ਕੋਰੋਨਾ ਖ਼ਿਲਾਫ਼ ਜੰਗ -ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਤੇ ਸਮਾਜ ਸੇਵੀ ਸੰਸਥਾਵਾਂ ਦਾ ਧੰਨਵਾਦ: ਡਿਪਟੀ ਕਮਿਸ਼ਨਰ

256

ਕੋਰੋਨਾ ਖ਼ਿਲਾਫ਼ ਜੰਗ -ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਤੇ ਸਮਾਜ ਸੇਵੀ ਸੰਸਥਾਵਾਂ ਦਾ ਧੰਨਵਾਦ: ਡਿਪਟੀ ਕਮਿਸ਼ਨਰ

ਫ਼ਤਹਿਗੜ੍ਹ ਸਾਹਿਬ, 03 ਮਈ

ਕੋਰੋਨਾ ਖ਼ਿਲਾਫ਼ ਜੰਗ ਵਿੱਚ ਜਿਥੇ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਦਿਨ ਰਾਤ ਇਕ ਕਰ ਕੇ ਕੰਮ ਕੀਤਾ ਜਾ ਰਿਹਾ ਹੈ, ਉਥੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਤੇ ਵੱਖ-ਵੱਖ ਸਮਾਜ ਸੇਵੀ ਸੰਸਥਾਵਾਂ ਵੱਲੋਂ ਜ਼ਿਲ੍ਹਾ ਪ੍ਰਸ਼ਾਸਨ ਨੂੰ ਵੱਡੇ ਪੱਧਰ ਉਤੇ ਸਹਿਯੋਗ ਦਿੱਤਾ ਜਾ ਰਿਹਾ ਹੈ, ਜਿਸ ਲਈ ਜ਼ਿਲ੍ਹਾ ਪ੍ਰਸ਼ਾਸਨ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਤੇ ਵੱਖ-ਵੱਖ ਸਮਾਜ ਸੇਵੀ ਜਥੇਬੰਦੀਆਂ ਦਾ ਧੰਨਵਾਦੀ ਹੈ। ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਕਰਦਿਆਂ ਡਿਪਟੀ ਕਮਿਸ਼ਨਰ  ਅੰਮ੍ਰਿਤ ਕੌਰ ਗਿੱਲ ਨੇ ਦੱਸਿਆ ਕਿ ਕੋਰੋਨਾ ਵਾਇਰਸ ਕਾਰਨ ਇਕਾਂਤਵਾਸ ਕੀਤੇ ਵਿਅਕਤੀਆਂ ਨੂੰ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਤੇ ਵੱਖ ਵੱਖ ਸਮਾਜ ਸੇਵੀ ਸੰਸਥਾਵਾਂ ਦੇ ਸਹਿਯੋਗ ਨਾਲ ਸਾਰੀਆਂ ਲੋੜੀਂਦੀਆਂ ਸਹੂਲਤਾਂ ਮੁਹੱਈਆ ਕਰਵਾਈਆਂ ਗਈਆਂ ਹਨ ਤੇ ਇਹ ਯਕੀਨੀ ਬਣਾਇਆ ਜਾ ਰਿਹਾ ਹੈ ਕਿ ਇਕਾਂਤਵਾਸ ਕੀਤੇ ਕਿਸੇ ਵੀ ਵਿਅਕਤੀ ਨੂੰ ਕਿਸੇ ਕਿਸਮ ਦੀ ਦਿੱਕਤ ਨਾ ਆਵੇ।

ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਸ੍ਰੀ ਹਜ਼ੂਰ ਸਾਹਿਬ ਤੋਂ ਪਰਤੇ 13 ਸ਼ਰਧਾਲੂਆਂ ਨੂੰ ਗੁਰਦੁਆਰਾ ਸ੍ਰੀ ਫ਼ਤਹਿਗੜ੍ਹ ਸਾਹਿਬ ਦੀ ਸਰਾਂ ਵਿਖੇ ਇਕਾਂਤਵਾਸ ਕੀਤਾ ਗਿਆ ਸੀ, ਜਿਨ੍ਹਾਂ ਵਿੱਚੋਂ 05 ਵਿਅਕਤੀਆਂ ਦੇ ਕੋਰੋਨਾ ਪਾਜ਼ੇਟਿਵ ਆਉਣ ਕਾਰਨ ਉਨ੍ਹਾਂ ਨੂੰ ਇਲਾਜ ਲਈ ਗਿਆਨ ਸਾਗਰ ਹਸਪਤਾਲ, ਬਨੂੜ ਦਾਖਲ ਕਰਵਾਇਆ ਗਿਆ ਹੈ ਤੇ ਬਾਕੀ 08 ਸ਼ਰਧਾਲੂ ਗੁਰਦੁਆਰਾ ਸ੍ਰੀ ਫ਼ਤਹਿਗੜ੍ਹ ਸਾਹਿਬ ਦੀ ਸਰਾਂ ਵਿਖੇ ਇਕਾਂਤਵਾਸ ਹਨ, ਇਨ੍ਹਾਂ ਸ਼ਰਧਾਲੂਆਂ ਨੂੰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਲੰਗਰ ਤੇ ਹੋਰ ਸਹੂਲਤਾਂ ਮੁਹੱਈਆ ਕਰਵਾਉਣ ਵਿੱਚ ਵਿਸ਼ੇਸ਼ ਯੋਗਦਾਨ ਪਾਇਆ ਜਾ ਰਿਹਾ ਹੈ।

