ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਅੰਤਰਿੰਗ ਕਮੇਟੀ ਦਾ ਫ਼ੈਸਲਾ ਬੇਹੱਦ ਮੰਦਭਾਗਾ – ਲੱਖੋਵਾਲ
ਬਹਾਦਰਜੀਤ ਸਿੰਘ /ਰੂਪਨਗਰ, 9 ਮਾਰਚ,2025
ਰੂਪਨਗਰ ਹਲਕੇ ਤੋਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਮੈਂਬਰ, ਸਾਬਕਾ ਜ਼ਿਲ੍ਹਾ ਜਥੇਦਾਰ ਅਤੇ ਸ਼੍ਰੋਮਣੀ ਅਕਾਲੀ ਦਲ ਦੀ ਪੀ ਏ ਸੀ ਦੇ ਮੈਂਬਰ ਪਰਮਜੀਤ ਸਿੰਘ ਲੱਖੇਵਾਲ ਨੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿ. ਰਘਬੀਰ ਸਿੰਘ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਗਿ. ਸੁਲਤਾਨ ਸਿੰਘ ਅਤੇ ਪਹਿਲਾਂ ਤਖ਼ਤ ਸ੍ਰੀ ਦਮਦਮਾ ਸਾਹਿਬ ਦੇ ਜਥੇਦਾਰ ਗਿ. ਹਰਪ੍ਰੀਤ ਸਿੰਘ ਨੂੰ ਜਥੇਦਾਰੀ ਤੋਂ ਲਾਂਭੇ ਕਰਨ ਦੇ ਫ਼ੈਸਲਿਆਂ ਤੋਂ ਬੇਹੱਦ ਦੁਖੀ ਹਾਂ ਅਤੇ ਅੰਤਰਿੰਗ ਕਮੇਟੀ ਦੇ ਫ਼ੈਸਲੇ ਦੀ ਨਿਖੇਧੀ ਕਰਦਾ ਹਾਂ।
ਸ੍ਰੋ: ਅ: ਦਲ ਦੀ ਲੀਡਰਸ਼ਿਪ ਨੂੰ ਇਨ੍ਹਾਂ ਫ਼ੈਸਲਿਆਂ ਤੇ ਮੁੜ ਵਿਚਾਰ ਕਰਨੀ ਚਾਹੀਦੀ ਹੈ। ਉਨਾਂ ਕਿਹਾ ਕਿ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਬਣੀ ਸ਼੍ਰੋ: ਗੁਰਦੁਆਰਾ ਪ੍ਰਬੰਧਕ ਕਮੇਟੀ ਅਤੇ ਸ੍ਰੋ: ਅ: ਦਲ ਨੂੰ ਤਖ਼ਤ ਸਾਹਿਬਾਨਾਂ ਦੇ ਫ਼ੈਸਲਿਆਂ ਦਾ ਸਤਿਕਾਰ ਕਰਨਾ ਚਾਹੀਦਾ ਹੈ। ਉਨਾਂ ਕਿਹਾ ਕਿ ਅਜਿਹੇ ਫ਼ੈਸਲੇ ਤਖ਼ਤ ਸਾਹਿਬਾਨ ਦੀ ਹੋਂਦ ਅਤੇ ਜਥੇਦਾਰਾਂ ਦੇ ਸਤਿਕਾਰ ਨੂੰ ਘਟਾਉਣ ਦਾ ਪ੍ਰਭਾਵ ਪਾਉਂਦੇ ਹਨ ਜਿਸਦਾ ਹੋਰ ਧਰਮਾਂ ’ਚ ਸਿੱਖ ਪੰਥ ਦੀਆਂ ਸਿਰਮੌਰ ਸੰਸਥਾਵਾਂ ਦਾ ਅਕਸ ਧੁੰਦਲਾ ਹੁੰਦਾ ਹੈ।
ਇਸ ਮੌਕੇ ਉਨਾਂ ਨਾਲ ਸ੍ਰੋ: ਅ: ਦਲ ਦੀ ਪੀ ਏ ਸੀ ਦੇ ਮੈਂਬਰ ਮੋਹਣਜੀਤ ਸਿੰਘ ਕਮਾਲਪੁਰ ਵੀ ਮੌਜੂਦ ਸਨ। ਉਨਾਂ ਦੋਵਾਂ ਨੇ ਕਿਹਾ ਕਿ ਸਿੱਖ ਪੰਥ ਦੇ ਤਖਤ ਮਹਾਨ ਹਨ, ਮਹਾਨ ਰਹਿਣਗੇ ਅਤੇ ਉਹ ਹਮੇਸ਼ਾ ਸ੍ਰੀ ਅਕਾਲ ਤਖ਼ਤ ਸਾਹਿਬ ਨੂੰ ਨਤਮਸਤਕ ਸਨ ਅਤੇ ਹਮੇਸ਼ਾ ਰਹਿਣਗੇ।