ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਡਾਇਰੈਕਟੋਰੇਟ ਆਫ਼ ਐਜੂਕੇਸ਼ਨ ਵੱਲੋਂ ਸਕੂਲ ਪ੍ਰਿੰਸੀਪਲਾਂ ਲਈ ਦੋ ਦਿਨਾਂ ਦੀ ਵਰਕਸ਼ਾਪ ਸ਼ੁਰੂ

82

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਡਾਇਰੈਕਟੋਰੇਟ ਆਫ਼ ਐਜੂਕੇਸ਼ਨ ਵੱਲੋਂ ਸਕੂਲ ਪ੍ਰਿੰਸੀਪਲਾਂ ਲਈ ਦੋ ਦਿਨਾਂ ਦੀ ਵਰਕਸ਼ਾਪ ਸ਼ੁਰੂ

ਫ਼ਤਹਿਗੜ੍ਹ ਸਾਹਿਬ/ royalpatiala.in News/15 ਅਕਤੂਬਰ,2025

ਮਾਤਾ ਗੁਜਰੀ ਕਾਲਜ ਵਿਖੇ ਡਾਇਰੈਕਟੋਰੇਟ ਆਫ਼ ਐਜੂਕੇਸ਼ਨ, ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ, ਬਹਾਦਰਗੜ੍ਹ, ਪਟਿਆਲਾ ਵੱਲੋਂ ਸ਼੍ਰੋਮਣੀ ਕਮੇਟੀ ਦੇ ਸਕੂਲਾਂ ਦੇ ਪ੍ਰਿੰਸੀਪਲ ਸਾਹਿਬਾਨਾਂ ਦੀ ਕਾਰਜਸ਼ਾਲਾ ਨਾਲ ਸਬੰਧਿਤ ਦੋ ਦਿਨਾਂ ਦੀ ਵਿਸ਼ੇਸ਼ ਵਰਕਸ਼ਾਪ ਦੀ ਸ਼ੁਰੂਆਤ ਕੀਤੀ ਗਈ ਜਿਸ ਦਾ ਮੁੱਖ ਉਦੇਸ਼ ਸਕੂਲ ਪ੍ਰਬੰਧਨ ਅਤੇ ਸਿੱਖਿਆ ਪ੍ਰਣਾਲੀ ਵਿੱਚ ਪ੍ਰਿੰਸੀਪਲਾਂ ਦੀ ਉਸਾਰੂ ਭੂਮਿਕਾ ਨੂੰ ਮਜ਼ਬੂਤ ਕਰਨਾ ਹੈ।

ਵਰਕਸ਼ਾਪ ਦੀ ਸ਼ੁਰੂਆਤ ਮੌਕੇ ਇੰਜੀਨੀਅਰ ਸੁਖਮਿੰਦਰ ਸਿੰਘ, ਸਕੱਤਰ ਵਿੱਦਿਆ ਡਾਇਰੈਕਟੋਰੇਟ ਆਫ਼ ਐਜੂਕੇਸ਼ਨ, ਐੱਸ.ਜੀ.ਪੀ.ਸੀ. ਸ੍ਰੀ ਅੰਮ੍ਰਿਤਸਰ ਸਾਹਿਬ, ਨੇ ਸਕੂਲ ਪ੍ਰਿੰਸੀਪਲਾਂ ਨੂੰ ਉਤਸ਼ਾਹਿਤ ਕਰਦਿਆਂ ਕਿਹਾ ਕਿ ਸਕੂਲ ਪ੍ਰਬੰਧਨ ਵਿੱਚ ਪ੍ਰਿੰਸੀਪਲਾਂ ਦੀ ਸਕਾਰਾਤਮਕ ਭੂਮਿਕਾ ਦੇ ਨਾਲ ਹੀ ਸਿੱਖਿਆ ਦੀ ਗੁਣਵੱਤਾ ਵਿੱਚ ਨਿਰੰਤਰ ਸੁਧਾਰ ਹੋ ਸਕਦਾ ਹੈ।

ਇੰਜੀ. ਸੁਖਮਿੰਦਰ ਸਿੰਘ ਨੇ ਪ੍ਰਿੰਸੀਪਲ ਸਾਹਿਬਾਨ ਨੂੰ ਸਕੂਲਾਂ ਦੀ ਤਰੱਕੀ ਲਈ ਹਰ ਸੰਭਵ ਸਹਿਯੋਗ ਦੇਣ ਦਾ ਭਰੋਸਾ ਦਿੱਤਾ। ਵਰਣਨਯੋਗ ਹੈ ਕਿ ਇਹ ਵਰਕਸ਼ਾਪ ਐਸ.ਜੀ.ਪੀ.ਸੀ. ਅਧੀਨ ਸਕੂਲਾਂ ਦੀ ਡਿਪਟੀ ਡਾਇਰੈਕਟਰ ਬੀਬੀ ਸਤਵੰਤ ਕੌਰ ਦੀ ਯੋਗ ਅਗਵਾਈ ਹੇਠ ਆਯੋਜਿਤ ਕੀਤੀ ਗਈ ਸੀ, ਜਿਸ ਵਿੱਚ ਸਕੂਲ ਪ੍ਰਿੰਸੀਪਲਾਂ ਨੂੰ ਸਿੱਖਿਆ ਪ੍ਰਬੰਧਨ, ਪਾਠਕ੍ਰਮ ਸੁਧਾਰ, ਨਵੀਆਂ ਸਿੱਖਣ ਤਕਨੀਕਾਂ ਅਤੇ ਸਕੂਲਾਂ ਦੀ ਸਮੁੱਚੇ ਵਿਕਾਸ ਸੰਬੰਧੀ ਵੱਖ-ਵੱਖ ਵਿਸ਼ਿਆਂ ਬਾਰੇ ਵਿਸਥਾਰਪੂਰਵਕ ਜਾਣਕਾਰੀ ਦਿੱਤੀ ਗਈ।