ਕੋਰੋਨਾ ਖ਼ਿਲਾਫ਼ ਜੰਗ -ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਤੇ ਸਮਾਜ ਸੇਵੀ ਸੰਸਥਾਵਾਂ ਦਾ ਧੰਨਵਾਦ: ਡਿਪਟੀ ਕਮਿਸ਼ਨਰ

ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਇਹ ਸ਼ਰਧਾਲੂ ਜਿਸ ਦਿਨ ਸ੍ਰੀ ਹਜ਼ੂਰ ਸਾਹਿਬ ਤੋਂ ਜ਼ਿਲ੍ਹਾ ਹਸਪਤਾਲ ਪੁੱਜੇ ਸਨ, ਉਸੇ ਦਿਨ ਉਨ੍ਹਾਂ ਨੂੰ ਵਿਸ਼ੇਸ਼ ਕਿੱਟਾਂ ਦਿੱਤੀਆਂ ਗਈਆਂ ਸਨ, ਜੋ ਕਿ ਮਾਸਕ, ਸਾਬਣ, ਟੁੱਥ ਬਰਸ਼, ਪੇਸਟ, ਵਿਮ ਬਾਰ, ਮੌਸਕੀਟੋ ਕੋਆਇਲ ਆਦਿ ਨਾਲ ਲੈਸ ਸਨ ਤੇ ਸਰਾਂ ਨੂੰ ਉਚੇਚੇ ਤੌਰ ‘ਤੇ ਸੈਨੇਟਾਈਜ਼ ਕੀਤਾ ਗਿਆ ਸੀ। ਇਸ ਦੇ ਨਾਲ-ਨਾਲ ਸਰਾਂ ਵਿੱਚ ਇਕਾਂਤਵਾਸ ਸ਼ਰਧਾਲੂਆਂ ਨੂੰ ਜਦੋਂ ਵੀ ਕਿਸੇ ਚੀਜ਼ ਦੀ ਲੋੜ ਪੈਂਦੀ ਹੈ ਤਾਂ ਉਹ ਫੌਰੀ ਉਥੇ ਪੁੱਜਦੀ ਕੀਤੀ ਜਾਂਦੀ ਹੈ। ਉਨ੍ਹਾਂ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਇਹ ਗੱਲ ਯਕੀਨੀ ਬਣਾਈ ਜਾ ਰਹੀ ਹੈ ਕਿ ਕੋਰੋਨਾ ਸਬੰਧੀ ਇਕਾਂਤਵਾਸ ਕੀਤੇ ਵਿਅਕਤੀਆਂ ਨੂੰ ਕਿਸੇ ਕਿਸਮ ਦੀ ਦਿੱਕਤ ਨਾ ਆਵੇ।

ਡਿਪਟੀ ਕਮਿਸ਼ਨਰ ਨੇ ਕਿਹਾ ਕਿ ਕੋਰੋਨਾ ਵਾਇਰਸ ਕਾਰਨ ਪੈਦਾ ਹੋਈ ਮੁਸ਼ਕਲ ਦੀ ਘੜੀ ਵਿੱਚ ਸਭ ਨੂੰ ਇਕ ਦੂਜੇ ਨੂੰ ਸਹਿਯੋਗ ਦੇਣਾ ਚਾਹੀਦਾ ਹੈ, ਜਿਸ ਸਦਕਾ ਕੋਰੋਨਾ ਖ਼ਿਲਾਫ਼ ਜੰਗ ਜਿੱਤੀ ਜਾ ਸਕਦੀ ਹੈ ਤੇ ਇਨਸਾਨੀਅਤ ਨੂੰ ਬਚਾਇਆ ਜਾ ਸਕਦਾ ਹੈ।