ਕੋਵਿਡ ਕੇਅਰ ਸੈਂਟਰ ਘਾਬਦਾਂ (ਸੰਗਰੂਰ ) ਵਿਖੇ ਬਿਸਤਰਿਆਂ ਦੀ ਸਮਰੱਥਾ ‘ਚ ਵਾਧਾ ਕਰਨ ਦੀ ਹਦਾਇਤ

242

ਕੋਵਿਡ ਕੇਅਰ ਸੈਂਟਰ ਘਾਬਦਾਂ (ਸੰਗਰੂਰ ) ਵਿਖੇ ਬਿਸਤਰਿਆਂ ਦੀ ਸਮਰੱਥਾ ‘ਚ ਵਾਧਾ ਕਰਨ ਦੀ ਹਦਾਇਤ

ਸੰਗਰੂਰ, 25 ਜੂਨ:
ਪੰਜਾਬ ਸਰਕਾਰ ਦੇ ਦਿਸ਼ਾ ਨਿਰਦੇਸ਼ਾਂ ਦੀ ਰੌਸ਼ਨੀ ਵਿੱਚ ਡਿਪਟੀ ਕਮਿਸ਼ਨਰ ਰਾਮਵੀਰ ਨੇ ‘ਮਿਸ਼ਨ ਫ਼ਤਿਹ’ ਤਹਿਤ ਅੱਜ ਜ਼ਿਲ੍ਹਾ ਸਿਹਤ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਕੋਵਿਡ ਕੇਅਰ ਸੈਂਟਰ ਘਾਬਦਾਂ ਅਤੇ ਦੋਵੇਂ ਸਿਵਲ ਹਸਪਤਾਲਾਂ ਵਿਖੇ ਕੋਵਿਡ ਮਰੀਜ਼ਾਂ ਦੇ ਮਿਆਰੀ ਇਲਾਜ ਲਈ ਸਿਹਤ ਸੁਵਿਧਾਵਾਂ ਵਿੱਚ ਵਾਧਾ ਕਰਨਾ ਯਕੀਨੀ ਬਣਾਇਆ ਜਾਵੇ।

ਅੱਜ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਵਧੀਕ ਡਿਪਟੀ ਕਮਿਸ਼ਨਰ ਰਾਜੇਸ਼ ਤ੍ਰਿਪਾਠੀ, ਸਹਾਇਕ ਕਮਿਸ਼ਨਰ ਅੰਕੁਰ ਮਹਿੰਦਰੂ ਅਤੇ ਸਿਵਲ ਸਰਜਨ ਡਾ. ਰਾਜ ਕੁਮਾਰ ਸਮੇਤ ਹੋਰ ਸਿਹਤ ਅਧਿਕਾਰੀਆਂ ਨਾਲ ਸਮੀਖਿਆ ਮੀਟਿੰਗ ਕਰਦਿਆਂ ਡਿਪਟੀ ਕਮਿਸ਼ਨਰ ਨੇ ਕਿਹਾ ਕਿ ਕੋਵਿਡ ਕੇਅਰ ਸੈਂਟਰ ਘਾਬਦਾਂ ਵਿਖੇ ਬਿਸਤਰਿਆਂ ਦੀ ਸਮਰੱਥਾ ਨੂੰ 200 ਤੋਂ ਵਧਾ ਕੇ 300 ਕਰ ਦਿੱਤਾ ਜਾਵੇ ਅਤੇ ਇਸ ਮੁਤਾਬਕ ਲੋੜੀਂਦੇ ਮੈਡੀਕਲ ਤੇ ਪੈਰਾ ਮੈਡੀਕਲ ਸਟਾਫ਼ ਦੀ ਤਾਇਨਾਤੀ ਲਈ ਵੀ ਤੁਰੰਤ ਲੋੜੀਂਦੇ ਕਦਮ ਪੁੱਟੇ ਜਾਣ। ਡਿਪਟੀ ਕਮਿਸ਼ਨਰ ਨੇ ਕਿਹਾ ਕਿ ਜ਼ਿਲ੍ਹੇ ਵਿੱਚ ਕੋਵਿਡ ਪਾਜੀਟਿਵ ਮਰੀਜ਼ਾਂ ਦੀ ਵਧ ਰਹੀ ਗਿਣਤੀ ਚਿੰਤਾ ਦਾ ਵਿਸ਼ਾ ਹੈ ਅਤੇ ਇਸ ਦੌਰਾਨ ਜ਼ਿਲ੍ਹੇ ਵਿੱਚ ਵਿਆਪਕ ਜਾਗਰੂਕਤਾ ਅਭਿਆਨ ਚਲਾਉਂਦੇ ਹੋਏ ਸਿਹਤ ਸਬੰਧੀ ਦਿਸ਼ਾ ਨਿਰਦੇਸ਼ਾਂ ਦੀ ਇੰਨ ਬਿੰਨ ਪਾਲਣਾ ਨੂੰ ਯਕੀਨੀ ਬਣਾਉਣ ਲਈ ਹਰ ਢੁਕਵਾਂ ਕਦਮ ਪੁੱਟਿਆ ਜਾਵੇ।