ਵਰਕਸ਼ਾਪ ਦੇ ਪਹਿਲੇ ਸੈਸ਼ਨ ਦੌਰਾਨ ਮਾਤਾ ਗੁਜਰੀ ਕਾਲਜ ਦੇ ਡਾਇਰੈਕਟਰ ਪ੍ਰਿੰਸੀਪਲ ਡਾ. ਕਸ਼ਮੀਰ ਸਿੰਘ ਨੇ ‘ਸਿੱਖਿਆ ਪ੍ਰਣਾਲੀ ਦੇ ਪ੍ਰਬੰਧਨ ਵਿੱਚ ਪ੍ਰਿੰਸੀਪਲ ਦੀ ਭੂਮਿਕਾ’ ਵਿਸ਼ੇ ‘ਤੇ ਵਿਚਾਰ ਪੇਸ਼ ਕਰਦਿਆਂ ਕਿਹਾ ਕਿ ਪ੍ਰਿੰਸੀਪਲ ਨਾ ਸਿਰਫ਼ ਸਕੂਲ ਦੇ ਸਿੱਖਿਆ ਦੇ ਮਿਆਰ ਨੂੰ ਉੱਚਾ ਕਰਨ ਅਤੇ ਵਿਦਿਆਰਥੀਆਂ ਵਿੱਚ ਨੈਤਿਕ ਮੁੱਲਾਂ ਦੀ ਪਾਲਣਾ ਕਰਨ ਵਿੱਚ ਕੇਂਦਰੀ ਭੂਮਿਕਾ ਨਿਭਾਉਂਦੇ ਹਨ, ਬਲਕਿ ਸਮੇਂ ਦੀ ਪਾਬੰਦੀ, ਸੰਗਠਨਾਤਮਕ ਯੋਜਨਾ ਅਤੇ ਸਕੂਲ ਅਨੁਸ਼ਾਸਨ ਵਿੱਚ ਵਡਮੁੱਲਾ ਯੋਗਦਾਨ ਪਾਉਂਦੇ ਹਨ। ਵਰਕਸ਼ਾਪ ਦੇ ਦੂਸਰੇ ਸੈਸ਼ਨ ਵਿੱਚ ਨਨਕਾਣਾ ਸਾਹਿਬ ਪਬਲਿਕ ਸਕੂਲ, ਲੁਧਿਆਣਾ ਤੋਂ ਪ੍ਰਿੰਸੀਪਲ ਬੀਬੀ ਹਰਮੀਤ ਕੌਰ ਨੇ ਰਾਸ਼ਟਰੀ ਸਿੱਖਿਆ ਨੀਤੀ (NEP) ਅਤੇ ਰਾਸ਼ਟਰੀ ਪਾਠਕ੍ਰਮ ਢਾਂਚਾ (NCF) ਸਬੰਧੀ ਅਹਿਮ ਜਾਣਕਾਰੀ ਸਾਂਝੀ ਕਰਦਿਆਂ ਕਿਹਾ ਕਿ ਨੀਤੀ ਬਦਲਾਅ ਅਤੇ ਪਾਠਕ੍ਰਮ ਦੇ ਨਵੇਂ ਮਾਪਦੰਡਾਂ ਨੂੰ ਸਮਝਣਾ ਅਤੇ ਇਨ੍ਹਾਂ ਨੂੰ ਸਕੂਲਾਂ ਵਿੱਚ ਲਾਗੂ ਕਰਨਾ ਪ੍ਰਿੰਸੀਪਲ ਸਾਹਿਬਾਨ ਦੀ ਪ੍ਰਮੁੱਖ ਜ਼ਿੰਮੇਵਾਰੀ ਹੁੰਦੀ ਹੈ।

