲੱਗਾ

240

ਪਟਿਆਲਾ ਨਗਰ ਨਿਗਮ ਚੋਣਾਂ ਦੇ ਮਾਮਲੇ ਵਿੱਚ ਪੰਜਾਬ ਸਰਕਾਰ ਨੂੰ ਵੱਡਾ ਝਟਕਾ ਲੱਗਾ

ਪਟਿਆਲਾ /24 ਮਾਰਚ,2025

ਪਟਿਆਲਾ ਨਗਰ ਨਿਗਮ ਚੋਣਾਂ ਦੇ ਮਾਮਲੇ ਵਿੱਚ ਪੰਜਾਬ ਸਰਕਾਰ ਨੂੰ ਵੱਡਾ ਝਟਕਾ ਲੱਗਾ ਹੈ। ਸੁਪਰੀਮ ਕੋਰਟ ਨੇ ਪੂਰੇ ਮਾਮਲੇ ਦੀ ਜਾਂਚ ਲਈ ਹਾਈਕੋਰਟ ਦੇ ਰਿਟਾਇਰਡ ਜੱਜ ਦੀ ਅਗਵਾਈ ਹੇਠ ਕਮੇਟੀ ਗਠਿਤ ਕਰਨ ਦੇ ਹੁਕਮ ਦਿੱਤੇ ਹਨ।

ਵਕੀਲ ਹਰਨੀਤ ਸਿੰਘ ਓਬਰਾਏ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਸੁਪਰੀਮ ਕੋਰਟ ਨੇ ਇਨ੍ਹਾਂ ਚੋਣਾਂ ਦੌਰਾਨ ਹੋਈ ਧੱਕੇਸ਼ਾਹੀ ਦੇ ਮਾਮਲੇ ਦੀ ਜਾਂਚ ਲਈ ਹਾਈ ਕੋਰਟ ਦੇ ਸੇਵਾਮੁਕਤ ਜੱਜਾਂ ਦੀ ਕਮੇਟੀ ਬਣਾਉਣ ਦੇ ਹੁਕਮ ਦਿੱਤੇ ਹਨ।

ਉਨ੍ਹਾਂ ਦੱਸਿਆ ਕਿ ਇਸ ਕਮੇਟੀ ਅੱਗੇ ਪੀੜਤ ਉਮੀਦਵਾਰ ਆਪਣੀਆਂ ਸ਼ਿਕਾਇਤਾਂ ਦੇਣਗੇ ਅਤੇ ਇਨ੍ਹਾਂ ਸਹੀ ਸ਼ਿਕਾਇਤਾਂ ਨੂੰ ਸੁਣ ਕੇ ਫੈਸਲਾ ਕਰੇਗੀ। ਉਨ੍ਹਾਂ ਦੱਸਿਆ ਕਿ ਕਮੇਟੀ ‘ਚ ਕਿਹੜਾ ਜੱਜ ਬਣੇਗਾ, ਇਹ ਸੁਪਰੀਮ ਕੋਰਟ ਦੇ ਹੁਕਮਾਂ ਤੋਂ ਬਾਅਦ ਤੈਅ ਹੋਵੇਗਾ।

ਦੱਸ ਦਈਏ ਕਿ ਜਦੋਂ ਪਟਿਆਲਾ ਨਗਰ ਨਿਗਮ ਚੋਣਾਂ ਲਈ ਨਾਮਜ਼ਦਗੀਆਂ ਹੋਣੀਆਂ ਸਨ ਤਾਂ ਚੋਣ ਅਧਿਕਾਰੀ ਦੇ ਦਫਤਰ ਦੇ ਬਾਹਰ ਕਈ ਉਮੀਦਵਾਰਾਂ ਦੇ ਨਾਮਜ਼ਦਗੀ ਪੱਤਰ ਖੋਹੇ ਗਏ ਅਤੇ ਪਾੜ ਦਿੱਤੇ ਗਏ, ਕਈਆਂ ਨੂੰ ਨਾਮਜ਼ਦਗੀ ਪੱਤਰ ਦਾਖਲ ਕਰਨ ਦੀ ਇਜਾਜ਼ਤ ਵੀ ਨਹੀਂ ਦਿੱਤੀ ਗਈ।

ਮਾਮਲਾ ਹਾਈਕੋਰਟ ਵਿਚ ਪੁੱਜਣ ‘ਤੇ ਪੰਜਾਬ ਸਰਕਾਰ ਨੇ 7 ਵਾਰਡਾਂ ਦੀਆਂ ਚੋਣਾਂ ਮੁਲਤਵੀ ਕਰ ਦਿੱਤੀਆਂ। ਇਸ ਤੋਂ ਬਾਅਦ ਹਾਈ ਕੋਰਟ ਦੇ ਡਬਲ ਬੈਂਚ ਨੇ ਇਨ੍ਹਾਂ ਸਾਰੀਆਂ ਪਟੀਸ਼ਨਾਂ ਨੂੰ ਰੱਦ ਕਰ ਦਿੱਤਾ। ਕਈ ਉਮੀਦਵਾਰਾਂ ਨੇ ਇਸ ਵਿਰੁੱਧ ਸੁਪਰੀਮ ਕੋਰਟ ਵਿੱਚ ਪਟੀਸ਼ਨਾਂ ਦਾਇਰ ਕੀਤੀਆਂ ਸਨ, ਜਿਸ ‘ਤੇ ਅੱਜ ਸੁਪਰੀਮ ਕੋਰਟ ਨੇ ਇਹ ਹੁਕਮ ਦਿੱਤਾ ਹੈ।