ਨਸ਼ਿਆਂ ਅਤੇ ਅਪਰਾਧ ਦੇ ਖਿਲਾਫ਼ ਸਾਨੂੰ ਸਾਰਿਆਂ ਨੂੰ ਇਕਜੁੱਟ ਹੋਣ ਦੀ ਲੋੜ – ਡੀਆਈਜੀ ਹਰਚਰਨ ਸਿੰਘ ਭੁੱਲਰ
ਬਹਾਦਰਜੀਤ ਸਿੰਘ /ਰੂਪਨਗਰ, 7 ਫਰਵਰੀ ,2025
ਪ੍ਰੋਜੈਕਟ ਸੰਪਰਕ ਸਿਰਫ਼ ਨਸ਼ਿਆਂ ਦੇ ਖਾਤਮੇ ਲਈ ਹੀ ਨਹੀਂ ਸਗੋਂ ਸੰਗਠਿਤ ਅਪਰਾਧ, ਸਟਰੀਟ ਕ੍ਰਾਈਮ ਅਤੇ ਸਮਾਜ ਵਿਰੋਧੀ ਤੱਤਾਂ ਦੇ ਖਿਲਾਫ਼ ਇੱਕ ਸਥਾਈ ਯੁੱਧ ਹੈ। ਇਸ ਲਈ ਆਮ ਲੋਕਾਂ ਨੂੰ ਵੀ ਅਪੀਲ ਹੈ ਕਿ ਆਮ ਲੋਕ ਪੁਲਿਸ ਦੇ ਨਾਲ ਮਿਲ ਕੇ ਇਸ ਮੁਹਿੰਮ ਨੂੰ ਸਫਲ ਬਣਾਉਣ ਵਿੱਚ ਆਪਣਾ ਅਹਿਮ ਯੋਗਦਾਨ ਪਾਉਣ।
ਇਨ੍ਹਾਂ ਸ਼ਬਦਾ ਦਾ ਪ੍ਰਗਟਾਵਾ ਡੀ.ਆਈ.ਜੀ ਰੂਪਨਗਰ ਰੇਂਜ ਹਰਚਰਨ ਸਿੰਘ ਭੁੱਲਰ ਨੇ ਅਰੋੜਾ ਪੈਲੇਸ ਰੂਪਨਗਰ ਵਿਖੇ ਰੂਪਨਗਰ ਪੁਲਿਸ ਵੱਲੋਂ ਸੰਪਰਕ ਪ੍ਰੋਗਰਾਮ ਤਹਿਤ ਕਰਵਾਏ ਗਏ ਪ੍ਰੋਗਾਰਮ ਨੂੰ ਸੰਬੋਧਨ ਕਰਦਿਆਂ ਕੀਤਾ।
ਡੀ.ਆਈ.ਜੀ ਰੂਪਨਗਰ ਰੇਂਜ ਹਰਚਰਨ ਸਿੰਘ ਭੁੱਲਰ ਨੇ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਰਾਜ ਵਿਚੋਂ ਨਸ਼ੇ ਦਾ ਮੁਕੰਮਲ ਨਾਸ਼ ਕਰਨ ਲਈ ਦ੍ਰਿੜ ਹੈ। ਉਨ੍ਹਾਂ ਕਿਹਾ ਕਿ ਸਰਕਾਰ ਦੇ ਪੱਧਰ ‘ਤੇ ਨਸ਼ਿਆਂ ਦੀ ਬੁਰਾਈ ਦੇ ਖਾਤਮੇ ਲਈ ਜੋ ਮੁਹਿੰਮ ਆਰੰਭੀ ਗਈ ਹੈ, ਇਸ ਮੁਹਿੰਮ ਵਿਚ ਆਮ ਲੋਕਾਂ ਦਾ ਸਹਿਯੋਗ ਵੀ ਬਹੁਤ ਮਹੱਤਵਪੂਰਨ ਹੈ। ਉਨ੍ਹਾਂ ਨੇ ਕਿਹਾ ਕਿ ਅਸੀਂ ਸਾਰੇ ਇਕੱਠੇ ਹੋ ਕੇ ਹੀ ਨਸ਼ਿਆ ਨੂੰ ਜੜ੍ਹ ਤੋਂ ਖਤਮ ਕਰ ਸਕਦੇ ਹਾਂ।