ਵਰਕਸ਼ਾਪ ਦੇ ਤੀਸਰੇ ਸੈਸ਼ਨ ਵਿੱਚ ਮਾਤਾ ਗੁਜਰੀ ਕਾਲਜ ਦੇ ਵਾਈਸ ਪ੍ਰਿੰਸੀਪਲ ਡਾ. ਬਿਕਰਮਜੀਤ ਸਿੰਘ ਨੇ ‘ਸਿੱਖਿਆ ਪ੍ਰਣਾਲੀ ਵਿੱਚ ਸਮੇਂ ਦੀ ਪਾਬੰਦੀ ਅਤੇ ਅਨੁਸ਼ਾਸਨ ਦੀ ਮਹੱਤਤਾ’ ਵਿਸ਼ੇ ਬਾਰੇ ਵਿਚਾਰ ਪੇਸ਼ ਕਰਦਿਆਂ ਕਿਹਾ ਕਿ ਵਿਦਿਆਰਥੀਆਂ ਦੇ ਸਰਬਪੱਖੀ ਵਿਕਾਸ ਵਿੱਚ ਸਮੇਂ ਦੀ ਪਾਬੰਦਤਾ ਅਤੇ ਅਨੁਸ਼ਾਸਨ ਕੇਂਦਰੀ ਭੂਮਿਕਾ ਨਿਭਾਉਂਦੇ ਹਨ, ਇਸ ਲਈ ਸਕੂਲ ਪ੍ਰਿੰਸੀਪਲਾਂ ਨੂੰ ਲਗਾਤਾਰ ਆਪਣੇ ਸਕੂਲਾਂ ਦੇ ਅਨੁਸ਼ਾਸਨ ਮਾਪਦੰਡਾਂ ਦੀ ਪਾਲਣਾ ਅਤੇ ਸੁਧਾਰ ‘ਤੇ ਧਿਆਨ ਕੇਂਦ੍ਰਿਤ ਕਰਨਾ ਚਾਹੀਦਾ ਹੈ।

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਡਾਇਰੈਕਟੋਰੇਟ ਆਫ਼ ਐਜੂਕੇਸ਼ਨ ਵੱਲੋਂ ਸਕੂਲ ਪ੍ਰਿੰਸੀਪਲਾਂ ਲਈ ਦੋ ਦਿਨਾਂ ਦੀ ਵਰਕਸ਼ਾਪ ਸ਼ੁਰੂ

 

ਵਰਕਸ਼ਾਪ ਦੇ ਚੌਥੇ ਸੈਸ਼ਨ ਵਿੱਚ ‘ਵਿੱਦਿਆ ਭਵਿੱਖ ਦੀ ਰੂਪਰੇਖਾ’ ਵਿਸ਼ੇ ਬਾਰੇ ਗੱਲ ਕਰਦਿਆਂ ਸੇਵਕ ਸਿੰਘ ਨੇ ਕਿਹਾ ਕਿ ਸਿੱਖਿਆ ਵਿਦਿਆਰਥੀਆਂ ਦੀ ਸਿਰਜਣਾਤਮਕ ਸੋਚ, ਆਤਮ-ਨਿਰਭਰਤਾ ਅਤੇ ਸਮਾਜਿਕ ਜ਼ਿੰਮੇਵਾਰੀ ਵਿਕਸਤ ਕਰਨ ਵਿੱਚ ਮੂਲ ਭੂਮਿਕਾ ਨਿਭਾਉਂਦੀ ਹੈ, ਇਸ ਲਈ ਸਕੂਲ ਪ੍ਰਿੰਸੀਪਲਾਂ ਅਤੇ ਅਧਿਆਪਕਾਂ ਨੂੰ ਕੇਵਲ ਪਾਠਕ੍ਰਮ ਤੱਕ ਸੀਮਤ ਰਹਿਣ ਦੀ ਬਜਾਏ ਵਿਦਿਆਰਥੀਆਂ ਦੇ ਸਮੁੱਚੇ ਵਿਕਾਸ ਅਤੇ ਭਵਿੱਖ ਦੀਆਂ ਯੋਜਨਾਵਾਂ ‘ਤੇ ਧਿਆਨ ਕੇਂਦ੍ਰਿਤ ਕਰਨਾ ਚਾਹੀਦਾ ਹੈ।

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਡਾਇਰੈਕਟੋਰੇਟ ਆਫ਼ ਐਜੂਕੇਸ਼ਨ ਦੁਆਰਾ ਚਲਾਈ ਜਾ ਰਹੀ ਨਿਸ਼ਚੈ ਅਕਾਦਮੀ ਦੀ ਡਿਪਟੀ ਡਾਇਰੈਕਟਰ ਪ੍ਰਿੰਸੀਪਲ ਡਾ. ਰਜਿੰਦਰ ਕੌਰ ਨੇ ਧੰਨਵਾਦ ਦਾ ਮਤਾ ਪੇਸ਼ ਕੀਤਾ। ਇਸ ਵਰਕਸ਼ਾਪ ਦੇ ਕੋਆਰਡੀਨੇਟਰ ਅਤੇ ਕਾਲਜ ਦੇ ਕੰਟਰੋਲਰ ਪ੍ਰੀਖਿਆਵਾਂ ਡਾ. ਹਰਜੀਤ ਸਿੰਘ ਨੇ ਮੰਚ ਸੰਚਾਲਨ ਦੀ ਭੂਮਿਕਾ ਬਾਖੂਬੀ ਨਿਭਾਈ ।