ਮਾਤਾ ਗੁਜਰੀ ਕਾਲਜ ਦੇ ਸਟਾਫ਼ ਮੈਂਬਰ ਅਤੇ ਵਿਦਿਆਰਥੀ ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ ਵਿਖੇ ਹੋਏ ਨਤਮਸਤਕ
ਫ਼ਤਹਿਗੜ੍ਹ ਸਾਹਿਬ, 29 ਜੂਨ,2024
ਮਾਤਾ ਗੁਜਰੀ ਕਾਲਜ, ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ, ਸ੍ਰੀ ਅੰਮ੍ਰਿਤਸਰ ਸਾਹਿਬ ਦਾ ਸਿਰਮੌਰ ਵਿੱਦਿਅਕ ਅਦਾਰਾ ਹੈ ਜੋ ਵੱਖ-ਵੱਖ ਧਾਰਮਿਕ ਮੌਕਿਆਂ ‘ਤੇ ਵੱਖ-ਵੱਖ ਧਾਰਮਿਕ ਗਤੀਵਿਧੀਆਂ ਅਤੇ ਸੇਵਾ ਕਾਰਜਾਂ ਵਿੱਚ ਵੱਧ-ਚੜ੍ਹ ਕੇ ਹਿੱਸਾ ਲੈਂਦਾ ਹੈ। ਇਸੇ ਅਣਮੁੱਲੇ ਸੇਵਾ ਕਾਰਜ ਤਹਿਤ ਕਾਲਜ ਦਾ ਸਟਾਫ਼ ਅਤੇ ਵਿਦਿਆਰਥੀ ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ ਵਿਖੇ ਨਤਮਸਤਕ ਹੋਏ, ਜਿੱਥੇ ਉਨ੍ਹਾਂ ਵੱਲੋਂ ਦੇਸ਼-ਵਿਦੇਸ਼ ਤੋਂ ਰੋਜ਼ਾਨਾ ਆਉਣ ਵਾਲੀਆਂ ਸੰਗਤਾਂ ਨੂੰ ਸੌਖੇ ਢੰਗ ਨਾਲ ਮੱਥਾ ਟੇਕਣ ਲਈ ਪ੍ਰਬੰਧਾਂ ਵਿੱਚ ਸਹਿਯੋਗ ਦਿੱਤਾ ਗਿਆ ਅਤੇ ਠੰਢਾ ਜਲ ਛਕਾਉਣ ਦੀ ਸੇਵਾ ਵੀ ਕੀਤੀ ਗਈ। ਕਾਲਜ ਦੇ ਐਨ.ਐਸ.ਐਸ. ਯੂਨਿਟ, ਐਨ.ਸੀ.ਸੀ. ਯੂਨਿਟ ਅਤੇ ਮਾਤਾ ਗੁਜਰੀ ਸਟੱਡੀ ਸਰਕਲ ਦੇ 110 ਵਿਦਿਆਰਥੀਆਂ ਅਤੇ 50 ਸਟਾਫ਼ ਮੈਂਬਰਾਂ ਨੇ ਇਨ੍ਹਾਂ ਸੇਵਾ ਕਾਰਜਾਂ ਵਿੱਚ ਹਿੱਸਾ ਪਾ ਕੇ ਆਪਣੇ ਆਪ ਨੂੰ ਸੁਭਾਗਾ ਮੰਨਿਆ।
ਇਸ ਮੌਕੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਸ੍ਰ. ਹਰਜਿੰਦਰ ਸਿੰਘ ਧਾਮੀ ਨੇ ਵਿਦਿਆਰਥੀਆਂ ਨੂੰ ਭਵਿੱਖ ਵਿੱਚ ਵੀ ਇਸੇ ਪ੍ਰਕਾਰ ਸੇਵਾ ਅਤੇ ਸ਼ਰਧਾ ਭਾਵਨਾ ਨਾਲ ਧਾਰਮਿਕ ਕਾਰਜਾਂ ਵਿੱਚ ਵੱਧ ਚੜ੍ਹ ਕੇ ਹਿੱਸਾ ਪਾਉਣ ਲਈ ਪ੍ਰੇਰਿਤ ਕੀਤਾ ਅਤੇ ਵਿਦਿਆਰਥੀਆਂ ਵੱਲੋਂ ਕੀਤੇ ਗਏ ਸਮੁੱਚੇ ਸੇਵਾ ਪ੍ਰਬੰਧਾਂ ਦਾ ਜਾਇਜ਼ਾ ਵੀ ਲਿਆ। ਸੱਚਖੰਡ ਸ੍ਰੀ ਦਰਬਾਰ ਸਾਹਿਬ ਦੇ ਮੈਨੇਜਰ ਸ੍ਰ. ਭਗਵੰਤ ਸਿੰਘ ਧੰਗੇੜਾ ਨੇ ਵਿਦਿਆਰਥੀਆਂ ਅਤੇ ਸਟਾਫ਼ ਦੀ ਰਿਹਾਇਸ਼ ਅਤੇ ਲੰਗਰ ਆਦਿ ਦੇ ਪ੍ਰਬੰਧਨ ਵਿੱਚ ਆਪਣਾ ਵੱਡਮੁੱਲਾ ਯੋਗਦਾਨ ਦਿੱਤਾ।