ਕੋਵਿਡ ਕੇਅਰ ਸੈਂਟਰ ਘਾਬਦਾਂ (ਸੰਗਰੂਰ ) ਵਿਖੇ ਬਿਸਤਰਿਆਂ ਦੀ ਸਮਰੱਥਾ 'ਚ ਵਾਧਾ ਕਰਨ ਦੀ ਹਦਾਇਤ
ਡਿਪਟੀ ਕਮਿਸ਼ਨਰ ਨੇ ਕਿਹਾ ਕਿ ਮਾਸਕ ਨਾ ਪਾਉਣ ਵਾਲਿਆਂ ਦੇ ਚਲਾਨ ਕੱਟੇ ਜਾਣ ਅਤੇ ਰੋਜ਼ਾਨਾ ਦੇ ਆਧਾਰ ‘ਤੇ ਕਾਰਵਾਈ ਰਿਪੋਰਟ ਭੇਜੀ ਜਾਵੇ। ਉਨ੍ਹਾਂ ਕਿਹਾ ਕਿ ਕੋਵਿਡ ਪਾਜੀਟਿਵ ਮਰੀਜ਼ਾਂ ਨੂੰ ਸਰਕਾਰ ਦੁਆਰਾ ਜਾਰੀ ਸਟੈਂਡਰਡ ਆਪਰੇਟਿੰਗ ਪ੍ਰੋਸੀਜ਼ਰ (ਐਸ.ਓ.ਪੀ) ਮੁਤਾਬਕ ਇਲਾਜ ਸੁਵਿਧਾਵਾਂ ਦਿੱਤੀਆਂ ਜਾਣ। ਉਨ੍ਹਾਂ ਇਹ ਵੀ ਆਖਿਆ ਕਿ ਸਿਹਤ ਅਧਿਕਾਰੀ ਰੋਜ਼ਾਨਾ ਸਮੀਖਿਆ ਮੀਟਿੰਗ ਨੂੰ ਯਕੀਨੀ ਬਣਾਉਣ ਅਤੇ ਸਰਕਾਰ ਦੁਆਰਾ ਟੈਸਟਿੰਗ ਤੇ ਮੈਡੀਕਲ ਸਕਰੀਨਿੰਗ ਲਈ ਜਾਰੀ ਹਦਾਇਤਾਂ ਦੀ ਪਾਲਣਾ ਕਰਨਗੇ। ਮੀਟਿੰਗ ਵਿੱਚ ਜ਼ਿਲ੍ਹਾ ਐਪੀਡੋਮੋਲਿਜਸਟ ਡਾ. ਉਪਾਸਨਾ ਤੇ ਡਾ. ਸਨਵੀਰ ਵੀ ਮੌਜੂਦ ਸਨ।