ਉਨ੍ਹਾਂ ਕਿਹਾ ਕਿ ਪ੍ਰੋਜੈਕਟ ਸੰਪਰਕ ਦਾ ਮੁੱਖ ਉਦੇਸ਼ ਪੁਲਿਸ ਅਤੇ ਆਮ ਲੋਕਾਂ ਵਿਚਕਾਰ ਸਹਿਯੋਗ ਅਤੇ ਭਰੋਸੇ ਨੂੰ ਵਧਾਉਣਾ ਹੈ। ਪ੍ਰੋਜੈਕਟ ਸੰਪਰਕ ਅਧੀਨ ਜ਼ਿਲ੍ਹਾ ਪੁਲਿਸ ਵੱਲੋਂ ਲਗਾਤਾਰ ਲੋਕਾਂ ਨਾਲ ਮੀਟਿੰਗਾਂ ਕੀਤੀਆਂ ਜਾ ਰਹੀਆਂ ਹਨ ਤਾਂ ਜੋ ਆਮ ਲੋਕਾਂ ਨੂੰ ਇਲਾਕੇ ਵਿੱਚ ਪੇਸ਼ ਹੋ ਰਹੀਆਂ ਮੁਸ਼ਕਲਾਂ ਦਾ ਹੱਲ ਕੀਤਾ ਜਾ ਸਕੇ। ਉਨ੍ਹਾਂ ਕਿਹਾ ਕਿ ਇਹ ਮੀਟਿੰਗਾਂ ਭਵਿੱਖ ਵਿੱਚ ਵੀ ਇਸੇ ਤਰ੍ਹਾਂ ਜਾਰੀ ਰਹਿਣਗੀਆਂ।
ਹਰਚਰਨ ਸਿੰਘ ਭੁੱਲਰ ਨੇ ਸਮਾਜਿਕ ਆਗੂਆਂ ਅਤੇ ਵੱਖ-ਵੱਖ ਵਰਗਾਂ ਦੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਨਸ਼ਾ ਤਸਕਰਾਂ ਅਤੇ ਸਮਾਜ ਵਿਰੋਧੀ ਤੱਤਾਂ ਦੀ ਜਾਣਕਾਰੀ ਤੁਰੰਤ ਪੁਲਿਸ ਨਾਲ ਸਾਂਝੀ ਕਰਨ, ਤਾਂ ਜੋ ਅਜਿਹੇ ਤੱਤਾਂ ਨੂੰ ਕਾਬੂ ਕਰਕੇ ਰੋਕਿਆ ਜਾ ਸਕੇ।
ਉਨ੍ਹਾਂ ਕਿਹਾ ਕਿ ਇਸ ਸਬੰਧੀ ਕਿਸੇ ਵੀ ਤਰ੍ਹਾਂ ਦੀ ਸ਼ਿਕਾਇਤ ਦੇਣ ਵਾਲੇ ਦਾ ਨਾਮ ਵੀ ਗੁਪਤ ਰੱਖਿਆ ਜਾਵੇਗਾ। ਨਸ਼ੇ ਦੇ ਖਾਤਮੇ ਲਈ ਪੁਲਿਸ, ਪ੍ਰੈੱਸ ਅਤੇ ਇਲਾਕੇ ਦੇ ਲੋਕਾਂ ਨੂੰ ਇਕੱਠੇ ਹੋ ਕੇ ਕੰਮ ਕਰਨਾ ਚਾਹੀਦਾ ਹੈ ਤਾਂ ਜੋ ਇਸ ਨਸ਼ੇ ਦੀ ਸਪਲਾਈ ਲਾਈਨ ਨੂੰ ਤੋੜਿਆ ਜਾ ਸਕੇ।
ਇਸ ਤੋਂ ਇਲਾਵਾ ਉਨ੍ਹਾਂ ਕਿਹਾ ਕਿ ਹਰੇਕ ਮਾਤਾ ਪਿਤਾ ਨੂੰ ਆਪਣੇ ਬੱਚਿਆਂ ਨੂੰ ਟ੍ਰੈਫ਼ਿਕ ਨਿਯਮਾਂ ਦੀ ਪਾਲਣਾ ਕਰਨ ਲਈ ਕਿਹਾ ਜਾਣਾ ਚਾਹੀਦਾ ਹੈ ਤੇ ਟ੍ਰੈਫ਼ਿਕ ਨਿਯਮਾਂ ਬਾਰੇ ਦੱਸਣਾ ਚਾਹੀਦਾ ਹੈ ਤਾਂ ਜੋ ਹੋਣ ਵਾਲੀਆਂ ਦੁਰਘਟਨਾਵਾਂ ਨੂੰ ਰੋਕਿਆ ਜਾ ਸਕੇ।