ਕਾਲਜ ਦੇ ਡਾਇਰੈਕਟਰ ਪ੍ਰਿੰਸੀਪਲ ਡਾ. ਕਸ਼ਮੀਰ ਸਿੰਘ ਨੇ ਕਿਹਾ ਕਿ ਵਿਦਿਆਰਥੀਆਂ ਨੇ ਸੰਗਤ ਦੀ ਸੇਵਾ ਕਰਕੇ ਜਿੱਥੇ ਸੰਗਤ ਦੇ ਸਿਧਾਂਤ ਨੂੰ ਸਮਝਿਆ, ਉੱਥੇ ਸ੍ਰੀ ਦਰਬਾਰ ਸਾਹਿਬ ਵਿਖੇ ਆਉਣ ਵਾਲੀਆਂ ਸੰਗਤਾਂ ਦੀ ਸ਼ਰਧਾ ਭਾਵਨਾ ਨੂੰ ਆਪਣੇ ਅੱਖੀਂ ਨਿਹਾਰਿਆ ਹੈ। ਕਾਲਜ ਦੇ ਵਾਈਸ ਪ੍ਰਿੰਸੀਪਲ ਡਾ. ਬਿਕਰਮਜੀਤ ਸਿੰਘ ਨੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਡਾਇਰੈਕਟੋਰੇਟ ਆਫ਼ ਐਜੂੁਕੇਸ਼ਨ ਦੇ ਸਕੱਤਰ ਵਿੱਦਿਆ ਸੁਖਮਿੰਦਰ ਸਿੰਘ ਦੇ ਵਿਸ਼ੇਸ਼ ਸਹਿਯੋਗ ਲਈ ਧੰਨਵਾਦ ਕੀਤਾ। ਕਾਲਜ ਦੇ ਧਰਮ ਅਧਿਐਨ ਵਿਭਾਗ ਦੇ ਮੁਖੀ ਡਾ. ਗੁਰਬਾਜ ਸਿੰਘ ਨੇ ਕਿਹਾ ਕਿ ਅਜਿਹੀਆਂ ਧਾਰਮਿਕ ਗਤੀਵਿਧੀਆਂ ਵਿਦਿਆਰਥੀਆਂ ਨੂੰ ਆਪਣੇ ਅਮੀਰ ਧਾਰਮਿਕ ਵਿਰਸੇ, ਪ੍ਰੰਪਰਾਵਾਂ, ਸਿਧਾਂਤਾਂ ਅਤੇ ਗੁਰਬਾਣੀ ਦੀ ਅੰਮ੍ਰਿਤਮਈ ਵਿਚਾਰਧਾਰਾ ਨਾਲ ਜੁੜਨ ਲਈ ਪ੍ਰੇਰਿਤ ਕਰਦੀਆਂ ਹਨ।
ਮਾਤਾ ਗੁਜਰੀ ਕਾਲਜ ਦੇ ਸਟਾਫ਼ ਮੈਂਬਰ ਅਤੇ ਵਿਦਿਆਰਥੀ ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ ਵਿਖੇ ਹੋਏ ਨਤਮਸਤਕ । ਇਸ ਮੌਕੇ ਕਾਲਜ ਦੇ ਪ੍ਰੋ. ਬੀਰਇੰਦਰ ਸਿੰਘ ਸਰਾਓ, ਪ੍ਰੋ. ਹਰਭਿੰਦਰ ਸਿੰਘ, ਡਾ. ਪੁਸ਼ਪਿੰਦਰ ਸਿੰਘ, ਡਾ. ਹਰਜੀਤ ਕੌਰ, ਪ੍ਰੋ. ਬਿੰਪਲਦੀਪ ਕੌਰ, ਸ੍ਰ. ਗੁਰਪਿੰਦਰ ਸਿੰਘ, ਬਚਿੱਤਰ ਸਿੰਘ, ਨਰਦੀਪ ਸਿੰਘ, ਬੀਰਦਵਿੰਦਰ ਸਿੰਘ ਅਤੇ ਹੋਰ ਸਟਾਫ਼ ਮੈਂਬਰ ਵੀ ਹਾਜ਼ਰ ਸਨ।