ਰੂਪਨਗਰ ਜ਼ਿਲ੍ਹਾ ਮੈਜਿਸਟਰੇਟ ਵੱਲੋਂ ਹੋਲਾ ਮੁਹੱਲਾ ਮੌਕੇ ਸ਼ਰਾਬ ਦੇ ਠੇਕੇ ਬੰਦ ਰੱਖਣ ਦੇ ਹੁਕਮ ਜਾਰੀ
ਬਹਾਦਰਜੀਤ ਸਿੰਘ /ਸ੍ਰੀ ਅਨੰਦਪੁਰ ਸਾਹਿਬ, 27 ਫਰਵਰੀ,2022
ਜ਼ਿਲ੍ਹਾ ਮੈਜਿਸਟਰੇਟ ਰੂਪਨਗਰ ਸੋਨਾਲੀ ਗਿਰੀ ਨੇ ਪੰਜਾਬ ਆਬਕਾਰੀ ਐਕਟ 1954 ਦੇ ਅਧੀਨ ਹਾਸਲ ਆਪਣੇ ਅਧਿਕਾਰਾਂ ਦੀ ਵਰਤੋ ਕਰਦੇ ਹੋਏ ਹੋਲਾ ਮੁਹੱਲਾ ਦੇ ਤਿਉਹਾਰ ਨੂੰ ਧਿਆਨ ਵਿਚ ਰੱਖਦੇ ਹੋਏ ਸ੍ਰੀ ਅਨੰਦਪੁਰ ਸਾਹਿਬ ਖੇਤਰ ਦੇ ਤਿੰਨ ਕਿਲੋਮੀਟਰ ਦੇ ਏਰੀਏ ਅੰਦਰ 17 ਮਾਰਚ ਤੋ 19 ਮਾਰਚ ਤੱਕ ਹਰ ਕਿਸਮ ਦੇ ਸ਼ਰਾਬ ਦੇ ਠੇਕੇ/ਅਹਾਤੇ,ਸ਼ਰਾਬ ਦੇ ਭੰਡਾਰ ਰੱਖਣ, ਹੋਟਲਾਂ ਆਦਿ ਵਿਚ ਸ਼ਰਾਬ ਦੀ ਵਰਤੋ ’ਤੇ ਪੂਰਨ ਪਾਬੰਦੀ ਲਗਾਈ ਹੈ।
ਜ਼ਿਲ੍ਹਾ ਮੈਜਿਸਟਰੇਟ ਨੇ ਕਿਹਾ ਕਿ ਹੋਲਾ ਮੁਹੱਲਾ ਦੇ ਤਿਉਹਾਰ ਮੌਕੇ ਲੱਖਾਂ ਸ਼ਰਧਾਲੂ ਇਸ ਮੌਕੇ ਤੇ ਧਾਰਮਿਕ ਭਾਵਨਾਵਾਂ ਨਾਲ ਇਨ੍ਹਾਂ ਨਗਰਾਂ ਵਿਚ ਆਉਦੇ ਹਨ ਅਤੇ ਅਜਿਹੇ ਧਾਰਮਿਕ ਸਮਾਗਮਾਂ ਉਤੇ ਸ਼ਰਾਬ ਪੀ ਕੇ ਆਉਣ ਵਾਲੇ ਵਿਅਕਤੀ ਸ਼ਰਧਾਲੂਆਂ ਦੀਆਂ ਭਾਵਨਾਵਾਂ ਨੂੰ ਠੇਸ ਪਹੁੰਚਾ ਸਕਦੇ ਹਨ ਅਤੇ ਇਸ ਦੇ ਨਾਲ ਹੀ ਅਮਨ ਤੇ ਕਾਨੂੰਨ ਦੀ ਸਥਿਤੀ ਵੀ ਭੰਗ ਕਰ ਸਕਦੇ ਹਨ।
ਜਿਲ੍ਹਾ ਮੈਜਿਸਟ੍ਰੇਟ ਵੱਲੋਂ ਜਾਰੀ ਆਦੇਸ਼ ਅਨੁਸਾਰ ਇਸ ਸਬੰਧੀ ਇਹ ਜਰੂਰੀ ਸਮਝਿਆ ਜਾਂਦਾ ਹੈ ਕਿ ਹੋਲੇ ਮੁਹੱਲੇ ਦੇ ਤਿਉਹਾਰ ਦੌਰਾਨ ਕੀਰਤਪੁਰ ਸਾਹਿਬ ਅਤੇ ਸ੍ਰੀ ਅਨੰਦਪੁਰ ਸਾਹਿਬ ਦੇ ਤਿੰਨ ਕਿਲੋਮੀਟਰ ਦੇ ਏਰੀਏ ਅੰਦਰ ਆਉਣ ਵਾਲੇ ਸਾਰੇ ਸ਼ਰਾਬ ਦੇ ਠੇਕੇ ਬੰਦ ਰੱਖੇ ਜਾਣ। ਇਹ ਹੁਕਮ ਅਮਨ ਤੇ ਕਾਨੂੰਨ ਦੀ ਸਥਿਤੀ ਨੂੰ ਮੁੱਖ ਰੱਖਦੇ ਹੋਏ ਇੱਕ ਤਰਫਾ ਪਾਸ ਕਰਕੇ ਲੋਕਾਂਓ ਦੇ ਨਾਮ ਜਾਰੀ ਕੀਤਾ ਗਿਆ ਹੈ।