ਉਨ੍ਹਾਂ ਇਹ ਵੀ ਦੱਸਿਆ ਕਿ ਸ਼ਹਿਰ ਵਿੱਚ ਸਕੂਲਾਂ ਦੀ ਛੁੱਟੀ ਸਮੇਂ ਆਉਣ ਵਾਲੇ ਟਰੈਫਿਕ ਦੀ ਸਮੱਸਿਆ ਨੂੰ ਹੱਲ ਕਰਨ ਲਈ ਐਸ.ਐਸ.ਪੀ ਅਤੇ ਡਿਪਟੀ ਕਮਿਸ਼ਨਰ ਸਕੂਲਾਂ ਦੇ ਪ੍ਰਿੰਸੀਪਲ ਨਾਲ ਮੀਟਿੰਗ ਕਰਕੇ ਜਲਦ ਇਸ ਦਾ ਹੱਲ ਕੱਢਣਗੇ।
ਐੱਸ.ਐੱਸ.ਪੀ. ਗੁਲਨੀਤ ਸਿੰਘ ਖੁਰਾਣਾ ਨੇ ਇਸ ਮੌਕੇ ਸੰਬੋਧਨ ਕਰਦਿਆਂ ਕਿਹਾ ਕਿ ਸਾਈਬਰ ਠੱਗੀਆਂ ਦੇ ਹੱਲ ਲਈ ਪੰਜਾਬ ਸਰਕਾਰ ਵਲੋਂ ਸਾਈਬਰ ਪੁਲਿਸ ਸਟੇਸ਼ਨ ਖੋਲੇ ਗਏ ਹਨ, ਜੇਕਰ ਕਿਸੇ ਵੀ ਵਿਅਕਤੀ ਨਾਲ ਕਿਸੇ ਵੀ ਤਰ੍ਹਾਂ ਦਾ ਆਨਲਾਈਨ ਧੋਖੇਬਾਜ਼ੀ ਹੁੰਦੀ ਹੈ ਤਾਂ ਉਹ ਆਪਣੀ ਸ਼ਿਕਾਇਤ ਨਜਦੀਕੀ ਸਾਈਬਰ ਸਟੇਸ਼ਨ ਜਾਂ 1930 ਹੈਲਪਲਾਈਨ ਉਤੇ ਦਰਜ ਕਰਵਾ ਸਕਦਾ ਹੈ। ਉਨ੍ਹਾਂ ਨਸ਼ਿਆਂ ਖਿਲਾਫ ਕਿਸੇ ਵੀ ਤਰ੍ਹਾਂ ਦੀ ਸ਼ਿਕਾਇਤ ਦੇਣ ਲਈ ਸੇਫ ਪੰਜਾਬ ਹੈਲਪ ਲਾਈਨ 97791-00200 ਵਟਸਐਪ ਉਤੇ ਸੰਪਰਕ ਕੀਤਾ ਜਾ ਸਕਦਾ ਹੈ। ਇਸ ਨੰਬਰ ਉਤੇ ਸ਼ਿਕਾਇਤ ਕਰਨ ਵਾਲੇ ਦਾ ਨੰਬਰ, ਪਤਾ ਅਤੇ ਨਾਮ ਨੂੰ ਗੁਪਤ ਰੱਖਿਆ ਜਾਂਦਾ ਹੈ।
ਇਸ ਮੌਕੇ ਐੱਸਪੀ ਰਾਜਪਾਲ ਸਿੰਘ ਹੁੰਦਲ, ਡੀਐੱਸਪੀ ਰਾਜਪਾਲ ਸਿੰਘ ਗਿੱਲ, ਐੱਸਐੱਚਓ ਪਵਨ ਕੁਮਾਰ, ਐੱਸਐੱਚਓ ਸੁਨੀਲ ਕੁਮਾਰ ਦੇ ਨਾਲ-ਨਾਲ ਵੱਖ-ਵੱਖ ਸਕੂਲਾਂ ਦੇ ਵਿਦਿਆਰਥੀ ਤੇ ਜ਼ਿਲ੍ਹੇ ਦੇ ਪਤਵੰਤੇ ਸੱਜਣ ਹਾਜ਼ਰ ਸਨ।
![](https://royalpatiala.in/wp-content/uploads/2024/12/WhatsApp-Image-2024-12-11-at-13.43.42_a64eb26a.jpg)